ਕਿਸਾਨਾਂ ’ਤੇ ਲਾਠੀਚਾਰਜ ਦਾ ਕੀਤਾ ਵਿਰੋਧ
ਸੰਯੁਕਤ ਕਿਸਾਨ ਮੋਰਚਾ ਪੰਜਾਬ
Publish Date: Sun, 17 May 2026 03:30 PM (IST)
Updated Date: Mon, 18 May 2026 04:01 AM (IST)

ਵਕੀਲ ਮਹਿਰੋਂ, ਪੰਜਾਬੀ ਜਾਗਰਣ, ਮੋਗਾ: ਸੰਯੁਕਤ ਕਿਸਾਨ ਮੋਰਚਾ ਪੰਜਾਬ ਦੇ ਸੱਦੇ ’ਤੇ ਅੱਜ ਪਿੰਡ ਦੁੱਨੇਕੇ ਵਿਖੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਕੇਂਦਰ ਦੀ ਭਾਜਪਾ ਸਰਕਾਰ ਅਤੇ ਪੰਜਾਬ ਦੇ ਗਵਰਨਰ ਦੀਆਂ ਅਰਥੀਆਂ ਸਾੜ ਕੇ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਕਿਸਾਨਾਂ ਨੇ ਕੇਂਦਰ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਪੰਜਾਬ ਨਾਲ ਹੋ ਰਹੇ ਧੱਕਿਆਂ ਦਾ ਵਿਰੋਧ ਕੀਤਾ। ਪੁਤਲਾ ਫ਼ੂਕ ਪ੍ਰੋਗਰਾਮ ਦੌਰਾਨ ਰੈਲੀ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਵਿੱਤ ਸਕੱਤਰ ਬਲੌਰ ਸਿੰਘ ਘਲ ਕਲਾਂ, ਬਲਾਕ ਸੀਨੀਅਰ ਮੀਤ ਪ੍ਰਧਾਨ ਸੁਖਜੀਤ ਸਿੰਘ ਲੰਡੇ ਕੇ ਅਤੇ ਪਿੰਡ ਪ੍ਰਧਾਨ ਸੁਰਜੀਤ ਸਿੰਘ ਦੁੱਨੇਕੇ ਨੇ ਕਿਹਾ ਕਿ ਸੰਯੁਕਤ ਕਿਸਾਨ ਮੋਰਚਾ ਪੰਜਾਬ ਵੱਲੋਂ 15 ਮਈ ਨੂੰ ਮੁਹਾਲੀ ਦੇ ਨੇਚਰ ਪਾਰਕ ਵਿਖੇ ਵਿਸ਼ਾਲ ਰੈਲੀ ਕੀਤੀ ਗਈ ਸੀ। ਇਸ ਰੈਲੀ ਦਾ ਮੁੱਖ ਉਦੇਸ਼ ਕੇਂਦਰ ਸਰਕਾਰ ਵੱਲੋਂ ਭਾਖੜਾ ਬਿਆਸ ਮੈਨੇਜਮੈਂਟ ਬੋਰਡ ਵਿਚੋਂ ਪੰਜਾਬ ਦੀ ਸਥਾਈ ਮੈਂਬਰਸ਼ਿਪ ਖ਼ਤਮ ਕਰਨ ਵਾਲੇ ਨੋਟੀਫਿਕੇਸ਼ਨ ਨੂੰ ਰੱਦ ਕਰਵਾਉਣਾ ਅਤੇ ਪਾਣੀਆਂ ਨਾਲ ਸਬੰਧਤ ਹੋਰ ਮੰਗਾਂ ਮਨਵਾਉਣਾ ਸੀ। ਕਿਸਾਨ ਆਗੂਆਂ ਨੇ ਦੋਸ਼ ਲਗਾਇਆ ਕਿ ਜਦੋਂ ਰੈਲੀ ਤੋਂ ਬਾਅਦ ਕਿਸਾਨਾਂ ਨੇ ਰਾਜ ਭਵਨ ਵੱਲ ਮਾਰਚ ਸ਼ੁਰੂ ਕੀਤਾ ਅਤੇ ਜਿਵੇਂ ਹੀ ਮਾਰਚ ਚੰਡੀਗੜ੍ਹ ਦੀ ਹੱਦ ਵਿਚ ਦਾਖ਼ਲ ਹੋਇਆ ਤਾਂ ਕੇਂਦਰ ਸਰਕਾਰ ਦੇ ਇਸ਼ਾਰੇ ’ਤੇ ਚੰਡੀਗੜ੍ਹ ਪੁਲਿਸ ਵੱਲੋਂ ਕਿਸਾਨਾਂ ’ਤੇ ਲਾਠੀਚਾਰਜ ਕੀਤਾ ਗਿਆ। ਉਨ੍ਹਾਂ ਕਿਹਾ ਕਿ ਕਿਸਾਨਾਂ ’ਤੇ ਜਲ ਤੋਪਾਂ ਰਾਹੀਂ ਤੇਜ਼ ਪਾਣੀ ਦੀਆਂ ਬੌਛਾੜਾਂ ਮਾਰੀਆਂ ਗਈਆਂ ਅਤੇ ਕਈ ਕਿਸਾਨਾਂ ਨੂੰ ਗ੍ਰਿਫ਼ਤਾਰ ਵੀ ਕੀਤਾ ਗਿਆ। ਆਗੂਆਂ ਨੇ ਕਿਹਾ ਕਿ ਪੰਜਾਬ ਦੇ ਹੱਕਾਂ ਦੀ ਰੱਖਿਆ ਲਈ ਸੰਘਰਸ਼ ਕਰਨਾ ਕਿਸਾਨਾਂ ਦਾ ਜਮਹੂਰੀ ਅਧਿਕਾਰ ਹੈ, ਜਿਸਨੂੰ ਦਬਾਇਆ ਨਹੀਂ ਜਾ ਸਕਦਾ। ਉਨ੍ਹਾਂ ਮੰਗ ਕੀਤੀ ਕਿ ਭਾਖੜਾ, ਬਿਆਸ ਮੈਨੇਜਮੈਂਟ ਬੋਰਡ ਵਿੱਚ ਪੰਜਾਬ ਦੀ ਸਥਾਈ ਮੈਂਬਰਸ਼ਿਪ ਤੁਰੰਤ ਬਹਾਲ ਕੀਤੀ ਜਾਵੇ ਅਤੇ ਪਾਣੀਆਂ ਦਾ ਮਸਲਾ ਰੀਪੇਰੀਅਨ ਬੇਸਿਨ ਸਿਧਾਂਤ ਅਨੁਸਾਰ ਸਬੰਧਤ ਰਾਜਾਂ ਨਾਲ ਗੱਲਬਾਤ ਰਾਹੀਂ ਹੱਲ ਕੀਤਾ ਜਾਵੇ। ਇਸ ਦੇ ਨਾਲ ਹੀ ਡੈਮਾਂ ’ਤੇ ਸੂਬਿਆਂ ਦੇ ਮਾਲਕੀ ਹੱਕ ਖੋਹਣ ਵਾਲੇ ਸੇਫਟੀ ਐਕਟ ਨੂੰ ਰੱਦ ਕਰਨ, ਪੁਨਰਗਠਨ ਐਕਟ ਦੀਆਂ ਧਾਰਾਵਾਂ 78, 79 ਅਤੇ 80 ਨੂੰ ਖਤਮ ਕਰਨ, ਐੱਮਐੱਸਪੀ ਤੋਂ ਘੱਟ ਰੇਟ ’ਤੇ ਫ਼ਸਲ ਖ਼ਰੀਦਣ ਨੂੰ ਸਜ਼ਾਯੋਗ ਅਪਰਾਧ ਘੋਸ਼ਿਤ ਕਰਨ ਅਤੇ ਸਹਿਕਾਰਤਾ ਵਿਭਾਗ ਦੇ ਕੇਂਦਰੀਕਰਨ ਨੂੰ ਰੋਕਣ ਦੀ ਮੰਗ ਵੀ ਕੀਤੀ ਗਈ। ਕਿਸਾਨ ਆਗੂਆਂ ਨੇ ਕਿਹਾ ਕਿ ਜੇਕਰ ਸਰਕਾਰ ਵੱਲੋਂ ਕਿਸਾਨਾਂ ਦੀਆਂ ਮੰਗਾਂ ਵੱਲ ਧਿਆਨ ਨਾ ਦਿੱਤਾ ਗਿਆ ਤਾਂ ਆਉਣ ਵਾਲੇ ਸਮੇਂ ਵਿਚ ਸੰਯੁਕਤ ਕਿਸਾਨ ਮੋਰਚਾ ਵੱਲੋਂ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ। ਇਸ ਮੌਕੇ ਕਪਤਾਨ ਸਿੰਘ, ਭੁਪਿੰਦਰ ਸਿੰਘ, ਕਰਨੈਲ ਸਿੰਘ, ਅਮਨਦੀਪ ਸਿੰਘ ਸਮੇਤ ਵੱਡੀ ਗਿਣਤੀ ਵਿਚ ਕਿਸਾਨ ਹਾਜ਼ਰ ਸਨ।