ਦੇਸ਼ ਵਿਚ ਲਗਾਤਾਰ ਵਧ ਰਹੀ ਮਹਿੰਗਾਈ,

ਵਕੀਲ ਮਹਿਰੋਂ, ਪੰਜਾਬੀ ਜਾਗਰਣ ਮੋਗਾ: ਦੇਸ਼ ਵਿਚ ਲਗਾਤਾਰ ਵਧ ਰਹੀ ਮਹਿੰਗਾਈ, ਬੇਰੋਕ ਚੜ੍ਹ ਰਹੀਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਅਤੇ ਆਮ ਲੋਕਾਂ ਉੱਤੇ ਪੈ ਰਹੇ ਆਰਥਿਕ ਬੋਝ ਦੇ ਖ਼ਿਲਾਫ਼ ਹੁਣ ਪੰਜਾਬ ਵਿਚ ਵੱਡੇ ਪੱਧਰ ’ਤੇ ਸੰਘਰਸ਼ ਦੀ ਤਿਆਰੀ ਕੀਤੀ ਜਾ ਰਹੀ ਹੈ। ਭਾਰਤੀ ਕਿਸਾਨ ਯੂਨੀਅਨ ਏਕਤਾ ਸੰਘਰਸ਼ ਕਮੇਟੀ ਪੰਜਾਬ ਵੱਲੋਂ ਕੱਲ੍ਹ ਨੂੰ ਪੰਜਾਬ ਭਰ ਦੇ ਸਾਰੇ ਜ਼ਿਲ੍ਹਾ ਹੈੱਡਕੁਆਰਟਰਾਂ ’ਤੇ ਕੇਂਦਰ ਦੀ ਮੋਦੀ ਸਰਕਾਰ ਦੇ ਪੁਤਲੇ ਸਾੜ ਕੇ ਜ਼ਬਰਦਸਤ ਰੋਸ ਪ੍ਰਦਰਸ਼ਨ ਕਰਨ ਦਾ ਐਲਾਨ ਕੀਤਾ ਗਿਆ ਹੈ। ਇਸ ਐਲਾਨ ਤੋਂ ਬਾਅਦ ਕਿਸਾਨਾਂ ਅਤੇ ਮਜ਼ਦੂਰ ਵਰਗ ’ਚ ਰੋਸ ਦੀ ਲਹਿਰ ਦਿਖਾਈ ਦੇ ਰਹੀ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਜਥੇਬੰਦੀ ਦੇ ਸੂਬਾ ਪ੍ਰਧਾਨ ਸ੍ਰ. ਪਲਵਿੰਦਰ ਸਿੰਘ ਮਾਹਲ ਨੇ ਦੱਸਿਆ ਕਿ ਕੇਂਦਰ ਸਰਕਾਰ ਦੀਆਂ ਗਲਤ ਆਰਥਿਕ ਨੀਤੀਆਂ ਕਾਰਨ ਦੇਸ਼ ਦਾ ਆਮ ਨਾਗਰਿਕ ਮਹਿੰਗਾਈ ਦੀ ਚੱਕੀ ਵਿੱਚ ਪਿਸ ਰਿਹਾ ਹੈ। ਉਨ੍ਹਾਂ ਕਿਹਾ ਕਿ ਰਸੋਈ ਗੈਸ, ਖਾਣ-ਪੀਣ ਦੀਆਂ ਵਸਤਾਂ, ਦਾਲਾਂ, ਤੇਲ, ਸਬਜ਼ੀਆਂ, ਬਿਜਲੀ ਅਤੇ ਹੋਰ ਜ਼ਰੂਰੀ ਚੀਜ਼ਾਂ ਦੀਆਂ ਕੀਮਤਾਂ ਲਗਾਤਾਰ ਵਧ ਰਹੀਆਂ ਹਨ, ਜਿਸ ਕਾਰਨ ਆਮ ਲੋਕਾਂ ਲਈ ਘਰ ਦਾ ਗੁਜ਼ਾਰਾ ਕਰਨਾ ਵੀ ਮੁਸ਼ਕਲ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਖੇਤੀਬਾੜੀ ਲਈ ਵਰਤੇ ਜਾਣ ਵਾਲੇ ਡੀਜ਼ਲ, ਖਾਦਾਂ ਅਤੇ ਹੋਰ ਸਾਮਾਨ ਲਈ ਵਧੇ ਹੋਏ ਰੇਟਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਜਦਕਿ ਮਜ਼ਦੂਰ ਵਰਗ ਦੀ ਆਮਦਨ ਘਟਦੀ ਜਾ ਰਹੀ ਹੈ। ਮਹਿੰਗਾਈ ਨੇ ਹਰ ਵਰਗ ਨੂੰ ਪ੍ਰਭਾਵਿਤ ਕੀਤਾ ਹੈ ਪਰ ਕੇਂਦਰ ਸਰਕਾਰ ਲੋਕਾਂ ਦੀਆਂ ਮੁਸ਼ਕਲਾਂ ਹੱਲ ਕਰਨ ਦੀ ਬਜਾਏ ਸਿਰਫ਼ ਵੱਡੇ ਉਦਯੋਗਪਤੀਆਂ ਨੂੰ ਫ਼ਾਇਦਾ ਪਹੁੰਚਾਉਣ ਵਿਚ ਲੱਗੀ ਹੋਈ ਹੈ। ਪਲਵਿੰਦਰ ਮਾਹਲ ਨੇ ਦੋਸ਼ ਲਗਾਇਆ ਕਿ ਦੇਸ਼ ਦਾ ਗੋਦੀ ਮੀਡੀਆ ਲੋਕਾਂ ਦੇ ਅਸਲ ਮੁੱਦਿਆਂ ਨੂੰ ਦਬਾ ਕੇ ਸਰਕਾਰ ਦੀਆਂ ਨਾਕਾਮੀਆਂ ਨੂੰ ਲੁਕਾਉਣ ਦੀ ਕੋਸ਼ਿਸ਼ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਮਹਿੰਗਾਈ, ਬੇਰੁਜ਼ਗਾਰੀ ਅਤੇ ਕਿਸਾਨੀ ਸੰਕਟ ਵਰਗੇ ਗੰਭੀਰ ਮੁੱਦਿਆਂ ’ਤੇ ਖੁੱਲ੍ਹ ਕੇ ਚਰਚਾ ਨਹੀਂ ਕੀਤੀ ਜਾ ਰਹੀ, ਜਿਸ ਕਾਰਨ ਲੋਕਾਂ ਵਿਚ ਨਾਰਾਜ਼ਗੀ ਲਗਾਤਾਰ ਵਧ ਰਹੀ ਹੈ। ਉਨ੍ਹਾਂ ਦੱਸਿਆ ਕਿ 29 ਮਈ ਦਿਨ ਸ਼ੁੱਕਰਵਾਰ ਨੂੰ ਦੁਪਹਿਰ 12 ਵਜੇ ਪੰਜਾਬ ਦੇ ਹਰ ਜ਼ਿਲ੍ਹਾ ਹੈੱਡਕੁਆਰਟਰ ’ਤੇ ਕਿਸਾਨ, ਮਜ਼ਦੂਰ, ਨੌਜਵਾਨ ਅਤੇ ਆਮ ਲੋਕ ਇਕੱਠੇ ਹੋ ਕੇ ਕੇਂਦਰ ਸਰਕਾਰ ਖ਼ਿਲਾਫ਼ ਜ਼ੋਰਦਾਰ ਪ੍ਰਦਰਸ਼ਨ ਕਰਨਗੇ। ਇਸ ਦੌਰਾਨ ਮੋਦੀ ਸਰਕਾਰ ਦੇ ਪੁਤਲੇ ਸਾੜੇ ਜਾਣਗੇ ਅਤੇ ਮਹਿੰਗਾਈ ਵਿਰੋਧੀ ਨਾਅਰੇਬਾਜ਼ੀ ਕਰਕੇ ਲੋਕਾਂ ਦੀ ਆਵਾਜ਼ ਬੁਲੰਦ ਕੀਤੀ ਜਾਵੇਗੀ। ਭਾਰਤੀ ਕਿਸਾਨ ਯੂਨੀਅਨ ਏਕਤਾ ਸੰਘਰਸ਼ ਕਮੇਟੀ ਵੱਲੋਂ ਸਾਰੇ ਜ਼ਿਲ੍ਹਾ ਪ੍ਰਧਾਨਾਂ, ਜਰਨਲ ਸਕੱਤਰਾਂ, ਜ਼ਿਲ੍ਹਾ ਅਤੇ ਬਲਾਕ ਪੱਧਰ ਦੀਆਂ ਟੀਮਾਂ ਨੂੰ ਰੋਸ ਪ੍ਰਦਰਸ਼ਨਾਂ ਦੀਆਂ ਤਿਆਰੀਆਂ ਤੁਰੰਤ ਸ਼ੁਰੂ ਕਰਨ ਲਈ ਕਿਹਾ ਗਿਆ ਹੈ। ਜਥੇਬੰਦੀ ਨੇ ਸਾਰੇ ਵਰਕਰਾਂ ਨੂੰ ਅਪੀਲ ਕੀਤੀ ਹੈ ਕਿ ਵੱਡੀ ਗਿਣਤੀ ਵਿਚ ਸ਼ਮੂਲੀਅਤ ਕਰਕੇ ਇਸ ਸੰਘਰਸ਼ ਨੂੰ ਕਾਮਯਾਬ ਬਣਾਇਆ ਜਾਵੇ। ਕਿਸਾਨ ਜਥੇਬੰਦੀਆਂ ਨੇ ਪੰਜਾਬ ਦੀ ਜਨਤਾ ਨੂੰ ਵੀ ਅਪੀਲ ਕੀਤੀ ਹੈ ਕਿ ਉਹ ਮਹਿੰਗਾਈ ਅਤੇ ਲੋਕ ਵਿਰੋਧੀ ਨੀਤੀਆਂ ਦੇ ਖ਼ਿਲਾਫ਼ ਇਸ ਸੰਘਰਸ਼ ਵਿਚ ਸ਼ਾਮਲ ਹੋ ਕੇ ਆਪਣੀ ਆਵਾਜ਼ ਮਜ਼ਬੂਤ ਬਣਾਉਣ ਤਾਂ ਜੋ ਸਰਕਾਰ ਨੂੰ ਲੋਕਾਂ ਦੀਆਂ ਸਮੱਸਿਆਵਾਂ ਸੁਣਨ ਲਈ ਮਜਬੂਰ ਕੀਤਾ ਜਾ ਸਕੇ।