ਸ਼ਿਵਾਲਿਕ ਕਿਡਜ਼ ਸਕੂਲ ਜੈਤੋ ਵਿਚ ਪਹਿਲੀ ਅਕਾਦਮਿਕ ਪੀ.ਟੀ.ਐਮ. ਸਫ਼ਲਤਾਪੂਰਵਕ ਆਯੋਜਿਤ

ਭੋਲਾ ਸ਼ਰਮਾ, ਪੰਜਾਬੀ ਜਾਗਰਣ
ਜੈਤੋ : ਸ਼ਿਵਾਲਿਕ ਕਿਡਜ਼ ਸਕੂਲ, ਸਾਹਮਣੇ ਸ਼੍ਰੀ ਹਨੂੰਮਾਨ ਮੰਦਰ (ਪੰਚਾਇਤੀ ਗਾਊਸ਼ਾਲਾ ਰੋਡ) ਜੈਤੋ ਵੱਲੋਂ ਪਹਿਲੇ ਅਕਾਦਮਿਕ ਸੈਸ਼ਨ ਦੀ ਮਾਪੇ-ਅਧਿਆਪਕ ਮਿਲਣੀ (ਪੀਟੀਐੱਮ) ਬੜੇ ਉਤਸ਼ਾਹ ਅਤੇ ਸੁਚੱਜੇ ਢੰਗ ਨਾਲ ਕਰਵਾਈ ਗਈ। ਇਸ ਮੌਕੇ ਸਕੂਲ ਦਾ ਸਮੁੱਚਾ ਮਾਹੌਲ ਸਿੱਖਿਆਤਮਕ, ਸਰਗਰਮ ਅਤੇ ਉਤਸ਼ਾਹ ਭਰਿਆ ਨਜ਼ਰ ਆਇਆ, ਜਿੱਥੇ ਮਾਪਿਆਂ, ਅਧਿਆਪਕਾਂ ਅਤੇ ਵਿਦਿਆਰਥੀਆਂ ਨੇ ਵੱਡੀ ਗਿਣਤੀ ਵਿਚ ਹਿੱਸਾ ਲਿਆ। ਮੀਟਿੰਗ ਦੌਰਾਨ ਅਧਿਆਪਕਾਂ ਵੱਲੋਂ ਹਰ ਵਿਦਿਆਰਥੀ ਦੀ ਅਕਾਦਮਿਕ ਪ੍ਰਗਤੀ, ਕਲਾਸ ਵਿਚ ਭਾਗੀਦਾਰੀ ਅਤੇ ਸਮੁੱਚੇ ਵਿਕਾਸ ਬਾਰੇ ਵਿਸਥਾਰਪੂਰਵਕ ਜਾਣਕਾਰੀ ਸਾਂਝੀ ਕੀਤੀ ਗਈ। ਅੰਗਰੇਜ਼ੀ, ਗਣਿਤ, ਪੰਜਾਬੀ, ਹਿੰਦੀ ਅਤੇ ਈ.ਵੀ.ਐਸ. ਵਿਸ਼ਿਆਂ ਵਿਚ ਬੱਚਿਆਂ ਦੀ ਕਾਰਗੁਜ਼ਾਰੀ ਦੇ ਨਾਲ-ਨਾਲ ਪੜ੍ਹਨ-ਲਿਖਣ ਦੀ ਯੋਗਤਾ, ਬੋਲਣ ਦਾ ਵਿਸ਼ਵਾਸ, ਅਨੁਸ਼ਾਸਨ, ਰਚਨਾਤਮਕਤਾ ਅਤੇ ਸਮਾਜਿਕ ਵਿਵਹਾਰ ਬਾਰੇ ਵੀ ਚਰਚਾ ਕੀਤੀ ਗਈ।
ਅਧਿਆਪਕਾਂ ਨੇ ਵਿਦਿਆਰਥੀਆਂ ਦੀਆਂ ਉਪਲਬਧੀਆਂ ਦੀ ਪ੍ਰਸ਼ੰਸਾ ਕਰਦੇ ਹੋਏ ਸੁਧਾਰਯੋਗ ਖੇਤਰਾਂ ਵੱਲ ਵੀ ਮਾਪਿਆਂ ਦਾ ਧਿਆਨ ਖਿੱਚਿਆ ਅਤੇ ਉਨ੍ਹਾਂ ਨੂੰ ਘਰ ਵਿਚ ਬੱਚਿਆਂ ਦੀ ਸਿੱਖਿਆ ਲਈ ਸਹਿਯੋਗੀ ਭੂਮਿਕਾ ਨਿਭਾਉਣ ਦੀ ਅਪੀਲ ਕੀਤੀ। ਇਸ ਮੌਕੇ ਬੱਚਿਆਂ ਵੱਲੋਂ ਸੈਸ਼ਨ ਦੌਰਾਨ ਸਿੱਖੀਆਂ ਨਵੀਆਂ ਕੌਸ਼ਲਤਾਵਾਂ ਜਿਵੇਂ ਸੁੰਦਰ ਲਿਖਾਈ, ਸ਼ਬਦਾਵਲੀ ਵਿਚ ਸੁਧਾਰ, ਗਤੀਵਿਧੀ ਅਧਾਰਿਤ ਸਿੱਖਿਆ ਅਤੇ ਸੰਚਾਰ ਕੌਸ਼ਲ ਬਾਰੇ ਵੀ ਜਾਣਕਾਰੀ ਦਿੱਤੀ ਗਈ। ਆਉਣ ਵਾਲੀਆਂ ਗਰਮੀਆਂ ਦੀਆਂ ਛੁੱਟੀਆਂ ਨੂੰ ਧਿਆਨ ਵਿਚ ਰੱਖਦਿਆਂ ਸਕੂਲ ਪ੍ਰਬੰਧਨ ਵੱਲੋਂ ਮਾਪਿਆਂ ਨੂੰ ਮਹੱਤਵਪੂਰਨ ਦਿਸ਼ਾ-ਨਿਰਦੇਸ਼ ਵੀ ਦਿੱਤੇ ਗਏ। ਮਾਪਿਆਂ ਨੂੰ ਬੱਚਿਆਂ ਵਿਚ ਪੜ੍ਹਨ ਦੀ ਆਦਤ, ਯੋਗਾ, ਧਿਆਨ, ਰਚਨਾਤਮਕ ਗਤੀਵਿਧੀਆਂ ਅਤੇ ਆਮ ਗਿਆਨ ਵਧਾਉਣ ਲਈ ਉਤਸ਼ਾਹਿਤ ਕਰਨ ਦੀ ਸਲਾਹ ਦਿੱਤੀ ਗਈ। ਇਸ ਦੇ ਨਾਲ-ਨਾਲ ਮੋਬਾਈਲ ਦੀ ਵਰਤੋਂ ਘਟਾਉਣ ਅਤੇ ਘਰ ਵਿਚ ਸਕਾਰਾਤਮਕ ਸਿੱਖਿਆਤਮਕ ਮਾਹੌਲ ਬਣਾਈ ਰੱਖਣ ’ਤੇ ਵੀ ਜ਼ੋਰ ਦਿੱਤਾ ਗਿਆ। ਮਾਪਿਆਂ ਨੇ ਸਕੂਲ ਦੀ ਸਿੱਖਿਆ ਪ੍ਰਣਾਲੀ, ਅਨੁਸ਼ਾਸਨ ਅਤੇ ਅਧਿਆਪਕਾਂ ਦੇ ਯਤਨਾਂ ਦੀ ਭਰਪੂਰ ਪ੍ਰਸ਼ੰਸਾ ਕੀਤੀ। ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦੀਆਂ ਪੀ.ਟੀ.ਐਮ. ਮੀਟਿੰਗਾਂ ਬੱਚਿਆਂ ਦੀ ਤਰੱਕੀ ਅਤੇ ਉਨ੍ਹਾਂ ਦੇ ਚੰਗੇ ਭਵਿੱਖ ਲਈ ਬਹੁਤ ਲਾਭਦਾਇਕ ਸਾਬਤ ਹੁੰਦੀਆਂ ਹਨ। ਇਸ ਮੌਕੇ ਸਕੂਲ ਦੀ ਪ੍ਰਬੰਧਕੀ ਕਮੇਟੀ ਦੇ ਚੇਅਰਮੈਨ ਅਸ਼ਵਨੀ ਕੁਮਾਰ ਗਰਗ (ਗੋਰੀਆ), ਪ੍ਰਧਾਨ ਅਸ਼ੋਕ ਕੁਮਾਰ ਗਰਗ, ਡਾਇਰੈਕਟਰ ਦੀਪੀ ਗਰਗ, ਮੈਨੇਜਿੰਗ ਡਾਇਰੈਕਟਰ ਗੌਰਵ ਕੁਮਾਰ ‘ਲੱਕੀ ਗਰਗ’, ਮੈਂਬਰ ਜਗਮੇਲ ਸਿੰਘ ਬਰਾੜ, ਮੈਂਬਰ ਘਨ੍ਹੱਈਆ ਲਾਲ ਗਰਗ ਅਤੇ ਮੈਂਬਰ ਅੰਕੁਰ ਗਰਗ ਵੱਲੋਂ ਸਮੂਹ ਮਾਪਿਆਂ ਦਾ ਧੰਨਵਾਦ ਕਰਦਿਆਂ ਕਿਹਾ ਗਿਆ ਕਿ ਮਾਪਿਆਂ ਅਤੇ ਅਧਿਆਪਕਾਂ ਵਿਚਕਾਰ ਨਿਰੰਤਰ ਸੰਪਰਕ ਹੀ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਦੀ ਕੁੰਜੀ ਹੈ।