ਸਰਕਾਰੀ ਹਾਈ ਸਕੂਲ ਢੈਪਈ ਦਾ ਨਤੀਜਾ ਰਿਹਾ ਸ਼ਾਨਦਾਰ
ਸਰਕਾਰੀ ਹਾਈ ਸਕੂਲ ਢੈਪਈ ਦਾ ਦਸਵੀਂ ਜਮਾਤ ਦਾ ਨਤੀਜਾ ਰਿਹਾ ਸ਼ਾਨਦਾਰ
Publish Date: Sun, 17 May 2026 03:34 PM (IST)
Updated Date: Mon, 18 May 2026 04:01 AM (IST)

ਭੋਲਾ ਸ਼ਰਮਾ ਪੰਜਾਬੀ ਜਾਗਰਣ, ਜੈਤੋ : ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਪਿਛਲੇ ਦਿਨੀਂ ਐਲਾਨੇ ਗਏ ਦਸਵੀਂ ਜਮਾਤ ਦੇ ਨਤੀਜਿਆਂ ਵਿਚ ਸ਼ਹੀਦ ਹਵਾਲਦਾਰ ਅੰਮ੍ਰਿਤਪਾਲ ਸਿੰਘ ਸਰਕਾਰੀ ਹਾਈ ਸਕੂਲ ਢੈਪਈ, ਜ਼ਿਲ੍ਹਾ ਫ਼ਰੀਦਕੋਟ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਕੂਲ ਦਾ ਨਾਮ ਰੌਸ਼ਨ ਕੀਤਾ ਹੈ। ਸਕੂਲ ਦਾ ਦਸਵੀਂ ਜਮਾਤ ਦਾ ਨਤੀਜਾ 100 ਫ਼ੀਸਦੀ ਰਿਹਾ, ਜਿਸ ਨਾਲ ਸਕੂਲ ਪ੍ਰਬੰਧਨ, ਅਧਿਆਪਕਾਂ ਅਤੇ ਮਾਪਿਆਂ ਵਿਚ ਖੁਸ਼ੀ ਦੀ ਲਹਿਰ ਦੌੜ ਗਈ। ਸਕੂਲ ਦੀ ਹੋਣਹਾਰ ਵਿਦਿਆਰਥਣ ਕੋਮਲਪ੍ਰੀਤ ਕੌਰ ਸਪੁੱਤਰੀ ਬੂਟਾ ਸਿੰਘ ਨੇ 535 ਅੰਕ ਪ੍ਰਾਪਤ ਕਰਕੇ 82 ਫ਼ੀਸਦੀ ਨਤੀਜੇ ਨਾਲ ਸਕੂਲ ਵਿਚੋਂ ਪਹਿਲਾ ਸਥਾਨ ਹਾਸਲ ਕੀਤਾ। ਇਸੇ ਤਰ੍ਹਾਂ ਵਿਦਿਆਰਥੀ ਗੁਰਪ੍ਰੀਤ ਸਿੰਘ ਸਪੁੱਤਰ ਗੁਰਸੇਵਕ ਸਿੰਘ ਨੇ 506 ਅੰਕ ਲੈ ਕੇ 78 ਫ਼ੀਸਦੀ ਨਤੀਜੇ ਨਾਲ ਦੂਜਾ ਸਥਾਨ ਪ੍ਰਾਪਤ ਕੀਤਾ, ਜਦਕਿ ਵਿਦਿਆਰਥਣ ਜਸ਼ਨਪ੍ਰੀਤ ਕੌਰ ਸਪੁੱਤਰੀ ਹਰਮੇਸ਼ ਸਿੰਘ ਨੇ 476 ਅੰਕ ਹਾਸਲ ਕਰਕੇ 73.5 ਫ਼ੀਸਦੀ ਨਾਲ ਤੀਜਾ ਸਥਾਨ ਆਪਣੇ ਨਾਮ ਕੀਤਾ। ਇਸ ਤੋਂ ਇਲਾਵਾ ਨਵਦੀਪ ਸਿੰਘ ਨੇ ਵੀ ਵਧੀਆ ਪ੍ਰਦਰਸ਼ਨ ਕਰਦਿਆਂ ਚੌਥਾ ਸਥਾਨ ਹਾਸਲ ਕੀਤਾ। ਇਸ ਮੌਕੇ ਸਕੂਲ ਦੀ ਮੁੱਖ ਅਧਿਆਪਕਾ ਮੈਡਮ ਅਮਨਦੀਪ ਕੌਰ ਅਤੇ ਸਮੂਹ ਸਟਾਫ਼ ਵੱਲੋਂ ਵਿਦਿਆਰਥੀਆਂ, ਉਨ੍ਹਾਂ ਦੇ ਮਾਪਿਆਂ ਅਤੇ ਅਧਿਆਪਕਾਂ ਨੂੰ ਵਧਾਈ ਦਿੱਤੀ ਗਈ। ਉਨ੍ਹਾਂ ਕਿਹਾ ਕਿ ਇਹ ਨਤੀਜੇ ਵਿਦਿਆਰਥੀਆਂ ਦੀ ਮਿਹਨਤ, ਅਧਿਆਪਕਾਂ ਦੀ ਲਗਨ ਅਤੇ ਮਾਪਿਆਂ ਦੇ ਸਹਿਯੋਗ ਦਾ ਨਤੀਜਾ ਹਨ। ਉਨ੍ਹਾਂ ਭਰੋਸਾ ਦਿਵਾਇਆ ਕਿ ਆਉਣ ਵਾਲੇ ਸਮੇਂ ਵਿਚ ਵਿਦਿਆਰਥੀਆਂ ਨੂੰ ਹੋਰ ਵੱਧ ਮਿਹਨਤ ਕਰਵਾਈ ਜਾਵੇਗੀ ਤਾਂ ਜੋ ਉਹ ਪੰਜਾਬ ਸਕੂਲ ਸਿੱਖਿਆ ਬੋਰਡ ਦੀ ਮੈਰਿਟ ਲਿਸਟ ਵਿਚ ਸਥਾਨ ਪ੍ਰਾਪਤ ਕਰਕੇ ਸਕੂਲ ਅਤੇ ਪਿੰਡ ਦਾ ਨਾਮ ਹੋਰ ਉੱਚਾ ਕਰਨ। ਮੁੱਖ ਅਧਿਆਪਕਾ ਅਮਨਦੀਪ ਕੌਰ ਨੇ ਦੱਸਿਆ ਕਿ ਸਕੂਲ ਦਾ ਨਤੀਜਾ ਹਰ ਸਾਲ 100 ਫ਼ੀਸਦੀ ਰਹਿੰਦਾ ਹੈ ਅਤੇ ਸਕੂਲ ਦੇ ਤਜਰਬੇਕਾਰ ਅਤੇ ਮਿਹਨਤੀ ਅਧਿਆਪਕ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਹੋਰ ਗਤੀਵਿਧੀਆਂ ਵਿਚ ਵੀ ਅੱਗੇ ਵਧਣ ਲਈ ਪ੍ਰੇਰਿਤ ਕਰਦੇ ਹਨ। ਉਨ੍ਹਾਂ ਕਿਹਾ ਕਿ ਸਕੂਲ ਦੇ ਵਿਦਿਆਰਥੀਆਂ ਨੇ ਸਿੱਖਿਆ ਦੇ ਨਾਲ-ਨਾਲ ਖੇਡਾਂ ਅਤੇ ਸੱਭਿਆਚਾਰਕ ਗਤੀਵਿਧੀਆਂ ਵਿਚ ਵੀ ਵਿਸ਼ੇਸ਼ ਉਪਲਬਧੀਆਂ ਹਾਸਲ ਕੀਤੀਆਂ ਹਨ। ਇਸ ਮੌਕੇ ਪਿੰਡ ਦੇ ਸਰਪੰਚ ਰਣਧੀਰ ਸਿੰਘ ‘ਧੀਰਾ ਚਹਿਲ’ ਨੇ ਵੀ ਵਿਦਿਆਰਥੀਆਂ ਅਤੇ ਸਕੂਲ ਸਟਾਫ਼ ਨੂੰ ਸ਼ਾਨਦਾਰ ਨਤੀਜੇ ਲਈ ਵਧਾਈ ਦਿੰਦਿਆਂ ਕਿਹਾ ਕਿ ਪਿੰਡ ਦੀ ਪੰਚਾਇਤ, ਐਸ.ਐਮ.ਸੀ. ਕਮੇਟੀ ਅਤੇ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਸਕੂਲ ਦੇ ਬੁਨਿਆਦੀ ਢਾਂਚੇ ਵਿਚ ਲਗਾਤਾਰ ਸੁਧਾਰ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਨੂੰ ਵਧੀਆ ਸਿੱਖਿਆ ਅਤੇ ਸੁਵਿਧਾਵਾਂ ਪ੍ਰਦਾਨ ਕਰਨ ਲਈ ਭਵਿੱਖ ਵਿਚ ਵੀ ਹਰ ਸੰਭਵ ਯਤਨ ਜਾਰੀ ਰਹਿਣਗੇ।