ਗਰਮੀ ਤੇ ਲੂਅ ਤੋਂ ਬਚਣ ਅਤੇ ਤੰਦਰੁਸਤ ਰਹਿਣ ਲਈ ਸਿਹਤ ਵਿਭਾਗ ਵੱਲੋਂ ਲੋਕਾਂ ਨੂੰ ਸਾਵਧਾਨੀਆਂ ਵਰਤਣ ਦੀ ਅਪੀਲ

ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਸ੍ਰੀ ਮੁਕਤਸਰ ਸਾਹਿਬ : ਲਗਾਤਾਰ ਵੱਧ ਰਹੀ ਗਰਮੀ ਦੇ ਕਾਰਨ ਸਿਹਤ ਵਿਭਾਗ ਵੱਲੋਂ ਲੋਕਾਂ ਨੂੰ ਗਰਮੀ ਅਤੇ ਲੂਅ ਤੋਂ ਬਚਣ ਲਈ ਅਤੇ ਤੰਦਰੁਸਤ ਰਹਿਣ ਲਈ ਸਾਵਧਾਨੀਆਂ ਵਰਤਣ ਲਈ ਅਪੀਲ ਕੀਤੀ ਹੈ ਅਤੇ ਗਰਮੀ ਕਾਰਨ ਕਿਸੇ ਤਰ੍ਹਾ ਦੀ ਸਿਹਤ ਸਮੱਸਿਆ ਹੋਣ ਤੇ ਡਾਕਟਰੀ ਸਲਾਹ ਲੈਣ ਲਈ ਅਪੀਲ ਕੀਤੀ ਹੈ। ਇਸ ਸਬੰਧ ’ਚ ਜਾਣਕਾਰੀ ਦਿੰਦਿਆਂ ਡਾ. ਸੁਨੀਲ ਬਾਂਸਲ ਸਿਵਲ ਸਰਜਨ ਸ੍ਰੀ ਮੁਕਤਸਰ ਸਾਹਿਬ ਨੇ ਦੱਸਿਆ ਗਰਮੀ ’ਚ ਲਗਾਤਾਰ ਵਾਧਾ ਹੋ ਰਿਹਾ ਹੈ ਹੈ ਅਤੇ ਗਰਮ ਹਵਾਵਾਂ ਚੱਲ ਰਹੀਆਂ ਹਨ ਅਤੇ ਆਉਣ ਵਾਲੇ ਦਿਨਾਂ ’ਚ ਗਰਮੀ ਦੇ ਹੋਰ ਵਧਣ ਦੀ ਸੰਭਾਵਨਾ ਹੈ। ਉਨ੍ਹਾਂ ਕਿਹਾ ਕਿ ਗਰਮ ਹਵਾਵਾਂ ਸਾਡੀ ਤ੍ਰੇਹ (ਪਿਆਸ) ਵਧਾਉਣ ਦੇ ਨਾਲ ਨਾਲ ਸਾਡੇ ਸਰੀਰ ਖਾਸ ਕਰਕੇ ਅੱਖਾਂ ਅਤੇ ਚਮੜੀ ਨੂੰ ਪੂਰੀ ਤਰ੍ਹਾਂ ਝੁਲਸਾ ਦਿੰਦੀਆਂ ਹਨ। ਜ਼ਿਆਦਾ ਗਰਮੀ ਹੋਣ ਤੇ ਸਾਡਾ ਸਰੀਰ ਪਸੀਨੇ ਦੇ ਰੂਪ ’ਚ ਗਰਮੀ ਬਾਹਰ ਕੱਢਦਾ ਹੈ ਅਤੇ ਤਾਪਮਾਨ ਨੂੰ ਨਿਯੰਤਰਿਤ ਰੱਖਦਾ ਹੈ। ਜਿਸ ਨਾਲ ਸਰੀਰ ’ਚ ਪਾਣੀ ਦੀ ਕਮੀ ਹੋ ਜਾਂਦੀ ਹੈ। ਇੱਕ ਨਿਸ਼ਚਿਤ ਸੀਮਾ ਤੋਂ ਬਾਅਦ ਸਾਡੇ ਸਰੀਰ ਦਾ ਇਹ ਸਿਸਟਮ ਕੰਮ ਕਰਨਾ ਬੰਦ ਕਰ ਦਿੰਦਾ ਹੈ ਅਤੇ ਸਰੀਰ ਬਾਹਰ ਦੇ ਤਾਪਮਾਨ ਦੇ ਸਮਾਨ ਗਰਮ ਹੋ ਜਾਂਦਾ ਹੈ। ਜਿਸ ਨੂੰ ਲੂਅ ਲੱਗਣਾ ਕਹਿੰਦੇ ਜਾਂ ਫਿਰ ਹੀਟ ਸਟ੍ਰੋਕ ਕਹਿੰਦੇ ਹਨ। ਆਮ ਤੌਰ ਤੇ ਲੋਕ ਇਸਨੂੰ ਹਲਕੇ ਵਿਚ ਲੈਂਦੇ ਹਨ ਅਤੇ ਮੰਨਦੇ ਹਨ ਕਿ ਉਨ੍ਹਾਂ ਨੂੰ ਲੂਅ ਲੱਗ ਹੀ ਨਹੀਂ ਸਕਦੀ ਪਰੰਤੂ ਇੱਕ ਰਿਪੋਰਟ ਦੇ ਅਨੁਸਾਰ ਲੂਅ ਲੱਗਣਾ (ਹੀਟ ਸਟ੍ਰੋਕ) ਬਹੁਤ ਖਤਰਨਾਕ ਬੀਮਾਰੀ ਹੈ। ਬੱਚਿਆਂ ਅਤੇ ਬਜੁਰਗਾਂ, ਗਰਭਵਤੀ ਔਰਤਾਂ, ਮੋਟਾਪੇ ਤੋਂ ਪੀੜਤ ਲੋਕ, ਦਿਲ ਦੇ ਮਰੀਜ਼, ਸਰੀਰਕ ਰੂਪ ਨਾਲ ਕਮਜ਼ੋਰ ਲੋਕ ਤੇ ਕੁਝ ਵਿਸ਼ੇਸ਼ ਦਵਾਈਆਂ ਜਿਨ੍ਹਾਂ ਦਾ ਸਰੀਰ ਦੇ ਰਸਾਇਣਾਂ ਜਾਂ ਖੂਨ ਦੀਆਂ ਨਾੜੀਆਂ ਤੇ ਅਸਰ ਪੈਂਦਾ ਹੈ, ਨੂੰ ਖਾਣ ਵਾਲੇ ਲੋਕਾਂ ਨੂੰ ਗਰਮੀ ਲੱਗਣ ਦਾ ਜਿਆਦਾ ਖਤਰਾ ਹੁੰਦਾ ਹੈ। ਇਸ ਦੇ ਇਲਾਵਾ ਮਜ਼ਦੂਰ ਵਰਗ, ਦਿਹਾੜੀਦਾਰ ਅਤੇ ਬੇਘਰ ਹੋ ਕੇ ਸੜਕਾਂ ਅਤੇ ਰੇਲਵੇ ਸਟੇਸ਼ਨਾਂ ਉੱਤੇ ਰਹਿਣ ਵਾਲੇ ਲੋਕੀਂ ਇਸ ਦਾ ਜਲਦੀ ਸ਼ਿਕਾਰ ਹੋ ਜਾਂਦੇ ਹਨ।