ਗਰਮੀ ਅਤੇ ਲੂਅ ਤੋਂ ਬਚਣ ਲਈ ਸਿਹਤ ਵਿਭਾਗ ਵੱਲੋਂ ਸਾਵਧਾਨੀਆਂ ਵਰਤਣ ਦੀ ਅਪੀਲ

ਭੋਲਾ ਸ਼ਰਮਾ, ਪੰਜਾਬੀ ਜਾਗਰਣ, ਜੈਤੋ : ਸਿਹਤ ਵਿਭਾਗ ਵੱਲੋਂ ਲੋਕਾਂ ਨੂੰ ਲਗਾਤਾਰ ਵਧ ਰਹੀ ਗਰਮੀ ਅਤੇ ਲੂਅ ਤੋਂ ਬਚਣ ਤੇ ਤੰਦਰੁਸਤ ਰਹਿਣ ਲਈ ਸਾਵਧਾਨੀਆਂ ਵਰਤਣ ਅਤੇ ਗਰਮੀ ਕਾਰਨ ਕਿਸੇ ਤਰ੍ਹਾਂ ਦੀ ਸਿਹਤ ਸਮੱਸਿਆ ਹੋਣ ਤੇ ਡਾਕਟਰੀ ਸਲਾਹ ਲੈਣ ਲਈ ਅਪੀਲ ਕੀਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸੇਠ ਰਾਮ ਨਾਥ ਸਿਵਲ ਹਸਪਤਾਲ ਜੈਤੋ ਦੇ ਸੀਨੀਅਰ ਮੈਡੀਕਲ ਅਫ਼ਸਰ (ਐੱਸਐੱਮਓ) ਡਾ. ਵਰਿੰਦਰ ਕੁਮਾਰ ਨੇ ਦੱਸਿਆ ਕਿ ਗਰਮੀ ਵਿਚ ਲਗਾਤਾਰ ਵਾਧਾ ਹੋ ਰਿਹਾ ਹੈ ਅਤੇ ਗਰਮ ਹਵਾਵਾਂ ਚੱਲ ਰਹੀਆਂ ਹਨ। ਆਉਣ ਵਾਲੇ ਦਿਨਾਂ ਵਿਚ ਗਰਮੀ ਦੇ ਹੋਰ ਵਧਣ ਦੀ ਸੰਭਾਵਨਾ ਹੈ। ਗਰਮ ਹਵਾਵਾਂ ਸਾਡੀ ਤੇਹ (ਪਿਆਸ) ਵਧਾਉਣ ਦੇ ਨਾਲ-ਨਾਲ ਸਾਡੇ ਸਰੀਰ ਖਾਸ ਕਰਕੇ ਅੱਖਾਂ ਅਤੇ ਚਮੜੀ ਨੂੰ ਪੂਰੀ ਤਰ੍ਹਾਂ ਝੁਲਸਾ ਦਿੰਦੀਆਂ ਹਨ। ਜ਼ਿਆਦਾ ਗਰਮੀ ਹੋਣ ਤੇ ਸਾਡਾ ਸਰੀਰ ਪਸੀਨੇ ਦੇ ਰੂਪ ਵਿਚ ਗਰਮੀ ਬਾਹਰ ਕੱਢਦਾ ਹੈ ਅਤੇ ਤਾਪਮਾਨ ਨੂੰ ਨਿਯੰਤਰਿਤ ਰੱਖਦਾ ਹੈ। ਜਿਸ ਨਾਲ ਸਰੀਰ ਵਿਚ ਪਾਣੀ ਦੀ ਘਾਟ ਹੋ ਜਾਂਦੀ ਹੈ। ਇੱਕ ਨਿਸ਼ਚਿਤ ਸੀਮਾ ਤੋਂ ਬਾਅਦ ਸਾਡੇ ਸਰੀਰ ਦਾ ਇਹ ਸਿਸਟਮ ਕੰਮ ਕਰਨਾ ਬੰਦ ਕਰ ਦਿੰਦਾ ਹੈ ਅਤੇ ਸਰੀਰ ਬਾਹਰ ਦੇ ਤਾਪਮਾਨ ਦੇ ਸਮਾਨ ਗਰਮ ਹੋ ਜਾਂਦਾ ਹੈ। ਜਿਸ ਨੂੰ ਲੂਅ ਲੱਗਣਾ ਕਹਿੰਦੇ ਜਾਂ ਫਿਰ ਹੀਟ ਸਟਕ ਕਹਿੰਦੇ ਹਨ। ਆਮ ਤੌਰ ’ਤੇ ਲੋਕ ਇਸ ਨੂੰ ਹਲਕੇ ਵਿਚ ਲੈਂਦੇ ਹਨ ਅਤੇ ਮੰਨਦੇ ਹਨ ਕਿ ਉਨ੍ਹਾਂ ਨੂੰ ਲੂਅ ਲੱਗ ਹੀ ਨਹੀਂ ਸਕਦੀ, ਪਰੰਤੂ ਇੱਕ ਰਿਪੋਰਟ ਦੇ ਅਨੁਸਾਰ ਲੂਅ ਲੱਗਣਾ (ਹੀਟ ਸਟੇਕ) ਬਹੁਤ ਖ਼ਤਰਨਾਕ ਬੀਮਾਰੀ ਹੈ। ਲੂਅ ਲੱਗਣ ਨਾਲ ਸਰੀਰ ਨੂੰ ਬੇਚੈਨੀ ਅਤੇ ਘਬਰਾਹਟ ਹੋ ਸਕਦੀ ਹੈ ਅਤੇ ਜ਼ਿਆਦਾ ਸਮਾਂ ਧੁੱਪ ਵਿਚ ਰਹਿਣ ਨਾਲ ਅੱਖਾਂ ਦੇ ਸਾਹਮਣੇ ਹਨੇਰਾ ਛਾ ਜਾਣਾ, ਚੱਕਰ ਖਾ ਕੇ ਡਿੱਗ ਪੈਣਾ, ਗੱਲ ਸਮਝਣ ਵਿਚ ਮੁਸ਼ਕਿਲ ਆਉਣੀ, ਚਿੜਚਿੜਾਪਣ, ਜੁਬਾਨ ਦਾ ਲੜਖੜਾਉਣਾ, ਤੁਰਨ ਸਮੇਂ ਲੜਖੜਾਉਣਾ, ਦੌਰਾ ਪੈਣਾ ਆਦਿ ਹੋ ਸਕਦੇ ਹਨ। ਐੱਸਐੱਮਓ ਡਾ. ਵਰਿੰਦਰ ਕੁਮਾਰ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਗਰਮੀ ’ਚ ਲੂਅ ਤੋਂ ਬਚਣ ਦੇ ਲਈ ਸਾਨੂੰ ਸਾਵਧਾਨੀਆਂ ਵਰਤਣ ਦੀ ਲੋੜ ਹੈ। ਜਿਵੇਂ ਕਿ ਜਦੋਂ ਵੀ ਘਰ ਤੋਂ ਬਾਹਰ ਨਿਕਲਣਾ ਹੋਵੇ ਤਾਂ ਜ਼ਿਆਦਾ ਮਾਤਰਾ ਵਿਚ ਪਾਣੀ ਪੀਤਾ ਜਾਵੇ, ਸੂਤੀ, ਹਲਕੇ ਅਤੇ ਆਰਾਮਦਾਇਕ ਕੱਪੜੇ ਪਾ ਕੇ ਅਤੇ ਸਿਰ ਨੂੰ ਢੱਕ ਕੇ ਰੱਖਿਆ ਜਾਵੇ, ਤਰਲ ਪਦਾਰਥਾਂ ਜਿਵੇਂ ਪਾਣੀ, ਨਿੰਬੂ ਪਾਣੀ, ਲੱਸੀ, ਓ.ਆਰ.ਐੱਸ. ਦੇ ਘੋਲ ਦਾ ਵੱਧ ਤੋਂ ਵੱਧ ਸੇਵਨ ਕੀਤਾ ਜਾਵੇ ਅਤੇ ਦੁਪਹਿਰ ਦੇ ਵੇਲੇ ਘਰ ਤੋਂ ਬਾਹਰ ਬਹੁਤ ਜ਼ਿਆਦਾ ਜਰੂਰੀ ਹੋਣ ’ਤੇ ਹੀ ਨਿਕਲਿਆ ਜਾਵੇ। ਐੱਸਐੱਮਓ ਡਾ. ਵਰਿੰਦਰ ਕੁਮਾਰ ਨੇ ਕਿਹਾ ਕਿ ਸਿਹਤ ਵਿਭਾਗ ਦੁਆਰਾ ਲੂਅ ਤੋਂ ਬਚਣ ਲਈ ਦੱਸੀਆਂ ਗਈਆਂ ਸਾਵਧਾਨੀਆਂ ਨੂੰ ਅਮਲ ਵਿਚ ਲਿਆ ਕੇ ਘਰ ਵਿਚ ਰਹੋ, ਸੁਰੱਖਿਅਤ ਰਹੋ ਅਤੇ ਸਵਸਥ ਰਹੋ। ਉਨ੍ਹਾਂ ਕਿਹਾ ਕਿ ਬੱਚਿਆਂ, ਬਜੁਰਗਾਂ ਅਤੇ ਗਰਭਵਤੀ ਔਰਤਾਂ ਨੂੰ ਗਰਮੀ ਲੱਗਣ ਦਾ ਖ਼ਤਰਾ ਜ਼ਿਆਦਾ ਹੁੰਦਾ ਹੈ। ਉਨ੍ਹਾਂ ਸਿਹਤ ਵਿਭਾਗ ਦੇ ਸਮੂਹ ਅਧਿਕਾਰੀਆਂ ਕਰਮਚਾਰੀਆਂ ਨੂੰ ਹਦਾਇਤ ਕੀਤੀ ਕਿ ਆਪਣੇ ਅਧੀਨ ਇਲਾਕੇ ਵਿਚ ਸਿਹਤ ਸਟਾਫ਼ ਅਤੇ ਸਮਾਜ ਸੇਵੀ ਸੰਸਥਾਵਾਂ ਅਤੇ ਮੀਡੀਏ ਦੇ ਸਹਿਯੋਗ ਨਾਲ ਆਮ ਜਨਤਾ ਨੂੰ ਲੂਅ ਤੋਂ ਬਚਣ ਲਈ ਜਾਗਰੂਕ ਕੀਤਾ ਜਾਵੇ।