ਬੇਅਦਬੀ ਸਬੰਧੀ ਬਿੱਲ ਪਾਸ ਹੋਣ ’ਤੇ ਸੰਧਵਾਂ ਦਾ ਸਨਮਾਨ
ਗੁਰੂ ਗ੍ਰੰਥ ਸਾਹਿਬ ਜੀ ਦੇ ਸਤਿਕਾਰ ਸਬੰਧੀ ਸੋਧ ਬਿਲ ਪਾਸ ਹੋਣ ’ਤੇ ਸੰਗਤਾਂ ਵੱਲੋਂ ਸਪੀਕਰ ਸੰਧਵਾਂ ਦਾ ਸਨਮਾਨ
Publish Date: Mon, 27 Apr 2026 03:47 PM (IST)
Updated Date: Tue, 28 Apr 2026 04:02 AM (IST)

ਪੱਤਰ ਪ੍ਰੇਰਕ ਪੰਜਾਬੀ ਜਾਗਰਣ ਫਰੀਦਕੋਟ : ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਦਾ ਗੁਰੂ ਗ੍ਰੰਥ ਸਾਹਿਬ ਜੀ ਦੇ ਸਤਿਕਾਰ ਸਬੰਧੀ ਸੋਧ ਬਿਲ ਪਾਸ ਹੋਣ ਦੇ ਮੌਕੇ ’ਤੇ ਜ਼ਿਲ੍ਹਾ ਫਰੀਦਕੋਟ ਦੇ ਵੱਖ-ਵੱਖ ਪਿੰਡਾਂ ਦੀਆਂ ਸੰਗਤਾਂ ਵੱਲੋਂ ਵਿਸ਼ੇਸ਼ ਸਨਮਾਨ ਕੀਤਾ ਗਿਆ। ਇਸ ਸਬੰਧੀ ਸਪੀਕਰ ਸ. ਸੰਧਵਾਂ ਗੁਰਦੁਆਰਾ ਸਾਹਿਬ ਪਿੰਡ ਭੈਰੋ ਭੱਟੀ, ਡੱਗੋ ਰੋਮਾਣਾ, ਦਾਣਾ ਰੋਮਾਣਾ ਅਤੇ ਟਹਿਣਾ ਵਿਖੇ ਪਹੁੰਚੇ, ਜਿੱਥੇ ਗੁਰਦੁਆਰਾ ਪ੍ਰਬੰਧਕ ਕਮੇਟੀਆਂ, ਪਿੰਡ ਵਾਸੀਆਂ ਅਤੇ ਸੰਗਤਾਂ ਵੱਲੋਂ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ ਗਿਆ ਅਤੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਗੁਰੂ ਗ੍ਰੰਥ ਸਾਹਿਬ ਜੀ ਸਿੱਖ ਕੌਮ ਦੇ ਸਿਰਮੌਰ ਅਤੇ ਮਨੁੱਖਤਾ ਲਈ ਰਾਹ ਦਰਸਾਉਣ ਵਾਲੇ ਹਨ ਅਤੇ ਉਨ੍ਹਾਂ ਦੇ ਸਤਿਕਾਰ ਦੀ ਰੱਖਿਆ ਕਰਨਾ ਸਾਡਾ ਸਾਂਝਾ ਫਰਜ਼ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਗੁਰੂ ਸਾਹਿਬਾਨ ਦੀ ਮਹਾਨਤਾ ਅਤੇ ਸਤਿਕਾਰ ਨੂੰ ਕਾਇਮ ਰੱਖਣ ਲਈ ਲੋੜੀਂਦੇ ਕਦਮ ਚੁੱਕੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਗੁਰੂ ਗ੍ਰੰਥ ਸਾਹਿਬ ਜੀ ਦੇ ਸਤਿਕਾਰ ਨਾਲ ਜੁੜੇ ਮਾਮਲਿਆਂ ਵਿੱਚ ਸੰਗਤਾਂ ਦੀ ਭਾਵਨਾ ਦਾ ਪੂਰਾ ਸਨਮਾਨ ਕੀਤਾ ਜਾਵੇਗਾ ਅਤੇ ਸਰਕਾਰ ਹਮੇਸ਼ਾਂ ਪੰਥਕ ਮਰਯਾਦਾ ਅਤੇ ਧਾਰਮਿਕ ਕਦਰਾਂ-ਕੀਮਤਾਂ ਦੀ ਰੱਖਿਆ ਲਈ ਵਚਨਬੱਧ ਹੈ। ਇਸ ਮੌਕੇ ਵੱਖ-ਵੱਖ ਪਿੰਡਾਂ ਦੇ ਸਰਪੰਚ, ਗੁਰਦੁਆਰਾ ਪ੍ਰਬੰਧਕ ਕਮੇਟੀਆਂ ਦੇ ਮੈਂਬਰ, ਪਤਵੰਤੇ ਅਤੇ ਵੱਡੀ ਗਿਣਤੀ ਵਿੱਚ ਸੰਗਤਾਂ ਹਾਜ਼ਰ ਸਨ।