ਚੋਣਾਂ ਨੂੰ ਲੈ ਕੇ ਜੈਤੋ ਪੁਲਿਸ ਅਲਰਟ, ਸ਼ਹਿਰ ’ਚ ਕੱਢਿਆ ਫਲੈਗ ਮਾਰਚ
ਨਗਰ ਕੌਂਸਲ ਚੋਣਾਂ ਲਈ ਜੈਤੋ ਪੁਲਿਸ ਅਲਰਟ, ਸ਼ਹਿਰ ਵਿਚ ਕੱਢਿਆ ਫਲੈਗ ਮਾਰਚ
Publish Date: Fri, 22 May 2026 06:12 PM (IST)
Updated Date: Sat, 23 May 2026 04:08 AM (IST)

ਪੁਲਿਸ ਦੀ ਸਖ਼ਤ ਨਿਗਰਾਨੀ ਹੇਠ ਹੋਣਗੀਆਂ ਨਗਰ ਕੌਂਸਲ ਚੋਣਾਂ : ਡੀਐੱਸਪੀ ਸੰਧੂ ਭੋਲਾ ਸ਼ਰਮਾ ਪੰਜਾਬੀ ਜਾਗਰਣ, ਜੈਤੋ : ਨਗਰ ਕੌਂਸਲ ਚੋਣਾਂ ਨੂੰ ਸ਼ਾਂਤੀਪੂਰਨ, ਨਿਰਪੱਖ ਅਤੇ ਪਾਰਦਰਸ਼ੀ ਢੰਗ ਨਾਲ ਨੇਪਰੇ ਚਾੜ੍ਹਣ ਲਈ ਪੁਲਿਸ ਪ੍ਰਸ਼ਾਸਨ ਵੱਲੋਂ ਜੈਤੋ ਸ਼ਹਿਰ ਵਿਚ ਵਿਸ਼ਾਲ ਫਲੈਗ ਮਾਰਚ ਕੱਢ ਕੇ ਲੋਕਾਂ ਵਿਚ ਸੁਰੱਖਿਆ ਅਤੇ ਭਰੋਸੇ ਦਾ ਸੰਦੇਸ਼ ਦਿੱਤਾ ਗਿਆ। ਪੁਲਿਸ ਥਾਣਾ ਜੈਤੋ ਤੋਂ ਸ਼ੁਰੂ ਹੋਇਆ ਇਹ ਫਲੈਗ ਮਾਰਚ ਸ਼ਹਿਰ ਦੇ ਮੁੱਖ ਬਾਜ਼ਾਰਾਂ, ਸੰਵੇਦਨਸ਼ੀਲ ਇਲਾਕਿਆਂ, ਚੋਣ ਪ੍ਰਭਾਵਿਤ ਥਾਵਾਂ ਅਤੇ ਭੀੜ-ਭਾੜ ਵਾਲੇ ਖੇਤਰਾਂ ਵਿਚੋਂ ਲੰਘਿਆ। ਇਸ ਦੌਰਾਨ ਪੁਲਿਸ ਅਧਿਕਾਰੀਆਂ ਅਤੇ ਕਰਮਚਾਰੀਆਂ ਨੇ ਵੱਡੀ ਗਿਣਤੀ ਵਿਚ ਹਿੱਸਾ ਲਿਆ। ਫਲੈਗ ਮਾਰਚ ਦੀ ਅਗਵਾਈ ਸਬ-ਡਵੀਜ਼ਨ ਜੈਤੋ ਦੇ ਡੀਐੱਸਪੀ ਇਕਬਾਲ ਸਿੰਘ ਸੰਧੂ ਅਤੇ ਥਾਣਾ ਜੈਤੋ ਦੇ ਐੱਸ.ਐੱਚ.ਓ. ਇੰਸਪੈਕਟਰ ਨਵਪ੍ਰੀਤ ਸਿੰਘ ਸੰਧੂ ਵੱਲੋਂ ਕੀਤੀ ਗਈ। ਫਲੈਗ ਮਾਰਚ ਦੌਰਾਨ ਪੁਲਿਸ ਪ੍ਰਸ਼ਾਸਨ ਵੱਲੋਂ ਲੋਕਾਂ ਨੂੰ ਇਹ ਭਰੋਸਾ ਦਿਵਾਇਆ ਗਿਆ ਕਿ ਚੋਣਾਂ ਦੌਰਾਨ ਅਮਨ-ਕਾਨੂੰਨ ਦੀ ਸਥਿਤੀ ਬਣਾਈ ਰੱਖਣ ਲਈ ਪੁਖ਼ਤਾ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ ਅਤੇ ਕਿਸੇ ਵੀ ਅਣਚਾਹੀ ਘਟਨਾ ਨਾਲ ਨਜਿੱਠਣ ਲਈ ਪੁਲਿਸ ਪੂਰੀ ਤਰ੍ਹਾਂ ਤਿਆਰ ਅਤੇ ਸਚੇਤ ਹੈ। ਪੁਲਿਸ ਵੱਲੋਂ ਸ਼ਹਿਰ ਵਿਚ ਵਾਧੂ ਫੋਰਸ ਤਾਇਨਾਤ ਕੀਤੀ ਗਈ ਹੈ, ਜਦਕਿ ਸੰਵੇਦਨਸ਼ੀਲ ਇਲਾਕਿਆਂ ਵਿਚ ਵਿਸ਼ੇਸ਼ ਨਿਗਰਾਨੀ ਰੱਖੀ ਜਾ ਰਹੀ ਹੈ। ਇਸ ਮੌਕੇ ਡੀਐੱਸਪੀ ਇਕਬਾਲ ਸਿੰਘ ਸੰਧੂ ਨੇ ਕਿਹਾ ਕਿ ਨਗਰ ਕੌਂਸਲ ਚੋਣਾਂ ਲੋਕਤੰਤਰ ਦਾ ਅਹਿਮ ਹਿੱਸਾ ਹਨ ਅਤੇ ਇਨ੍ਹਾਂ ਨੂੰ ਸ਼ਾਂਤੀਪੂਰਵਕ ਢੰਗ ਨਾਲ ਕਰਵਾਉਣਾ ਪੁਲਿਸ ਪ੍ਰਸ਼ਾਸਨ ਦੀ ਪਹਿਲੀ ਤਰਜੀਹ ਹੈ। ਉਨ੍ਹਾਂ ਕਿਹਾ ਕਿ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਉਣ ਲਈ ਲਗਾਤਾਰ ਨਾਕਾਬੰਦੀ, ਗਸ਼ਤ ਅਤੇ ਚੈਕਿੰਗ ਮੁਹਿੰਮ ਚਲਾਈ ਜਾ ਰਹੀ ਹੈ। ਉਨ੍ਹਾਂ ਚੇਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਕੋਈ ਵੀ ਅਨਸਰ ਅਮਨ-ਕਾਨੂੰਨ ਦੀ ਸਥਿਤੀ ਖ਼ਰਾਬ ਕਰਨ ਜਾਂ ਲੋਕਾਂ ਵਿਚ ਡਰ ਦਾ ਮਾਹੌਲ ਪੈਦਾ ਕਰਨ ਦੀ ਕੋਸ਼ਿਸ਼ ਕਰੇਗਾ ਤਾਂ ਉਸ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਡੀ.ਐਸ.ਪੀ. ਸੰਧੂ ਨੇ ਇਹ ਵੀ ਦੱਸਿਆ ਕਿ ਪੁਲਿਸ ਵੱਲੋਂ ਸੋਸ਼ਲ ਮੀਡੀਆ ਪਲੇਟਫਾਰਮਾਂ ’ਤੇ ਵੀ ਨਿਗਰਾਨੀ ਕੀਤੀ ਜਾ ਰਹੀ ਹੈ ਤਾਂ ਜੋ ਅਫ਼ਵਾਹਾਂ ਜਾਂ ਭੜਕਾਉਣ ਵਾਲੀਆਂ ਗਲਤ ਜਾਣਕਾਰੀਆਂ ਫੈਲਾ ਕੇ ਮਾਹੌਲ ਖ਼ਰਾਬ ਕਰਨ ਵਾਲੇ ਤੱਤਾਂ ਖ਼ਿਲਾਫ਼ ਤੁਰੰਤ ਕਾਰਵਾਈ ਕੀਤੀ ਜਾ ਸਕੇ। ਉਨ੍ਹਾਂ ਕਿਹਾ ਕਿ ਚੋਣਾਂ ਦੌਰਾਨ ਹਰ ਗਤੀਵਿਧੀ ’ਤੇ ਬਰੀਕੀ ਨਾਲ ਨਜ਼ਰ ਰੱਖੀ ਜਾ ਰਹੀ ਹੈ ਅਤੇ ਪੁਲਿਸ ਪ੍ਰਸ਼ਾਸਨ ਕਿਸੇ ਵੀ ਸਥਿਤੀ ਨਾਲ ਨਜਿੱਠਣ ਲਈ ਪੂਰੀ ਤਰ੍ਹਾਂ ਮੁਸਤੈਦ ਹੈ। ਇਸ ਮੌਕੇ ਐੱਸ.ਐੱਚ.ਓ. ਇੰਸਪੈਕਟਰ ਨਵਪ੍ਰੀਤ ਸਿੰਘ ਸੰਧੂ ਨੇ ਸ਼ਹਿਰ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਭਾਈਚਾਰਕ ਸਾਂਝ, ਅਮਨ ਅਤੇ ਕਾਨੂੰਨ ਦੀ ਪਾਲਣਾ ਬਣਾਈ ਰੱਖਣ ਲਈ ਪੁਲਿਸ ਪ੍ਰਸ਼ਾਸਨ ਦਾ ਸਹਿਯੋਗ ਕਰਨ। ਉਨ੍ਹਾਂ ਲੋਕਾਂ ਨੂੰ ਬਿਨਾਂ ਕਿਸੇ ਡਰ ਜਾਂ ਦਬਾਅ ਦੇ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ ਲਈ ਪ੍ਰੇਰਿਤ ਕਰਦਿਆਂ ਕਿਹਾ ਕਿ ਹਰ ਪੋਲਿੰਗ ਬੂਥ ’ਤੇ ਪੁਲਿਸ ਕਰਮਚਾਰੀ ਤਾਇਨਾਤ ਰਹਿਣਗੇ ਅਤੇ ਵੋਟਰਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਇਆ ਜਾਵੇਗਾ। ਐੱਸ.ਐੱਚ.ਓ. ਇੰਸਪੈਕਟਰ ਨਵਪ੍ਰੀਤ ਸਿੰਘ ਸੰਧੂ ਨੇ ਇਹ ਵੀ ਕਿਹਾ ਕਿ ਚੋਣਾਂ ਦੌਰਾਨ ਕਿਸੇ ਵੀ ਤਰ੍ਹਾਂ ਦੀ ਗੁੰਡਾਗਰਦੀ, ਧੱਕੇਸ਼ਾਹੀ ਜਾਂ ਕਾਨੂੰਨ ਦੀ ਉਲੰਘਣਾ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਜੇਕਰ ਕਿਸੇ ਵਿਅਕਤੀ ਨੂੰ ਕੋਈ ਸ਼ੱਕੀ ਗਤੀਵਿਧੀ ਨਜ਼ਰ ਆਉਂਦੀ ਹੈ ਤਾਂ ਉਸ ਦੀ ਜਾਣਕਾਰੀ ਤੁਰੰਤ ਪੁਲਿਸ ਨੂੰ ਦਿੱਤੀ ਜਾਵੇ ਤਾਂ ਜੋ ਸਮੇਂ ਸਿਰ ਕਾਰਵਾਈ ਕੀਤੀ ਜਾ ਸਕੇ। ਸ਼ਹਿਰ ਵਾਸੀਆਂ ਵੱਲੋਂ ਵੀ ਪੁਲਿਸ ਪ੍ਰਸ਼ਾਸਨ ਦੀ ਇਸ ਕਾਰਵਾਈ ਨੂੰ ਸੁਰੱਖਿਆ ਪੱਖੋਂ ਇੱਕ ਸਕਾਰਾਤਮਕ ਅਤੇ ਭਰੋਸੇਯੋਗ ਕਦਮ ਕਰਾਰ ਦਿੱਤਾ ਗਿਆ।