ਕਾਕਾ ਲੋਹਗੜ੍ਹ ਵੱਲੋਂ ਵਰਕਰਾਂ ਨਾਲ ਮੀਟਿੰਗ
ਹਲਕਾ ਧਰਮਕੋਟ ਵਿਚ 2027 ਦੀਆਂ
Publish Date: Sat, 25 Apr 2026 04:12 PM (IST)
Updated Date: Sun, 26 Apr 2026 04:04 AM (IST)

ਵਕੀਲ ਮਹਿਰੋਂ ਪੰਜਾਬੀ ਜਾਗਰਣ ਮੋਗਾ: ਹਲਕਾ ਧਰਮਕੋਟ ਵਿਚ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਿਆਸੀ ਮਾਹੌਲ ਗਰਮਾਉਣਾ ਸ਼ੁਰੂ ਹੋ ਗਿਆ ਹੈ। ਕਾਂਗਰਸ ਪਾਰਟੀ ਦੇ ਸਰਗਰਮ ਆਗੂ ਅਤੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਮੈਂਬਰ ਸੁਖਜੀਤ ਸਿੰਘ ਕਾਕਾ ਲੋਹਗੜ੍ਹ ਵੱਲੋਂ ਪਿੰਡਾਂ ਵਿਚ ਕੀਤੀਆਂ ਜਾ ਰਹੀਆਂ ਲਗਾਤਾਰ ਮੀਟਿੰਗਾਂ ਨੇ ਸਿਆਸੀ ਹਲਚਲ ਨੂੰ ਹੋਰ ਤੇਜ਼ ਕਰ ਦਿੱਤਾ ਹੈ। ਕਾਕਾ ਲੋਹਗੜ੍ਹ ਵੱਲੋਂ ਹਲਕੇ ਦੇ ਵੱਖ-ਵੱਖ ਪਿੰਡਾਂ ਵਿਚ ਜਾ ਕੇ ਲੋਕਾਂ ਨਾਲ ਨਿੱਜੀ ਤੌਰ ‘ਤੇ ਰਾਬਤਾ ਕਾਇਮ ਕੀਤਾ ਜਾ ਰਿਹਾ ਹੈ। ਉਨ੍ਹਾਂ ਦੀਆਂ ਇਹ ਸਰਗਰਮੀਆਂ ਹੁਣ ਪੂਰੇ ਧਰਮਕੋਟ ਹਲਕੇ ਵਿਚ ਚਰਚਾ ਦਾ ਵਿਸ਼ਾ ਬਣ ਚੁੱਕੀਆਂ ਹਨ। ਪਿੰਡਾਂ ਵਿੱਚ ਵੱਡੀ ਗਿਣਤੀ ਵਿਚ ਲੋਕਾਂ ਦੀ ਹਾਜ਼ਰੀ ਇਹ ਦਰਸਾ ਰਹੀ ਹੈ ਕਿ ਕਾਕਾ ਲੋਹਗੜ੍ਹ ਨੂੰ ਜਮੀਨੀ ਪੱਧਰ ‘ਤੇ ਮਜ਼ਬੂਤ ਸਮਰਥਨ ਮਿਲ ਰਿਹਾ ਹੈ। ਲੋਕਾਂ ਦਾ ਕਹਿਣਾ ਹੈ ਕਿ ਜੇਕਰ ਸੁਖਜੀਤ ਸਿੰਘ ਕਾਕਾ ਲੋਹਗੜ੍ਹ ਨੂੰ ਵਿਧਾਇਕ ਬਣਨ ਦਾ ਮੌਕਾ ਮਿਲਦਾ ਹੈ ਤਾਂ ਹਲਕਾ ਧਰਮਕੋਟ ਵਿਕਾਸ ਦੀਆਂ ਨਵੀਆਂ ਉਚਾਈਆਂ ਨੂੰ ਛੂਹ ਸਕਦਾ ਹੈ। ਕਈ ਪਿੰਡਾਂ ਵਿੱਚ ਲੋਕਾਂ ਨੇ ਕਿਹਾ ਕਿ ਉਹ 2027 ਦੀਆਂ ਚੋਣਾਂ ਵਿਚ ਕਾਕਾ ਲੋਹਗੜ੍ਹ ਦੇ ਹੱਕ ਵਿਚ ਖੜ੍ਹੇ ਹੋਣਗੇ ਅਤੇ ਉਨ੍ਹਾਂ ਨੂੰ ਜਿੱਤਵਾ ਕੇ ਵਿਧਾਨ ਸਭਾ ਤੱਕ ਪਹੁੰਚਾਉਣਗੇ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸੁਖਜੀਤ ਸਿੰਘ ਕਾਕਾ ਲੋਹਗੜ੍ਹ ਨੇ ਮੌਜੂਦਾ ਸਰਕਾਰ ‘ਤੇ ਤਿੱਖੇ ਨਿਸ਼ਾਨੇ ਸਾਧੇ। ਉਨ੍ਹਾਂ ਕਿਹਾ ਕਿ ਹਾਲ ਹੀ ਵਿਚ ਮੀਂਹ ਅਤੇ ਗੜੇਮਾਰੀ ਕਾਰਨ ਧਰਮਕੋਟ ਦੇ ਕਈ ਪਿੰਡਾਂ ਵਿਚ ਕਣਕ ਦੀ ਫਸਲ ਨੂੰ ਭਾਰੀ ਨੁਕਸਾਨ ਹੋਇਆ ਹੈ ਪਰ ਸਰਕਾਰ ਵੱਲੋਂ ਕਿਸਾਨਾਂ ਨੂੰ ਕੋਈ ਵਾਜਬ ਮੁਆਵਜ਼ਾ ਨਹੀਂ ਦਿੱਤਾ ਗਿਆ। ਉਨ੍ਹਾਂ ਨੇ ਇਹ ਵੀ ਦੋਸ਼ ਲਾਇਆ ਕਿ ਨਸ਼ਿਆਂ ਵਿਰੁੱਧ ਚਲਾਇਆ ਜਾ ਰਿਹਾ ਮੁਹਿੰਮ ਪੂਰੀ ਤਰ੍ਹਾਂ ਅਸਫ਼ਲ ਰਹੀ ਹੈ ਅਤੇ ਨੌਜਵਾਨ ਅੱਜ ਵੀ ਬੇਰੁਜ਼ਗਾਰੀ ਨਾਲ ਜੂਝ ਰਹੇ ਹਨ। ਕਾਕਾ ਲੋਹਗੜ੍ਹ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਧਰਮਕੋਟ ਦੌਰਾ ਵੀ ਲੋਕਾਂ ਲਈ ਨਿਰਾਸ਼ਾਜਨਕ ਸਾਬਤ ਹੋਇਆ ਕਿਉਂਕਿ ਕੋਈ ਵੱਡਾ ਐਲਾਨ ਨਹੀਂ ਕੀਤਾ ਗਿਆ। ਅੰਤ ਵਿਚ ਉਨ੍ਹਾਂ ਵਿਸ਼ਵਾਸ ਜਤਾਇਆ ਕਿ 2027 ਦੀਆਂ ਚੋਣਾਂ ’ਚ ਪੰਜਾਬ ਦੇ ਲੋਕ ਮੌਜੂਦਾ ਸਰਕਾਰ ਨੂੰ ਨਕਾਰ ਕੇ ਕਾਂਗਰਸ ਪਾਰਟੀ ਨੂੰ ਦੁਬਾਰਾ ਸਤਾ ਵਿਚ ਲਿਆਉਣਗੇ। ਧਰਮਕੋਟ ਹਲਕੇ ਵਿਚ ਵੱਧ ਰਹੀ ਸਰਗਰਮੀ ਨੂੰ ਦੇਖਦਿਆਂ ਇਹ ਸਾਫ਼ ਹੈ ਕਿ ਆਉਣ ਵਾਲੇ ਸਮੇਂ ਵਿਚ ਇਹ ਸੀਟ ਸਿਆਸੀ ਤੌਰ ‘ਤੇ ਬਹੁਤ ਹੀ ਦਿਲਚਸਪ ਬਣਨ ਵਾਲੀ ਹੈ।