ਮਜ਼ਦੂਰ ਜਥੇਬੰਦੀਆਂ ਵੱਲੋਂ ਸੰਘਰਸ਼ ਦਾ ਐਲਾਨ
ਮਜ਼ਦੂਰ ਜਥੇਬੰਦੀਆਂ ਵੱਲੋਂ ਚੜਦੇ ਸਾਲ ਸੰਘਰਸ਼ ਦਾ ਐਲਾਨ
Publish Date: Sun, 23 Nov 2025 04:02 PM (IST)
Updated Date: Sun, 23 Nov 2025 04:04 PM (IST)

-5 ਜਨਵਰੀ ਨੂੰ ਡੀਸੀ ਦਫ਼ਤਰ ਅੱਗੇ ਦਿੱਤਾ ਜਾਵੇਗਾ ਧਰਨਾ, ਮਾਰਚ ਦੇ ਪਹਿਲੇ ਹਫਤੇ ਲੱਗੇਗਾ ਚੰਡੀਗੜ੍ਹ ’ਚ ਮੋਰਚਾ ਸੁਖਦੀਪ ਸਿੰਘ ਗਿੱਲ, ਪੰਜਾਬੀ ਜਾਗਰਣ ਸ੍ਰੀ ਮੁਕਤਸਰ ਸਾਹਿਬ : ਪੇਂਡੂ ਤੇ ਖੇਤ ਮਜ਼ਦੂਰ ਜਥੇਬੰਦੀਆਂ ਦੇ ਸਾਂਝੇ ਮੋਰਚੇ ਚ ਸ਼ਾਮਲ ਜਥੇਬੰਦੀਆਂ ਨੇ ਪੰਜਾਬ ਸਰਕਾਰ ਦੇ ਮਜ਼ਦੂਰ ਵਿਰੋਧੀ ਰਵੱਈਏ ਖਿਲਾਫ ਅਤੇ ਚਿਰਾਂ ਤੋਂ ਲਟਕਦੀਆਂ ਮਜ਼ਦੂਰ ਮੰਗਾਂ ਮਨਵਾਉਣ ਲਈ ਲੰਮੇ ਸੰਘਰਸ਼ ਦਾ ਐਲਾਨ ਦੇ ਸੱਦੇ ਨੂੰ ਲਾਗੂ ਕਰਦਿਆਂ ਮਜ਼ਦੂਰ ਜਥੇਬੰਦੀਆਂ ਦੇ ਮੋਰਚੇ ਵੱਲੋਂ ਡੀਸੀ ਦਫ਼ਤਰ ’ਤੇ ਦਿੱਤੇ ਜਾਣ ਵਾਲੇ ਧਰਨਿਆਂ ਤਹਿਤ ਮੋਰਚੇ ’ਚ ਸ਼ਾਮਲ ਜੱਥੇਬੰਦੀਆਂ ਪੰਜਾਬ ਖੇਤ ਮਜ਼ਦੂਰ ਯੂਨੀਅਨ, ਦਿਹਾਤੀ ਮਜ਼ਦੂਰ ਸਭਾ, ਕੁੱਲ ਹਿੰਦ ਮਜ਼ਦੂਰ ਯੂਨੀਅਨ ਅਤੇ ਖੇਤ ਮਜ਼ਦੂਰ ਸਭਾ ਨੇ ਅੱਜ ਇੱਥੇ ਮੁਕਤ-ਏ-ਮੀਨਾਰ ਪਾਰਕ ’ਚ ਮੀਟਿੰਗ ਕੀਤੀ। ਇਸ ਮੌਕੇ ਸਾਂਝੇ ਮੋਰਚੇ ਦੇ ਆਗੂ ਅਤੇ ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਜ਼ਿਲ੍ਹਾ ਆਗੂ ਤਰਸੇਮ ਸਿੰਘ ਖੁੰਡੇ ਹਲਾਲ, ਦਿਹਾਤੀ ਮਜ਼ਦੂਰ ਸਭਾ ਦੇ ਜ਼ਿਲ੍ਹਾ ਪ੍ਰਧਾਨ ਲਖਵੀਰ ਤੱਖਤ ਮਲਾਣਾ, ਕੁੱਲ ਹਿੰਦ ਖੇਤ ਮਜ਼ਦੂਰ ਯੂਨੀਅਨ ਦੇ ਸੂਬਾ ਤੇ ਜ਼ਿਲ੍ਹਾ ਆਗੂ ਕਰਮਜੀਤ ਕੌਰ ਲੱਕੜਵਾਲਾ ਤੇ ਪੰਜਾਬ ਖੇਤ ਮਜ਼ਦੂਰ ਸਭਾ ਨੇ ਭਗਵੰਤ ਮਾਨ ਸਰਕਾਰ ਦੇ ਮਜ਼ਦੂਰ ਵਿਰੋਧੀ ਰਵੱਈਏ ਦੀ ਨਿਖੇਧੀ ਕਰਦਿਆਂ ਆਪਣੀਆਂ ਹੱਕੀ ਮੰਗਾਂ ਲਈ 05 ਜਨਵਰੀ 2026 ਨੂੰ ਡੀਸੀ ਦਫ਼ਤਰ ’ਤੇ ਧਰਨਾ ਦਿੱਤਾ ਜਾਵੇਗਾ। ਜਥੇਬੰਦੀਆਂ ਦੇ ਆਗੂ ਕਾਕਾ ਸਿੰਘ ਖੁੰਡੇ ਹਲਾਲ, ਜਸਵਿੰਦਰ ਸਿੰਘ ਸੰਗੂਧੌਣ, ਜਗਜੀਤ ਜੱਸੇਆਣਾ, ਤੋਤਾ ਸਿੰਘ ਸ਼ੇਰੇਵਾਲਾ ਨੇ ਦੱਸਿਆ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਹੋਂਦ ’ਚ ਆਉਣ ਤੋਂ ਲੈਕੇ ਜਥੇਬੰਦੀਆਂ ਸੰਘਰਸ਼ ਕਰ ਰਹੀਆਂ ਹਨ। ਧਰਨੇ ਮੁਜ਼ਾਹਰੇ ਅਤੇ ਅਨੇਕਾਂ ਵਾਰ ਮੰਗ ਪੱਤਰ ਦੇਣ ਤੋਂ ਬਾਅਦ ਵੀ ਅਜੇ ਮੌਜੂਦਾ ਸਰਕਾਰ ਮਜ਼ਦੂਰਾਂ ਵੱਲ ਪਿੱਠ ਕਰਕੇ ਖੜ੍ਹੀ ਹੈ। ਉਨ੍ਹਾਂ ਕਿਹਾ ਕਿ ਹਾਲ ਹੀ ’ਚ ਪੰਜਾਬ ਅੰਦਰ ਹੜਾਂ/ਬਾਰਸ਼ਾਂ ਨਾਲ ਹੋਰਨਾਂ ਤਬਕਿਆਂ ਦੇ ਨਾਲ-ਨਾਲ ਬੇਜ਼ਮੀਨੇ ਮਜ਼ਦੂਰਾਂ ਦਾ ਵੀ ਭਾਰੀ ਨੁਕਸਾਨ ਹੋਇਆ ਪਰ ਸਰਕਾਰ ਨੇ ਫੋਕੇ ਲਾਰਿਆਂ ਤੋਂ ਬਿਨਾਂ ਮਜ਼ਦੂਰਾਂ ਦੇ ਕੁਝ ਵੀ ਪੱਲੇ ਨਹੀਂ ਪਾਇਆ। ਉਨ੍ਹਾਂ ਕਿਹਾ ਮਨਰੇਗਾ ਸਕੀਮ ਠੱਪ ਪਈ ਹੈ ਤੇ ਮਜ਼ਦੂਰਾਂ ਨੂੰ ਰੁਜ਼ਗਾਰ ਦੀ ਵੱਡੀ ਸਮੱਸਿਆ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਆਗੂਆਂ ਨੇ ਕਿਹਾ ਕਿ ਵੱਡੇ ਸਰਮਾਏਦਾਰਾਂ ਅਤੇ ਜਾਗੀਰਦਾਰਾਂ ਨੂੰ ਫ਼ਾਇਦੇ ਪਹੁੰਚਾਉਣ ਵਾਲੇ ਅਖੌਤੀ ਵਿਕਾਸ ਮਾਡਲ ਨੂੰ ਲਗਾਤਾਰ ਲਾਗੂ ਕਰਕੇ, ਮਜ਼ਦੂਰਾਂ ਕੋਲੋਂ ਸਿਹਤ, ਸਿੱਖਿਆ, ਬਿਜਲੀ ਵਰਗੀਆਂ ਸਹੂਲਤਾਂ ਖੋਹੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਚਿੱਪ ਵਾਲੇ ਮੀਟਰ ਲਾਕੇ ਹੁਣ ਮਜ਼ਦੂਰਾਂ ਦੇ ਘਰਾਂ ਚ ਹਨੇਰਾ ਕਰਨ ਦੀ ਤਿਆਰੀ ਹੈ। ਮਜ਼ਦੂਰ ਜਥੇਬੰਦੀਆਂ ਮੰਗ ਕਰਦੀਆਂ ਹਨ ਕਿ ਮਜ਼ਦੂਰਾਂ ਨੂੰ ਦਸ ਦਸ ਮਰਲੇ ਦੇ ਪਲਾਟ ਦਿੱਤੇ ਜਾਣ, ਮਜ਼ਦੂਰਾਂ ਦਾ ਸਮੁੱਚਾ ਕਰਜਾ ਮੁਆਫ ਕੀਤਾ ਜਾਵੇ, ਤੀਜੇ ਹਿੱਸੇ ਦੀ ਜ਼ਮੀਨ ਮਜ਼ਦੂਰਾਂ ਨੂੰ ਦੇਣਾ ਯਕੀਨੀ ਕੀਤਾ ਜਾਵੇ, ਜ਼ਮੀਨ ਹੱਦਬੰਦੀ ਕਾਨੂੰਨ ਫੌਰੀ ਲਾਗੂ ਕੀਤਾ ਜਾਵੇ, ਵਿਧਵਾ ਬੁਢਾਪਾ ਪੈਨਸ਼ਨ 5000/- ਰੁਪਏ ਕੀਤੀ ਜਾਵੇ, ਔਰਤਾਂ ਦੇ ਖਾਤੇ ’ਚ 1100/- ਰੁਪਏ ਹਰ ਮਹੀਨੇ ਪਾਉਣ ਸਮੇਤ ਸਾਰੀਆਂ ਚੋਣ ਗਰੰਟੀਆਂ ਲਾਗੂ ਕਰਾਉਣ ਲਈ ਡੀਸੀ ਦਫ਼ਤਰ ਮੁਕਤਸਰ ਅੱਗੇ 5 ਜਨਵਰੀ 2026 ਨੂੰ ਵਿਸ਼ਾਲ ਧਰਨਾ ਦਿੱਤਾ ਜਾਵੇਗਾ। ਆਗੂਆਂ ਨੇ ਕਿਹਾ ਕਿ ਜ਼ਿਲ੍ਹੇ ਦੇ ਪਿੰਡਾਂ ਅੰਦਰ ਮੀਟਿੰਗਾਂ ਰੈਲੀਆਂ ਕਰਕੇ ਵੱਡੇ ਪੱਧਰ ਤੇ ਚੇਤਨਾ ਮੁਹਿੰਮ ਚਲਾ ਕੇ ਮਜ਼ਦੂਰਾਂ ਨੂੰ ਲਾਮਬੰਦ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਨੇ ਡੀਸੀ ਦਫ਼ਤਰਾਂ ਮੂਹਰੇ ਲੱਗੇ ਧਰਨਿਆਂ ਬਾਅਦ ਮੰਗਾਂ ਨਾ ਮੰਨੀਆਂ ਤਾਂ ਮਾਰਚ ਮਹੀਨੇ ਦੇ ਪਹਿਲੇ ਹਫਤੇ ਮਜ਼ਦੂਰ ਮੋਰਚੇ ਵੱਲੋਂ ਵਿਸ਼ਾਲ ਲਾਮਬੰਦੀ ਕਰਕੇ ਚੰਡੀਗੜ੍ਹ ਧਰਨਾ ਦਿੱਤਾ ਜਾਵੇਗਾ। ਅੱਜ ਦੀ ਮੀਟਿੰਗ ’ਚ ਹੋਰਨਾਂ ਤੋਂ ਇਲਾਵਾ ਅਮਰੀਕ ਭਾਗਸਰ , ਸੁਖਦੇਵ ਸਿੰਘ, ਬਲਵੀਰ ਸਿੰਘ, ਰਮਨਦੀਪ ਕੌਰ ਭਾਗਸਰ ਤੇ ਆਰਤੀ ਰੁਪਾਣਾ ਵੀ ਹਾਜ਼ਰ ਸਨ।