ਮਾਲਵਿਕਾ ਸੂਦ ਨੇ ਭੁਪੇਸ਼ ਬਘੇਲ ਨਾਲ ਕੀਤੀ ਮੁਲਾਕਾਤ
ਵਿਧਾਨ ਸਭਾ ਹਲਕਾ ਮੋਗਾ ਤੋਂ ਕਾਂਗਰਸ
Publish Date: Fri, 08 May 2026 03:42 PM (IST)
Updated Date: Sat, 09 May 2026 04:03 AM (IST)

ਵਕੀਲ ਮਹਿਰੋਂ, ਪੰਜਾਬੀ ਜਾਗਰਣ ਮੋਗਾ: ਵਿਧਾਨ ਸਭਾ ਹਲਕਾ ਮੋਗਾ ਤੋਂ ਕਾਂਗਰਸ ਪਾਰਟੀ ਦੀ ਹਲਕਾ ਇੰਚਾਰਜ ਅਤੇ ਪ੍ਰਸਿੱਧ ਸਮਾਜਸੇਵੀ ਮਾਲਵਿਕਾ ਸੂਦ ਵੱਲੋਂ ਪੰਜਾਬ ਪ੍ਰਦੇਸ਼ ਮਾਮਲਿਆਂ ਦੇ ਇੰਚਾਰਜ ਭੁਪੇਸ਼ ਬਘੇਲ ਨਾਲ ਦਿੱਲੀ ਵਿਖੇ ਇਕ ਅਹਿਮ ਮੁਲਾਕਾਤ ਕੀਤੀ ਗਈ। ਇਸ ਦੌਰਾਨ ਦੋਵਾਂ ਆਗੂਆਂ ਵਿਚਕਾਰ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਵਿਸਥਾਰ ਨਾਲ ਸਿਆਸੀ ਵਿਚਾਰ-ਵਟਾਂਦਰਾ ਕੀਤਾ ਗਿਆ। ਇਹ ਮੁਲਾਕਾਤ ਕਾਂਗਰਸ ਪਾਰਟੀ ਦੀ ਆਉਣ ਵਾਲੀਆਂ ਚੋਣਾਂ ਲਈ ਰਣਨੀਤੀ ਤਿਆਰ ਕਰਨ ਦੇ ਨਜ਼ਰੀਏ ਨਾਲ ਕਾਫੀ ਮਹੱਤਵਪੂਰਨ ਮੰਨੀ ਜਾ ਰਹੀ ਹੈ। ਮੁਲਾਕਾਤ ਦੌਰਾਨ ਮਾਲਵਿਕਾ ਸੂਦ ਨੇ ਵਿਧਾਨ ਸਭਾ ਹਲਕਾ ਮੋਗਾ ਦੀ ਮੌਜੂਦਾ ਸਿਆਸੀ ਸਥਿਤੀ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ। ਉਨ੍ਹਾਂ ਨੇ ਸਿਰਫ ਮੋਗਾ ਹੀ ਨਹੀਂ ਸਗੋਂ ਜ਼ਿਲ੍ਹੇ ਦੀਆਂ ਬਾਕੀ ਤਿੰਨ ਵਿਧਾਨ ਸਭਾ ਹਲਕਿਆਂ ਦੀ ਸਥਿਤੀ, ਲੋਕਾਂ ਦੇ ਮੁੱਦੇ, ਅਤੇ ਪਾਰਟੀ ਦੇ ਹਾਲਾਤ ਬਾਰੇ ਵੀ ਭੁਪੇਸ਼ ਬਘੇਲ ਨੂੰ ਜਾਣੂੰ ਕਰਵਾਇਆ। ਇਸ ਮੌਕੇ ਭੁਪੇਸ਼ ਬਘੇਲ ਨੇ ਮਾਲਵਿਕਾ ਸੂਦ ਦੀ ਕਾਰਗੁਜ਼ਾਰੀ ਦੀ ਭਰਪੂਰ ਪ੍ਰਸ਼ੰਸਾ ਕੀਤੀ। ਉਨ੍ਹਾਂ ਨੇ ਕਿਹਾ ਕਿ ਮਾਲਵਿਕਾ ਸੂਦ ਵੱਲੋਂ ਮੋਗਾ ਹਲਕੇ ਵਿਚ ਪਾਰਟੀ ਲਈ ਕੀਤੀ ਜਾ ਰਹੀ ਮਿਹਨਤ ਕਾਬਿਲ-ਏ-ਤਾਰੀਫ਼ ਹੈ। ਭੁਪੇਸ਼ ਬਘੇਲ ਨੇ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਧਿਆਨ ’ਚ ਰੱਖਦਿਆਂ ਮਾਲਵਿਕਾ ਸੂਦ ਨੂੰ ਹੋਰ ਜੋਸ਼ ਨਾਲ ਕੰਮ ਕਰਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ਮਾਲਵਿਕਾ ਸੂਦ ਨੇ ਭੁਪੇਸ਼ ਬਘੇਲ ਨੂੰ ਵਿਸ਼ਵਾਸ ਦਿਵਾਇਆ ਕਿ ਉਹ ਪੂਰੀ ਲਗਨ ਅਤੇ ਇਮਾਨਦਾਰੀ ਨਾਲ ਮੋਗਾ ਹਲਕੇ ਵਿਚ ਕੰਮ ਕਰ ਰਹੇ ਹਨ।