ਚਾਲੀ ਮੁਕਤਿਆਂ ਦਾ ਸ਼ਹੀਦੀ ਦਿਹਾੜਾ ਮਨਾਇਆ
ਚਾਲੀ ਮੁਕਤਿਆਂ ਦਾ ਸ਼ਹੀਦੀ ਦਿਹਾੜਾ ਮਨਾਇਆ
Publish Date: Mon, 04 May 2026 04:50 PM (IST)
Updated Date: Mon, 04 May 2026 04:53 PM (IST)

ਪੰਥ ਪ੍ਰਸਿੱਧ ਵਿਦਵਾਨਾਂ ਨੇ ਕਥਾ ਕੀਰਤਨ ਰਾਹੀਂ ਸੰਗਤ ਨੂੰ ਕੀਤਾ ਨਿਹਾਲ ਜਤਿੰਦਰ ਸਿੰਘ ਭੰਵਰਾ, ਪੰਜਾਬੀ ਜਾਗਰਣ ਸ੍ਰੀ ਮੁਕਤਸਰ ਸਾਹਿਬ : ਸਿੱਖ ਇਤਿਹਾਸ ਦੇ ਮਹਾਨ ਸ਼ਹੀਦਾਂ, ਚਾਲੀ ਮੁਕਤਿਆਂ ਅਤੇ ਸਮੂਹ ਸ਼ਹੀਦ ਸਿੰਘਾਂ ਦੀ ਯਾਦ ’ਚ ਸ੍ਰੀ ਦਰਬਾਰ ਸਾਹਿਬ ਸ੍ਰੀ ਮੁਕਤਸਰ ਸਾਹਿਬ ਵਿਖੇ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਦਰਬਾਰ ਸਾਹਿਬ ਵੱਲੋਂ ਸ਼ਹੀਦੀ ਦਿਹਾੜਾ ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ ਗਿਆ। ਬੀਤੇ ਸ਼ਨੀਵਾਰ ਤੋਂ ਤਿੰਨ ਰੋਜ਼ਾ ਸ਼ਹੀਦੀ ਦਿਹਾੜੇ ਦੇ ਸਮਾਗਮਾਂ ਦੀ ਸ਼ੁਰੂਆਤ ਬੜੀ ਸ਼ਰਧਾ ਅਤੇ ਸਤਿਕਾਰ ਨਾਲ ਹੋਈ। ਸ਼ਨੀਵਾਰ ਨੂੰ ਗੁਰਦੁਆਰਾ ਸ਼ਹੀਦ ਗੰਜ ਸਾਹਿਬ ਵਿਖੇ 10:00 ਵਜੇ ਸ੍ਰੀ ਅਖੰਡ ਪਾਠ ਸਾਹਿਬ ਦੀ ਆਰੰਭਤਾ ਕੀਤੀ ਗਈ। 3 ਮਈ (ਐਤਵਾਰ): ਰਾਤ ਨੂੰ 8:00 ਵਜੇ ਤੋਂ 10:00 ਵਜੇ ਤੱਕ ਵਿਸ਼ੇਸ਼ ਕੀਰਤਨ ਸਮਾਗਮ ਹੋਇਆ, ਜਿਸ ਵਿੱਚ ਭਾਈ ਬਹੁਲਵਲੀਨ ਸਿੰਘ ਅਤੇ ਭਾਈ ਜਗਤਾਰ ਸਿੰਘ ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਜੱਥੇ ਨੇ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ। 4 ਮਈ (ਸੋਮਵਾਰ) ਸਵੇਰੇ 9:00 ਵਜੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਇਸ ਉਪਰੰਤ 9:15 ਤੋਂ 10 ਵਜੇ ਤੱਕ ਭਾਈ ਗੁਰਪ੍ਰੀਤ ਸਿੰਘ ਹਜੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਨੇ ਕੀਰਤਨ ਰਾਹੀਂ ਸੰਗਤਾਂ ਨੂੰ ਸਰਸ਼ਾਰ ਕੀਤਾ। ਇਸ ਮੌਕੇ ਸ੍ਰੀ ਦਰਬਾਰ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਜਗਬੀਰ ਸਿੰਘ ਨੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਇਸ ਮੌਕੇ ਵੱਡੀ ਗਿਣਤੀ ’ਚ ਸੰਗਤ ਗੁਰੂ ਘਰ ਵਿਖੇ ਨਤਮਸਤਕ ਹੋਈ। ਉਪਰੰਤ ਧਾਰਮਿਕ ਦੀਵਾਨ ’ਚ ਸ੍ਰੀ ਦਰਬਾਰ ਸਾਹਿਬ ਵਿਖੇ ਭਾਈ ਦਿਲਬਾਗ ਸਿੰਘ ਬਲੇਰ ਨੇ 7 ਤੋਂ 8 ਵਜੇ ਤੱਕ ਕਥਾ ਵਿਚਾਰ ਕੀਤਾ ਅਤੇ ਸੰਗਤ ਨੂੰ ਗੁਰੂ ਲੜ ਲੱਗਣ ਲਈ ਪ੍ਰੇਰਿਆ। ਇਸ ਤੋਂ ਇਲਾਵਾ ਧਾਰਮਿਕ ਦੀਵਾਨ ਸਜਾਏ ਗਏ ਜਿਸ ਵਿਚ ਪੰਥ ਪ੍ਰਸਿੱਧ ਵਿਦਵਾਨਾਂ ਨੇ ਸੰਗਤ ਨੂੰ ਗੁਰੂ ਇਤਿਹਾਸ ਸਰਵਣ ਕਰਵਾਇਆ। ਦੁਪਹਿਰ 12:00 ਵਜੇ ਅੰਮ੍ਰਿਤ ਸੰਚਾਰ ਹੋਇਆ ਜਿਸ ਵਿੱਚ ਅਨੇਕਾਂ ਸੰਗਤਾਂ ਨੇ ਅੰਮ੍ਰਿਤਪਾਨ ਕੀਤਾ। ਗੁਰੂ ਕੇ ਲੰਗਰ ਅਤੁੱਟ ਵਰਤਨਗੇ। ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਸ੍ਰੀ ਦਰਬਾਰ ਸਾਹਿਬ ਸ੍ਰੀ ਮੁਕਤਸਰ ਸਾਹਿਬ ਦੇ ਪ੍ਰਬੰਧਕਾਂ ਵੱਲੋਂ ਸਮੂਹ ਸੰਗਤਾਂ ਲਈ ਬੜੇ ਸੁਚੱਜੇ ਪ੍ਰਬੰਧ ਕੀਤੇ ਗਏ ਸਨ। ਇਸ ਦੌਰਾਨ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਨਿਰਮਲਜੀਤ ਸਿੰਘ ਨੇ ਇਨ੍ਹਾਂ ਧਾਰਮਿਕ ਸਮਾਗਮਾਂ ਵਿੱਚ ਹਾਜਰੀਆਂ ਭਰਨ ਵਾਲੀ ਅਤੇ ਸੇਵਾ ਕਰਨ ਵਾਲੀ ਸੰਗਤ ਦਾ ਧੰਨਵਾਦ ਕੀਤਾ। ਸਾਨੂੰ ਗੁਰੂ ਲੜ ਲੱਗ ਕੇ ਜ਼ਿੰਦਗੀ ਬਤੀਤ ਕਰਨੀ ਚਾਹੀਦੀ ਹੈ : ਜਥੇਦਾਰ ਗੜਗੱਜ ਇਨ੍ਹਾਂ ਸਮਾਗਮਾਂ ’ਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਹਾਜ਼ਰੀ ਲਗਵਾਈ। ਉਨ੍ਹਾਂ ਸੰਗਤਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸਾਨੂੰ ਗੁਰੂ ਲੜ ਲੱਗ ਕੇ ਜ਼ਿੰਦਗੀ ਬਤੀਤ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਜੇਕਰ ਇਸ ਧਰਤੀ ਉੱਤੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਚਾਲੀ ਮੁਕਤਿਆਂ ਦੀ ਟੁੱਟੀ ਗੰਢ ਕੇ ਇਸ ਧਰਤੀ ਨੂੰ ਮੁਕਤੀ ਦਾ ਵਰ ਨਾ ਦਿੰਦੇ ਤਾਂ ਅੱਜ ਇਸ ਦਾ ਨਾਮ ਸ੍ਰੀ ਮੁਕਤਸਰ ਸਾਹਿਬ ਨਾ ਹੁੰਦਾ। ਉਨ੍ਹਾਂ ਕਿਹਾ ਕਿ ਸਾਡੇ ਨੌਜਵਾਨ ਬਹੁਤ ਸਮਝਦਾਰ ਹਨ ਪਰ ਕਿਸੇ ਕਾਰਨ ਕਰਕੇ ਜੇਕਰ ਗੁਰੂ ਨਾਲੋਂ ਟੁੱਟ ਗਏ ਹਨ ਤਾਂ ਉਨ੍ਹਾਂ ਨੂੰ ਗੁਰੂ ਨਾਲ ਜੁੜਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਗੁਰੂ ਨਾਲ ਜੁੜ ਕੇ ਹੀ ਨਸ਼ਿਆਂ ਦਾ ਤਿਆਗ ਕੀਤਾ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਹਰ ਇਕ ਸਿੱਖ ਦੇ ਮਨ ਅੰਦਰ ਗੁਰੂ ਗ੍ਰੰਥ ਸਾਹਿਬ ਜੀ ਪ੍ਰਤੀ ਅਥਾਹ ਸ਼ਰਧਾ ਅਤੇ ਸਤਿਕਾਰ ਹੈ। ਉਨ੍ਹਾਂ ਕਿਹਾ ਕਿ ਪੰਥ ਸਦੀਵੀ ਹੈ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਉਪਰ ਦੁਨਿਆਵੀ ਕਨੂੰਨ ਲਾਗੂ ਨਹੀਂ ਹੁੰਦੇ। ਉਨ੍ਹਾਂ ਕਿਹਾ ਕਿ ਆਓ ਸਾਰੇ ਗੁਰੂ ਲੜ ਲੱਗ ਕੇ ਆਪਣੀ ਟੁੱਟੀ ਹੋਈ ਨੂੰ ਜੋੜੀਏ। ਇਸ ਮੌਕੇ ਉਨ੍ਹਾਂ ਨਾਲ ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਦੇ ਜਥੇਦਾਰ ਸਿੰਘ ਸਾਹਿਬ ਬਾਬਾ ਟੇਕ ਸਿੰਘ, ਸ਼ੋ੍ਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ, ਜਥੇਦਾਰ ਨਵਤੇਜ ਸਿੰਘ ਕਾਉਣੀ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਨਿਰਮਲਜੀਤ ਸਿੰਘ ਤੋਂ ਇਲਾਵਾ ਸਟਾਫ ਹਾਜ਼ਰ ਸੀ।