ਪੰਜਾਬ ਸਰਕਾਰ ਦੀਆਂ ਨੀਤੀਆਂ ਦਾ ਕੀਤਾ ਵਿਰੋਧ
ਦਰਜਾਚਾਰ ਕਰਮਚਾਰੀ ਐਸੋਸੀਏਸ਼ਨਪੰਜਾਬ ਸਰਕਾਰ ਦੀਆਂ ਨੀਤੀਆਂ ਦਾ ਕੀਤਾ ਵਿਰੋਧ
Publish Date: Sat, 09 May 2026 03:48 PM (IST)
Updated Date: Sun, 10 May 2026 04:00 AM (IST)

ਵਕੀਲ ਮਹਿਰੋਂ, ਪੰਜਾਬੀ ਜਾਗਰਣ ਮੋਗਾ: ਦਰਜਾਚਾਰ ਕਰਮਚਾਰੀ ਐਸੋਸੀਏਸ਼ਨ ਸਿੱਖਿਆ ਵਿਭਾਗ ਪੰਜਾਬ ਜ਼ਿਲ੍ਹਾ ਮੋਗਾ ਵੱਲੋਂ ਪੰਜਾਬ ਸਰਕਾਰ ਖ਼ਿਲਾਫ਼ ਗਹਿਰਾ ਰੋਸ ਪ੍ਰਗਟਾਇਆ ਗਿਆ ਹੈ। ਐਸੋਸੀਏਸ਼ਨ ਦੇ ਜ਼ਿਲ੍ਹਾ ਪ੍ਰਧਾਨ ਧਰਮਪ੍ਰੀਤ ਸਿੰਘ ਬੌਡੇ ਨੇ ਲਿਖਤੀ ਪ੍ਰੈੱਸ ਨੋਟ ਜਾਰੀ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਦਰਜਾ ਚਾਰਮੁਲਾਜ਼ਮਾਂ ਨੂੰ ਸੂਦ ਰਹਿਤ ਕਣਕ ਕਰਜ਼ਾ ਦੇਣ ਵਿਚ ਪੂਰੀ ਤਰ੍ਹਾਂ ਅਸਫ਼ਲ ਸਾਬਤ ਹੋਈ ਹੈ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਵੱਲੋਂ ਸੋਸ਼ਲ ਮੀਡੀਆ ਰਾਹੀਂ ਵੱਡੇ ਪੱਧਰ ’ਤੇ ਇਹ ਪ੍ਰਚਾਰ ਕੀਤਾ ਗਿਆ ਸੀ ਕਿ ਪੰਜਾਬ ਦੇ ਦਰਜਾਚਾਰ ਮੁਲਾਜ਼ਮਾਂ ਨੂੰ 10 ਹਜ਼ਾਰ ਰੁਪਏ ਦਾ ਸੂਦ ਰਹਿਤ ਕਣਕ ਕਰਜ਼ਾ ਦਿੱਤਾ ਜਾਵੇਗਾ ਪਰ ਹਕੀਕਤ ਇਹ ਹੈ ਕਿ ਅਜੇ ਤੱਕ ਕਿਸੇ ਵੀ ਕਰਮਚਾਰੀ ਦੇ ਖਾਤੇ ਵਿਚ ਇਹ ਰਕਮ ਨਹੀਂ ਪਹੁੰਚੀ। ਉਨ੍ਹਾਂ ਕਿਹਾ ਕਿ ਜਦੋਂ ਵੀ ਇਸ ਸਬੰਧੀ ਸਬੰਧਤ ਦਫ਼ਤਰਾਂ ਨਾਲ ਗੱਲਬਾਤ ਕੀਤੀ ਜਾਂਦੀ ਹੈ ਤਾਂ ਹਰ ਵਾਰ ਇਹੀ ਜਵਾਬ ਮਿਲਦਾ ਹੈ ਕਿ ਉੱਪਰੋਂ ਬਿੱਲ ਪਾਸ ਕਰਨ ਲਈ ਹਦਾਇਤਾਂ ਨਹੀਂ ਆਈਆਂ। ਇਸ ਨਾਲ ਸਪੱਸ਼ਟ ਹੁੰਦਾ ਹੈ ਕਿ ਸਰਕਾਰ ਸਿਰਫ਼ ਕਾਗਜ਼ਾਂ ਅਤੇ ਬਿਆਨਾਂ ’ਚ ਹੀ ਕੰਮ ਕਰ ਰਹੀ ਹੈ, ਜਦਕਿ ਜ਼ਮੀਨੀ ਪੱਧਰ ’ਤੇ ਕੋਈ ਵੀ ਲਾਭ ਮੁਲਾਜ਼ਮਾਂ ਤੱਕ ਨਹੀਂ ਪਹੁੰਚ ਰਿਹਾ। ਉਨ੍ਹਾਂ ਕਿਹਾ ਕਿ ਸਮੂਹ ਜ਼ਿਲ੍ਹੇ ਦੇ ਦਰਜਾਚਾਰ ਕਰਮਚਾਰੀਆਂ ਵੱਲੋਂ ਆਪਣੇ-ਆਪਣੇ ਬਿੱਲ ਖ਼ਜ਼ਾਨਾ ਦਫ਼ਤਰ ਵਿਚ ਜਮ੍ਹਾਂ ਕਰਵਾ ਦਿੱਤੇ ਗਏ ਹਨ ਅਤੇ ਬਿੱਲ ਜਮ੍ਹਾਂ ਹੋਏ 10 ਤੋਂ 15 ਦਿਨ ਬੀਤ ਚੁੱਕੇ ਹਨ ਪਰ ਅਜੇ ਤੱਕ ਕਿਸੇ ਵੀ ਬਿੱਲ ਨੂੰ ਪਾਸ ਨਹੀਂ ਕੀਤਾ ਗਿਆ। ਇਸ ਕਾਰਨ ਮੁਲਾਜ਼ਮਾਂ ’ਚ ਭਾਰੀ ਨਿਰਾਸ਼ਾ ਅਤੇ ਗੁੱਸਾ ਪਾਇਆ ਜਾ ਰਿਹਾ ਹੈ। ਉਨ੍ਹਾਂ ਚੇਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਜਲਦ ਹੀ ਬਿੱਲ ਪਾਸ ਕਰਕੇ ਕਰਮਚਾਰੀਆਂ ਦੇ ਖਾਤਿਆਂ ’ਚ ਕਣਕ ਕਰਜ਼ੇ ਦੀ ਰਕਮ ਜਾਰੀ ਨਾ ਕੀਤੀ ਗਈ ਤਾਂ ਦਰਜਾਚਾਰ ਕਰਮਚਾਰੀ ਐਸੋਸੀਏਸ਼ਨ ਵੱਲੋਂ ਡੀਸੀ ਦਫ਼ਤਰ ਮੋਗਾ ਦਾ ਘਿਰਾਓ ਕੀਤਾ ਜਾਵੇਗਾ, ਜਿਸ ਦੀ ਸਾਰੀ ਜ਼ਿੰਮੇਵਾਰੀ ਪੰਜਾਬ ਸਰਕਾਰ ਅਤੇ ਪ੍ਰਸ਼ਾਸਨ ਦੀ ਹੋਵੇਗੀ। ਇਸ ਮੌਕੇ ਰਾਮ ਚੰਦਰ ਬੁੱਟਰ ਜਰਨਲ ਸਕੱਤਰ, ਦਲਜੀਤ ਸਿੰਘ ਖ਼ਜ਼ਾਨਚੀ, ਵਰਿੰਦਰ ਕੁਮਾਰ ਮਿਸ਼ਰਾ ਪ੍ਰੈੱਸ ਸਕੱਤਰ ਅਤੇ ਗੁਰਪ੍ਰੀਤ ਸਿੰਘ ਸਲਾਹਕਾਰ ਸਮੇਤ ਜ਼ਿਲ੍ਹੇ ਦੇ ਹੋਰ ਆਗੂ ਵੀ ਹਾਜ਼ਰ ਸਨ।