ਜਨਗਣਨਾ ’ਚ ਭਾਗੀਦਾਰੀ ਯਕੀਨੀ ਬਣਾਈ ਜਾਵੇ : ਸੇਖੋਂ
ਜਨਗਣਨਾ ਵਿੱਚ ਵੱਧ ਤੋਂ ਵੱਧ ਭਾਗੀਦਾਰੀ ਯਕੀਨੀ ਬਣਾਈ ਜਾਵੇ : ਵਿਧਾਇਕ ਗੁਰਦਿੱਤ ਸਿੰਘ ਸੇਖੋਂ
Publish Date: Mon, 04 May 2026 05:19 PM (IST)
Updated Date: Tue, 05 May 2026 04:06 AM (IST)

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਫ਼ਰੀਦਕੋਟ : ਵਿਧਾਇਕ ਫਰੀਦਕੋਟ ਗੁਰਦਿੱਤ ਸਿੰਘ ਸੇਖੋਂ ਨੇ ਲੋਕਾਂ ਨੂੰ ਦੇਸ਼ ਦੀ ਸਭ ਤੋਂ ਵੱਡੀ ਜਨਗਣਨਾ ਮੁਹਿੰਮ ਵਿੱਚ ਵੱਧ ਤੋਂ ਵੱਧ ਭਾਗੀਦਾਰੀ ਯਕੀਨੀ ਬਣਾਉਣ ਦੀ ਅਪੀਲ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਦਿੱਤਾ ਨਾਰਾ “ਸਾਡੀ ਜਨਗਣਨਾ, ਸਾਡਾ ਵਿਕਾਸ” ਹਰ ਨਾਗਰਿਕ ਦੀ ਭਾਗੀਦਾਰੀ ਨਾਲ ਹੀ ਸਫਲ ਹੋ ਸਕਦਾ ਹੈ। ਇਸ ਮੌਕੇ ਵਿਧਾਇਕ ਸੇਖੋਂ ਨੇ ਖੁਦ ਵੀ ਸਵੈ ਜਨਗਣਨਾ ਦੀ ਪ੍ਰਕਿਰਿਆ ਪੂਰੀ ਕਰਕੇ ਲੋਕਾਂ ਨੂੰ ਇਸ ਮੁਹਿੰਮ ਨਾਲ ਜੁੜਨ ਦਾ ਸੰਦੇਸ਼ ਦਿੱਤਾ। ਉਨ੍ਹਾਂ ਕਿਹਾ ਕਿ ਜਦੋਂ ਹਰ ਵਿਅਕਤੀ ਆਪਣੀ ਜ਼ਿੰਮੇਵਾਰੀ ਸਮਝਦਿਆਂ ਖੁਦ ਜਨਗਣਨਾ ਵਿੱਚ ਭਾਗ ਲੈਂਦਾ ਹੈ ਤਾਂ ਇਹ ਦੇਸ਼ ਅਤੇ ਸੂਬੇ ਦੇ ਵਿਕਾਸ ਲਈ ਮਜ਼ਬੂਤ ਬੁਨਿਆਦ ਬਣਦੀ ਹੈ। ਵਿਧਾਇਕ ਸੇਖੋਂ ਨੇ ਕਿਹਾ ਕਿ ਜਨਗਣਨਾ ਸਿਰਫ਼ ਗਿਣਤੀ ਦੀ ਪ੍ਰਕਿਰਿਆ ਨਹੀਂ, ਸਗੋਂ ਇਹ ਸਾਡੇ ਹੱਕਾਂ, ਸਹੂਲਤਾਂ ਅਤੇ ਭਵਿੱਖ ਦੇ ਵਿਕਾਸ ਦੀ ਬੁਨਿਆਦ ਹੈ। ਉਨ੍ਹਾਂ ਕਿਹਾ ਕਿ ਹਰ ਵਿਅਕਤੀ ਦਾ ਫਰਜ਼ ਬਣਦਾ ਹੈ ਕਿ ਉਹ ਆਪਣੀ ਸਹੀ ਜਾਣਕਾਰੀ ਜਨਗਣਨਾ ਵਿੱਚ ਦਰਜ ਕਰਵਾਏ, ਤਾਂ ਜੋ ਸਰਕਾਰ ਨੂੰ ਲੋਕਾਂ ਦੀ ਅਸਲ ਸਥਿਤੀ, ਪੇਸ਼ੇ ਅਤੇ ਲੋੜਾਂ ਬਾਰੇ ਸਹੀ ਜਾਣਕਾਰੀ ਮਿਲ ਸਕੇ। ਉਨ੍ਹਾਂ ਦੱਸਿਆ ਕਿ ਸਵੈ ਜਨਗਣਨਾ ਦੀ ਸਹੂਲਤ 30 ਅਪ੍ਰੈਲ ਤੋਂ 14 ਮਈ ਤੱਕ ਉਪਲਬਧ ਹੈ, ਜਿਸ ਤਹਿਤ ਲੋਕ ਖੁਦ ਆਪਣੀ ਜਾਣਕਾਰੀ ਆਨਲਾਈਨ https://se.census.gov.in/ ਪੋਰਟਲ ਤੇ ਭਰ ਸਕਦੇ ਹਨ। ਇਸ ਤੋਂ ਬਾਅਦ 15 ਮਈ ਤੋਂ 13 ਜੂਨ ਤੱਕ ਸਰਕਾਰੀ ਅਧਿਕਾਰੀ ਘਰ-ਘਰ ਜਾ ਕੇ ਜਨਗਣਨਾ ਦੀ ਪ੍ਰਕਿਰਿਆ ਪੂਰੀ ਕਰਨਗੇ। ਵਿਧਾਇਕ ਸੇਖੋਂ ਨੇ ਖਾਸ ਤੌਰ ’ਤੇ ਪੰਜਾਬ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਜਨਗਣਨਾ ਦੌਰਾਨ ਆਪਣੀ ਮਾਤ ਭਾਸ਼ਾ ਪੰਜਾਬੀ ਦਰਜ ਕਰਨ, ਤਾਂ ਜੋ ਪੰਜਾਬ ਅਤੇ ਪੰਜਾਬੀਆਂ ਦਾ ਬਣਦਾ ਹੱਕ, ਕੋਟਾ ਅਤੇ ਸਰਕਾਰੀ ਯੋਜਨਾਵਾਂ ਵਿੱਚ ਹਿੱਸਾ ਯਕੀਨੀ ਬਣ ਸਕੇ। ਉਨ੍ਹਾਂ ਕਿਹਾ ਕਿ ਬਹੁਤ ਸਾਰੀਆਂ ਸਰਕਾਰੀ ਸਕੀਮਾਂ ਅਤੇ ਵਿਕਾਸੀ ਯੋਜਨਾਵਾਂ ਜਨਗਣਨਾ ਦੇ ਅੰਕੜਿਆਂ ਦੇ ਆਧਾਰ ’ਤੇ ਤਿਆਰ ਕੀਤੀਆਂ ਜਾਂਦੀਆਂ ਹਨ। ਉਨ੍ਹਾਂ ਕਿਹਾ ਕਿ ਜੇਕਰ ਅਸੀਂ ਆਪਣੀ ਸਹੀ ਜਾਣਕਾਰੀ ਦਰਜ ਨਹੀਂ ਕਰਵਾਂਗੇ ਤਾਂ ਅਸੀਂ ਆਪਣੇ ਹੱਕਾਂ ਅਤੇ ਸਰਕਾਰੀ ਸਹੂਲਤਾਂ ਤੋਂ ਵਾਂਝੇ ਰਹਿ ਸਕਦੇ ਹਾਂ। ਇਸ ਲਈ ਹਰ ਪਰਿਵਾਰ ਨੂੰ ਜਨਗਣਨਾ ਵਿੱਚ ਆਪਣੀ ਭਾਗੀਦਾਰੀ ਯਕੀਨੀ ਬਣਾਉਣੀ ਚਾਹੀਦੀ ਹੈ।