ਨਗਰ ਕੌਂਸਲ ਚੋਣਾਂ ਦੀ ਗਿਣਤੀ ਨਿਰਪੱਖ ਢੰਗ ਨਾਲ ਕਰਨ ਦੀ ਮੰਗ
ਨਗਰ ਕੌਂਸਲ ਚੋਣਾਂ ਦੀ ਗਿਣਤੀ ਨਿਰਪੱਖ ਅਤੇ ਸ਼ਾਂਤਮਈ ਢੰਗ ਨਾਲ ਕਰਵਾਉਣ ਲਈ ਪ੍ਰਸ਼ਾਸਨ ਨੂੰ ਮੰਗ ਪੱਤਰ ਸੌਂਪਿਆ
Publish Date: Thu, 28 May 2026 05:21 PM (IST)
Updated Date: Fri, 29 May 2026 04:08 AM (IST)

ਸਿਆਸੀ ਪਾਰਟੀਆਂ ਨੇ ਰਿਟਰਨਿੰਗ ਅਫਸਰ ਨੂੰ ਦਿੱਤਾ ਮੰਗ ਪੱਤਰ ਭੋਲਾ ਸ਼ਰਮਾ ਪੰਜਾਬੀ ਜਾਗਰਣ, ਜੈਤੋ : ਨਗਰ ਕੌਂਸਲ ਜੈਤੋ ਦੇ 10 ਵਾਰਡਾਂ ਲਈ ਪਈਆਂ ਵੋਟਾਂ ਦੀ ਗਿਣਤੀ 29 ਮਈ, ਦਿਨ ਸ਼ੁੱਕਰਵਾਰ ਨੂੰ ਸਥਾਨਕ ਯੂਨੀਵਰਸਿਟੀ ਕਾਲਜ ਵਿਖੇ ਹੋਣ ਜਾ ਰਹੀ ਹੈ। ਇਸ ਗਿਣਤੀ ਪ੍ਰਕਿਰਿਆ ਨੂੰ ਲੈ ਕੇ ਸਿਆਸੀ ਸਰਗਰਮੀਆਂ ਲਗਾਤਾਰ ਤੇਜ਼ ਹੋ ਰਹੀਆਂ ਹਨ ਅਤੇ ਵੱਖ-ਵੱਖ ਸਿਆਸੀ ਪਾਰਟੀਆਂ ਵੱਲੋਂ ਚੋਣ ਗਿਣਤੀ ਨੂੰ ਨਿਰਪੱਖ, ਪਾਰਦਰਸ਼ੀ ਅਤੇ ਸ਼ਾਂਤਮਈ ਢੰਗ ਨਾਲ ਕਰਵਾਉਣ ਦੀ ਮੰਗ ਕੀਤੀ ਜਾ ਰਹੀ ਹੈ। ਇਸੇ ਸੰਬੰਧੀ ਸ਼ਰੋਮਣੀ ਅਕਾਲੀ ਦਲ (ਬ), ਕਾਂਗਰਸ ਪਾਰਟੀ ਅਤੇ ਭਾਰਤੀ ਜਨਤਾ ਪਾਰਟੀ ਦੇ ਜੈਤੋ ਹਲਕਾ ਇੰਚਾਰਜਾਂ ਵੱਲੋਂ ਰਿਟਰਨਿੰਗ ਅਫ਼ਸਰ ਜੈਤੋ ਵਿਕਰਮਜੀਤ ਬਾਂਸਲ (ਉਪ ਮੰਡਲ ਮੈਜਿਸਟਰੇਟ ਜੈਤੋ) ਨੂੰ ਇੱਕ ਸਾਂਝਾ ਮੰਗ ਪੱਤਰ ਸੌਂਪਿਆ ਗਿਆ। ਮੰਗ ਪੱਤਰ ਰਾਹੀਂ ਸ਼੍ਰੋਮਣੀ ਅਕਾਲੀ ਦਲ (ਬ) ਦੇ ਹਲਕਾ ਇੰਚਰਾਜ ਸੂਬਾ ਸਿੰਘ ਬਾਦਲ, ਕਾਂਗਰਸ ਪਾਰਟੀ ਦੇ ਹਲਕਾ ਇੰਚਾਰਜ ਕਾਮਰੇਡ ਦਰਸ਼ਨ ਸਿੰਘ ਢਿੱਲਵਾਂ, ਭਾਰਤੀ ਜਨਤਾ ਪਾਰਟੀ ਦੇ ਹਲਕਾ ਕਨਵੀਨਰ ਪ੍ਰਕਾਸ਼ ਸਿੰਘ ਸੇਵੇਵਾਲਾ ਅਤੇ ਭਾਰਤੀ ਜਨਤਾ ਪਾਰਟੀ ਮੰਡਲ ਜੈਤੋ ਦੇ ਪ੍ਰਧਾਨ ਠੇਕੇਦਾਰ ਰਾਮ ਰਤਨ ਜਿੰਦਲ ਨੇ ਮੰਗ ਕੀਤੀ ਕਿ ਚੋਣ ਗਿਣਤੀ ਦੀ ਸਮੂਹ ਪ੍ਰਕਿਰਿਆ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਪੂਰੀ ਇਮਾਨਦਾਰੀ, ਨਿਰਪੱਖਤਾ ਅਤੇ ਪਾਰਦਰਸ਼ਤਾ ਨਾਲ ਕਰਵਾਈ ਜਾਵੇ। ਉਨ੍ਹਾਂ ਕਿਹਾ ਕਿ ਗਿਣਤੀ ਕੇਂਦਰ ਵਿਚ ਸਿਰਫ ਅਧਿਕਾਰਤ ਵਿਅਕਤੀਆਂ ਅਤੇ ਏਜੰਟਾਂ ਨੂੰ ਹੀ ਦਾਖ਼ਲ ਹੋਣ ਦੀ ਇਜਾਜ਼ਤ ਦਿੱਤੀ ਜਾਵੇ ਅਤੇ ਕਿਸੇ ਵੀ ਤਰ੍ਹਾਂ ਦੀ ਸਿਆਸੀ ਦਖ਼ਲਅੰਦਾਜ਼ੀ ਜਾਂ ਧੱਕੇਸ਼ਾਹੀ ਨੂੰ ਰੋਕਣ ਲਈ ਸਖ਼ਤ ਪ੍ਰਬੰਧ ਕੀਤੇ ਜਾਣ। ਸੂਬਾ ਸਿੰਘ ਬਾਦਲ, ਕਾਮਰੇਡ ਦਰਸ਼ਨ ਸਿੰਘ ਢਿੱਲਵਾਂ, ਪ੍ਰਕਾਸ਼ ਸਿੰਘ ਸੇਵੇਵਾਲਾ ਅਤੇ ਠੇਕੇਦਾਰ ਰਾਮ ਰਤਨ ਜਿੰਦਲ ਨੇ ਕਿਹਾ ਕਿ ਲੋਕਤੰਤਰ ਵਿਚ ਚੋਣ ਪ੍ਰਕਿਰਿਆ ਦੀ ਪਵਿੱਤਰਤਾ ਅਤੇ ਪਾਰਦਰਸ਼ਤਾ ਬਣਾਈ ਰੱਖਣਾ ਬਹੁਤ ਜ਼ਰੂਰੀ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਕਈ ਵਾਰ ਸੱਤਾਧਾਰੀ ਧਿਰ ਵੱਲੋਂ ਪ੍ਰਸ਼ਾਸਨਿਕ ਦਬਾਅ ਰਾਹੀਂ ਮਾਹੌਲ ਪ੍ਰਭਾਵਿਤ ਕਰਨ ਦੀ ਕੋਸ਼ਿਸ਼ ਕੀਤੀ ਜਾਂਦੀ ਹੈ, ਜਿਸਨੂੰ ਰੋਕਣ ਲਈ ਪ੍ਰਸ਼ਾਸਨ ਨੂੰ ਪੂਰੀ ਤਰ੍ਹਾਂ ਚੌਕਸ ਰਹਿਣਾ ਚਾਹੀਦਾ ਹੈ। ਉਨ੍ਹਾਂ ਮੰਗ ਕੀਤੀ ਕਿ ਗਿਣਤੀ ਕੇਂਦਰ ਦੇ ਆਲੇ-ਦੁਆਲੇ ਪੁਲਿਸ ਅਤੇ ਸੁਰੱਖਿਆ ਦੇ ਪੂਰੇ ਪ੍ਰਬੰਧ ਕੀਤੇ ਜਾਣ ਤਾਂ ਜੋ ਕਿਸੇ ਵੀ ਤਰ੍ਹਾਂ ਦੀ ਅਣਚਾਹੀ ਘਟਨਾ ਤੋਂ ਬਚਿਆ ਜਾ ਸਕੇ। ਇਸ ਮੌਕੇ ਸਹਾਇਕ ਰਿਟਰਨਿੰਗ ਅਫ਼ਸਰ ਜੈਤੋ ਵਿਕਰਮਜੀਤ ਬਾਂਸਲ ਨੇ ਸਾਰੇ ਆਗੂਆਂ ਨੂੰ ਭਰੋਸਾ ਦਿਵਾਇਆ ਕਿ ਚੋਣ ਕਮਿਸ਼ਨ ਦੀਆਂ ਹਦਾਇਤਾਂ ਮੁਤਾਬਿਕ ਗਿਣਤੀ ਪ੍ਰਕਿਰਿਆ ਨੂੰ ਪੂਰੀ ਨਿਰਪੱਖਤਾ ਅਤੇ ਸ਼ਾਂਤਮਈ ਮਾਹੌਲ ਵਿਚ ਸੰਪੰਨ ਕਰਵਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਵੱਲੋਂ ਸੁਰੱਖਿਆ, ਨਿਗਰਾਨੀ ਅਤੇ ਹੋਰ ਲੋੜੀਂਦੇ ਪ੍ਰਬੰਧ ਪਹਿਲਾਂ ਹੀ ਯਕੀਨੀ ਬਣਾਏ ਜਾ ਚੁੱਕੇ ਹਨ ਅਤੇ ਕਿਸੇ ਵੀ ਤਰ੍ਹਾਂ ਦੀ ਗੜਬੜ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਇਸ ਮੌਕੇ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਭੁਪਿੰਦਰ ਸਿੰਘ ‘ਲਾਲੀ ਬਾਦਲ’, ਸਾਬਕਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਨਿਰਮਲ ਸਿੰਘ ਵੜਿੰਗ ਡੋਡ, ਸੀਨੀਅਰ ਅਕਾਲੀ ਆਗੂ ਅਮਰਪ੍ਰੀਤ ਸਿੰਘ ‘ਪਾਲੀ ਢਿੱਲੋਂ’ ਬਰਗਾੜੀ, ਰਣਵੀਰ ਸਿੰਘ ਮਨੀ ਸੇਵੇਵਾਲਾ, ਇਕਬਾਲ ਸਿੰਘ ਗੁਰੂ ਕੀ ਢਾਬ, ਪ੍ਰਭਦੀਪ ਸਿੰਘ ਰਾਊਵਾਲਾ, ਵਰਿੰਦਰਪਾਲ ਸਿੰਘ ਅਜਿੱਤਗਿੱਲ ਆਦਿ ਹਾਜ਼ਰ ਸਨ।