ਵਿਧਾਇਕ ਅਮੋਲਕ ਸਿੰਘ ਨੇ ਪਿੰਡ ਚੈਨਾ ਵਿਖੇ ਛੱਪੜ ਦੇ ਗੰਦੇ ਪਾਣੀ ਦੀ ਨਵੀਂ ਨਿਕਾਸੀ ਪਾਈਪ ਲਾਈਨ ਦਾ ਕੀਤਾ ਉਦਘਾਟਨ
ਵਿਧਾਇਕ ਅਮੋਲਕ ਸਿੰਘ ਨੇ ਪਿੰਡ ਚੈਨਾ ਵਿਖੇ ਛੱਪੜ ਦੇ ਗੰਦੇ ਪਾਣੀ ਦੀ ਨਵੀਂ ਨਿਕਾਸੀ ਪਾਈਪ ਲਾਈਨ ਦਾ ਕੀਤਾ ਉਦਘਾਟਨ
Publish Date: Fri, 08 May 2026 03:45 PM (IST)
Updated Date: Sat, 09 May 2026 04:03 AM (IST)

ਹਲਕਾ ਜੈਤੋ ਨੂੰ ਸੂਬੇ ਦੇ ਨਮੂਨੇ ਦੇ ਹਲਕੇ ਵਜੋਂ ਵਿਕਸਤ ਕੀਤਾ ਜਾ ਰਿਹਾ ਹੈ : ਅਮੋਲਕ ਸਿੰਘ ਭੋਲਾ ਸ਼ਰਮਾ ਪੰਜਾਬੀ ਜਾਗਰਣ, ਜੈਤੋ : ਵਿਧਾਨ ਸਭਾ ਹਲਕਾ ਜੈਤੋ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਇੰਜੀਨੀਅਰ ਅਮੋਲਕ ਸਿੰਘ ਵੱਲੋਂ ਇੱਥੋਂ ਨੇੜਲੇ ਪਿੰਡ ਚੈਨਾ, ਜ਼ਿਲ੍ਹਾ ਫ਼ਰੀਦਕੋਟ ਵਿਚ ਛੱਪੜ ਦੇ ਗੰਦੇ ਪਾਣੀ ਦੀ ਨਿਕਾਸੀ ਲਈ ਨਵੀਂ ਪਾਈ ਗਈ ਪਾਈਪ ਲਾਈਨ ਦੇ ਪ੍ਰੋਜੈਕਟ ਦਾ ਰਸਮੀ ਉਦਘਾਟਨ ਕੀਤਾ ਗਿਆ। ਇਸ ਵਿਕਾਸ ਕਾਰਜ ਨਾਲ ਪਿੰਡ ਵਾਸੀਆਂ ਵਿਚ ਖੁਸ਼ੀ ਦੀ ਲਹਿਰ ਦੌੜ ਗਈ ਅਤੇ ਲੋਕਾਂ ਨੇ ਇਸ ਮਹੱਤਵਪੂਰਨ ਉਪਰਾਲੇ ਲਈ ਵਿਧਾਇਕ ਇੰਜੀਨੀਅਰ ਅਮੋਲਕ ਸਿੰਘ ਦਾ ਤਹਿ ਦਿਲੋਂ ਧੰਨਵਾਦ ਕੀਤਾ। ਉਦਘਾਟਨੀ ਸਮਾਗਮ ਦੌਰਾਨ ਵਿਧਾਇਕ ਇੰਜੀਨੀਅਰ ਅਮੋਲਕ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਪਿੰਡਾਂ ਦੇ ਸਰਵਪੱਖੀ ਵਿਕਾਸ ਅਤੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਪ੍ਰਦਾਨ ਕਰਨ ਲਈ ਲਗਾਤਾਰ ਯਤਨਸ਼ੀਲ ਹੈ। ਉਨ੍ਹਾਂ ਦੱਸਿਆ ਕਿ ਪਿੰਡ ਚੈਨਾ ਵਿਚ ਛੱਪੜ ਦੇ ਗੰਦੇ ਪਾਣੀ ਦੀ ਸਮੱਸਿਆ ਕਾਫ਼ੀ ਸਮੇਂ ਤੋਂ ਲੋਕਾਂ ਲਈ ਚਿੰਤਾ ਦਾ ਵਿਸ਼ਾ ਬਣੀ ਹੋਈ ਸੀ, ਜਿਸ ਕਾਰਨ ਪਿੰਡ ਵਿਚ ਗੰਦਗੀ ਫੈਲਦੀ ਸੀ ਅਤੇ ਬਿਮਾਰੀਆਂ ਪੈਦਾ ਹੋਣ ਦਾ ਖ਼ਤਰਾ ਬਣਿਆ ਰਹਿੰਦਾ ਸੀ। ਉਨ੍ਹਾਂ ਕਿਹਾ ਕਿ ਇਸ ਨਵੀਂ ਪਾਈਪ ਲਾਈਨ ਦੇ ਚਾਲੂ ਹੋਣ ਨਾਲ ਗੰਦੇ ਪਾਣੀ ਦੀ ਸੁਚੱਜੀ ਨਿਕਾਸੀ ਯਕੀਨੀ ਬਣੇਗੀ, ਜਿਸ ਨਾਲ ਪਿੰਡ ਦੀ ਸਫ਼ਾਈ ਪ੍ਰਣਾਲੀ ਹੋਰ ਮਜ਼ਬੂਤ ਹੋਵੇਗੀ ਅਤੇ ਲੋਕਾਂ ਨੂੰ ਵੱਡੀ ਰਾਹਤ ਮਿਲੇਗੀ। ਉਨ੍ਹਾਂ ਕਿਹਾ ਕਿ ਹਲਕਾ ਜੈਤੋ ਨੂੰ ਸੂਬੇ ਦੇ ਨਮੂਨੇ ਦੇ ਹਲਕੇ ਵਜੋਂ ਵਿਕਸਤ ਕੀਤਾ ਜਾ ਰਿਹਾ ਹੈ ਅਤੇ ਇੱਥੋਂ ਦੇ ਨਾਗਰਿਕਾਂ ਨੂੰ ਸਾਰੀਆਂ ਬੁਨਿਆਦੀ ਸਹੂਲਤਾਂ ਪਹਿਲ ਦੇ ਆਧਾਰ ’ਤੇ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਹਲਕੇ ਦੇ ਲੋਕਾਂ ਨੂੰ ਕਿਸੇ ਕਿਸਮ ਦੀ ਮੁਸ਼ਕਿਲ ਦਾ ਸਾਹਮਣਾ ਨਹੀਂ ਕਰਨ ਦਿੱਤਾ ਜਾਵੇਗਾ। ਇਸ ਹਲਕੇ ਦੇ ਵਿਕਾਸ ਲਈ ਕਰੋੜਾਂ ਰੁਪਏ ਖਰਚ ਕੀਤੇ ਜਾ ਰਹੇ ਹਨ, ਜਿਸ ਤਹਿਤ ਕਈ ਪ੍ਰਾਜੈਕਟ ਪੂਰੇ ਹੋ ਚੁੱਕੇ ਹਨ ਅਤੇ ਬਾਕੀ ਸਬੰਧੀ ਕੰਮ ਜੰਗੀ ਪੱਧਰ ਉੁੱਤੇ ਜਾਰੀ ਹੈ। ਇਸ ਮੌਕੇ ਜਲ ਸਪਲਾਈ ਤੇ ਸੀਵਰੇਜ ਬੋਰਡ ਪੰਜਾਬ ਦੇ ਸੀਨੀਅਰ ਵਾਈਸ ਚੇਅਰਮੈਨ ਧਰਮਜੀਤ ਸਿੰਘ ਰਾਮੇਆਣਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਵਿਚ ਸਿਹਤ, ਸਿੱਖਿਆ ਅਤੇ ਬੁਨਿਆਦੀ ਢਾਂਚੇ ਦੇ ਵਿਕਾਸ ਨੂੰ ਮਜ਼ਬੂਤ ਕਰਨ ਲਈ ਵੱਡੇ ਪੱਧਰ ਉੱਤੇ ਕੰਮ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਦੀ ਖੋਟੀ ਨੀਅਤ ਅਤੇ ਮਾੜੀਆਂ ਨੀਤੀਆਂ ਕਾਰਨ ਸੂਬਾ ਵਿਕਾਸ ਪੱਖੋਂ ਕਾਫ਼ੀ ਪਛੜ ਗਿਆ ਸੀ। ਪਰ ਜਦੋਂ ਤੋਂ ਆਮ ਆਦਮੀ ਪਾਰਟੀ ਸੱਤਾ ਵਿਚ ਆਈ ਹੈ ਉਦੋਂ ਤੋਂ ਹੀ ਤਰਜੀਹੀ ਤੌਰ ਉੱਤੇ ਸਰਬਪੱਖੀ ਵਿਕਾਸ ਉੱਤੇ ਜ਼ੋਰ ਦਿੱਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਪਿੰਡਾਂ ਅੰਦਰ ਗੰਦੇ ਪਾਣੀ ਦੇ ਨਿਕਾਸੀ ਦੇ ਹੱਲ ਲਈ ਛੱਪੜਾਂ ਦਾ ਨਵੀਨੀਕਰਨ ਕੀਤਾ ਜਾ ਰਿਹਾ ਹੈ, ਗੰਦੇ ਪਾਣੀ ਦੀ ਨਿਕਾਸੀ ਲਈ ਸੀਵਰੇਜ ਪਾਏ ਜਾ ਰਹੇ ਹਨ, ਨੌਜਵਾਨਾਂ ਨੂੰ ਖੇਡਾਂ ਵੱਲ ਉਤਸ਼ਾਹਤ ਕਰਨ ਲਈ ਖੇਡ ਸਟੇਡੀਅਮ ਤਿਆਰ ਕੀਤੇ ਜਾ ਰਹੇ ਹਨ। ਸ਼ਾਨਦਾਰ ਪਾਰਕ ਬਣਾਏ ਜਾ ਰਹੇ ਹਨ, ਸਟਰੀਟ ਲਾਈਟਸ ਤੇ ਸੀਸੀਟੀਵੀ ਕੈਮਰੇ ਲਗਾਏ ਜਾ ਰਹੇ ਹਨ। ਇਸ ਮੌਕੇ ਮਾਰਕੀਟ ਕਮੇਟੀ ਜੈਤੋ ਦੇ ਚੇਅਰਮੈਨ ਡਾ. ਲਛਮਣ ਸ਼ਰਮਾ ਭਗਤੂਆਣਾ, ‘ਆਪ’ ਵਿਧਾਨ ਸਭਾ ਹਲਕਾ ਜੈਤੋ ਦੇ ਸੰਗਠਨ ਇੰਚਾਰਜ ਗੋਬਿੰਦਰ ਸਿੰਘ ਵਾਲੀਆ ਰਣ ਸਿੰਘ ਵਾਲਾ, ‘ਆਪ’ ਯੂਥ ਵਿੰਗ ਜ਼ਿਲ੍ਹਾ ਫ਼ਰੀਦਕੋਟ ਦੇ ਪ੍ਰਧਾਨ ਐਡਵੋਕੇਟ ਹਰਸਿਮਰਨ ਸਿੰਘ ਮਲਹੋਤਰਾ ਰਾਮੇਆਣਾ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਗੁਰਭੇਜ ਸਿੰਘ ਬਰਾੜ ਰੋਮਾਣਾ ਅਲਬੇਲ ਸਿੰਘ, ‘ਆਪ’ ਯੂਥ ਆਗੂ ਪ੍ਰੇਮ ਕੁਮਾਰ ‘ਪ੍ਰੇਮਾ’ ਕੋਟਕਪੂਰਾ, ਪਿੰਡ ਚੈਨਾ ਦੀ ਸਰਪੰਚ ਅਮਨਦੀਪ ਕੌਰ ਪਤਨੀ ਡਾ. ਸੁਖਮੰਦਰ ਸਿੰਘ ਹੇਰ, ਪੰਚ ਮਨਜੀਤ ਕੁਮਾਰ, ਪੰਚ ਇਕਬਾਲ ਸਿੰਘ, ਪੰਚ ਗੋਰਾ ਸਿੰਘ, ਪੰਚ ਗੁਰਪ੍ਰੀਤ ਸਿੰਘ, ਪੰਚ ਕੇਵਲ ਸਿੰਘ, ਪੰਚ ਕੁਲਦੀਪ ਕੌਰ, ਪੰਚ ਜਸਵਿੰਦਰ ਕੌਰ, ਪੰਚ ਨਵਦੀਪ ਕੌਰ, ਪੰਚ ਜਸਵਿੰਦਰ ਕੌਰ ਆਦਿ ਹਾਜ਼ਰ ਸਨ।