ਵਿਧਾਇਕ ਕਾਕਾ ਬਰਾੜ ਨੇ ਬਰੀਵਾਲਾ ਤੋਂ ਸ਼ਰਧਾਲੂਆਂ ਦੀ ਬੱਸ ਨੂੰ ਦਿੱਤੀ ਹਰੀ ਝੰਡੀ
ਵਿਧਾਇਕ ਕਾਕਾ ਬਰਾੜ ਨੇ ਬਰੀਵਾਲਾ ਤੋਂ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਤਹਿਤ ਸ਼ਰਧਾਲੂਆਂ ਦੀ ਬੱਸ ਨੂੰ ਦਿੱਤੀ ਹਰੀ ਝੰਡੀ
Publish Date: Mon, 27 Apr 2026 03:31 PM (IST)
Updated Date: Mon, 27 Apr 2026 03:34 PM (IST)

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਮੰਡੀ ਬਰੀਵਾਲਾ : ਪੰਜਾਬ ਸਰਕਾਰ ਦੀ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਤਹਿਤ ਮੰਡੀ ਬਰੀਵਾਲਾ ਤੋਂ ਸ੍ਰੀ ਹਰਿਮੰਦਰ ਸਾਹਿਬ ਸਮੇਤ ਹੋਰਨਾਂ ਧਾਰਮਿਕ ਅਸਥਾਨਾਂ ਦੇ ਦਰਸ਼ਨਾਂ ਲਈ ਸ਼ਰਧਾਲੂਆਂ ਦੀ ਬੱਸ ਰਵਾਨਾ ਕੀਤੀ ਗਈ। ਇਸ ਯਾਤਰਾ ਨੂੰ ਹਲਕਾ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਨੇ ਹਰੀ ਝੰਡੀ ਵਿਖਾ ਕੇ ਰਵਾਨਾ ਕੀਤਾ। ਇਸ ਮੌਕੇ ਸ਼ਰਧਾਲੂਆਂ ਨੂੰ ਸੰਬੋਧਨ ਕਰਦਿਆਂ ਵਿਧਾਇਕ ਕਾਕਾ ਬਰਾੜ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਇਹ ਇੱਕ ਬਹੁਤ ਹੀ ਸ਼ਲਾਘਾਯੋਗ ਕਦਮ ਹੈ। ਉਨ੍ਹਾਂ ਕਿਹਾ ਕਿ ਇਸ ਯੋਜਨਾ ਸਦਕਾ ਹੁਣ ਬਜ਼ੁਰਗਾਂ ਲਈ ਤੀਰਥ ਅਸਥਾਨਾਂ ਦੇ ਦਰਸ਼ਨ ਕਰਨਾ ਬੇਹੱਦ ਆਸਾਨ ਹੋ ਗਿਆ ਹੈ, ਜੋ ਕਿ ਪਹਿਲਾਂ ਕਈ ਕਾਰਨਾਂ ਕਰਕੇ ਸੰਭਵ ਨਹੀਂ ਹੋ ਪਾਉਂਦਾ ਸੀ। ਇਸ ਸਮੇਂ ਉਨ੍ਹਾਂ ਦੇ ਨਾਲ ਨਗਰ ਪੰਚਾਇਤ ਬਰੀਵਾਲਾ ਦੇ ਪ੍ਰਧਾਨ ਕੇਵਲ ਕ੍ਰਿਸ਼ਨ ਗੋਇਲ, ਜ਼ਿਲ੍ਹਾ ਕੱਚਾ ਆੜ੍ਹਤੀਆ ਐਸੋਸੀਏਸ਼ਨ ਦੇ ਪ੍ਰਧਾਨ ਜਗਸੀਰ ਕੁਮਾਰ ਚਰਨਾ, ਕੱਚਾ ਆੜ੍ਹਤੀਆ ਐਸੋਸੀਏਸ਼ਨ ਬਰੀਵਾਲਾ ਦੇ ਪ੍ਰਧਾਨ ਅਜੇ ਕੁਮਾਰ ਗਰਗ, ਟਰੇਡ ਯੂਨੀਅਨ ਬਰੀਵਾਲਾ ਦੇ ਪ੍ਰਧਾਨ ਰਜਨੀਸ਼ ਕੁਮਾਰ ਗੋਇਲ, ਐਮਸੀ ਬਲਵਿੰਦਰ ਸਿੰਘ ਖਾਲਸਾ, ਅਸੋਕ ਕੁਮਾਰ, ਰਾਜ ਕੁਮਾਰ, ਅਜੀਤ ਸਿੰਘ ਤੋਂ ਇਲਾਵਾ ਕੁਲਵੰਤ ਸਿੰਘ ਸੰਧੂ, ਪਵਨ ਗੋਇਲ ਵੀ ਮੌਜੂਦ ਸਨ। ਯਾਤਰਾ ਸੈੱਲ ਦੇ ਇੰਚਾਰਜ ਜਗਸੀਰ ਸਿੰਘ ਅਤੇ ਲਖਵੀਰ ਸਿੰਘ ਨੇ ਦੱਸਿਆ ਕਿ ਯਾਤਰੀਆਂ ਦੇ ਖਾਣ ਪੀਣ ਅਤੇ ਰਹਿਣ ਸਹਿਣ ਦੇ ਲਈ ਏਸੀ ਕਮਰੇ ਦੀ ਵਿਵਸਥਾ ਕੀਤੀ ਗਈ ਹੈ ਅਤੇ ਯਾਤਰਾ ਬੱਸ ਦੇ ਨਾਲ ਇਕ ਮਾਹਿਰ ਡਾਕਟਰਾਂ ਦੀ ਟੀਮ ਵੀ ਨਾਲ ਰਹੇਗੀ। ਇਸ ਮੌਕੇ ਹਰਮੇਲ ਸਿੰਘ, ਪਰਮਪਾਲ ਕੌਰ, ਨੱਥਾ ਸਿੰਘ, ਗੁਰਜੰਟ ਸਿੰਘ ਤੋਂ ਇਲਾਵਾ ਸਮੂਹ ਯਾਤਰੀ ਹਾਜ਼ਰ ਸਨ।