ਐਡਵੋਕੇਟ ਧਾਮੀ ਨੇ ਕਿਹਾ ਕਿ ਸਿੱਖ ਪੰਥ ਦੀਆਂ ਦੋ ਮੁੱਖ ਸੰਸਥਾਵਾਂ ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਸ਼ੋ੍ਮਣੀ ਕਮੇਟੀ ਨਾਲ ਇਸ ਕਾਨੂੰਨ ਨੂੰ ਬਣਾਉਣ ਤੋਂ ਪਹਿਲਾਂ ਕੋਈ ਵੀ ਸਲਾਹ-ਮਸ਼ਵਰਾ ਨਹੀਂ ਕੀਤਾ ਗਿਆ। ਉਨ੍ਹਾਂ ਸਵਾਲ ਉਠਾਇਆ ਕਿ ਜੋ ਕਾਨੂੰਨ ਬਣਾਏ ਜਾ ਰਹੇ ਹਨ, ਕੀ ਉਨ੍ਹਾਂ ਤਹਿਤ ਅਸਲ ’ਚ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਮਿਲਣਗੀਆਂ? ਉਨ੍ਹਾਂ ਮੰਗ ਕੀਤੀ ਕਿ ਕਾਨੂੰਨ ’ਚ ਹੋਰ ਵੀ ਕਈ ਅਹਿਮ ਪਹਿਲੂ ਸ਼ਾਮਲ ਕੀਤੇ ਜਾਣੇ ਚਾਹੀਦੇ ਸਨ।
ਜਤਿੰਦਰ ਸਿੰਘ ਭੰਵਰਾ, ਸ੍ਰੀ ਮੁਕਤਸਰ ਸਾਹਿਬ : 40 ਮੁਕਤਿਆਂ ਅਤੇ ਸਮੂਹ ਸ਼ਹੀਦ ਸਿੰਘਾਂ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਸ਼ਹੀਦੀ ਦਿਹਾੜੇ ਮੌਕੇ ਸ੍ਰੀ ਮੁਕਤਸਰ ਸਾਹਿਬ ਪੁੱਜੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪੰਜਾਬ ਸਰਕਾਰ ਵੱਲੋਂ ਬੇਅਦਬੀ ਦੇ ਐਕਟ ਵਿੱਚ ਕੀਤੀ ਗਈ ਨਵੀਂ ਸੋਧ 'ਤੇ ਗੰਭੀਰ ਇਤਰਾਜ਼ ਪ੍ਰਗਟਾਇਆ ਹੈ।
ਸ੍ਰੀ ਦਰਬਾਰ ਸਾਹਿਬ ਅਤੇ ਗੁਰਦੁਆਰਾ ਸ਼ਹੀਦ ਗੰਜ ਸਾਹਿਬ ਵਿਖੇ ਨਤਮਸਤਕ ਹੋਣ ਮੌਕੇ ਸੰਬੋਧਨ ਕਰਦਿਆਂ ਉਨ੍ਹਾਂ ਇਸ ਕਾਨੂੰਨੀ ਸੋਧ ਨੂੰ ਪੰਥਕ ਭਾਵਨਾਵਾਂ ਦੇ ਉਲਟ ਕਰਾਰ ਦਿੱਤਾ। ਐਡਵੋਕੇਟ ਧਾਮੀ ਨੇ ਬੇਅਦਬੀ ਦੇ ਨਵੇਂ ਕਾਨੂੰਨ ਨੂੰ ਲੈ ਕੇ ਕਈ ਅਹਿਮ ਨੁਕਤੇ ਚੁੱਕੇ ਹਨ। ਉਨ੍ਹਾਂ ਸਪੱਸ਼ਟ ਕੀਤਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਛਾਪਣ ਦਾ ਇਕਲੌਤਾ ਅਧਿਕਾਰ ਕੇਵਲ ਐਸਜੀਪੀਸੀ ਕੋਲ ਹੈ।
ਐਡਵੋਕੇਟ ਧਾਮੀ ਨੇ ਕਿਹਾ ਕਿ ਸਿੱਖ ਪੰਥ ਦੀਆਂ ਦੋ ਮੁੱਖ ਸੰਸਥਾਵਾਂ ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਸ਼ੋ੍ਮਣੀ ਕਮੇਟੀ ਨਾਲ ਇਸ ਕਾਨੂੰਨ ਨੂੰ ਬਣਾਉਣ ਤੋਂ ਪਹਿਲਾਂ ਕੋਈ ਵੀ ਸਲਾਹ-ਮਸ਼ਵਰਾ ਨਹੀਂ ਕੀਤਾ ਗਿਆ। ਉਨ੍ਹਾਂ ਸਵਾਲ ਉਠਾਇਆ ਕਿ ਜੋ ਕਾਨੂੰਨ ਬਣਾਏ ਜਾ ਰਹੇ ਹਨ, ਕੀ ਉਨ੍ਹਾਂ ਤਹਿਤ ਅਸਲ ’ਚ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਮਿਲਣਗੀਆਂ? ਉਨ੍ਹਾਂ ਮੰਗ ਕੀਤੀ ਕਿ ਕਾਨੂੰਨ ’ਚ ਹੋਰ ਵੀ ਕਈ ਅਹਿਮ ਪਹਿਲੂ ਸ਼ਾਮਲ ਕੀਤੇ ਜਾਣੇ ਚਾਹੀਦੇ ਸਨ।
ਬਿਨਾਂ ਕਿਸੇ ਪਾਰਟੀ ਦਾ ਨਾਮ ਲਏ ਐਸਜੀਪੀਸੀ ਪ੍ਰਧਾਨ ਨੇ ਆਪ ਸਰਕਾਰ ਦਾ ਨਾਮ ਲਏ ਬਿਨਾ ਕਿਹਾ ਕਿ ਕੁਝ ਰਾਜਨੀਤਕ ਪਾਰਟੀਆਂ ਬੇਅਦਬੀ ਵਰਗੇ ਸੰਵੇਦਨਸ਼ੀਲ ਮੁੱਦੇ ’ਤੇ ਆਪਣੀਆਂ ਰਾਜਸੀ ਰੋਟੀਆਂ ਸੇਕ ਰਹੀਆਂ ਹਨ। ਉਨ੍ਹਾਂ ਕਿਹਾ ਕਿ ਧਾਰਮਿਕ ਮਾਮਲਿਆਂ ’ਚ ਸਿਆਸੀ ਦਖ਼ਲਅੰਦਾਜ਼ੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।
ਸ੍ਰੀ ਮੁਕਤਸਰ ਸਾਹਿਬ ਦੀ ਇਤਿਹਾਸਕ ਮਹੱਤਤਾ ਦਾ ਜ਼ਿਕਰ ਕਰਦਿਆਂ ਐਡਵੋਕੇਟ ਧਾਮੀ ਨੇ ਕਿਹਾ ਕਿ ਇਹ ਧਰਤੀ ਦਸਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਚਰਨ ਛੋਹ ਪ੍ਰਾਪਤ ਹੈ, ਜਿਸ ਨੂੰ 'ਖਿਦਰਾਣੇ ਦੀ ਢਾਬ' ਤੋਂ 'ਮੁਕਤਸਰ' ਦਾ ਨਾਂ ਮਿਲਿਆ। ਅੰਤ ’ਚ ਉਨ੍ਹਾਂ ਸਮੁੱਚੀ ਸੰਗਤ ਨੂੰ ਅਪੀਲ ਕੀਤੀ ਕਿ ਗੁਰੂ ਦੇ ਦੱਸੇ ਮਾਰਗ 'ਤੇ ਚੱਲਿਆ ਜਾਵੇ। ਨਸ਼ਿਆਂ ਵਰਗੀਆਂ ਸਮਾਜਿਕ ਬੁਰਾਈਆਂ ਤੋਂ ਦੂਰੀ ਬਣਾਈ ਜਾਵੇ। ਗੁਰੂ ਵਾਲੇ ਬਣ ਕੇ ਅੰਮ੍ਰਿਤਪਾਨ ਕਰੀਏ ਅਤੇ ਸਿੱਖ ਮਰਿਆਦਾ ਨੂੰ ਕਾਇਮ ਰੱਖੀਏ।