ਨਗਰ ਕੌਂਸਲ ਜੈਤੋ ਦੇ ਸਫ਼ਾਈ ਸੇਵਕਾਂ ਦੀ ਹੜਤਾਲ ਜਾਰੀ, ਮੰਗਾਂ ਨਾ ਮੰਨੀਆਂ ਤਾਂ ਸੰਘਰਸ਼ ਹੋਵੇਗਾ ਹੋਰ ਤਿੱਖਾ

ਭੋਲਾ ਸ਼ਰਮਾ (ਪੱਤਰ ਪ੍ਰੇਰਕ) ਪੰਜਾਬੀ ਜਾਗਰਣ, ਜੈਤੋ : ਨਗਰ ਕੌਂਸਲ ਜੈਤੋ ਦੇ ਸਫ਼ਾਈ ਸੇਵਕ ਆਪਣੀਆਂ ਲੰਬੇ ਸਮੇਂ ਤੋਂ ਲਟਕਦੀਆਂ ਹੱਕੀ ਮੰਗਾਂ ਨੂੰ ਲੈ ਕੇ ਅਣਮਿੱਥੇ ਸਮੇਂ ਲਈ ‘ਕੰਮ-ਛੱਡ’ ਹੜਤਾਲ ’ਤੇ ਡਟੇ ਹੋਏ ਹਨ। ਪੰਜਾਬ ਭਰ ਦੀਆਂ ਨਗਰ ਕੌਂਸਲਾਂ ਅਤੇ ਨਗਰ ਨਿਗਮਾਂ ਦੇ ਸਫ਼ਾਈ ਕਰਮਚਾਰੀਆਂ ਵੱਲੋਂ 6 ਮਈ ਤੋਂ ਸ਼ੁਰੂ ਕੀਤੀ ਗਈ ਇਸ ਸੂਬਾ ਪੱਧਰੀ ਹੜਤਾਲ ਤਹਿਤ ਜੈਤੋ ਨਗਰ ਕੌਂਸਲ ਦੇ ਸਫ਼ਾਈ ਸੇਵਕ ਵੀ ਸੰਘਰਸ਼ ਕਰ ਰਹੇ ਹਨ। ਹੜਤਾਲ ਕਰ ਰਹੇ ਕਰਮਚਾਰੀਆਂ ਨੇ ਦੱਸਿਆ ਕਿ ਉਨ੍ਹਾਂ ਦੀਆਂ ਮੁੱਖ ਮੰਗਾਂ ਵਿਚ ਕਨਟਰੈਕਟ ਅਤੇ ਆਊਟਸੋਰਸ ਪ੍ਰਣਾਲੀ ਹੇਠ ਕੰਮ ਕਰ ਰਹੇ ਸਫ਼ਾਈ ਸੇਵਕਾਂ, ਸੀਵਰਮੈਨਾਂ, ਮਾਲੀਆਂ, ਬੇਲਦਾਰਾਂ, ਸੇਵਾਦਾਰਾਂ, ਪੰਪ ਅਪਰੇਟਰਾਂ, ਡਰਾਈਵਰਾਂ, ਕੰਪਿਊਟਰ ਅਪਰੇਟਰਾਂ, ਕਲਰਕਾਂ ਅਤੇ ਫਾਇਰ ਬ੍ਰਿਗੇਡ ਕਰਮਚਾਰੀਆਂ ਨੂੰ ਵਿਭਾਗ ਅਧੀਨ ਕਰਕੇ ਪੱਕਾ ਕਰਨਾ ਸ਼ਾਮਿਲ ਹੈ। ਉਨ੍ਹਾਂ ਨੇ ਪੰਜਾਬ ਸਰਕਾਰ ਵੱਲੋਂ ਲਾਗੂ ਕੀਤੀ ਗਈ 10 ਸਾਲਾ ਪਾਲਿਸੀ ਨੂੰ ਰੱਦ ਕਰਕੇ ਤਿੰਨ ਸਾਲ ਦੀ ਸੇਵਾ ਪੂਰੀ ਕਰਨ ਉਪਰੰਤ ਮੁਲਾਜ਼ਮਾਂ ਨੂੰ ਸਾਰੀਆਂ ਸਹੂਲਤਾਂ ਸਮੇਤ ਰੈਗੂਲਰ ਕਰਨ ਦੀ ਮੰਗ ਵੀ ਉਠਾਈ। ਸਫ਼ਾਈ ਕਰਮਚਾਰੀਆਂ ਨੇ ਬਰਾਬਰ ਕੰਮ-ਬਰਾਬਰ ਤਨਖ਼ਾਹ, ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਨ, ਈਪੀਐਫ ਸੁਵਿਧਾ ਦੇਣ, ਪੇਅ ਕਮਿਸ਼ਨ ਦਾ ਬਕਾਇਆ ਅਤੇ ਡੀਏ ਦੀਆਂ ਕਿਸ਼ਤਾਂ ਜਾਰੀ ਕਰਨ, ਤਨਖ਼ਾਹਾਂ ਸਮੇਂ ਸਿਰ ਦੇਣ ਅਤੇ ਭੱਤਿਆਂ ਵਿਚ ਵਾਧਾ ਕਰਨ ਦੀ ਵੀ ਮੰਗ ਕੀਤੀ। ਇਸ ਤੋਂ ਇਲਾਵਾ ਸਫ਼ਾਈ ਸੇਵਕਾਂ ਅਤੇ ਸੀਵਰਮੈਨਾਂ ਲਈ ਐਕਸੀਡੈਂਟਲ ਬੀਮਾ 10 ਲੱਖ ਤੋਂ ਵਧਾ ਕੇ 20 ਲੱਖ ਰੁਪਏ ਕਰਨ ਦੀ ਮੰਗ ਵੀ ਪ੍ਰਮੁੱਖ ਤੌਰ ’ਤੇ ਰੱਖੀ ਗਈ। ਇਸ ਮੌਕੇ ਨਗਰ ਕੌਂਸਲ ਜੈਤੋ ਦੇ ਸਾਬਕਾ ਵਾਈਸ ਪ੍ਰਧਾਨ ਡਾ. ਬਲਵਿੰਦਰ ਸਿੰਘ ਵਿਸ਼ੇਸ਼ ਤੌਰ ’ਤੇ ਹੜਤਾਲ ਵਿਚ ਸ਼ਾਮਿਲ ਹੋਏ ਅਤੇ ਸਫ਼ਾਈ ਸੇਵਕਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਉਹ ਹਮੇਸ਼ਾ ਸਫ਼ਾਈ ਕਰਮਚਾਰੀਆਂ ਦੇ ਹੱਕਾਂ ਲਈ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੇ ਹਨ। ਉਨ੍ਹਾਂ ਪੰਜਾਬ ਸਰਕਾਰ ਨੂੰ ਅਪੀਲ ਕਰਦਿਆਂ ਕਿਹਾ ਕਿ ਕਨਟਰੈਕਟ ਬੇਸ ਅਤੇ ਠੇਕੇਦਾਰਾਂ ਅਧੀਨ ਕੰਮ ਕਰ ਰਹੇ ਕਰਮਚਾਰੀਆਂ ਨੂੰ ਤੁਰੰਤ ਪੱਕਾ ਕੀਤਾ ਜਾਵੇ। ਡਾ. ਬਲਵਿੰਦਰ ਸਿੰਘ ਨੇ ਦੱਸਿਆ ਕਿ ਇਸ ਮਾਮਲੇ ਸਬੰਧੀ ਉਨ੍ਹਾਂ ਵੱਲੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਲਿਖਤੀ ਪੱਤਰ ਵੀ ਭੇਜਿਆ ਗਿਆ ਹੈ ਤਾਂ ਜੋ ਇਸ ਗੰਭੀਰ ਮਸਲੇ ਦਾ ਜਲਦ ਹੱਲ ਹੋ ਸਕੇ। ਇਸ ਦੌਰਾਨ ਸਫ਼ਾਈ ਸੇਵਕ ਯੂਨੀਅਨ ਜੈਤੋ ਦੇ ਚੇਅਰਮੈਨ ਅਤੇ ਜ਼ਿਲ੍ਹਾ ਫ਼ਰੀਦਕੋਟ ਦੇ ਸੀਨੀਅਰ ਮੀਤ ਪ੍ਰਧਾਨ ਰਾਮ ਕਰਨ ਨੇ ਪੰਜਾਬ ਸਰਕਾਰ ਨੂੰ ਚੇਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਉਨ੍ਹਾਂ ਦੀਆਂ ਜਾਇਜ਼ ਅਤੇ ਹੱਕੀ ਮੰਗਾਂ ਨੂੰ ਜਲਦ ਨਾ ਮੰਨਿਆ ਗਿਆ ਤਾਂ ਸੰਘਰਸ਼ ਨੂੰ ਹੋਰ ਤੇਜ਼ ਅਤੇ ਤਿੱਖਾ ਕੀਤਾ ਜਾਵੇਗਾ। ਇਸ ਮੌਕੇ ਯੂਨੀਅਨ ਪ੍ਰਧਾਨ ਰਜੇਸ਼ ਕੁਮਾਰ ਸਾਰਸਰ ਅਤੇ ਸਟੇਜ ਸਕੱਤਰ ਰਮੇਸ਼ ਕੁਮਾਰ ਭੰਵਰ ਨੇ ਵੀ ਆਪਣੇ ਸੰਬੋਧਨ ਦੌਰਾਨ ਸਰਕਾਰ ਤੋਂ ਮੰਗਾਂ ਤੁਰੰਤ ਪੂਰੀਆਂ ਕਰਨ ਦੀ ਅਪੀਲ ਕੀਤੀ। ਹੜਤਾਲ ਵਿਚ ਯੂਨੀਅਨ ਦੇ ਸਰਪ੍ਰਸਤ ਮੁਨਸ਼ੀ ਰਾਮ, ਖ਼ਜ਼ਾਨਚੀ ਬਾਲ ਕ੍ਰਿਸ਼ਨ ਬਾਲਾ, ਸੀਨੀਅਰ ਮੀਤ ਪ੍ਰਧਾਨ ਰਾਕੇਸ਼ ਕੁਮਾਰ ਗੋਗੀ, ਸਾਬਕਾ ਪ੍ਰਧਾਨ ਰਾਕੇਸ਼ ਕੁਮਾਰ ਰਿੰਕੂ, ਸੈਕਟਰੀ ਕਰਮੂ, ਮੈਂਬਰ ਪਵਨ ਕੁਮਾਰ, ਵਿਕਰਮ ਕੁਮਾਰ, ਕਮਲ ਸਾਰਸਰ, ਰਾਜੂ ਮੇਟ, ਗਰੀਬੂ ਮੇਟ ਸਮੇਤ ਵੱਡੀ ਗਿਣਤੀ ਵਿਚ ਮਹਿਲਾ ਅਤੇ ਪੁਰਸ਼ ਸਫ਼ਾਈ ਸੇਵਕ ਹਾਜ਼ਰ ਸਨ।