ਮਿਊਂਸੀਪਲ ਮੁਲਾਜ਼ਮ ਅਤੇ ਮਿਊਂਸੀਪਲ ਮੁਲਾਜ਼ਮ ਅਤੇ ਸਫ਼ਾਈ ਸੇਵਕ ਯੂਨੀਅਨ ਦੇ ਮੁਲਾਜ਼ਮ ਆਪਣੀਆਂ ਮੰਗਾਂ ਖ਼ਾਤਰ ਤੀਜੇ ਦਿਨ ਹੜਤਾਲ ਦੌਰਾਨ ਮਜਿਸਟਿਕ ਚੌਂਕ ’ਚ ਰੋਸ ਪ੍ਰਦਰਸ਼ਨ ਕਰਦੇ ਹੋਏ।

ਮੈਜੇਸਟਿਕ ਚੌਕ ’ਚ ਧਰਨਾ ਲਾ ਕੇ ਪੰਜਾਬ ਸਰਕਾਰ ਖ਼ਿਲਾਫ਼ ਕੀਤੀ ਜ਼ੋਰਦਾਰ ਨਾਅਰੇਬਾਜ਼ੀ
ਵਕੀਲ ਮਹਿਰੋਂ ਪੰਜਾਬੀ ਜਾਗਰਣ ਮੋਗਾ: ਮਿਊਂਸੀਪਲ ਮੁਲਾਜ਼ਮ ਅਤੇ ਸਫ਼ਾਈ ਸੇਵਕ ਯੂਨੀਅਨ ਪੰਜਾਬ ਦੇ ਸਾਂਝੇ ਬੈਨਰ ਹੇਠ ਆਪਣੀਆਂ ਮੰਗਾਂ ਖ਼ਾਤਰ ਮੋਗਾ ’ਚ ਚੱਲ ਰਹੀ ਹੜਤਾਲ ਤੀਜੇ ਦਿਨ ਵੀ ਜ਼ੋਰਦਾਰ ਢੰਗ ਨਾਲ ਜਾਰੀ ਰਹੀ। ਇਸ ਮੌਕੇ ਮੁਲਾਜ਼ਮਾਂ ਵੱਲੋਂ ਮਜਿਸਟਿਕ ਚੌਂਕ ’ਚ ਇਕੱਠੇ ਹੋ ਕੇ ਪੰਜਾਬ ਸਰਕਾਰ ਖ਼ਿਲਾਫ਼ ਤਿੱਖਾ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਵੱਖ-ਵੱਖ ਯੂਨੀਅਨਾਂ ਨਾਲ ਸੰਬੰਧਤ ਵੱਡੀ ਗਿਣਤੀ ਵਿਚ ਮੁਲਾਜ਼ਮਾਂ ਅਤੇ ਸ਼ਾਈ ਕਰਮਚਾਰੀਆਂ ਨੇ ਸ਼ਮੂਲੀਅਤ ਕਰਕੇ ਸਰਕਾਰ ਦੀਆਂ ਮੁਲਾਜ਼ਮ ਵਿਰੋਧੀ ਨੀਤੀਆਂ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਧਰਨੇ ਨੂੰ ਸੰਬੋਧਨ ਕਰਦਿਆਂ ਆਗੂਆਂ ਨੇ ਕਿਹਾ ਕਿ ਸਰਕਾਰ ਪਿਛਲੇ ਚਾਰ ਸਾਲਾਂ ਤੋਂ ਮੁਲਾਜ਼ਮਾਂ ਦੀਆਂ ਜਾਇਜ਼ ਅਤੇ ਹੱਕੀ ਮੰਗਾਂ ਨੂੰ ਲਗਾਤਾਰ ਅਣਡਿੱਠਾ ਕਰਦੀ ਆ ਰਹੀ ਹੈ। ਉਨ੍ਹਾਂ ਦੋਸ਼ ਲਾਇਆ ਕਿ ਸਰਕਾਰ ਵੱਲੋਂ ਕਈ ਵਾਰ ਭਰੋਸੇ ਤਾਂ ਦਿੱਤੇ ਗਏ ਪਰ ਜ਼ਮੀਨੀ ਪੱਧਰ ’ਤੇ ਕੋਈ ਢੁੱਕਵਾਂ ਫ਼ੈਸਲਾ ਨਹੀਂ ਲਿਆ ਗਿਆ। ਇਸ ਕਾਰਨ ਕਰਮਚਾਰੀਆਂ ਵਿਚ ਭਾਰੀ ਨਿਰਾਸ਼ਾ ਅਤੇ ਗੁੱਸਾ ਪਾਇਆ ਜਾ ਰਿਹਾ ਹੈ। ਮੁਲਾਜ਼ਮ ਆਗੂਆਂ ਨੇ ਕਿਹਾ ਕਿ ਕੱਚੇ ਕਰਮਚਾਰੀ ਸਾਲਾਂ ਤੋਂ ਘੱਟ ਤਨਖ਼ਾਹਾਂ ਅਤੇ ਅਸਥਿਰ ਨੌਕਰੀਆਂ ਵਿਚ ਕੰਮ ਕਰਨ ਲਈ ਮਜ਼ਬੂਰ ਹਨ। ਉਨ੍ਹਾਂ ਮੰਗ ਕੀਤੀ ਕਿ ਸਾਰੇ ਕੱਚੇ ਕਰਮਚਾਰੀਆਂ ਨੂੰ ਬਿਨ੍ਹਾਂ ਕਿਸੇ ਦੇਰੀ ਤੋਂ ਤੁਰੰਤ ਪੱਕਾ ਕੀਤਾ ਜਾਵੇ। ਇਸ ਦੇ ਨਾਲ ਹੀ ਪੁਰਾਣੀ ਪੈਨਸ਼ਨ ਸਕੀਮ ਮੁੜ ਲਾਗੂ ਕਰਨ ਦੀ ਮੰਗ ਕਰਦਿਆਂ ਉਨ੍ਹਾਂ ਕਿਹਾ ਕਿ ਨਵੀਂ ਪੈਨਸ਼ਨ ਨੀਤੀ ਕਾਰਨ ਮੁਲਾਜ਼ਮਾਂ ਦਾ ਭਵਿੱਖ ਅਸੁਰੱਖਿਅਤ ਹੋ ਗਿਆ ਹੈ ਅਤੇ ਰਿਟਾਇਰਮੈਂਟ ਤੋਂ ਬਾਅਦ ਆਰਥਿਕ ਸੰਕਟ ਦਾ ਖ਼ਤਰਾ ਬਣਿਆ ਹੋਇਆ ਹੈ।ਧਰਨਾਕਾਰੀਆਂ ਨੇ ਠੇਕੇਦਾਰੀ ਪ੍ਰਥਾ ਨੂੰ ਵੀ ਮੁਲਾਜ਼ਮਾਂ ਦੇ ਹੱਕਾਂ ਲਈ ਘਾਤਕ ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ ਠੇਕੇਦਾਰੀ ਪ੍ਰਣਾਲੀ ਕਾਰਨ ਕਰਮਚਾਰੀਆਂ ਦਾ ਆਰਥਿਕ ਅਤੇ ਸਮਾਜਿਕ ਸ਼ੋਸ਼ਣ ਹੋ ਰਿਹਾ ਹੈ। ਵੱਖ-ਵੱਖ ਵਿਭਾਗਾਂ ਵਿਚ ਕੰਮ ਕਰ ਰਹੇ ਕਰਮਚਾਰੀਆਂ ਨੂੰ ਕੰਟਰੈਕਟ ਪ੍ਰਣਾਲੀ ਤੋਂ ਬਾਹਰ ਕੱਢ ਕੇ ਰੈਗੂਲਰ ਕਰਨ ਦੀ ਮੰਗ ਨੂੰ ਲੈ ਕੇ ਮੁਲਾਜ਼ਮਾਂ ਨੇ ਇਕਜੁੱਟਤਾ ਦਾ ਪ੍ਰਗਟਾਵਾ ਕੀਤਾ। ਆਗੂਆਂ ਨੇ ਚੇਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਸਰਕਾਰ ਨੇ ਜਲਦ ਹੀ ਮੁਲਾਜ਼ਮਾਂ ਦੀਆਂ ਮੰਗਾਂ ਵੱਲ ਧਿਆਨ ਨਾ ਦਿੱਤਾ ਤਾਂ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ ਅਤੇ ਆਉਣ ਵਾਲੇ ਦਿਨਾਂ ਵਿਚ ਵੱਡੇ ਪੱਧਰ ’ਤੇ ਪ੍ਰਦਰਸ਼ਨ ਕੀਤੇ ਜਾਣਗੇ, ਜਿਸ ਦੀ ਪੂਰੀ ਜ਼ਿੰਮੇਵਾਰੀ ਸਰਕਾਰ ਦੀ ਹੋਵੇਗੀ। ਧਰਨੇ ਦੌਰਾਨ ਮਜਿਸਟਿਕ ਚੌਂਕ ਵਿਚ ਕਾਫ਼ੀ ਸਮੇਂ ਤੱਕ ਆਵਾਜਾਈ ਪ੍ਰਭਾਵਿਤ ਰਹੀ ਅਤੇ ਲੋਕਾਂ ਨੂੰ ਦਿੱਕਤਾਂ ਦਾ ਸਾਹਮਣਾ ਵੀ ਕਰਨਾ ਪਿਆ। ਇਸ ਮੌਕੇ ਮੁਲਾਜ਼ਮਾਂ ਨੇ ਇਕਸੁਰ ਹੋ ਕੇ ਕਿਹਾ ਕਿ ਆਪਣੀਆਂ ਹੱਕੀ ਮੰਗਾਂ ਮਨਵਾਉਣ ਤੱਕ ਉਨ੍ਹਾਂ ਦਾ ਸੰਘਰਸ਼ ਜਾਰੀ ਰਹੇਗਾ। ਇਸ ਮੌਕੇ ਨੌਜਵਾਨ ਭਾਰਤ ਸਭਾ, ਕਿਰਤੀ ਕਿਸਾਨ ਯੂਨੀਅਨ, ਪੇਂਡੂ ਮਜ਼ਦੂਰ ਯੂਨੀਅਨ, ਸਟੂਡੈਂਟ ਯੂਨੀਅਨ, ਈ-ਰਿਕਸ਼ਾ ਯੂਨੀਅਨ ਅਤੇ ਵਾਲਮੀਕੀ ਸਮਾਜ ਦੀਆਂ ਵੱਖ-ਵੱਖ ਜਥੇਬੰਦੀਆਂ ਨੇ ਵੀ ਧਰਨੇ ਨੂੰ ਆਪਣਾ ਸਮਰਥਨ ਦਿੱਤਾ। ਇਸ ਮੌਕੇ ਮਿਊਂਸੀਪਲ ਇੰਪਲਾਈਜ਼ ਫੈੱਡਰੇਸ਼ਨ ਦੇ ਜਨਰਲ ਸਕੱਤਰ ਵਿਸ਼ਕੀ ਬੋਹਤ, ਚੀਫ਼ ਸਕੱਤਰ ਨਿਰੋਤਮ ਬੋਹਤ, ਕੈਸ਼ੀਅਰ ਜੋਗਿੰਦਰ ਭੁੱਲਰ, ਸਫਾਈ ਸੇਵਕ ਯੂਨੀਅਨ ਦੇ ਪ੍ਰਧਾਨ ਸੋਮਨਾਥ ਚੌਂਬਰ, ਜਨਰਲ ਸਕੱਤਰ ਵਿਸ਼ਵਨਾਥ ਜੋਨੀ, ਚੇਅਰਮੈਨ ਰਜਿੰਦਰ ਗੰਗੂ, ਰਵੀ ਸਰਵਣ, ਰਵੀ ਚਾਵਰੀਆ, ਪ੍ਰਵੀਨ ਕੁਮਾਰ, ਜਗਤਾਰ ਸਿੰਘ, ਮੰਗਤ ਰਾਮ, ਸੁਖਪਾਲ ਸੋਢਾ, ਹਰਿਕ੍ਰਿਸ਼ਨ ਬੋਹਤ, ਮਦਨ ਲਾਲ ਬੋਹਤ, ਸਤਪਾਲ ਅੰਜਾਨ ਸਮੇਤ ਵੱਡੀ ਗਿਣਤੀ ਵਿਚ ਮਹਿਲਾ ਅਤੇ ਪੁਰਸ਼ ਕਰਮਚਾਰੀ ਹਾਜ਼ਰ ਸਨ।