ਜੈਤੋ ਦੇ ਇਤਿਹਾਸਕ ਮੋਰਚੇ ’ਚ ਸ਼ਹੀਦ ਹੋਏ ਮਹਾਨ ਸਿੰਘਾਂ/ਸਿੰਘਣੀਆਂ ਦੀ ਯਾਦ ਵਿਚ ਨਗਰ ਕੀਰਤਨ ਸਜਾਇਆ

ਭੋਲਾ ਸ਼ਰਮਾ, ਪੰਜਾਬੀ ਜਾਗਰਣ, ਜੈਤੋ : 1924 ਵਿਚ ਲੱਗੇ ਗੰਗਸਰ ਜੈਤੋ ਦੇ ਇਤਿਹਾਸਕ ਮੋਰਚੇ ਵਿਚ ਸ਼ਹੀਦ ਹੋਏ ਮਹਾਨ ਸਿੰਘਾਂ/ਸਿੰਘਣੀਆਂ ਦੀ ਯਾਦ ਵਿਚ 21 ਫ਼ਰਵਰੀ ਨੂੰ ਲੱਗਣ ਵਾਲੇ ਸ਼ਹੀਦੀ ਜੋੜ ਮੇਲੇ ਦੇ ਸਬੰਧ ਵਿਚ ਅੱਜ ਜੈਤੋ ਇਲਾਕੇ ਦੀਆਂ ਸਿੱਖ ਸੰਗਤਾਂ ਵੱਲੋਂ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਸ਼ਰਧਾਲੂਆਂ ਵੱਲੋਂ ਗੁਰੂ ਗ੍ਰੰਥ ਸਾਹਿਬ ਜੀ ਨੂੰ ਫ਼ੁੱਲ ਨਾਲ ਸਜਾਈ ਹੋਈ ਸੁੰਦਰ ਪਾਲਕੀ ਸਾਹਿਬ ਵਿਚ ਸ਼ੁਸ਼ੋਭਿਤ ਕੀਤਾ ਗਿਆ। ਜਿਸ ਦੀ ਅਗਵਾਈ ਪੰਜ ਪਿਆਰੇ ਕਰ ਰਹੇ ਸਨ। ਇਤਿਹਾਸਕ ਗੁੁਰਦੁਆਰਾ ਸ਼ਹੀਦ ਗੰਜ ਟਿੱਬੀ ਸਾਹਿਬ ਤੋਂ ਇਸ ਨਗਰ ਕੀਰਤਨ ਦੀ ਰਵਾਨਗੀ ਸਮੇਂ ਇਤਿਹਾਸਕ ਗੁਰਦੁਆਰਾ ਪਾਤਸ਼ਾਹੀ ਦਸਵੀਂ ਸ੍ਰੀ ਗੰਗਸਰ ਸਾਹਿਬ ਜੈਤੋ ਦੇ ਮੈਨੇਜਰ ਹਰਪਾਲ ਸਿੰਘ ਰੱਤਾ ਖੇੜਾ ਨੇ ਪੰਜ ਪਿਆਰਿਆਂ ਨੂੰ ਸਿਰੋਪਾਓ ਭੇਟ ਕੀਤੇ। ਇਸ ਮੌਕੇ ਮੈਨੇਜਰ ਹਰਪਾਲ ਸਿੰਘ ਰੱਤਾ ਖੇੜਾ ਨੇ ਸਿੱਖ ਸੰਗਤਾਂ ਨੂੰ ਸੰਬੋਧਨ ਕਰਦਿਆਂ ਜੈਤੋ ਮੋਰਚੇ ਦੇ ਇਤਿਹਾਸ ਨੂੰ ਯਾਦ ਕਰਨ ਦੇ ਨਾਲ-ਨਾਲ ਮੌਜੂਦਾ ਸਮੇਂ ਸਿੱਖ ਕੌਮ ਨੂੰ ਦਰਪੇਸ਼ ਚੁਣੌਤੀਆਂ ਦੀ ਗੱਲ ਵੀ ਕੀਤੀ। ਉਨ੍ਹਾਂ ਕਿਹਾ ਕਿ ਸਿੱਖ ਕੌਮ ਅੰਦਰ ਹੱਕ ਸੱਚ ਦੀ ਪਹਿਰੇਦਾਰੀ ਵਾਸਤੇ ਵੱਡੀਆਂ ਕੁਰਬਾਨੀਆਂ ਹੋਈਆਂ। ਉਨ੍ਹਾਂ ਕਿਹਾ ਕਿ ਕੌਮ ਅੰਦਰ ਸ਼ਹਾਦਤਾਂ ਦਾ ਮੁੱਢ ਗੁਰੂ ਸਾਹਿਬਾਨ ਨੇ ਆਪ ਬੰਨਿ੍ਹਆ, ਜਿਸ ਦੀ ਲੜੀ ਨੂੰ ਸਿੱਖਾਂ ਨੇ ਕਾਇਮ ਰੱਖਿਆ। ਜੈਤੋ ਦਾ ਮੋਰਚਾ ਇਸੇ ਹੀ ਸ਼ਾਨਾਂਮੱਤੇ ਇਤਿਹਾਸ ਦੀ ਤਰਜ਼ਮਾਨੀ ਕਰਦਾ ਹੈ। ਇਹ ਮੋਰਚਾ ਜਬਰ, ਜੁਲਮ ਅਤੇ ਅਨਿਆਂ ਵਿਰੁੱਧ ਇਕ ਸੰਘਰਸ਼ ਦਾ ਬਿਗਲ ਸੀ, ਜਿਸ ਨੇ ਜਾਲਮ ਹਕੂਮਤਾਂ ਦੀ ਧੱਕੇਸ਼ਾਹੀ ਨੂੰ ਚੁਣੌਤੀ ਦਿੱਤੀ। ਇਸ ਵਿਚੋਂ ਸਿੱਖ ਕੌਮ ਜੇਤੂ ਹੋ ਕੇ ਨਿਕਲੀ, ਜੋ ਇਤਿਹਾਸ ਅੰਦਰ ਸੁਨਹਿਰੀ ਅੱਖਰਾਂ ਵਿਚ ਦਰਜ ਹੈ। ਉਨ੍ਹਾਂ ਕਿਹਾ ਕਿ ਸਿੱਖ ਕੌਮ ਦਾ ਇਹ ਇਤਿਹਾਸ ਸੰਗਤਾਂ ਅਤੇ ਖਾਸਕਰ ਨੌਜੁਆਨੀ ਲਈ ਪ੍ਰੇਰਣਾ ਸਰੋਤ ਹੈ। ਮੈਨੇਜਰ ਹਰਪਾਲ ਸਿੰਘ ਰੱਤਾ ਖੇੜਾ ਨੇ ਕਿਹਾ ਕਿ ਮੌਜੂਦਾ ਸਮੇਂ ਵੀ ਸਿੱਖ ਧਰਮ ਨੂੰ ਲੁਕਵੇਂ ਰੂਪ ਵਿਚ ਕਈ ਤਰ੍ਹਾਂ ਦੀਆਂ ਚੁਣੌਤੀਆਂ ਦਰਪੇਸ਼ ਹਨ, ਜਿਨ੍ਹਾਂ ਨੂੰ ਪਛਾਣ ਕੇ ਇਕਜੁੱਟਤਾ ਨਾਲ ਮੁਕਾਬਲਾ ਕਰਨ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਸਿੱਖ ਸੰਸਥਾਵਾਂ ਦੀ ਮਜ਼ਬੂਤੀ ਅੱਜ ਕੌਮ ਲਈ ਬੇਹੱਦ ਜ਼ਰੂਰੀ ਹੈ, ਜਿਸ ਲਈ ਸਮੁੱਚੀ ਕੌਮ ਯੋਗਦਾਨ ਪਾਵੇ। ਇਸ ਉਪਰੰਤ ਇਹ ਵਿਸ਼ਾਲ ਨਗਰ ਕੀਰਤਨ ਇਤਿਹਾਸਕ ਗੁੁਰਦੁਆਰਾ ਸ਼ਹੀਦ ਗੰਜ ਟਿੱਬੀ ਸਾਹਿਬ ਤੋਂ ਸ਼ੁਰੂ ਹੋ ਕੇ ਇਤਿਹਾਸਕ ਗੁਰਦੁਆਰਾ ਪਾਤਸ਼ਾਹੀ ਦਸਵੀਂ ਸ਼੍ਰੀ ਗੰਗਸਰ ਸਾਹਿਬ ਜੈਤੋ, ਜੈਤੋ ਸ਼ਹਿਰ, ਜੈਤੋ ਪਿੰਡ ਅਤੇ ਬਾਜਾਖਾਨਾ ਰੋਡ ਵਿਚੋਂ ਹੁੰਦਾ ਹੋਇਆ ਗੁਰਦੁਆਰਾ ਸ਼੍ਰੀ ਅੰਗੀਠਾ ਸਾਹਿਬ ਬਠਿੰਡਾ ਰੋਡ ਜੈਤੋ ਵਿਖੇ ਪਹੁੰਚ ਕੇ ਸਮਾਪਤ ਹੋਇਆ। ਨਗਰ ਕੀਰਤਨ ਦਾ ਸੰਗਤਾਂ ਵੱਲੋਂ ਥਾਂ-ਥਾਂ ਭਰਵਾਂ ਸਵਾਗਤ ਕਰਦਿਆਂ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਰੁਮਾਲੇ ਭੇਟ ਕਰਕੇ ਸਤਿਕਾਰ ਦਿੱਤਾ ਗਿਆ। ਸੰਗਤਾਂ ਨੇ ਪੰਜ ਪਿਆਰੇ ਨੂੰ ਵੀ ਵੱਖ-ਵੱਖ ਪੜਾਵਾਂ ’ਤੇ ਸਿਰੋਪਾਓ ਦਿੱਤੇ ਅਤੇ ਚਾਹ, ਫ਼ਲ ਆਦਿ ਦੇ ਲੰਗਰ ਲਗਾਏ। ਕੀਰਤਨੀ ਜੱਥੇ ਨੇ ਰਸ ਭਿੰਨਾ ਕੀਰਤਨ ਕੀਤਾ ਅਤੇ ਢਾਡੀ ਜੱਥੇ ਨੇ ਸਿੱਖ ਇਤਿਹਾਸ ਦੀਆਂ ਵਾਰਾਂ ਗਾਈਆਂ। ਇਸ ਨਗਰ ਕੀਰਤਨ ਵਿਚ ਗੁਰਦੁਆਰਾ ਸਾਹਿਬ ਦੋਦਾ ਤਾਲ ਪਾਤਸ਼ਾਹੀ ਦਸਵੀਂ ਗੁਰੂ ਕੀ ਢਾਬ (ਮੱਤਾ) ਦੇ ਮੈਨੇਜਰ ਡਾ. ਜਸਪਾਲ ਸਿੰਘ ਬੱਗੇਆਣਾ, ਇਤਿਹਾਸਕ ਗੁੁਰਦੁਆਰਾ ਸ਼ਹੀਦ ਗੰਜ ਟਿੱਬੀ ਸਾਹਿਬ ਦੇ ਹੈੱਡ ਗਰੰਥੀ ਭਾਈ ਗੁਰਪਿਆਰ ਸਿੰਘ, ਇਤਿਹਾਸਕ ਗੁਰਦੁਆਰਾ ਪਾਤਸ਼ਾਹੀ ਦਸਵੀਂ ਸ਼੍ਰੀ ਗੰਗਸਰ ਸਾਹਿਬ ਜੈਤੋ ਦੇ ਹੈੱਡ ਗਰੰਥੀ ਭਾਈ ਜਗਸੀਰ ਸਿੰਘ ‘ਪੱਪਾ’ ਮੱਤਾ, ਅਕਾਊਟੈਂਟ ਰਾਮ ਸਿੰਘ ਅਬਲੂ, ਖ਼ਜ਼ਾਨਚੀ ਗੁਰਵਿੰਦਰ ਸਿੰਘ ਭੁੱਲਰ ਚੜੇਵਾਨ, ਰਿਕਾਰਡਕੀਪਰ ਗੁਰਸੇਵਕ ਸਿੰਘ ਭਾਵੜਾ, ਸਟੋਰਕੀਪਰ ਰਛਪਾਲ ਸਿੰਘ ਲਾਲਚੀਆਂ, ਸਾਬਕਾ ਸਰਪੰਚ ਹਰਚਰਨ ਸਿੰਘ ਬਾਠ ਕਰੀਰਵਾਲੀ ਤੋਂ ਇਲਾਵਾ ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ ਜੈਤੋ ਦੇ ਸਕੂਲੀ ਬੱਚਿਆਂ ਅਤੇ ਇਲਾਕੇ ਦੇ ਲੋਕਾਂ ਨੇ ਨਗਰ ਕੀਰਤਨ ਵਿਚ ਭਰਵੀਂ ਸ਼ਮੂਲੀਅਤ ਕੀਤੀ।