ਨਰਿੰਦਰਪਾਲ ਸਿੰਘ ਰਾਮੇਆਣਾ ਨੇ ਹਾਸਲ ਕੀਤਾ ਜਿੱਤ ਦਾ ਸਰਟੀਫਿਕੇਟ
ਜੈਤੋ ਵਾਰਡ ਨੰਬਰ-3 ਤੋਂ ਬਿਨਾਂ ਮੁਕਾਬਲਾ ਜੇਤੂ ਚੁਣੇ ਗਏ ਨਰਿੰਦਰਪਾਲ ਸਿੰਘ ਰਾਮੇਆਣਾ ਨੇ ਹਾਸਲ ਕੀਤਾ ਜਿੱਤ ਦਾ ਸਰਟੀਫਿਕੇਟ
Publish Date: Sun, 31 May 2026 03:58 PM (IST)
Updated Date: Mon, 01 Jun 2026 04:02 AM (IST)

ਭੋਲਾ ਸ਼ਰਮਾ ਪੰਜਾਬੀ ਜਾਗਰਣ, ਜੈਤੋ : ਜੈਤੋ ਨਗਰ ਕੌਂਸਲ ਚੋਣਾਂ ਦੌਰਾਨ ਵਾਰਡ ਨੰਬਰ-3 ਤੋਂ ਬਿਨਾਂ ਮੁਕਾਬਲਾ ਜੇਤੂ ਚੁਣੇ ਗਏ ਆਮ ਆਦਮੀ ਪਾਰਟੀ ਦੇ ਉਮੀਦਵਾਰ ਨਰਿੰਦਰਪਾਲ ਸਿੰਘ ਰਾਮੇਆਣਾ ਪੁੱਤਰ ਗੁਰਦੀਪ ਸਿੰਘ ਨੇ ਉਪ ਮੰਡਲ ਮੈਜਿਸਟਰੇਟ-ਕਮ-ਰਿਟਰਨਿੰਗ ਅਫ਼ਸਰ ਜੈਤੋ ਵਿਕਰਮਜੀਤ ਬਾਂਸਲ ਤੋਂ ਆਪਣਾ ਜਿੱਤ ਦਾ ਸਰਟੀਫਿਕੇਟ ਪ੍ਰਾਪਤ ਕੀਤਾ। ਇਸ ਮੌਕੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ, ਪਾਰਟੀ ਆਗੂਆਂ, ਵਰਕਰਾਂ ਅਤੇ ਸਮਰਥਕਾਂ ਵਿਚ ਖੁਸ਼ੀ ਅਤੇ ਉਤਸ਼ਾਹ ਦਾ ਮਾਹੌਲ ਦੇਖਣ ਨੂੰ ਮਿਲਿਆ। ਸਮਰਥਕਾਂ ਵੱਲੋਂ ਫੁੱਲਾਂ ਦੇ ਹਾਰ ਪਾ ਕੇ ਅਤੇ ਮੂੰਹ ਮਿੱਠਾ ਕਰਵਾ ਕੇ ਉਨ੍ਹਾਂ ਨੂੰ ਵਧਾਈ ਦਿੱਤੀ ਗਈ। ਜ਼ਿਕਰਯੋਗ ਹੈ ਕਿ ਨਰਿੰਦਰਪਾਲ ਸਿੰਘ ਰਾਮੇਆਣਾ ਲਗਾਤਾਰ ਦੂਜੀ ਵਾਰ ਵਾਰਡ ਨੰਬਰ-3 ਤੋਂ ਨਗਰ ਕੌਂਸਲਰ ਚੁਣੇ ਗਏ ਹਨ। ਉਨ੍ਹਾਂ ਦੀ ਇਹ ਜਿੱਤ ਕਈ ਮਾਇਨਿਆਂ ਵਿਚ ਵਿਸ਼ੇਸ਼ ਮਹੱਤਵ ਰੱਖਦੀ ਹੈ, ਕਿਉਂਕਿ ਵਾਰਡ ਵਾਸੀਆਂ ਨੇ ਇੱਕ ਵਾਰ ਫਿਰ ਉਨ੍ਹਾਂ ਦੀ ਕਾਰਗੁਜ਼ਾਰੀ, ਲੋਕ ਸੇਵਾ ਪ੍ਰਤੀ ਸਮਰਪਣ ਅਤੇ ਵਿਕਾਸਮੁਖੀ ਸੋਚ ’ਤੇ ਆਪਣੀ ਮੋਹਰ ਲਗਾਈ ਹੈ। ਪਿਛਲੇ ਕਾਰਜਕਾਲ ਦੌਰਾਨ ਉਨ੍ਹਾਂ ਵੱਲੋਂ ਵਾਰਡ ਦੀਆਂ ਮੁੱਢਲੀਆਂ ਸਹੂਲਤਾਂ, ਸਫ਼ਾਈ ਪ੍ਰਬੰਧਾਂ, ਗਲੀਆਂ-ਨਾਲੀਆਂ ਦੇ ਸੁਧਾਰ ਅਤੇ ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਕੀਤੇ ਗਏ ਯਤਨਾਂ ਨੂੰ ਲੋਕਾਂ ਵੱਲੋਂ ਭਰਪੂਰ ਸਰਾਹਨਾ ਮਿਲੀ। ਚੋਣ ਪ੍ਰਕਿਰਿਆ ਦੌਰਾਨ ਵਿਰੋਧੀ ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਰੱਦ ਹੋਣ ਕਾਰਨ ਨਰਿੰਦਰਪਾਲ ਸਿੰਘ ਰਾਮੇਆਣਾ ਪਹਿਲਾਂ ਹੀ ਬਿਨਾਂ ਮੁਕਾਬਲਾ ਜੇਤੂ ਐਲਾਨੇ ਗਏ ਸਨ। ਸਿਆਸੀ ਹਲਕਿਆਂ ਅਨੁਸਾਰ ਇਹ ਜਿੱਤ ਉਨ੍ਹਾਂ ਦੀ ਲੋਕਪ੍ਰਿਯਤਾ ਅਤੇ ਵਾਰਡ ਵਿਚ ਮਜ਼ਬੂਤ ਪਕੜ ਦਾ ਪ੍ਰਤੀਕ ਹੈ। ਲੋਕਾਂ ਦਾ ਮੰਨਣਾ ਹੈ ਕਿ ਉਨ੍ਹਾਂ ਨੇ ਹਮੇਸ਼ਾ ਵਾਰਡ ਦੇ ਹਰ ਵਰਗ ਨਾਲ ਨੇੜਲਾ ਸੰਪਰਕ ਬਣਾਈ ਰੱਖਿਆ ਅਤੇ ਲੋਕਾਂ ਦੇ ਦੁੱਖ-ਸੁੱਖ ਵਿਚ ਸ਼ਰੀਕ ਹੋ ਕੇ ਆਪਣੀ ਵੱਖਰੀ ਪਹਿਚਾਣ ਬਣਾਈ ਹੈ। ਜਿੱਤ ਦਾ ਸਰਟੀਫਿਕੇਟ ਹਾਸਲ ਕਰਨ ਉਪਰੰਤ ਨਰਿੰਦਰਪਾਲ ਸਿੰਘ ਰਾਮੇਆਣਾ ਨੇ ਵਾਰਡ ਵਾਸੀਆਂ ਦਾ ਤਹਿ ਦਿਲੋਂ ਧੰਨਵਾਦ ਕਰਦਿਆਂ ਕਿਹਾ ਕਿ ਇਹ ਜਿੱਤ ਸਮੁੱਚੇ ਵਾਰਡ ਦੇ ਲੋਕਾਂ ਦੇ ਪਿਆਰ, ਵਿਸ਼ਵਾਸ ਅਤੇ ਸਹਿਯੋਗ ਦੀ ਜਿੱਤ ਹੈ। ਉਨ੍ਹਾਂ ਕਿਹਾ ਕਿ ਲੋਕਾਂ ਵੱਲੋਂ ਪ੍ਰਗਟਾਏ ਗਏ ਭਰੋਸੇ ’ਤੇ ਉਹ ਪਹਿਲਾਂ ਦੀ ਤਰ੍ਹਾਂ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਖਰਾ ਉਤਰਣਗੇ। ਉਨ੍ਹਾਂ ਭਰੋਸਾ ਦਿੱਤਾ ਕਿ ਵਾਰਡ ਦੇ ਵਿਕਾਸ, ਸਫ਼ਾਈ ਵਿਵਸਥਾ ਅਤੇ ਲੋਕ ਭਲਾਈ ਦੇ ਕੰਮਾਂ ਨੂੰ ਹੋਰ ਤੇਜ਼ੀ ਨਾਲ ਅੱਗੇ ਵਧਾਇਆ ਜਾਵੇਗਾ। ਉਨ੍ਹਾਂ ਆਪਣੀ ਇਸ ਮਾਣਮੱਤੀ ਜਿੱਤ ਲਈ ਸਮੂਹ ਵਾਰਡ ਵਾਸੀਆਂ, ਪਾਰਟੀ ਆਗੂਆਂ, ਵਰਕਰਾਂ ਅਤੇ ਸਮਰਥਕਾਂ ਦਾ ਵਿਸ਼ੇਸ਼ ਧੰਨਵਾਦ ਕੀਤਾ।