ਨਰੇਗਾ ਮੁਲਾਜ਼ਮਾਂ ਨੇ ਮੰਗਾਂ ਨੂੰ ਲੈ ਕੇ ਕੀਤਾ ਜ਼ੋਰਦਾਰ ਰੋਸ ਪ੍ਰਦਰਸ਼ਨ

ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਸ੍ਰੀ ਮੁਕਤਸਰ ਸਾਹਿਬ : ਗ੍ਰਾਮੀਣ ਵਿਕਾਸ ਅਤੇ ਪੰਚਾਇਤ ਵਿਭਾਗ ’ਚ ਪਿਛਲੇ ਕਰੀਬ 18 ਸਾਲਾਂ ਤੋਂ ਕੰਟਰੈਕਟ (ਠੇਕੇ) ਦੇ ਅਧਾਰ ’ਤੇ ਸੇਵਾਵਾਂ ਦੇ ਰਹੇ ਨਰੇਗਾ ਮੁਲਾਜ਼ਮਾਂ ਵੱਲੋਂ ਅੱਜ ਮਲੋਟ, ਰੁਪਾਣਾ ਅਤੇ ਮੁਕਤਸਰ ਦੇ ਜ਼ਿਲ੍ਹਾ ਪ੍ਰੀਸ਼ਦ ਦਫ਼ਤਰ ਵਿਖੇ ਆਪਣੀਆਂ ਮੰਗਾਂ ਨੂੰ ਲੈ ਕੇ ਵਿਸ਼ਾਲ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਧਰਨੇ ਵਿੱਚ ਜ਼ਿਲ੍ਹਾ ਪ੍ਰਧਾਨ ਨਰੇਗਾ ਕਰਮਚਾਰੀ ਯੂਨੀਅਨ ਜੋਗਿੰਦਰ ਸਿੰਘ ਨੇ ਦੱਸਿਆ ਕਿ ਨਰੇਗਾ ਮੁਲਾਜ਼ਮਾਂ ਨੂੰ ਪਿਛਲੇ 6-7 ਮਹੀਨਿਆਂ ਤੋਂ ਤਨਖ਼ਾਹ ਨਹੀਂ ਮਿਲੀ ਹੈ, ਜਿਸ ਕਾਰਨ ਮੁਲਾਜ਼ਮਾਂ ਦੇ ਘਰਾਂ ਦਾ ਗੁਜ਼ਾਰਾ ਚੱਲਣਾ ਮੁਸ਼ਕਲ ਹੋ ਗਿਆ ਹੈ। ਮੁਲਾਜ਼ਮ ਆਗੂਆਂ ਨੇ ਰੋਸ ਜਤਾਉਂਦਿਆਂ ਕਿਹਾ ਕਿ ਚੋਣਾਂ ਤੋਂ ਪਹਿਲਾਂ ਅਤੇ ਸਰਕਾਰ ਬਣਨ ਤੋਂ ਬਾਅਦ ਮੁੱਖ ਮੰਤਰੀ ਨੇ ਨਰੇਗਾ ਮੁਲਾਜ਼ਮਾਂ ਨਾਲ ਵਾਅਦਾ ਕੀਤਾ ਸੀ ਕਿ ਠੇਕੇਦਾਰੀ ਪ੍ਰਥਾ ਨੂੰ ਪੂਰੀ ਤਰ੍ਹਾਂ ਬੰਦ ਕਰਕੇ ਉਨ੍ਹਾਂ ਨੂੰ ਪੰਚਾਇਤ ਵਿਭਾਗ ਦੀਆਂ ਪੱਕੀਆਂ ਪੋਸਟਾਂ ’ਤੇ ਮਰਜ (ਸ਼ਾਮਲ) ਕੀਤਾ ਜਾਵੇਗਾ। ਪਰ ਪੱਕਾ ਕਰਨਾ ਤਾਂ ਦੂਰ, ਹੁਣ ਉਨ੍ਹਾਂ ਦੇ ਖ਼ਿਲਾਫ਼ ਹੀ ਬਿਆਨਬਾਜ਼ੀ ਕੀਤੀ ਜਾ ਰਹੀ ਹੈ। ਉਨ੍ਹਾਂ ਦੋਸ਼ ਲਾਇਆ ਕਿ ਪੰਜਾਬ ਸਰਕਾਰ ਵੱਲੋਂ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਲਈ ਬਣਾਈ ਗਈ ਪਾਲਿਸੀ ਵੀ ਨਰੇਗਾ ਮੁਲਾਜ਼ਮਾਂ ਦਾ ਕੁਝ ਸੰਵਾਰ ਨਹੀਂ ਸਕੀ ਹੈ। ਵਿਭਾਗ ਵੱਲੋਂ ਪੋਰਟਲ ਰਾਹੀਂ ਪੂਰਾ ਡਾਟਾ ਇਕੱਠਾ ਕਰਕੇ ਪ੍ਰੋਸੋਨਲ ਅਤੇ ਵਿੱਤ ਵਿਭਾਗ ਦੀਆਂ ਮਨਜ਼ੂਰੀਆਂ ਮਿਲਣ ਦੇ ਬਾਵਜੂਦ ਵੀ ਨਰੇਗਾ ਮੁਲਾਜ਼ਮਾਂ ਨੂੰ ਅਜੇ ਤੱਕ ਪੱਕੇ ਹੋਣ ਦੇ ਆਰਡਰ ਜਾਰੀ ਨਹੀਂ ਕੀਤੇ ਗਏ। ਧਰਨੇ ਦੌਰਾਨ ਆਗੂਆਂ ਨੇ ਦੱਸਿਆ ਕਿ ਵਿਭਾਗ ਦੇ ਵਿੱਤ ਕਮਿਸ਼ਨਰ ਅਜੀਤ ਬਾਲਾਜੀ ਜੋਸ਼ੀ ਨੇ ਮਾਰਚ 2025 ਵਿੱਚ ਵਾਅਦਾ ਕੀਤਾ ਸੀ ਕਿ ਤਿੰਨ ਮਹੀਨੇ ਬਿਹਤਰ ਕੰਮ ਦਿਖਾਉਣ ’ਤੇ ਮੁਲਾਜ਼ਮਾਂ ਨੂੰ ਪੱਕੀਆਂ ਪੋਸਟਾਂ ’ਤੇ ਮਰਜ ਕਰ ਦਿੱਤਾ ਜਾਵੇਗਾ। ਪਰ ਵਿਭਾਗ ਦੀ ਅਫ਼ਸਰਸ਼ਾਹੀ ਨਾਲ 15 ਮੀਟਿੰਗਾਂ ਹੋਣ ਤੋਂ ਬਾਅਦ ਵੀ ਫ਼ਾਈਲ ਇੱਕ ਇੰਚ ਅੱਗੇ ਨਹੀਂ ਵਧੀ ਹੈ। ਇਸ ਤੋਂ ਇਲਾਵਾ ਪਿਛਲੇ 18 ਸਾਲਾਂ ’ਚ ਡਿਊਟੀ ਦੌਰਾਨ ਜਾਨ ਗੁਆਉਣ ਵਾਲੇ ਨਰੇਗਾ ਮੁਲਾਜ਼ਮਾਂ ਦੇ ਪਰਿਵਾਰਾਂ ਨੂੰ ਨਾ ਤਾਂ ਕੋਈ ਨੌਕਰੀ ਦਿੱਤੀ ਗਈ ਅਤੇ ਨਾ ਹੀ ਕੋਈ ਮੁਆਵਜ਼ਾ ਮਿਲਿਆ। ਆਗੂਆਂ ਨੇ ਬਿਨਾਂ ਵਜ੍ਹਾ ਨੌਕਰੀ ਤੋਂ ਕੱਢੇ ਗਏ ਸਾਥੀਆਂ ਨੂੰ ਬਹਾਲ ਕਰਨ ਅਤੇ ਲਗਭਗ 170 ਆਊਟਸੋਰਸਿੰਗ ਮੁਲਾਜ਼ਮਾਂ ਨੂੰ ਸਿੱਧੇ ਕੰਟਰੈਕਟ ’ਤੇ ਲਿਆਉਣ ਦੀ ਮੰਗ ਕੀਤੀ। ਯੂਨੀਅਨ ਨੇ ਸਰਵਸੰਮਤੀ ਨਾਲ ਫ਼ੈਸਲਾ ਲਿਆ ਹੈ ਕਿ ਜੇਕਰ ਆਉਣ ਵਾਲੇ ਸਮੇਂ ਵਿੱਚ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਨਾ ਕੀਤੀਆਂ ਗਈਆਂ, ਤਾਂ ਨਰੇਗਾ ਦਾ ਕੰਮ ਪੂਰੀ ਤਰ੍ਹਾਂ ਠੱਪ ਕਰ ਦਿੱਤਾ ਜਾਵੇਗਾ ਅਤੇ ਪੱਕਾ ਮੋਰਚਾ ਲਗਾਇਆ ਜਾਵੇਗਾ। ਮੁਲਾਜ਼ਮਾਂ ਨੇ ਤਿੱਖੀ ਚੇਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਲੋੜ ਪਈ ਤਾਂ ਪਿੰਡਾਂ ਵਿੱਚ ਕੰਮ ਕਰਨ ਵਾਲੇ 30 ਲੱਖ ਨਰੇਗਾ ਮਜ਼ਦੂਰਾਂ ਨੂੰ ਨਾਲ ਲੈ ਕੇ ਪਿੰਡਾਂ ਵਿੱਚ ਸਿਆਸੀ ਆਗੂਆਂ ਅਤੇ ਮੰਤਰੀਆਂ ਦਾ ਸਖ਼ਤ ਵਿਰੋਧ ਤੇ ਘੇਰਾਓ ਕੀਤਾ ਜਾਵੇਗਾ। ਇਸ ਧਰਨੇ ਦੌਰਾਨ ਜਗਮੋਹਨ ਸਿੰਘ, ਅਮਨਦੀਪ ਸਿੰਘ, ਸੁਖਪ੍ਰੀਤ ਸਿੰਘ, ਜਸਪ੍ਰੀਤ ਸਿੰਘ ਸਮੇਤ ਸੁਖਮੰਦਰ ਸਿੰਘ ਮਲੋਟ ਅਤੇ ਹੋਰ ਸਾਥੀ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ।