ਨਰਸਿੰਗ ਵਿਦਿਆਰਥਣਾ ਨੇ ਗਰਮੀ ਦੀ ਲਹਿਰ ਤੋਂ ਬਚਾਅ ਸਬੰਧੀ ਕੀਤਾ ਜਾਗਰੂਕਤਾ

ਚਾਨਾ ਪੰਜਾਬੀ ਜਾਗਰਣ ਫਰੀਦਕੋਟ : ਡਾ.ਰਮਨਦੀਪ ਸਿੰਗਲਾ ਸਿਵਲ ਸਰਜਨ ਫਰੀਦਕੋਟ ਵੱਲੋਂ ਸਿਹਤ ਵਿਭਾਗ ਦੀਆਂ ਟੀਮਾਂ ਨੂੰ ਗਰਮੀ ਦੀ ਲਹਿਰ ਤੋਂ ਬਚਾਅ ਸਬੰਧੀ ਪਿੰਡਾਂ ਸ਼ਹਿਰਾਂ ਵਿੱਚ ਲਗਾਤਾਰ ਜਾਗਰੂਕਤਾ ਗਤੀਵਿਧੀਆਂ ਕਰਨ ਲਈ ਹਦਾਇਤਾਂ ਜਾਰੀ ਕੀਤੀਆਂ ਗਈਆਂ। ਇਸੇ ਹੀ ਲੜੀ ਤਹਿਤ ਮਾਸ ਮੀਡੀਆ ਬਰਾਂਚ ਵੱਲੋ ਸੀਨੀਅਰ ਮੈਡੀਕਲ ਅਫਸਰ ਸਿਵਲ ਹਸਪਤਾਲ ਡਾ.ਪੁਨੀਤ ਕਾਜਲ ਦੀ ਯੋਗ ਅਗਵਾਈ ਹੇਠ ਨਰਸਿੰਗ ਵਿਦਿਆਰਥਣਾ ਦੇ ਸਹਿਯੋਗ ਨਾਲ ਮਰੀਜਾਂ,ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਅਤੇ ਸਟਾਫ ਨੂੰ ਗਰਮੀ ਦੀ ਲਹਿਰ ਤੋਂ ਬਚਾਅ ਸਬੰਧੀ ਸੁਚੇਤ ਕੀਤਾ ਗਿਆ। ਨਰਸਿੰਗ ਵਿਦਿਆਰਥਣਾ ਨੇ ਵੱਖ-ਵੱਖ ਵਿਭਾਗਾਂ ਅਤੇ ਰਜਿਸਟ੍ਰੇਸ਼ਨ ਕਾਂਊਟਰ ਤੇ ਲੋਕਾਂ ਨੂੰ ਜਾਗਰੂਕ ਕਰਨ ਲਈ ਹੱਥੀ ਤਿਆਰ ਕੀਤੇ ਪੋਸਟਰ ਅਤੇ ਚਾਰਟ ਪ੍ਰਦਰਸ਼ਿਤ ਕੀਤੇ। ਇਸ ਮੌਕੇ ਐੱਸ.ਐੱਮ.ਓ ਡਾ.ਪੁਨੀਤ ਕਾਜਲ,ਡਿਪਟੀ ਮਾਸ ਮੀਡੀਆ ਤੇ ਸੂਚਨਾ ਅਫਸਰ ਸੁਧੀਰ ਧੀਰ, ਡਿਪਟੀ ਮਾਸ ਮੀਡੀਆ ਤੇ ਸੂਚਨਾ ਅਫਸਰ ਡਾ. ਪ੍ਰਭਦੀਪ ਸਿੰਘ ਚਾਵਲਾ ਅਤੇ ਫੈਸਿਲਟੀ ਮੈਨੇਜਰ ਵੀਰਪਾਲ ਕੌਰ ਨੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਜੇਕਰ ਕਿਸੇ ਮੈਦਾਨੀ ਖੇਤਰ ਦਾ ਤਾਪਮਾਨ 40 ਡਿਗਰੀ ਜਾਂ ਇਸ ਤੋਂ ਵੱਧ ਤੱਕ ਪਹੁੰਚ ਜਾਂਦਾ ਹੈ, ਤਾਂ ਇਸ ਸਥਿਤੀ ਨੂੰ ਗਰਮੀ ਦੀ ਲਹਿਰ ਕਿਹਾ ਜਾਂਦਾ ਹੈ। ਉਹਨਾਂ ਦੱਸਿਆ ਕਿ ਗਰਮ ਹਵਾਵਾਂ ਸਾਡੀ ਪਿਆਸ ਵਧਾਉਣ ਦੇ ਨਾਲ-ਨਾਲ ਸਾਡੇ ਸਰੀਰ ਖਾਸ ਕਰਕੇ ਅੱਖਾਂ ਅਤੇ ਚਮੜੀ ਨੂੰ ਪੂਰੀ ਤਰ੍ਹਾਂ ਝੁਲਸਾ ਦਿੰਦੀਆਂ ਹਨ। ਜਿਆਦਾ ਗਰਮੀ ਹੋਣ ਤੇ ਸਾਡਾ ਸਰੀਰ ਪਸੀਨੇ ਦੇ ਰੂਪ ਵਿੱਚ ਗਰਮੀ ਬਾਹਰ ਕੱਢਦਾ ਹੈ,ਜਿਸ ਨਾਲ ਸਰੀਰ ਵਿੱਚ ਪਾਣੀ ਦੀ ਕਮੀ ਹੋ ਜਾਂਦੀ ਹੈ ਅਤੇ ਲੂ ਲੱਗਣ ਦਾ ਖਦਸ਼ਾ ਵੱਧ ਜਾਂਦਾ ਹੈ। ਆਮ ਤੌਰ ਤੇ ਲੋਕ ਇਸ ਨੂੰ ਹਲਕੇ ਵਿੱਚ ਲੈਂਦੇ ਹਨ ਜਿਸ ਕਰਕੇ ਉਹ ਬਿਮਾਰੀਆਂ ਦੇ ਸ਼ਿਕਾਰ ਹੋ ਜਾਂਦੇ ਹਨ।ਉਨ੍ਹਾਂ ਲੋਕਾਂ ਨੂੰ ਸਿਹਤ ਵਿਭਾਗ ਵੱਲੋਂ ਜਾਰੀ ਐਡਵਾਈਜ਼ਰੀ ਦੀ ਪਾਲਣਾ ਕਰਨ ਦੀ ਅਪੀਲ ਕਰਦਿਆਂ ਕਿਹਾ ਕਿ ਗਰਮੀ ਦੇ ਮਹੀਨਿਆਂ ਦੌਰਾਨ ਦੌਰਾਨ ਆਮ ਲੋਕਾਂ ਦੇ ਨਾਲ-ਨਾਲ ਖਾਸ ਕਰਕੇ ਉਹਨਾਂ ਲੋਕਾਂ, ਜਿਹੜੇ ਜੋਖਮ ਸ਼੍ਰੇਣੀ ਵਿੱਚ ਆਉਂਦੇ ਹਨ, ਨੂੰ ਚੌਕਸ ਰਹਿਣ ਦੀ ਲੋੜ ਹੈ। ਉਨ੍ਹਾਂ ਸਲਾਹ ਦਿੰਦਿਆਂ ਕਿਹਾ ਕਿ ਟੀ.ਵੀ.,ਰੇਡੀਓ,ਅਖਬਾਰਾਂ ਆਦਿ ਰਾਹੀਂ ਸਥਾਨਕ ਮੌਸਮ ਦੀਆਂ ਖਬਰਾਂ ਵੱਲ ਧਿਆਨ ਦਿੱਤਾ ਜਾਣਾ ਚਾਹੀਦਾ ਹੈ। ਇਸ ਤੋਂ ਇਲਾਵਾ ਮੌਸਮ ਵਿਭਾਗ ਦੀ ਵੈੱਬਸਾਈਟ ਤੋਂ ਮੌਸਮ ਦੀ ਤਾਜ਼ਾ ਜਾਣਕਾਰੀ ਪ੍ਰਾਪਤ ਕੀਤੀ ਜਾ ਸਕਦੀ ਹੈ। ਉਹਨਾਂ ਦੱਸਿਆ ਕਿ ਜਿਲ੍ਹੇ ਦੇ ਸਾਰੇ ਸਰਕਾਰੀ ਹਸਪਤਾਲਾਂ ਵਿੱਚ ਗਰਮੀ ਦੀ ਲਹਿਰ ਦੀ ਲਪੇਟ ਵਿੱਚ ਆਉਣ ਵਾਲੇ ਮਰੀਜਾਂ ਦੇ ਇਲਾਜ ਲਈ ਪੁਖਤਾ ਪ੍ਰਬੰਧ ਕੀਤੇ ਗਏ ਹਨ। ਹੀਟ ਸਟ੍ਰੋਕ ਲਈ ਨਵਜੰਮੇ ਬੱਚੇ,ਛੋਟੇ ਬੱਚੇ,ਗਰਭਵਤੀ ਔਰਤਾਂ,65 ਸਾਲ ਜਾਂ ਵੱਧ ਉਮਰ ਦੇ ਬਜੁਰਗ,ਮਜ਼ਦੂਰ, ਮੋਟਾਪੇ ਤੋਂ ਪੀੜਤ ਵਿਅਕਤੀ ਵਧੇਰੇ ਜ਼ੋਖਮ ਤੇ ਹੁੰਦੇ ਹਨ। ਉਹਨਾਂ ਦੱਸਿਆ ਕਿ ਘਰ ਤੋਂ ਬਾਹਰ ਦੇ ਕੰਮ ਦਿਨ ਦੇ ਠੰਡੇ ਸਮੇਂ ਜਿਵੇਂ ਕਿ ਸਵੇਰ ਅਤੇ ਸ਼ਾਮ ਵਿੱਚ ਕੀਤੇ ਜਾਣੇ ਚਾਹੀਦੇ ਹਨ। ਪਿਆਸ ਨਾ ਲੱਗਣ ਤੇ ਵੀ ਹਰ ਅੱਧੇ ਘੰਟੇ ਬਾਅਦ ਪਾਣੀ ਪੀਓ। ਬਾਹਰ ਕੰਮ ਕਰਦੇ ਸਮੇਂ ਹਲਕੇ ਰੰਗ ਦੇ ਪੂਰੀ ਬਾਹਾਂ ਵਾਲੇ ਕੱਪੜੇ ਪਾਓ। ਕੋਸ਼ਿਸ਼ ਕਰੋ ਕਿ ਗਰਮੀਆਂ ਵਿੱਚ ਸਿਰਫ ਸੂਤੀ ਕੱਪੜੇ ਹੀ ਪਹਿਨੇ ਜਾਣ। ਸਿੱਧੀ ਧੁੱਪ ਤੋਂ ਆਪਣੇ ਸਿਰ ਨੂੰ ਢੱਕਣ ਲਈ ਛੱਤਰੀ, ਟੋਪੀ, ਤੌਲੀਆ, ਪੱਗ ਜਾਂ ਦੁਪੱਟੇ ਦੀ ਵਰਤੋਂ ਕਰੋ। ਨੰਗੇ ਪੈਰੀਂ ਬਾਹਰ ਨਾ ਨਿਕਲੋ, ਧੁੱਪ ਵਿਚ ਬਾਹਰ ਜਾਣ ਵੇਲੇ ਹਮੇਸ਼ਾ ਜੁੱਤੀ ਜਾਂ ਚੱਪਲਾਂ ਪਾਓ। ਧੁੱਪ ਵਿਚ ਕੰਮ ਕਰਨ ਵਾਲੇ ਲੋਕਾਂ ਨੂੰ ਸਰੀਰ ਦਾ ਤਾਪਮਾਨ ਸਹੀ ਬਰਕਰਾਰ ਰੱਖਣ ਲਈ ਛਾਂ ਵਿਚ ਆਰਾਮ ਕਰਨਾ ਚਾਹੀਦਾ ਹੈ ਜਾਂ ਸਿਰ ਤੇ ਗਿੱਲਾ ਕੱਪੜਾ ਰੱਖਣਾ ਚਾਹੀਦਾ ਹੈ। ਧੁੱਪ ਵਿਚ ਨਿਕਲਦੇ ਸਮੇਂ ਹਮੇਸ਼ਾ ਪਾਣੀ ਨਾਲ ਰੱਖੋ। ਮੌਸਮੀ ਫਲ ਅਤੇ ਸਬਜ਼ੀਆਂ ਜਿਵੇਂ ਕਿ ਤਰਬੂਜ, ਸੰਤਰਾ,ਅੰਗੂਰ, ਖੀਰੇ ਅਤੇ ਟਮਾਟਰ ਖਾਓ ਕਿਉਂਕਿ ਇਨ੍ਹਾਂ ਵਿੱਚ ਪਾਣੀ ਦੀ ਮਾਤਰਾ ਜ਼ਿਆਦਾ ਹੁੰਦੀ ਹੈ।ਵਿਭਾਗ ਵੱਲੋਂ ਜਾਗਰੂਕਤਾ ਸਮੱਗਰੀ ਤਿਆਰ ਕਰਨ ਵਾਲੀਆਂ ਨਰਸਿੰਗ ਵਿਦਿਆਰਥਣਾ ਦੀ ਹੋਂਸਲਾ ਅਫਜਾਈ ਕੀਤੀ ਗਈ ਅਤੇ ਸ਼ੇਖ ਫਰੀਦ ਨਰਸਿੰਗ ਕਾਲਜ ਕੋਠੇ ਬੇਰ ਵਾਲੇ,ਕੋਟਕਪੂਰਾ ਦੇ ਪ੍ਰਬੰਧਕਾ ਅਤੇ ਸਮੂਹ ਸਟਾਫ ਦਾ ਇਸ ਸ਼ਲਾਘਾਯੋਗ ਉਪਰਾਲੇ ਲਈ ਧੰਨਵਾਦ ਕੀਤਾ ਗਿਆ।