ਫਰੀਦਕੋਟ ਜ਼ਿਲ੍ਹੇ ਦੇ ਸਕੂਲਾਂ ਵਿੱਚ ਮੈਗਾ ਮਾਪੇ-ਅਧਿਆਪਕ ਮਿਲਣੀ ਕਰਵਾਈ
ਫਰੀਦਕੋਟ ਜ਼ਿਲ੍ਹੇ ਦੇ ਸਕੂਲਾਂ ਵਿੱਚ ਮੈਗਾ ਮਾਪੇ-ਅਧਿਆਪਕ ਮਿਲਣੀ ਦਾ ਆਯੋਜਨ
Publish Date: Sat, 30 May 2026 03:50 PM (IST)
Updated Date: Sat, 30 May 2026 03:53 PM (IST)

ਚਾਨਾ, ਪੰਜਾਬੀ ਜਾਗਰਣ ਫ਼ਰੀਦਕੋਟ : ਡਿਪਟੀ ਕਮਿਸ਼ਨਰ ਰਾਹੁਲ ਚਾਬਾ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸਮੁੱਚੇ ਫ਼ਰੀਦਕੋਟ ਜ਼ਿਲ੍ਹੇ ਦੇ ਸਰਕਾਰੀ ਸਕੂਲਾਂ ਵਿੱਚ ਮੈਗਾ-ਮਾਪੇ ਅਧਿਆਪਕ ਮਿਲਣੀ ਕਰਵਾਈ ਗਈ। ਜਿਸ ਵਿੱਚ ਸਵੇਰੇ 7:30 ਵਜੇ ਤੋਂ ਦੁਪਹਿਰ 1.30 ਵਜੇ ਤੱਕ ਵੱਡੀ ਗਿਣਤੀ ਵਿੱਚ ਬੱਚਿਆਂ ਦੇ ਮਾਪੇ ਸਕੂਲ ਪਹੁੰਚ ਕੇ ਅਧਿਆਪਕਾਂ ਨੂੰ ਮਿਲੇ ਤੇ ਉਨ੍ਹਾਂ ਨਾਲ ਵਿਚਾਰਾਂ ਦਾ ਅਦਾਨ-ਪ੍ਰਦਾਨ ਕੀਤਾ। ਜ਼ਿਲ੍ਹਾ ਸਿੱਖਿਆ ਅਫਸਰ ਐਲੀਮੈਂਟਰੀ/ ਸੈਕੰਡਰੀ ਅੰਜਨਾ ਕੋਸ਼ਲ ਨੇ ਦੱਸਿਆ ਕਿ ਸਰਕਾਰ ਦੀ ਇਸ ਪਹਿਲਕਦਮੀ ਦਾ ਉਦੇਸ਼ ਮਾਪਿਆਂ ਅਤੇ ਸਕੂਲਾਂ ਦਰਮਿਆਨ ਸਾਂਝ ਨੂੰ ਹੋਰ ਮਜ਼ਬੂਤ ਕਰਨਾ ਅਤੇ ਗਰਮੀਆਂ ਦੀਆਂ ਛੁੱਟੀਆਂ ਦੌਰਾਨ ਸਿੱਖਣ ਦੀ ਲਗਾਤਾਰਤਾ ਨੂੰ ਉਤਸ਼ਾਹਿਤ ਕਰਨਾ ਹੈ। ਮੈਗਾ ਪੀਟੀਐੱਮ ਅਤੇ ਮਾਪੇ ਵਰਕਸ਼ਾਪਾਂ ਰਾਹੀਂ ਸਿੱਖਿਆ ਵਿਭਾਗ ਭਾਈਚਾਰੇ ਦੀ ਵਧੇਰੇ ਭਾਗੀਦਾਰੀ ਨੂੰ ਉਤਸ਼ਾਹਿਤ ਕਰਦਿਆਂ ਬੱਚਿਆਂ ਦੀ ਸਿੱਖਿਆ ਅਤੇ ਭਲਾਈ ਪ੍ਰਤੀ ਸਾਂਝੀ ਜ਼ਿੰਮੇਵਾਰੀ ਨੂੰ ਮਜ਼ਬੂਤ ਕਰਨਾ ਚਾਹੁੰਦਾ ਹੈ। ਉਨ੍ਹਾਂ ਕਿਹਾ ਕਿ ਮਾਪੇ-ਅਧਿਆਪਕ ਮਿਲਣੀ ਨਾਲ ਵਿਦਿਆਰਥੀਆਂ, ਉਨ੍ਹਾਂ ਦੇ ਮਾਪਿਆਂ ਤੇ ਅਧਿਆਪਕਾਂ ਵਿਚਾਲੇ ਆਪਸੀ ਸਾਂਝ ਹੋਰ ਮਜਬੂਤ ਹੁੰਦੀ ਹੈ ਜਿਸ ਦੇ ਸਾਰਥਕ ਨਤੀਜੇ ਸਾਹਮਣੇ ਆਉਂਦੇ ਹਨ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਦਾ ਮਨੋਬਲ ਉੱਚਾ ਚੁੱਕਣ ਲਈ ਅਧਿਆਪਕ ਉਨ੍ਹਾਂ ਨੂੰ ਸਕੂਲਾਂ ਵਿੱਚ ਦੋਸਤਾਨਾ ਮਾਹੌਲ ਮੁਹੱਈਆ ਕਰਵਾਉਣਾ ਯਕੀਨੀ ਬਣਾਉਣ ਤਾਂ ਜੋ ਉਹ ਬੇਝਿਜਕ ਹੋ ਕੇ ਆਪਣੀਆਂ ਵਿੱਦਿਅਕ ਉਲਝਣਾਂ ਦਾ ਹੱਲ ਕਰਵਾ ਸਕਣ। ਉਨ੍ਹਾਂ ਕਿਹਾ ਕਿ ਅਧਿਆਪਕਾਂ ਵੱਲੋਂ ਨਿਰੰਤਰ ਪੂਰੀ ਮਿਹਨਤ ਨਾਲ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦਾ ਬੌਧਿਕ ਤੇ ਸਰੀਰਕ ਵਿਕਾਸ ਯਕੀਨੀ ਬਣਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਅਧਿਆਪਕ ਚੰਗੇ ਸਮਾਜ ਦੇ ਨਿਰਮਾਣ ਦੀ ਨੀਂਹ ਹਨ ਕਿਉਂਕਿ ਵਿਦਿਆਰਥੀ ਹੀ ਅੱਗੇ ਚੱਲ ਕੇ ਨਿਰੋਏ ਸਮਾਜ ਦੀ ਸਿਰਜਣਾ ਕਰਦੇ ਹਨ। ਅੱਜ ਜ਼ਿਲ੍ਹਾ ਸਿੱਖਿਆ ਅਫਸਰ ਐਲੀਮੈਂਟਰੀ/ ਸੈਕੰਡਰੀ ਅੰਜਨਾ ਕੌਸ਼ਲ ਨੇ ਸਰਕਾਰੀ ਮਿਡਲ ਸਕੂਲ ਬਲਬੀਰ ਫਰੀਦਕੋਟ, ਸਰਕਾਰੀ ਪ੍ਰਾਇਮਰੀ ਸਕੂਲ ਬਲਬੀਰ ਫਰੀਦਕੋਟ ਵਿਖੇ ਬੱਚਿਆਂ ਦੇ ਮਾਤਾ ਪਿਤਾ ਅਤੇ ਅਧਿਆਪਕਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸਾਂਝੇ ਯਤਨਾਂ ਨਾਲ ਵਿਦਿਆਰਥੀਆਂ ਦਾ ਸਰਬਪੱਖੀ ਵਿਕਾਸ ਕਰਨ ਵਿੱਚ ਕੋਈ ਕਸਰ ਬਾਕੀ ਨਾ ਛੱਡੀ ਜਾਵੇ। ਉਹ ਜ਼ਿਲਾ ਸਿੱਖਿਆ ਅਫਸਰ ਐਲੀਮੈਂਟਰੀ ਫਰੀਦਕੋਟ ਪਵਨ ਕੁਮਾਰ ਨੇ ਸਰਕਾਰੀ ਪ੍ਰਾਇਮਰੀ ਸਕੂਲ ਰਾਜੋਵਾਲਾ, ਸਰਕਾਰੀ ਪ੍ਰਾਇਮਰੀ ਸਕੂਲ ਗੋਲੇਵਾਲਾ ਵਿਖੇ ਬੱਚਿਆਂ ਦੇ ਮਾਪਿਆਂ ਨੂੰ ਨਿੱਜੀ ਅਨੁਭਵ ਦੱਸ ਕੇ ਬੱਚਿਆਂ ਦੀ ਬੇਹਤਰੀ ਵਾਸਤੇ ਬੱਚਿਆਂ ਨੂੰ ਆਪਣੀ ਨਿਗਰਾਨੀ ਹੇਠ ਪੜਨ ਲਈ ਬਿਠਾਉਣ ਵਾਸਤੇ ਉਤਸਾਹਿਤ ਕੀਤਾ। ਇਸੇ ਤਰ੍ਹਾਂ ਸਾਰੇ ਬਲਾਕ ਰਿਸੋਰਸ ਕੁਆਡੀਨੇਟਰਾਂ ਨੇ ਜਿਲ੍ਹੇ ਦੇ ਵੱਖ-ਵੱਖ ਸਕੂਲਾਂ ਵਿੱਚ ਜਾ ਕੇ ਮਾਪੇ ਅਧਿਆਪਕ ਮਿਲਣੀ ਦੌਰਾਨ ਸਰਕਾਰੀ ਸਕੂਲਾਂ ਅੰਦਰ ਮਿਲਦੀਆਂ ਸਹੂਲਤਾਂ ਦੀ ਜਾਣਕਾਰੀ ਦੇ ਕੇ ਬੱਚਿਆਂ ਦੇ ਮਾਪਿਆਂ ਨੂੰ ਵੱਧ ਤੋਂ ਵੱਧ ਬੱਚੇ ਸਰਕਾਰੀ ਸਕੂਲਾਂ ਵਿੱਚ ਦਾਖਲ ਕਰਾਉਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਨੀਤੀ ਆਯੋਗ ਭਾਰਤ ਸਰਕਾਰ ਵੱਲੋਂ 2026 ਦੌਰਾਨ ਪੰਜਾਬ ਦੇ ਸਰਕਾਰੀ ਸਕੂਲਾਂ ਨੂੰ ਨੰਬਰ ਇੱਕ ਘੋਸ਼ਿਤ ਕੀਤੇ ਜਾਣ ਤੇ ਸਿੱਖਿਆ ਵਿਭਾਗ ਵੱਲੋਂ ਮਾਨਯੋਗ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਮਾਨਯੋਗ ਸਿੱਖਿਆ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਵੱਲੋਂ ਭੇਜੇ ਸਨਮਾਨ ਪੱਤਰ ਦੇ ਕੇ ਅਧਿਆਪਕਾਂ ਅਤੇ ਸਕੂਲ ਸਟਾਫ ਨੂੰ ਸਨਮਾਨਿਤ ਕੀਤਾ ਗਿਆ।