ਪੰਜਾਬ ਪੈਨਸ਼ਨਰਜ਼ ਯੂਨੀਅਨ ਸਬੰਧਤ ਏਟਕ ਵੱਲੋਂ ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰ ਸਾਂਝਾ ਫਰੰਟ ਦੇ ਪ੍ਰੋਗਰਾਮਾਂ ਅੱਜ

ਪੱਤਰ ਪ੍ਰੇਰਕ ਪੰਜਾਬੀ ਜਾਗਰਣ ਕੋਟਕਪੂਰਾ : ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰ ਸਾਂਝਾ ਫਰੰਟ ਵੱਲੋਂ ਪੰਜਾਬ ਸਰਕਾਰ ਦੀਆਂ ਮੁਲਾਜ਼ਮ ਅਤੇ ਪੈਨਸ਼ਨਰ ਵਿਰੋਧੀ ਨੀਤੀਆਂ ਦੇ ਖਿਲਾਫ ਆਪਣੇ ਰੋਸ ਅਤੇ ਗੁੱਸੇ ਦਾ ਪ੍ਰਗਟਾਵਾ ਕਰਨ ਲਈ ਅਤੇ ਅਗਲੇ ਐਕਸ਼ਨ ਪ੍ਰੋਗਰਾਮ ਉਲੀਕਣ ਲਈ 17 ਮਈ ਦਿਨ ਐਤਵਾਰ ਨੂੰ ਦੇਸ਼ ਭਗਤ ਯਾਦਗਾਰ ਹਾਲ ਜਲੰਧਰ ਵਿਖੇ ਸੂਬਾ ਪੱਧਰੀ ਕਨਵੈਨਸ਼ਨ ਕੀਤੀ ਜਾ ਰਹੀ ਹੈ। ਇਸ ਕਨਵੈਨਸ਼ਨ ਦੀਆਂ ਤਿਆਰੀਆਂ ਹਿੱਤ ਪੰਜਾਬ ਪੈਨਸ਼ਨਰਜ਼ ਯੂਨੀਅਨ ਸਬੰਧਤ ਏਟਕ ਜ਼ਿਲ੍ਹਾ ਫਰੀਦਕੋਟ ਦੀ ਇੱਕ ਮੀਟਿੰਗ ਅੱਜ ਸਥਾਨਕ ਸ਼ਹੀਦ ਭਗਤ ਸਿੰਘ ਪਾਰਕ ਵਿੱਚ ਸਥਿਤ ਪੈਨਸ਼ਨਰ ਦਫਤਰ ਵਿਖੇ ਜ਼ਿਲ੍ਹਾ ਪ੍ਰਧਾਨ ਕੁਲਵੰਤ ਸਿੰਘ ਚਾਨੀ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਨੂੰ ਸੰਬੋਧਨ ਕਰਦਿਆਂ ਜਥੇਬੰਦੀ ਦੇ ਸੂਬਾ ਜਨਰਲ ਸਕੱਤਰ ਪ੍ਰੇਮ ਚਾਵਲਾ ਨੇ ਪੰਜਾਬ ਸਰਕਾਰ ਵੱਲੋਂ ਲਾਗੂ ਕੀਤੀਆਂ ਜਾ ਰਹੀਆਂ ਲੋਕ ਮੁਲਾਜ਼ਮ ਅਤੇ ਪੈਨਸ਼ਨਰ ਵਿਰੋਧੀ ਨੀਤੀਆਂ ਬਾਰੇ ਵਿਚਾਰ ਸਾਂਝੇ ਕੀਤੇ ਅਤੇ ਇਸ ਸਰਕਾਰ ਨੂੰ ਹੁਣ ਤੱਕ ਦੀ ਸਭ ਤੋਂ ਵੱਧ ਮੁਲਾਜ਼ਮ ਅਤੇ ਪੈਨਸ਼ਨਰ ਵਿਰੋਧੀ ਕਰਾਰ ਦਿੱਤਾ। ਮੀਟਿੰਗ ਦੌਰਾਨ ਮਾਨਯੋਗ ਪੰਜਾਬ ਤੇ ਹਰਿਆਣਾ ਹਾਈਕੋਰਟ ਵੱਲੋਂ 8 ਅਪ੍ਰੈਲ ਨੂੰ ਦਿੱਤੇ ਗਏ ਫੈਸਲੇ ਦੇ ਵਿਰੁੱਧ ਪੰਜਾਬ ਸਰਕਾਰ ਵੱਲੋਂ ਐਲ ਪੀ ਏ ਦਾਇਰ ਕਰਨ ਦੀ ਕਾਰਵਾਈ ਨੂੰ ਮੁਲਾਜ਼ਮ ਅਤੇ ਪੈਨਸ਼ਨਰ ਵਿਰੋਧੀ ਦੱਸਦੇ ਹੋਏ ਸਖਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਗਈ। ਮੀਟਿੰਗ ਨੂੰ ਸੰਬੋਧਨ ਕਰਦਿਆਂ ਪੈਨਸ਼ਨਰ ਆਗੂ ਇਕਬਾਲ ਸਿੰਘ ਮੰਘੇੜਾ, ਤਰਸੇਮ ਨਰੂਲਾ, ਸੋਮ ਨਾਥ ਅਰੋੜਾ, ਮਦਨ ਲਾਲ ਸ਼ਰਮਾ ਸੰਧਵਾਂ , ਅਮਰਜੀਤ ਕੌਰ ਛਾਬੜਾ, ਪ੍ਰਿੰਸੀਪਲ ਬਲਵੀਰ ਸਿੰਘ ਬਰਾੜ ਅਤੇ ਕੁਲਜੀਤ ਸਿੰਘ ਬੰਬੀਹਾ ਨੇ ਭਗਵੰਤ ਮਾਨ ਸਰਕਾਰ ਤੇ ਦੋਸ਼ ਲਾਇਆ ਕਿ ਪੰਜਾਬ ਸਰਕਾਰ ਵੱਲੋਂ ਕੀਤੀ ਜਾ ਰਹੀ ਫੋਕੀ ਇਸ਼ਤਿਹਾਰਬਾਜੀ ਨੇ ਪੰਜਾਬ ਦੇ ਸਰਕਾਰੀ ਖਜ਼ਾਨੇ ਦਾ ਦੀਵਾਲਾ ਕੱਢ ਕੇ ਰੱਖ ਦਿੱਤਾ ਹੈ । ਆਗੂਆਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਪੰਜਾਬ ਦੇ ਸਮੂਹ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੀਆਂ 18 ਫੀਸਦੀ ਦੀ ਦਰ ਨਾਲ ਡੀ ਏ ਦੀਆਂ ਬਕਾਇਆ ਪਈਆਂ ਛੇ ਕਿਸਤਾਂ ਤੁਰੰਤ ਦਿੱਤੀਆਂ ਜਾਣ, ਤਨਖਾਹ ਕਮਿਸ਼ਨ ਦਾ ਬਣਦਾ ਬਕਾਇਆ ਤੁਰੰਤ ਦਿੱਤਾ ਜਾਵੇ, ਪੈਨਸ਼ਨਰਾਂ ਲਈ 2.59 ਦਾ ਗੁਣਾਂਕ ਤੁਰੰਤ ਲਾਗੂ ਕੀਤਾ ਜਾਵੇ, ਪੁਰਾਣੀ ਪੈਨਸ਼ਨ ਸਕੀਮ ਤੁਰੰਤ ਲਾਗੂ ਕੀਤੀ ਜਾਵੇ। ਮੀਟਿੰਗ ਦੌਰਾਨ ਮੰਗ ਕੀਤੀ ਗਈ ਕਿ ਬਾਕੀ ਰਹਿੰਦੇ ਸਾਰੇ ਪੈਨਸ਼ਨਰਾਂ ਨੂੰ ਪੈਨਸ਼ਨ ਦੀ ਅਦਾਇਗੀ ਕਰਨੀ ਯਕੀਨੀ ਬਣਾਈ ਜਾਵੇ। ਇਸ ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਪੈਨਸ਼ਨਰ ਆਗੂ ਗੁਰਚਰਨ ਸਿੰਘ ਮਾਨ, ਸੁਖਮੰਦਰ ਸਿੰਘ ਰਾਮਸਰ, ਗੇਜ ਰਾਮ ਭੌਰਾ, ਰਮੇਸ਼ਵਰ ਸਿੰਘ ਸੁਪਰਡੈਂਟ, ਹਰਦੇਵ ਸਿੰਘ ਗਿੱਲ, , ਜਸਪਾਲ ਸਿੰਘ,ਮੇਜਰ ਸਿੰਘ ਡੀ ਪੀ ਈ, ਰੰਜੀਵ ਕੌਸ਼ਲ ਅਤੇ ਪੂਰਨ ਸਿੰਘ ਸੰਧਵਾਂ ਸਿਹਤ ਵਿਭਾਗ, ਗੁਲਵੰਤ ਸਿੰਘ ਔਲਖ, ਜੋਗਿੰਦਰ ਸਿੰਘ ਛਾਬੜਾ ਅਤੇ ਪਰਮਿੰਦਰ ਸਿੰਘ ਜਟਾਣਾ ਆਦਿ ਹਾਜ਼ਰ ਸਨ।