ਰਾਜ ਸਭਾ ਮੈਂਬਰਾਂ ਦਾ ਭਾਜਪਾ ’ਚ ਜਾਣ ’ਤੇ ਵਿਰੋਧ
ਜ਼ਮੀਰ ਦੀ ਸੌਦੇਬਾਜ਼ੀ ਕਰਨ ਵਾਲਿਆਂ ਨੂੰ ਲੋਕ ਕਰਾਰਾ ਜਵਾਬ ਦੇਣਗੇ : ‘ਆਪ’ ਆਗੂ
Publish Date: Mon, 27 Apr 2026 03:29 PM (IST)
Updated Date: Tue, 28 Apr 2026 04:01 AM (IST)

ਭੋਲਾ ਸ਼ਰਮਾ, ਪੰਜਾਬੀ ਜਾਗਰਣ, ਜੈਤੋ : ਰਾਘਵ ਚੱਢਾ ਸਮੇਤ ਬਾਗੀ ਸਾਂਸਦਾਂ ਨੇ ਆਪਣੇ ਜ਼ਮੀਰ ਦੀ ਸੌਦੇਬਾਜ਼ੀ ਕਰਕੇ ਨਾ ਸਿਰਫ਼ ਪਾਰਟੀ ਨਾਲ ਵਿਸ਼ਵਾਸਘਾਤ ਕੀਤਾ ਬਲਕਿ ਲੱਖਾਂ ਆਗੂਆਂ ਅਤੇ ਵਰਕਰਾਂ ਦੀ ਮਿਹਨਤ ਨਿਸ਼ਠਾ ਅਤੇ ਭਰੋਸੇ ਨੂੰ ਠੇਸ ਪਹੁੰਚਾਉਂਦਿਆਂ ਪਿੱਠ ’ਚ ਛੁਰਾ ਮਾਰਨ ਦਾ ਘਿਣਾਉਣਾ ਅਪਰਾਧ ਕੀਤਾ ਹੈ ਤੇ ਪਾਰਟੀ ਨਾਲ ਗ਼ੱਦਾਰੀ ਕਰਨ ਵਾਲਿਆਂ ਨੂੰ ਜਨਤਾ ਕਦੇ ਮੁਆਫ਼ ਨਹੀਂ ਕਰੇਗੀ। ਜਲ ਸਪਲਾਈ ਤੇ ਸੀਵਰੇਜ ਬੋਰਡ ਪੰਜਾਬ ਦੇ ਸੀਨੀਅਰ ਵਾਈਸ ਚੇਅਰਮੈਨ ਤੇ ਆਮ ਆਦਮੀ ਪਾਰਟੀ ਲੋਕ ਸਭਾ ਹਲਕਾ ਫ਼ਰੀਦਕੋਟ ਦੇ ਇੰਚਾਰਜ ਧਰਮਜੀਤ ਸਿੰਘ ਰਾਮੇਆਣਾ, ਮਾਰਕੀਟ ਕਮੇਟੀ ਜੈਤੋ ਦੇ ਚੇਅਰਮੈਨ ਤੇ ਆਮ ਆਦਮੀ ਪਾਰਟੀ ਜ਼ਿਲ੍ਹਾ ਫ਼ਰੀਦਕੋਟ ਦੇ ਖ਼ਜ਼ਾਨਚੀ ਡਾ. ਲਛਮਣ ਸ਼ਰਮਾ ਭਗਤੂਆਣਾ, ਆਮ ਆਦਮੀ ਪਾਰਟੀ ਵਿਧਾਨ ਸਭਾ ਹਲਕਾ ਜੈਤੋ ਦੇ ਸੰਗਠਨ ਇੰਚਾਰਜ, ਦਿ ਗੰਗਸਰ ਜੈਤੋ ਪ੍ਰਾਇਮਰੀ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ਲਿਮ: ਜੈਤੋ ਦੇ ਚੇਅਰਮੈਨ, ਆਮ ਆਦਮੀ ਪਾਰਟੀ ਜ਼ਿਲ੍ਹਾ ਫ਼ਰੀਦਕੋਟ ਦੇ ਮੀਤ ਪ੍ਰਧਾਨ ਤੇ ਬਲਾਕ ਸੰਮਤੀ ਜੈਤੋ ਦੇ ਵਾਈਸ ਚੇਅਰਮੈਨ ਗੋਬਿੰਦਰ ਸਿੰਘ ਵਾਲੀਆ ਰਣ ਸਿੰਘ ਵਾਲਾ, ਆਮ ਆਦਮੀ ਪਾਰਟੀ ਬਲਾਕ ਜੈਤੋ ਦੇ ਪ੍ਰਧਾਨ, ਆਲ ਪੰਜਾਬ ਟਰੱਕ ਯੂਨੀਅਨ ਜ਼ਿਲ੍ਹਾ ਫ਼ਰੀਦਕੋਟ ਦੇ ਸਰਪ੍ਰਸਤ ਤੇ ਦਸ਼ਮੇਸ਼ ਟਰੱਕ ਯੂਨੀਅਨ ਬਾਜਾਖਾਨਾ ਦੇ ਪ੍ਰਧਾਨ ਇਕਬਾਲ ਸਿੰਘ ਡੋਡ ਅਤੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਤੇ ਪਿੰਡ ਡੋਡ ਦੇ ਸਰਪੰਚ ਕੁਲਦੀਪ ਸਿੰਘ ਗਿੱਲ ਨੇ ਇੱਥੇ ਗੱਲਬਾਤ ਕਰਦਿਆਂ ਕੀਤਾ। ‘ਆਪ’ ਆਗੂਆਂ ਨੇ ਕਿਹਾ ਕਿ ਜਿਨ੍ਹਾਂ ਚਿਹਰਿਆਂ ਨੂੰ ਪਾਰਟੀ ਨੇ ਉੱਚੇ ਮਕਾਮ ਅਤੇ ਮਾਣ-ਸਨਮਾਨ ਬਖ਼ਸ਼ਿਆ, ਉਨ੍ਹਾਂ ਨੇ ਨਿੱਜੀ ਲਾਲਸਾਵਾਂ ਵਾਸਤੇ ਪਾਰਟੀ ਦੀਆਂ ਜੜ੍ਹਾਂ ਖੋਖਲੀਆਂ ਕਰਨ ਦੀ ਕੋਈ ਕਸਰ ਨਹੀਂ ਛੱਡੀ ਅਤੇ ਪੰਜਾਬ ਦੀ ਲੋਕ ਸਮਾਂ ਆਉਣ ’ਤੇ ਇਨ੍ਹਾਂ ਨੂੰ ਕਰਾਰਾ ਜਵਾਬ ਜ਼ਰੂਰ ਦੇਣਗੇ।