ਨਗਰ ਕੌਂਸਲ ਚੋਣਾਂ 2026 ਦੇ ਮੱਦੇਨਜ਼ਰ ਪੁਲਿਸ ਵੱਲੋਂ ਵੱਖ-ਵੱਖ ਥਾਂਵਾ ’ਚ ਫਲੈਗ ਮਾਰਚ

ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਸ੍ਰੀ ਮੁਕਤਸਰ ਸਾਹਿਬ : ਨਗਰ ਕੌਂਸਲ ਚੋਣਾਂ 2026 ਨੂੰ ਸ਼ਾਂਤਮਈ, ਨਿਰਪੱਖ ਅਤੇ ਪਾਰਦਰਸ਼ੀ ਢੰਗ ਨਾਲ ਕਰਵਾਉਣ ਦੇ ਮੱਦੇਨਜ਼ਰ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ ਜ਼ਿਲ੍ਹੇ ਭਰ ’ਚ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ। ਇਸ ਸਬੰਧੀ ਐੱਸਐੱਸਪੀ ਸ੍ਰੀ ਮੁਕਤਸਰ ਸਾਹਿਬ ਅਭਿਮੰਨਿਊ ਰਾਣਾ, ਆਈਪੀਐਸ ਦੇ ਦਿਸ਼ਾ-ਨਿਰਦੇਸ਼ਾਂ ਅਤੇ ਨਿਗਰਾਨੀ ਹੇਠ ਜ਼ਿਲ੍ਹੇ ਦੇ ਵੱਖ-ਵੱਖ ਸਬ-ਡਿਵੀਜ਼ਨਾਂ ’ਚ ਵਿਸ਼ਾਲ ਫਲੈਗ ਮਾਰਚ ਕੱਢੇ ਗਏ। ਚੋਣਾਂ ਦੌਰਾਨ ਅਮਨ-ਕਾਨੂੰਨ ਦੀ ਸਥਿਤੀ ਨੂੰ ਪੂਰੀ ਤਰ੍ਹਾਂ ਬਰਕਰਾਰ ਰੱਖਣ ਲਈ ਜ਼ਿਲ੍ਹਾ ਪੁਲਿਸ ਵੱਲੋਂ ਸ਼ਹਿਰਾਂ ਦੇ ਮੁੱਖ ਰਸਤਿਆਂ, ਸੰਵੇਦਨਸ਼ੀਲ ਇਲਾਕਿਆਂ ਅਤੇ ਆਉਣ-ਜਾਣ ਵਾਲੇ ਸਾਰੇ ਰੂਟਾਂ ’ਤੇ ਵਿਸ਼ੇਸ਼ ਨਾਕਾਬੰਦੀ ਕੀਤੀ ਗਈ ਹੈ। ਹਰ ਆਉਣ-ਜਾਣ ਵਾਲੇ ਵਾਹਨ ਅਤੇ ਸ਼ੱਕੀ ਵਿਅਕਤੀਆਂ ਦੀ ਗੰਭੀਰਤਾ ਨਾਲ ਚੈਕਿੰਗ ਕੀਤੀ ਜਾ ਰਹੀ ਹੈ। ਇਸਤੋਂ ਇਲਾਵਾ ਪੀਸੀਆਰ ਮੋਟਰਸਾਈਕਲ ਟੀਮਾਂ ਅਤੇ ਪੁਲਿਸ ਪੈਟਰੋਲਿੰਗ ਨੂੰ ਹੋਰ ਵਧਾਇਆ ਗਿਆ ਹੈ। ਜ਼ਿਲ੍ਹਾ ਪੁਲਿਸ ਵੱਲੋਂ ਲਗਾਤਾਰ ਕਾਸੋ ਆਪਰੇਸ਼ਨ, ਸਰਚ ਅਭਿਆਨ ਅਤੇ ਫਲੈਗ ਮਾਰਚ ਕਰਕੇ ਲੋਕਾਂ ਵਿੱਚ ਸੁਰੱਖਿਆ ਦੀ ਭਾਵਨਾ ਮਜ਼ਬੂਤ ਕੀਤੀ ਜਾ ਰਹੀ ਹੈ। ਇਸੇ ਤਹਿਤ ਸ੍ਰੀ ਮੁਕਤਸਰ ਸਾਹਿਬ, ਮਲੋਟ ਅਤੇ ਗਿੱਦੜਬਾਹਾ ਸਮੇਤ ਵੱਖ-ਵੱਖ ਸਬ-ਡਿਵੀਜ਼ਨਾਂ ਵਿੱਚ ਵਿਸ਼ਾਲ ਫਲੈਗ ਮਾਰਚ ਕੱਢੇ ਗਏ। ਮਲੋਟ ਵਿਖੇ ਕੱਢੇ ਗਏ ਫਲੈਗ ਮਾਰਚ ਦੀ ਅਗਵਾਈ ਮਨਮੀਤ ਸਿੰਘ ਢਿੱਲੋਂ, ਐਸ.ਪੀ (ਡੀ) ਵੱਲੋਂ ਕੀਤੀ ਗਈ, ਜਿਨ੍ਹਾਂ ਦੇ ਨਾਲ 100 ਤੋਂ ਵੱਧ ਪੁਲਿਸ ਮੁਲਾਜ਼ਮ ਤੈਨਾਤ ਸਨ। ਇਹ ਫਲੈਗ ਮਾਰਚ ਦਾਣਾ ਮੰਡੀ ਮਲੋਟ ਤੋਂ ਸ਼ੁਰੂ ਹੋ ਕੇ ਤਹਿਸੀਲ ਰੋਡ, ਸੁਪਰ ਮਾਰਕੀਟ, ਸੁਪਰ ਬਾਜ਼ਾਰ, ਗੁਰਦੁਆਰਾ ਸਾਹਿਬ ਰੋਡ ਅਤੇ ਸ਼ਹਿਰ ਦੀਆਂ ਵੱਖ-ਵੱਖ ਗਲੀਆਂ ਵਿੱਚੋਂ ਹੁੰਦਾ ਹੋਇਆ ਵਾਪਸ ਸਮਾਪਤ ਹੋਇਆ। ਇਸੇ ਤਰ੍ਹਾਂ ਸ੍ਰੀ ਮੁਕਤਸਰ ਸਾਹਿਬ ਸ਼ਹਿਰ ਵਿੱਚ ਹਰਕਮਲ ਕੌਰ ਐਸਪੀ (ਐੱਚ) ਦੀ ਅਗਵਾਈ ਹੇਠ ਡੀਐਸਪੀ ਬਚਨ ਸਿੰਘ ਤੇ ਪੁਲਿਸ ਪਾਰਟੀ ਵੱਲੋਂ ਫਲੈਗ ਮਾਰਚ ਕੱਢਿਆ ਗਿਆ। ਇਸ ਦੌਰਾਨ ਪੁਲਿਸ ਅਧਿਕਾਰੀਆਂ ਨੇ ਲੋਕਾਂ ਨਾਲ ਗੱਲਬਾਤ ਕਰਦਿਆਂ ਆਪਸੀ ਭਾਈਚਾਰਾ, ਸਦਭਾਵਨਾ ਅਤੇ ਕਾਨੂੰਨ-ਵਿਵਸਥਾ ਬਣਾਈ ਰੱਖਣ ਦੀ ਅਪੀਲ ਕੀਤੀ। ਇਸੇ ਤਰ੍ਹਾਂ ਗਿੱਦੜਬਾਹਾ ਵਿੱਚ ਜਤਿੰਦਰ ਸਿੰਘ ਡੀਐਸਪੀ (ਗਿੱਦੜਬਾਹਾ) ਦੀ ਅਗਵਾਈ ਹੇਠ ਤੇ ਪੁਲਿਸ ਪਾਰਟੀ ਵੱਲੋਂ ਫਲੈਗ ਮਾਰਚ ਕੱਢਿਆ ਗਿਆ। ਪੁਲਿਸ ਅਧਿਕਾਰੀਆਂ ਨੇ ਕਿਹਾ ਕਿ ਫਲੈਗ ਮਾਰਚ ਦਾ ਮੁੱਖ ਉਦੇਸ਼ ਲੋਕਾਂ ਵਿੱਚ ਵਿਸ਼ਵਾਸ ਅਤੇ ਸੁਰੱਖਿਆ ਦੀ ਭਾਵਨਾ ਪੈਦਾ ਕਰਨਾ, ਸ਼ਰਾਰਤੀ ਅਨਸਰਾਂ ‘ਤੇ ਨਕੇਲ ਕੱਸਣਾ ਅਤੇ ਚੋਣਾਂ ਨੂੰ ਪੂਰੀ ਤਰ੍ਹਾਂ ਸ਼ਾਂਤਮਈ ਢੰਗ ਨਾਲ ਸੰਪੰਨ ਕਰਵਾਉਣਾ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਬਿਨਾਂ ਕਿਸੇ ਡਰ, ਦਬਾਅ ਜਾਂ ਲਾਲਚ ਤੋਂ ਆਪਣੀ ਵੋਟ ਦਾ ਇਸਤੇਮਾਲ ਕਰਨ ਅਤੇ ਜੇਕਰ ਕਿਸੇ ਵੀ ਤਰ੍ਹਾਂ ਦੀ ਸ਼ੱਕੀ ਗਤੀਵਿਧੀ ਨਜ਼ਰ ਆਉਂਦੀ ਹੈ ਤਾਂ ਤੁਰੰਤ ਪੁਲਿਸ ਨੂੰ ਸੂਚਿਤ ਕਰਨ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਵੀ ਵਿਅਕਤੀ ਕੋਲ ਕੋਈ ਜਾਣਕਾਰੀ ਹੈ ਤਾਂ ਉਹ ਪੁਲਿਸ ਹੈਲਪਲਾਈਨ ਨੰਬਰ 80549-42100 ’ਤੇ ਸੰਪਰਕ ਕਰ ਸਕਦਾ ਹੈ। ਜਾਣਕਾਰੀ ਦੇਣ ਵਾਲੇ ਵਿਅਕਤੀ ਦਾ ਨਾਮ ਪੂਰੀ ਤਰ੍ਹਾਂ ਗੁਪਤ ਰੱਖਿਆ ਜਾਵੇਗਾ।