ਪੰਜਾਬ ਵਿਚ ਬਿਜਲੀ ਪ੍ਰਣਾਲੀ ਪੂਰੀ ਤਰ੍ਹਾਂ ਫੇਲ੍ਹ, ਗਰਮੀ ਵਿਚ ਬਿਜਲੀ ਕੱਟਾਂ ਨੇ ਲੋਕਾਂ ਦੇ ਕੱਢੇ ਵੱਟ : ਕਾਂਗਰਸੀ ਆਗੂ

ਭੋਲਾ ਸ਼ਰਮਾ ਪੰਜਾਬੀ ਜਾਗਰਣ, ਜੈਤੋ : ਪੰਜਾਬ ਵਿਚ ਵਧ ਰਹੇ ਬਿਜਲੀ ਸੰਕਟ ਅਤੇ ਲਗਾਤਾਰ ਲੱਗ ਰਹੇ ਬਿਜਲੀ ਕੱਟਾਂ ਨੂੰ ਲੈ ਕੇ ਕਾਂਗਰਸੀ ਆਗੂਆਂ ਨੇ ਸੂਬਾ ਸਰਕਾਰ ’ਤੇ ਤਿੱਖੇ ਸ਼ਬਦੀ ਹਮਲੇ ਕਰਦਿਆਂ ਕਿਹਾ ਹੈ ਕਿ ਭਿਆਨਕ ਗਰਮੀ ਦੌਰਾਨ ਪੂਰੀ ਬਿਜਲੀ ਪ੍ਰਣਾਲੀ ਢਹਿ-ਢੇਰੀ ਹੋ ਚੁੱਕੀ ਹੈ ਅਤੇ ਸਰਕਾਰ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਵਿਚ ਪੂਰੀ ਤਰ੍ਹਾਂ ਅਸਫ਼ਲ ਸਾਬਤ ਹੋਈ ਹੈ। ਇਹ ਪ੍ਰਗਟਾਵਾ ਪੰਜਾਬ ਕਾਂਗਰਸ ਦੇ ਸਾਬਕਾ ਕਾਰਜਕਾਰੀ ਪ੍ਰਧਾਨ ਤੇ ਜ਼ਿਲ੍ਹਾ ਯੋਜਨਾ ਬੋਰਡ ਫ਼ਰੀਦਕੋਟ ਦੇ ਸਾਬਕਾ ਚੇਅਰਮੈਨ ਪਵਨ ਗੋਇਲ ਜੈਤੋ, ਪੰਜਾਬ ਕਾਂਗਰਸ ਦੇ ਸਾਬਕਾ ਸਕੱਤਰ ਮਿਹਰ ਸਿੰਘ (ਸਾਬਕਾ ਸਰਪੰਚ ਕਰੀਰਵਾਲੀ), ਮਾਰਕੀਟ ਕਮੇਟੀ ਜੈਤੋ ਦੇ ਸਾਬਕਾ ਚੇਅਰਮੈਨ ਸਿਕੰਦਰ ਸਿੰਘ ਮੜ੍ਹਾਕ (ਸਾਬਕਾ ਸਰਪੰਚ ਮੜ੍ਹਾਕ), ਜ਼ਿਲ੍ਹਾ ਕਾਂਗਰਸ ਕਮੇਟੀ ਫ਼ਰੀਦਕੋਟ ਦੇ ਮੀਤ ਪ੍ਰਧਾਨ ਤੇ ਸਾਬਕਾ ਬਲਾਕ ਸੰਮਤੀ ਮੈਂਬਰ ਮਨਬੀਰ ਸਿੰਘ ‘ਬੱਬੂ ਬਰਾੜ’ ਮੱਤਾ, ਜ਼ਿਲ੍ਹਾ ਕਾਂਗਰਸ ਕਮੇਟੀ ਫ਼ਰੀਦਕੋਟ ਦੇ ਜਨਰਲ ਸਕੱਤਰ ਦਵਿੰਦਰਬੀਰ ਸਿੰਘ ਬਰਾੜ ਮੱਤਾ, ਬਲਾਕ ਸੰਮਤੀ ਕੋਟਕਪੂਰਾ ਦੇ ਸਾਬਕਾ ਵਾਈਸ ਚੇਅਰਮੈਨ ਸੁਖਜੀਤ ਸਿੰਘ ਧਾਲੀਵਾਲ (ਸਾਬਕਾ ਸਰਪੰਚ ਕੋਠੇ ਹਵਾਨਾ) ਅਤੇ ਸੀਨੀਅਰ ਕਾਂਗਰਸੀ ਆਗੂ ਪ੍ਰੀਤਪਾਲ ਸਿੰਘ ਭਲੂਰੀਆ (ਸਾਬਕਾ ਸਰਪੰਚ ਬਰਗਾੜੀ) ਨੇ ਸਾਂਝੇ ਬਿਆਨ ਰਾਹੀਂ ਕੀਤਾ। ਕਾਂਗਰਸੀ ਆਗੂਆਂ ਨੇ ਕਿਹਾ ਕਿ ਪੰਜਾਬ ਵਿਚ ਪੈ ਰਹੀ ਅੱਤ ਦੀ ਗਰਮੀ ਦੌਰਾਨ ਲੋਕ ਘੰਟਿਆਂ ਬੱਧੀ ਬਿਜਲੀ ਕੱਟ ਝੱਲਣ ਲਈ ਮਜ਼ਬੂਰ ਹਨ। ਸ਼ਹਿਰਾਂ ਤੋਂ ਲੈ ਕੇ ਪਿੰਡਾਂ ਤੱਕ ਹਾਲਾਤ ਬੇਹੱਦ ਗੰਭੀਰ ਬਣੇ ਹੋਏ ਹਨ। ਲੋਕਾਂ ਨੂੰ ਨਾ ਦਿਨ ਸਮੇਂ ਚੈਨ ਮਿਲ ਰਿਹਾ ਹੈ ਅਤੇ ਨਾ ਹੀ ਰਾਤ ਵੇਲੇ ਆਰਾਮ। ਉਨ੍ਹਾਂ ਕਿਹਾ ਕਿ ਜੇਕਰ ਮੌਜੂਦਾ ਹਾਲਾਤਾਂ ’ਤੇ ਜਲਦ ਕਾਬੂ ਨਾ ਪਾਇਆ ਗਿਆ ਤਾਂ ਆਉਣ ਵਾਲੇ ਦਿਨਾਂ ਵਿਚ ਸਥਿਤੀ ਹੋਰ ਵੀ ਭਿਆਨਕ ਹੋ ਸਕਦੀ ਹੈ। ਉਨ੍ਹਾਂ ਕਿਹਾ ਕਿ ਇਹ ਬਹੁਤ ਮੰਦਭਾਗਾ ਹੈ ਕਿ ਬਿਜਲੀ ਵਿਭਾਗ ਕੋਲ ਲੰਬਿਤ ਪਈਆਂ ਲੱਖਾਂ ਸ਼ਿਕਾਇਤਾਂ ਦਾ ਨਿਪਟਾਰਾ ਨਹੀਂ ਹੋ ਸਕਿਆ ਅਤੇ ਕੰਟਰੋਲ ਰੂਮ ਦਾ ਸਟਾਫ਼ ਵੀ ਹੜਤਾਲ ’ਤੇ ਚਲਾ ਗਿਆ ਹੈ। ਅਜਿਹੇ ਹਾਲਾਤਾਂ ਵਿਚ ਆਮ ਲੋਕਾਂ ਦੀਆਂ ਮੁਸ਼ਕਿਲਾਂ ਲਗਾਤਾਰ ਵਧਦੀਆਂ ਜਾ ਰਹੀਆਂ ਹਨ। ਬਿਜਲੀ ਦੀਆਂ ਸਮੱਸਿਆਵਾਂ ਕਾਰਨ ਘਰੇਲੂ ਜੀਵਨ ਦੇ ਨਾਲ-ਨਾਲ ਵਪਾਰਕ ਗਤੀਵਿਧੀਆਂ ਅਤੇ ਖੇਤੀਬਾੜੀ ਵੀ ਪ੍ਰਭਾਵਿਤ ਹੋ ਰਹੀ ਹੈ। ਕਾਂਗਰਸੀ ਆਗੂਆਂ ਨੇ ਦੋਸ਼ ਲਾਇਆ ਕਿ ਸੂਬਾ ਸਰਕਾਰ ਨੇ ਗਰਮੀਆਂ ਦੇ ਮੌਸਮ ਤੋਂ ਪਹਿਲਾਂ ਬਿਜਲੀ ਪ੍ਰਣਾਲੀ ਨੂੰ ਮਜ਼ਬੂਤ ਕਰਨ ਲਈ ਕੋਈ ਢੁੱਕਵੇਂ ਪ੍ਰਬੰਧ ਨਹੀਂ ਕੀਤੇ। ਨਾ ਤਾਂ ਟਰਾਂਸਫਾਰਮਰਾਂ ਦੀ ਸਮਰੱਥਾ ਵਧਾਈ ਗਈ, ਨਾ ਹੀ ਤਕਨੀਕੀ ਸਟਾਫ਼ ਦੀ ਘਾਟ ਨੂੰ ਪੂਰਾ ਕੀਤਾ ਗਿਆ ਅਤੇ ਨਾ ਹੀ ਸ਼ਿਕਾਇਤ ਨਿਵਾਰਨ ਪ੍ਰਣਾਲੀ ਨੂੰ ਮਜ਼ਬੂਤ ਕੀਤਾ ਗਿਆ। ਹੁਣ ਜਿਵੇਂ-ਜਿਵੇਂ ਤਾਪਮਾਨ ਵਧ ਰਿਹਾ ਹੈ, ਪੂਰਾ ਬਿਜਲੀ ਸਿਸਟਮ ਫੇਲ੍ਹ ਹੁੰਦਾ ਨਜ਼ਰ ਆ ਰਿਹਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਪੰਜਾਬ ਨੂੰ ‘ਬਿਜਲੀ ਸਰਪਲੱਸ ਸੂਬਾ’ ਦੱਸਣ ਦੇ ਦਾਅਵੇ ਪੂਰੀ ਤਰ੍ਹਾਂ ਖੋਖਲੇ ਸਾਬਤ ਹੋ ਰਹੇ ਹਨ। ਪਿੰਡਾਂ ਵਿਚ ਕਿਸਾਨਾਂ ਦੀਆਂ ਫ਼ਸਲਾਂ ਅਤੇ ਘਰੇਲੂ ਕੰਮ ਬਿਜਲੀ ਕੱਟਾਂ ਕਾਰਨ ਪ੍ਰਭਾਵਿਤ ਹੋ ਰਹੇ ਹਨ, ਜਦਕਿ ਸ਼ਹਿਰਾਂ ਵਿਚ ਛੋਟੇ ਕਾਰੋਬਾਰ, ਦੁਕਾਨਦਾਰ, ਵਿਦਿਆਰਥੀ ਅਤੇ ਆਮ ਪਰਿਵਾਰ ਸਭ ਤੋਂ ਵੱਧ ਪਰੇਸ਼ਾਨੀ ਦਾ ਸਾਹਮਣਾ ਕਰ ਰਹੇ ਹਨ। ਕਾਂਗਰਸੀ ਆਗੂਆਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਬਿਜਲੀ ਵਿਭਾਗ ਕੋਲ ਲੰਬਿਤ ਸ਼ਿਕਾਇਤਾਂ ਦਾ ਤੁਰੰਤ ਨਿਪਟਾਰਾ ਕੀਤਾ ਜਾਵੇ, ਹੜਤਾਲੀ ਕਰਮਚਾਰੀਆਂ ਨਾਲ ਗੱਲਬਾਤ ਕਰਕੇ ਸੰਕਟ ਦਾ ਹੱਲ ਕੱਢਿਆ ਜਾਵੇ ਅਤੇ ਬਿਜਲੀ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਬਣਾਉਣ ਲਈ ਐਮਰਜੈਂਸੀ ਕਦਮ ਚੁੱਕੇ ਜਾਣ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਹੁਣ ਸਿਰਫ਼ ਇਸ਼ਤਿਹਾਰਾਂ ਅਤੇ ਪ੍ਰਚਾਰ ਤੱਕ ਸੀਮਿਤ ਰਹਿਣ ਦੀ ਬਜਾਏ ਜਨਤਾ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਜ਼ਮੀਨੀ ਪੱਧਰ ’ਤੇ ਕੰਮ ਕਰਨਾ ਚਾਹੀਦਾ ਹੈ।