ਪਾਵਰਕਾਮ ਮੀਟਰ ਰੀਡਰ ਯੂਨੀਅਨ ਵੱਲੋਂ ਰੋਸ ਪ੍ਰਦਰਸ਼ਨ
ਮੰਗਾਂ ਨੂੰ ਲੈਕੇ ਪਾਵਰਕਾਮ ਆਊਟਸੋਰਸ ਮੀਟਰ ਰੀਡਰ ਯੂਨੀਅਨ ਵੱਲੋਂ ਰੋਸ ਪ੍ਰਦਰਸ਼ਨ
Publish Date: Wed, 20 May 2026 06:41 PM (IST)
Updated Date: Thu, 21 May 2026 04:05 AM (IST)

ਹਰਪ੍ਰੀਤ ਸਿੰਘ ਚਾਨਾ ਪੰਜਾਬੀ ਜਾਗਰਣ ਕੋਟਕਪੂਰਾ : ਸਥਾਨਕ ਨਵੀਂ ਦਾਣਾ ਮੰਡੀ ਵਿੱਚ ਪਾਵਰਕਾਮ ਆਊਟਸੋਰਸ ਮੀਟਰ ਰੀਡਰ ਯੂਨੀਅਨ ਵਲੋਂ ਸਰਕਾਰ ਖਿਲਾਫ ਸੂਬਾ ਪੱਧਰੀ ਧਰਨਾ ਦਿੱਤਾ ਗਿਆ, ਇਸ ਦੌਰਾਨ ਯੂਨੀਅਨ ਨੇ ਵਿਧਾਨ ਸਭਾ ਚੋਣਾ ਤੋਂ ਪਹਿਲਾਂ ਕੀਤੇ ਗਏ ਵਾਅਦੇ ਮੁਤਾਬਿਕ ਆਊਟਸੋਰਸ ਮੀਟਰ ਰੀਡਰਾਂ ਨੂੰ ਪਾਵਰਕਾਮ ਅਧੀਨ ਲਿਆ ਕੇ ਕੰਮ ਕਰਵਾਉਣ ਦੀ ਮੰਗ ਚੁੱਕੀ ਗਈ। ਆਪਣੇ ਸੰਬੋਧਨ ਦੌਰਾਨ ਜਥੇਬੰਦੀ ਦੇ ਸੂਬਾ ਪ੍ਰਧਾਨ ਲਖਵਿੰਦਰ ਸਿੰਘ ਸਮੇਤ ਹੋਰ ਬੁਲਾਰਿਆਂ ਨੇ ਆਖਿਆ ਕਿ ਪੀਐਸਪੀਸੀਐਲ ਸ਼ਿਕਾਇਤ ਕੇਂਦਰਾਂ ਵਿੱਚ ਨਿਯੁਕਤ ਕਰਮਚਾਰੀਆਂ ਨੂੰ ਸਰਕਾਰ ਵਲੋਂ ਵਿਭਾਗ ਅਧੀਨ ਲਿਆਂਦਾ ਜਾ ਚੁੱਕਾ ਹੈ, ਜਦਕਿ ਆਊਟਸੋਰਸ ਮੀਟਰ ਰੀਡਰਾਂ ਦੀ ਅਜੇ ਤੱਕ ਕੋਈ ਸੁਣਵਾਈ ਨਹੀਂ ਕੀਤੀ ਜਾ ਰਹੀ। ਸਰਕਾਰ ਖਿਲਾਫ ਨਾਅਰੇਬਾਜੀ ਕਰਦਿਆਂ ਉਹਨਾ ਆਖਿਆ ਕਿ ਜੇਕਰ ਸਰਕਾਰ ਨੇ ਜਲਦ ਉਹਨਾ ਨੂੰ ਵਿਭਾਗ ਅਧੀਨ ਨਾ ਲਿਆਂਦਾ ਤਾਂ ਉਹ ਸੰਘਰਸ਼ ਤਿੱਖਾ ਕਰਨ ਲਈ ਮਜਬੂਰ ਹੋਣਗੇ। ਉਹਨਾ ਦੱਸਿਆ ਕਿ ਸਾਲ 2022 ਦੀਆਂ ਪੰਜਾਬ ਵਿਧਾਨ ਸਭਾ ਚੋਣਾ ਤੋਂ ਪਹਿਲਾਂ ਆਮ ਆਦਮੀ ਪਾਰਟੀ ਨੇ ਮੀਟਰ ਰੀਡਰਾਂ ਨਾਲ ਵਾਅਦਾ ਕੀਤਾ ਸੀ ਕਿ ਸਰਕਾਰ ਬਣਨ ਤੋਂ ਬਾਅਦ ਉਹਨਾ ਨੂੰ ਵਿਭਾਗ ਅਧੀਨ ਆਉਂਦੀ ਲਿਆਂਦਾ ਜਾਵੇਗਾ ਪਰ ਚਾਰ ਸਾਲ ਤੋਂ ਵੀ ਜਿਆਦਾ ਸਮਾਂ ਬੀਤ ਜਾਣ ਦੇ ਬਾਵਜੂਦ ਸਰਕਾਰ ਨੇ ਅਜੇ ਤੱਕ ਉਹਨਾ ਦੀਆਂ ਮੰਗਾਂ ਵੱਲ ਧਿਆਨ ਦੇਣ ਦੀ ਜਰੂਰਤ ਹੀ ਨਹੀਂ ਸਮਝੀ। ਧਰਨਾਕਾਰੀਆਂ ਨੂੰ ਸ਼ਾਂਤ ਕਰਨ ਲਈ ਪੁੱਜੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਵਿਸ਼ਵਾਸ਼ ਦਿਵਾਇਆ ਕਿ 1 ਜੂਨ ਨੂੰ ਜਥੇਬੰਦੀ ਦੀ ਬਿਜਲੀ ਮੰਤਰੀ ਨਾਲ ਮੀਟਿੰਗ ਕਰਵਾਈ ਜਾਵੇਗੀ। ਜਥੇਬੰਦੀ ਨੇ ਸਪੀਕਰ ਸੰਧਵਾਂ ਨੂੰ ਲਿਖਤੀ ਸ਼ਿਕਾਇਤ ਪੱਤਰ ਸੋਂਪ ਕੇ ਧਰਨਾ ਚੁੱਕ ਲਿਆ।