ਪਾਵਰਕਾਮ ਪੈਨਸ਼ਨਰਜ਼ ਐਸੋਸੀਏਸ਼ਨ ਨੇ ਮਈ ਦਿਵਸ ਮਨਾਇਆ
ਪੈਨਸ਼ਨਰਜ਼ ਐਸੋਸੀਏਸ਼ਨ ਪਾਵਰਕਾਮਮਜ਼ਦੂਰ ਦਿਵਸ ਮੌਕੇ ਸ਼ਹੀਦਾਂ ਦੀ ਯਾਦ ’ਚ ਨਾਅਰੇ ਲਗਾਉਂਦੇ ਹੋਏ।
Publish Date: Fri, 01 May 2026 03:58 PM (IST)
Updated Date: Sat, 02 May 2026 04:02 AM (IST)

ਨਿੱਜੀ ਪੱਤਰ ਪ੍ਰੇਰਕ, ਪੰਜਾਬੀ ਜਾਗਰਣ ਮੋਗਾ: ਪੈਨਸ਼ਨਰਜ਼ ਐਸੋਸੀਏਸ਼ਨ ਪਾਵਰਕਾਮ ਅਤੇ ਟਰਾਂਸਕੋ ਦੇ ਸਿਟੀ ਮੰਡਲ ਅਤੇ ਸਬਅਰਬਨ ਮੰਡਲ ਮੋਗਾ ਵੱਲੋਂ ਅੱਜ ਮਈ ਦਿਵਸ ਬੜੀ ਸ਼ਰਧਾ ਅਤੇ ਜੋਸ਼ ਨਾਲ ਮਨਾਇਆ ਗਿਆ। ਇਹ ਸਮਾਗਮ ਸਾਥੀ ਬਲੌਰ ਸਿੰਘ ਅਤੇ ਸਾਥੀ ਜਗਰੂਪ ਸਿੰਘ ਦੀ ਅਗਵਾਈ ਹੇਠ ਡਿਵੀਜ਼ਨ ਦਫਤਰ ਦੇ ਗੇਟ ਅੱਗੇ ਕਰਵਾਇਆ ਗਿਆ। ਸਮਾਗਮ ਦੌਰਾਨ ਮਈ ਦਿਵਸ ਦੇ ਸ਼ਹੀਦਾਂ ਨੂੰ ਲਾਲ ਸਲਾਮ ਅਤੇ ਸ਼ਿਕਾਗੋ ਦੇ ਸ਼ਹੀਦਾਂ ਨੂੰ ਲਾਲ ਸਲਾਮ ਦੇ ਗੂੰਜਦਾਰ ਨਾਅਰਿਆਂ ਵਿਚ ਜਥੇਬੰਦੀ ਦਾ ਝੰਡਾ ਲਹਿਰਾਇਆ ਗਿਆ। ਇਸ ਉਪਰੰਤ ਸਮੂਹ ਪੈਨਸ਼ਨਰ ਸਾਥੀਆਂ ਵੱਲੋਂ ਮਈ ਦਿਵਸ ਦੇ ਸ਼ਹੀਦਾਂ ਦੀ ਯਾਦ ਵਿੱਚ ਦੋ ਮਿੰਟ ਦਾ ਮੌਨ ਰੱਖ ਕੇ ਸ਼ਰਧਾਂਜਲੀ ਭੇਟ ਕੀਤੀ ਗਈ। ਸਟੇਜ ਦੀ ਕਾਰਵਾਈ ਸਾਥੀ ਬਲਵਿੰਦਰ ਸਿੰਘ, ਸਕੱਤਰ ਸਿਟੀ ਮੋਗਾ ਵੱਲੋਂ ਸ਼ੁਰੂ ਕੀਤੀ ਗਈ। ਸੰਬੋਧਨ ਵਿਚ ਸਾਥੀ ਬਲੌਰ ਸਿੰਘ ਅਤੇ ਸਾਥੀ ਜਗਰੂਪ ਸਿੰਘ ਨੇ ਕਿਹਾ ਕਿ ਮੌਜੂਦਾ ਹਕੂਮਤਾਂ ਵੱਲੋਂ ਕਾਰਪੋਰੇਟ ਨੀਤੀਆਂ ਅਧੀਨ ਮਜ਼ਦੂਰ ਵਿਰੋਧੀ ਫੈਸਲੇ ਕੀਤੇ ਜਾ ਰਹੇ ਹਨ। 29 ਲੇਬਰ ਕਾਨੂੰਨਾਂ ਨੂੰ ਖ਼ਤਮ ਕਰਕੇ ਚਾਰ ਲੇਬਰ ਕੋਡ ਬਣਾਉਣ ਨਾਲ ਕੰਮ ਦੇ ਘੰਟੇ ਵਧਾ ਕੇ 12 ਕਰਨ ਦੀ ਕੋਸ਼ਿਸ਼ ਕੀਤੀ ਗਈ ਹੈ ਅਤੇ ਜਥੇਬੰਦੀ ਬਣਾਉਣ ਦੇ ਅਧਿਕਾਰਾਂ ਨੂੰ ਵੀ ਖ਼ਤਰੇ ਵਿਚ ਪਾਇਆ ਗਿਆ ਹੈ। ਉਨ੍ਹਾਂ ਦੋਸ਼ ਲਾਇਆ ਕਿ ਪੰਜਾਬ ਸਰਕਾਰ ਵੱਲੋਂ ਵੀ ਅਪ੍ਰੈਲ 2026 ਵਿਚ ਇਹ ਨੀਤੀਆਂ ਲਾਗੂ ਕੀਤੀਆਂ ਗਈਆਂ ਹਨ। ਅੰਤ ਵਿਚ ਆਗੂਆਂ ਨੇ ਕਿਹਾ ਕਿ ਮਈ ਦਿਵਸ ਦੇ ਸ਼ਹੀਦਾਂ ਨੂੰ ਅਸਲ ਸ਼ਰਧਾਂਜ਼ਲੀ ਇਹੀ ਹੋਵੇਗੀ ਕਿ ਅਸੀਂ ਜਥੇਬੰਦੀ ਦੇ ਸੰਘਰਸ਼ ਪ੍ਰੋਗਰਾਮ ਵਿਚ ਵੱਧ ਤੋਂ ਵੱਧ ਹਿੱਸਾ ਲਈਏ ਅਤੇ ਆਪਣੇ ਹੱਕਾਂ ਲਈ ਇਕੱਠੇ ਹੋ ਕੇ ਲੜਾਈ ਲੜੀਏ। ਇਸ ਮੌਕੇ ਸਾਥੀ ਜੰਗੀਰ ਸਿੰਘ, ਜੋਗਿੰਦਰ ਸਿੰਘ, ਪ੍ਰੀਤਮ ਸਿੰਘ, ਪਰਗਟ ਸਿੰਘ, ਰਣਜੀਤ ਸਿੰਘ, ਕੁਲਦੀਪ ਕੁਮਾਰ, ਤਰਸੇਮ ਲਾਲ, ਪਾਲ ਸਿੰਘ ਆਦਿ ਹਾਜ਼ਰ ਸਨ।