ਪੰਜਾਬ ਬਚਾਓ ਰੈਲੀ ਦੀਆਂ ਤਿਆਰੀਆਂ ਮੁੰਕਮਲ
ਪੰਜਾਬ ਬਚਾਓ ਰੈਲੀ ਦੀਆਂ ਤਿਆਰੀਆਂ ਲਗਭਗ ਮੁੰਕਮਲ : ਰੋਜ਼ੀ ਬਰਕੰਦੀ, ਹਨੀ ਫੱਤਣਵਾਲਾ
Publish Date: Sat, 04 Apr 2026 03:45 PM (IST)
Updated Date: Sat, 04 Apr 2026 03:46 PM (IST)

ਜਤਿੰਦਰ ਸਿੰਘ ਭੰਵਰਾ, ਪੰਜਾਬੀ ਜਾਗਰਣ ਸ੍ਰੀ ਮੁਕਤਸਰ ਸਾਹਿਬ : 6 ਅਪ੍ਰੈਲ ਦਿਨ ਸੋਮਵਾਰ ਨੂੰ ਮਲੋਟ ਰੋਡ ਵਿਖੇ ਹੋਣ ਜਾ ਰਹੀ “ਪੰਜਾਬ ਬਚਾਓ ਰੈਲੀ” ਨੂੰ ਲੈ ਕੇ ਤਿਆਰੀਆਂ ਜੋਰਾਂ ’ਤੇ ਚੱਲ ਰਹੀਆਂ ਹਨ। ਇਹ ਰੈਲੀ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਕੀਤੀ ਜਾ ਰਹੀ ਹੈ, ਜਿਸਨੂੰ ਲੈ ਕੇ ਵਰਕਰਾਂ ’ਚ ਕਾਫੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ। ਰੈਲੀ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਜ਼ਿਲ੍ਹਾ ਪ੍ਰਧਾਨ ਕੰਵਰਜੀਤ ਸਿੰਘ ਰੋਜ਼ੀ ਬਰਕੰਦੀ ਅਤੇ ਜਰਨਲ ਸਕੱਤਰ ਜਗਜੀਤ ਸਿੰਘ ਹਨੀ ਫੱਤਣਵਾਲਾ ਵੱਲੋਂ ਗੁਰਦੁਆਰਾ ਕਮੇਟੀ ਦੀ ਜਗ੍ਹਾ ’ਤੇ ਪਹੁੰਚ ਕੇ ਪੰਡਾਲ ਦੇ ਪ੍ਰਬੰਧਾਂ ਦੀ ਸਮੀਖਿਆ ਕੀਤੀ ਗਈ। ਇਸ ਦੌਰਾਨ ਉਨ੍ਹਾਂ ਨੇ ਮੌਕੇ ’ਤੇ ਕੰਮ ਕਰ ਰਹੇ ਵਰਕਰਾਂ ਨੂੰ ਜਰੂਰੀ ਹਦਾਇਤਾਂ ਦਿੱਤੀਆਂ। ਸਾਂਝੇ ਬਿਆਨ ’ਚ ਰੋਜ਼ੀ ਬਰਕੰਦੀ ਅਤੇ ਹਨੀ ਫੱਤਣਵਾਲਾ ਨੇ ਦੱਸਿਆ ਕਿ ਰੈਲੀ ਲਈ ਵੱਡੇ ਪੱਧਰ ’ਤੇ ਤਿਆਰੀ ਕੀਤੀ ਜਾ ਰਹੀ ਹੈ ਅਤੇ ਪੰਡਾਲ ਵਿੱਚ ਘੱਟੋ-ਘੱਟ 10 ਹਜ਼ਾਰ ਕੁਰਸੀਆਂ ਲਗਾਉਣ ਦੇ ਪ੍ਰਬੰਧ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਵੱਖ-ਵੱਖ ਪਿੰਡਾਂ ਤੋਂ ਵਰਕਰਾਂ ਦੀ ਵੱਡੀ ਗਿਣਤੀ ਨੂੰ ਰੈਲੀ ’ਚ ਸ਼ਾਮਿਲ ਕਰਨ ਲਈ ਬੱਸਾਂ ਦਾ ਵਿਸ਼ੇਸ਼ ਇੰਤਜ਼ਾਮ ਕੀਤਾ ਗਿਆ ਹੈ। ਉਨ੍ਹਾਂ ਨੇ ਦਾਅਵਾ ਕੀਤਾ ਕਿ ਇਹ ਰੈਲੀ ਇਤਿਹਾਸਕ ਸਾਬਤ ਹੋਵੇਗੀ ਅਤੇ ਪੰਜਾਬ ਦੀ ਰਾਜਨੀਤੀ ’ਚ ਨਵਾਂ ਮੋੜ ਲਿਆਵੇਗੀ। ਵਰਕਰਾਂ ਨੂੰ ਵੱਧ ਚੜ੍ਹ ਕੇ ਸ਼ਮੂਲੀਅਤ ਕਰਨ ਦੀ ਅਪੀਲ ਵੀ ਕੀਤੀ ਗਈ ਹੈ।