ਵਿਦੇਸ਼ੀ ਦੌਰਾ ਰੱਦ ਕਰ ਪੰਜਾਬ ਦੇ ਲੋਕਾਂ ਦੀ ਸਾਰ ਲਵੇ ਪ੍ਰਧਾਨ ਮੰਤਰੀ : ਹਨੀ
ਚੀਨ ਤੇ ਜਪਾਨ ਦਾ ਦੌਰਾ ਰੱਦ ਕਰ ਪੰਜਾਬ ਦੇ ਲੋਕਾਂ ਦੀ ਸਾਰ ਲਵੇ ਪ੍ਰਧਾਨ ਮੰਤਰੀ : ਹਨੀ ਫੱਤਣਵਾਲਾ
Publish Date: Mon, 01 Sep 2025 04:14 PM (IST)
Updated Date: Mon, 01 Sep 2025 04:16 PM (IST)

ਜਤਿੰਦਰ ਸਿੰਘ ਭੰਵਰਾ, ਪੰਜਾਬੀ ਜਾਗਰਣ ਸ੍ਰੀ ਮੁਕਤਸਰ ਸਾਹਿਬ : ਪੰਜਾਬ ਕੁਦਰਤੀ ਆਫਤ ਦੇ ਚੱਲਦਿਆ ਹੜ੍ਹਾਂ ਦੀ ਮਾਰ ਹੇਠ ਆ ਚੁੱਕਾ ਹੈ ਤੇ ਹੁਣ ਲੋਕਾਂ ਨੇ ਸੂਬਾ ਸਰਕਾਰ ਤੋਂ ਮਦਦ ਦੀ ਆਸ ਉਮੀਦ ਛੱਡ ਦਿੱਤੀ ਹੈ। ਇਹ ਪ੍ਰਗਟਾਵਾ ਸ਼ੋ੍ਮਣੀ ਅਕਾਲੀ ਦਲ ਦੇ ਸਾਬਕਾ ਜਨਰਲ ਸਕੱਤਰ ਜਗਜੀਤ ਸਿੰਘ ਹਨੀ ਫੱਤਣਵਾਲਾ ਨੇ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲਗਾਤਾਰ ਹੜ੍ਹ ਪੀੜ੍ਹਤਾਂ ਦੀ ਮਦਦ ਦੇ ਨਾਂ ’ਤੇ ਸਿਰਫ ਬਿਆਨਬਾਜ਼ੀ ਕੀਤੀ ਜਾ ਰਹੀ ਹੈ। ਉਨ੍ਹਾਂ ਸੂਬਾ ਸਰਕਾਰ ਨੂੰ ਹੜ੍ਹ ਪੀੜ੍ਹਤਾਂ ਨੂੰ ਵੱਡੇ ਪੱਧਰ ’ਤੇ ਮੁਆਵਜ਼ਾ ਦੇਣ ਦੀ ਮੰਗ ਕੀਤੀ ਹੈ। ਉਨ੍ਹਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਅਪੀਲ ਕੀਤੀ ਕਿ ਉਨ੍ਹਾਂ ਵੱਲੋਂ ਚੀਨ ਤੇ ਜਪਾਨ ਦਾ ਦੌਰਾ ਰੱਦ ਕਰਕੇ ਪੂਰੇ ਭਾਰਤ ਨੂੰ ਅਨਾਜ਼ ਮੁਹੱਈਆ ਕਰਵਾਉਣ ਵਾਲੇ ਸੂਬਾ ਪੰਜਾਬ ਅੰਦਰ ਕੁਦਰਤੀ ਆਫ਼ਤ ਦਾ ਸਾਹਮਣਾ ਕਰ ਰਹੇ ਕਿਸਾਨਾਂ ਤੇ ਆਮ ਲੋਕਾਂ ਦੀ ਸਾਰ ਲੈਣੀ ਚਾਹੀਦੀ ਹੈ। ਪੰਜਾਬ ਦਾ ਲਗਭਗ 1200 ਪਿੰਡ ਹੜ੍ਹ ਦੀ ਮਾਰ ਹੇਠ ਹੈ। ਉਨ੍ਹਾਂ ਕੇਂਦਰ ਸਰਕਾਰ ਤੋਂ ਮੰਗ ਕੀਤੀ ਕਿ ਪੰਜਾਬ ’ਚ ਹੜ੍ਹ ਪੀੜ੍ਹਤ ਲੋਕਾਂ ਦੀ ਮੱਦਦ ਲਈ ਕਿਸਾਨਾਂ ਨੂੰ ਘੱਟੋ ਘੱਟ ਇੱਕ ਲੱਖ ਰੁਪਏ ਪ੍ਰਤਿ ਏਕੜ ਦੇ ਹਿਸਾਬ ਨਾਲ ਮੁਆਵਜ਼ਾ ਦਿੱਤਾ ਜਾਵੇ, ਜਿਨ੍ਹਾਂ ਲੋਕਾਂ ਦੇ ਘਰ ਢਹਿ ਚੁੱਕੇ ਹਨ ਉਨ੍ਹਾਂ ਨੂੰ ਘੱਟ ਤੋਂ ਘੱਟ 10 ਲੱਖ ਰੁਪਏ ਮੁਆਵਜ਼ਾ ਦਿੱਤਾ ਜਾਵੇ ਤੇ ਜਿਨ੍ਹਾਂ ਲੋਕਾਂ ਦੇ ਪਸ਼ੂ ਧੰਨ ਦਾ ਨੁਕਸਾਨ ਹੋਇਆ ਉਨ੍ਹਾਂ ਨੂੰ ਘੱਟੋ ਘੱਟ ਇੱਕ ਲੱਖ ਰੁਪਏ ਮੁਆਵਜ਼ਾ ਦਿੱਤਾ ਜਾਵੇ। ਜਗਜੀਤ ਸਿੰਘ ਹਨੀ ਫੱਤਣਵਾਲਾ ਨੇ ਸ਼ੋ੍ਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ ਧੰਨਵਾਦ ਕੀਤਾ ਤੇ ਕਿਹਾ ਕਿ ਉਨ੍ਹਾਂ ਵੱਲੋਂ ਸਤਾ ’ਚ ਨਾ ਹੋਣ ਦੇ ਬਾਵਜੂਦ ਵੀ ਬਿਨਾਂ ਸਵਾਰਥ ਹੜ੍ਹ ਪ੍ਰਭਾਵਿਤ ਪਿੰਡਾਂ ਦੇ ਦੌਰੇ ਦੌਰਾਨ ਰਾਸ਼ਨ ਦੇ ਨਾਲ-ਨਾਲ ਪਸ਼ੂਆਂ ਲਈ ਚਾਰਾ, ਪਾਣੀ ਦੀ ਨਿਕਾਸੀ ਲਈ ਇੰਜਣ, ਡੀਜ਼ਲ, ਪਾਈਪਾਂ, ਦਵਾਈਆਂ, ਕਿਸ਼ਤੀਆਂ ਤੇ ਹੋਰ ਲੋੜੀਂਦਾ ਸਾਮਾਨ ਵੀ ਵੰਡਿਆ ਜਾ ਰਿਹਾ ਹੈ। ਇਸਤੋਂ ਇਲਾਵਾ ਉਨ੍ਹਾਂ ਨੇ ਸ਼ੋ੍ਮਣੀ ਅਕਾਲੀ ਦਲ ਦੇ ਹਰ ਵਰਕਰ ਨੂੰ ਲੋਕਾਂ ਦੀ ਮਦਦ ਦੇ ਹੁਕਮ ਕੀਤੇ ਹਨ।