ਪਾਵਰਕਾਮ ਦੀ ਮੈਨੇਜਮੈਂਟ ਦੀ ਅਰਥੀ ਫੂਕ ਕੇ ਕੀਤਾ ਰੋਸ ਪ੍ਰਦਰਸ਼ਨ
ਪਾਵਰਕਾਮ ਦੀ ਮੈਨੇਜਮੈਂਟ ਦੀ ਅਰਥੀ ਫੂਕ ਕੇ ਕੀਤਾ ਰੋਸ ਪ੍ਰਦਰਸ਼ਨ
Publish Date: Fri, 12 Dec 2025 05:05 PM (IST)
Updated Date: Fri, 12 Dec 2025 05:06 PM (IST)

ਵਿਕਾਸ ਭਾਰਦਵਾਜ. ਪੰਜਾਬੀ ਜਾਗਰਣ ਮੰਡੀ ਬਰੀਵਾਲਾ : ਟੈਕਨੀਕਲ ਸਰਵਿਸਿਜ਼ ਯੂਨੀਅਨ ਤੇ ਪਾਵਰਕਾਮ ਐਂਡ ਟ੍ਰਾਸਕੋ ਠੇਕਾ ਮੁਲਾਜ਼ਮ ਯੂਨੀਅਨ ਵੱਲੋਂ ਪ੍ਰਧਾਨ ਬੱਲਾ ਸਿੰਘ ਦੀ ਪ੍ਰਧਾਨਗੀ ਹੇਠ ਬਿਜਲੀ ਕਾਮਿਆਂ ਵੱਲੋਂ ਪਾਵਰਕਾਮ ਦੀ ਮੈਨੇਜਮੈਂਟ ਤੇ ਪੰਜਾਬ ਸਰਕਾਰ ਵੱਲੋਂ ਬਠਿੰਡਾ ਥਰਮਲ ਕਲੋਨੀ ਦੀ ਜ਼ਮੀਨ ਵੇਚਣ ਦੇ ਕੀਤੇ ਫੈਸਲੇ ਵਿਰੁੱਧ ਪਾਵਰਕਾਮ ਦੀ ਮੈਨੇਜਮੈਂਟ ਤੇ ਪੰਜਾਬ ਸਰਕਾਰ ਦੀ ਅਰਥੀ ਸਾੜਕੇ ਰੋਸ ਪ੍ਰਦਰਸ਼ਨ ਕੀਤਾ। ਇਸ ਸਮੇਂ ਆਗੂਆਂ ਗੁਰਾਂਦਿੱਤਾ ਸਿੰਘ ਤੇ ਜੀਤ ਸਿੰਘ ਨੇ ਸੰਬੋਧਨ ਕਰਦਿਆਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਸਾਮਰਾਜੀ ਦਿਸ਼ਾ ਨਿਰਦੇਸ਼ਾਂ ਤਹਿਤ ਨਿਜੀਕਰਨ ਦੀਆਂ ਨੀਤੀਆਂ ਨੂੰ ਲਾਗੂ ਕਰਨ ਲਈ ਬਿਜਲੀ ਐਕਟ 2003 ’ਚ ਲਗਾਤਾਰ ਸੋਧ ਕਰਦਿਆਂ ਹੁਣ ਬਿਜਲੀ ਸੋਧ ਬਿੱਲ 2025 ਨੂੰ ਪਾਸ ਕਰਕੇ ਬਿਜਲੀ ਖੇਤਰ ਦਾ ਮੂਕੰਮਲ ਰੂਪ ’ਚ ਨਿੱਜੀਕਰਨ ਕਰਨ ਲਈ ਕਦਮ ਚੁੱਕੇ ਜਾ ਰਹੇ ਹਨ। ਪੰਜਾਬ ਸਰਕਾਰ ਵੱਲੋਂ ਵੀ ਬਿਜਲੀ ਵਿਭਾਗ ਦੀਆਂ ਜ਼ਮੀਨਾਂ ਵੇਚਣ ਦੇ ਫ਼ੈਸਲੇ ਇਸੇ ਨੀਤੀ ਤਹਿਤ ਹੀ ਕੀਤੇ ਜਾ ਰਹੇ ਹਨ। ਸਾਮਰਾਜੀ ਦਿਸ਼ਾ ਨਿਰਦੇਸ਼ਤ ਨੀਤੀਆਂ ਨੂੰ ਲਾਗੂ ਕਰਦਿਆਂ ਕੇਂਦਰ ਤੇ ਪੰਜਾਬ ਸਰਕਾਰ ਵੱਲੋਂ ਸੁਧਾਰਾਂ ਦੇ ਦੰਭੀ ਐਲਾਨ ਹੇਠ ਕਾਰਪੋਰੇਟ ਘਰਾਣਿਆਂ ਵੱਲੋਂ ਪਹਿਲਾਂ ਕੀਤੀ ਜਾਂਦੀ ਲੁੱਟ ’ਚ ਵਾਧਾ ਕਰਨ ਲਈ ਨਿੱਜੀਕਰਨ ਕੀਤਾ ਜਾ ਰਿਹਾ ਹੈ। ਰੋਸ ਪ੍ਰਦਰਸ਼ਨ ਕਰਦੇ ਬਿਜਲੀ ਕਾਮਿਆਂ ਵੱਲੋਂ ਮੰਗ ਕੀਤੀ ਕਿ ਨਿੱਜੀਕਰਨ ਦੀ ਨੀਤੀ ਰੱਦ ਕੀਤੀ ਜਾਵੇ, ਬਠਿੰਡਾ ਥਰਮਲ ਕਲੋਨੀ ਦੀ ਜ਼ਮੀਨ ਵੇਚਣ ਦਾ ਫ਼ੈਸਲਾ ਰੱਦ ਕੀਤਾ ਜਾਵੇ, ਬਿਜਲੀ ਸੋਧ ਬਿੱਲ 2025 ਰੱਦ ਕੀਤਾ ਜਾਵੇ। ਇਸ ਮੌਕੇ ਸੁਰਿੰਦਰ ਸਿੰਘ ਬਿੱਟੂ, ਸਤਪਾਲ, ਮੇਜਰ ਸਿੰਘ ਹਰੀ ਕੇ, ਪ੍ਰਗਟ ਸਿੰਘ ਆਦਿ ਆਗੂ ਸ਼ਾਮਲ ਹੋਏ।