ਗੈਸ ਸਿਲੰਡਰ ਦੀਆਂ ਕੀਮਤਾਂ ’ਚ ਵਾਧੇ ਦਾ ਵਿਰੋਧ
ਗੈਸ ਸਿਲੰਡਰ ਦੀਆਂ ਵਧਦੀਆਂ ਕੀਮਤਾਂ ਨੂੰ ਲੈ ਕੇ ਆਮ ਆਦਮੀ ਪਾਰਟੀ ਵੱਲੋਂ ਭਾਜਪਾ ਖ਼ਿਲਾਫ਼ ਰੋਸ ਪ੍ਰਦਰਸ਼ਨ
Publish Date: Mon, 04 May 2026 03:37 PM (IST)
Updated Date: Tue, 05 May 2026 04:02 AM (IST)
ਪੱਤਰ ਪ੍ਰੇਰਕ ਪੰਜਾਬੀ ਜਾਗਰਣ ਫਰੀਦਕੋਟ : ਗੈਸ ਸਿਲੰਡਰ ਦੀਆਂ ਲਗਾਤਾਰ ਵੱਧ ਰਹੀਆਂ ਕੀਮਤਾਂ ਨੂੰ ਲੈ ਕੇ ਰਾਜਨੀਤੀ ਗਰਮਾ ਗਈ ਹੈ। ਆਮ ਆਦਮੀ ਪਾਰਟੀ ਨੇ ਭਾਜਪਾ ਤੇ ਤਿੱਖੇ ਸਵਾਲ ਚੁੱਕਦੇ ਹੋਏ ਦੋਸ਼ ਲਾਇਆ ਕਿ ਕੇਂਦਰ ਸਰਕਾਰ ਮਹਿੰਗਾਈ ‘ਤੇ ਕਾਬੂ ਪਾਉਣ ਵਿੱਚ ਨਾਕਾਮ ਰਹੀ ਹੈ। ਆਪ ਆਗੂਆਂ ਨੇ ਕਿਹਾ ਕਿ ਜਦੋਂ ਪਹਿਲਾਂ ਛੋਟੇ-ਛੋਟੇ ਮੁੱਦਿਆਂ ‘ਤੇ ਵੱਡੇ ਸਵਾਲ ਉਠਾਏ ਜਾਂਦੇ ਸਨ, ਅੱਜ ਗੈਸ ਦੀਆਂ ਵਧੀਆਂ ਕੀਮਤਾਂ ‘ਤੇ ਸਭ ਚੁੱਪ ਕਿਉਂ ਹਨ। ਇਸ ਮੌਕੇ ਆਪ ਦੇ ਜ਼ਿਲਾ ਪ੍ਰਧਾਨ ਗੁਰਤੇਜ ਸਿੰਘ ਖੋਸਾ ਦੀ ਅਗਵਾਈ ਹੇਠ ਫਰੀਦਕੋਟ ਦੇ ਘੰਟਾ ਘਰ ਚੌਂਕ ਵਿੱਚ ਪ੍ਰਦਰਸ਼ਨ ਕੀਤਾ ਗਿਆ, ਜਿੱਥੇ ਵਰਕਰਾਂ ਨੇ ਕੇਂਦਰ ਸਰਕਾਰ ਦੇ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਉੱਧਰ ਭਾਜਪਾ ਵੱਲੋਂ ਪੰਜਾਬ ਵਿੱਚ 2027 ਦੀਆਂ ਚੋਣਾਂ ਲਈ ਅਤੇ ਨਗਰ ਕੌਂਸਲ ਦੀਆਂ ਚੋਣਾਂ ਲਈ ਤਿਆਰੀਆਂ ਦਾ ਦਾਅਵਾ ਕੀਤਾ ਜਾ ਰਿਹਾ ਹੈ, ਪਰ ਵਿਰੋਧੀ ਧਿਰ ਇਸ ਨੂੰ ਲੋਕਾਂ ਦੇ ਮੁੱਖ ਮੁੱਦਿਆਂ ਤੋਂ ਧਿਆਨ ਹਟਾਉਣ ਦੀ ਕੋਸ਼ਿਸ਼ ਕਰਾਰ ਦੇ ਰਹੀ ਹੈ। ਹੁਣ ਦੇਖਣਾ ਇਹ ਹੋਵੇਗਾ ਕਿ ਮਹਿੰਗਾਈ ਦਾ ਇਹ ਮਸਲਾ ਆਉਣ ਵਾਲੀਆਂ ਚੋਣਾਂ ਵਿੱਚ ਕਿੰਨਾ ਅਸਰ ਪਾਂਦਾ ਹੈ।ਇਸ ਮੌਕੇ ਰਾਮ ਸਿੰਘ,ਗੁਰਪ੍ਰੀਤ ਸਿੰੰਘ,ਸੁਖਦੇਵ ਸਿੰਘ ਆਦਿ ਹਾਜਰ ਸਨ।