ਪੰਜਾਬ ਵਿਚ ਆਏ ਭਿਆਨਕ ਹੜ੍ਹਾਂ ਨੇ ਜਿੱਥੇ ਲੋਕਾਂ ਦੀ ਜ਼ਿੰਦਗੀ ਨੂੰ ਬੁਰੀ ਤਰ੍ਹਾਂ ਪ੍ਰਭਾਵਿਤ ਕੀਤਾ ਹੈ, ਉੱਥੇ ਹੀ ਕਈ ਸੇਵਾ ਭਾਵਨਾ ਵਾਲੇ ਚਿਹਰੇ ਅੱਗੇ ਆ ਕੇ ਪੀੜਤ ਪਰਿਵਾਰਾਂ ਦੀ ਹੌਸਲਾ ਅਫਜ਼ਾਈ ਕਰ ਰਹੇ ਹਨ। ਇਨ੍ਹਾਂ ਵਿਚ ਬਾਲੀਵੁੱਡ ਦੇ ਮਸ਼ਹੂਰ ਅਦਾਕਾਰ ਸੋਨੂ ਸੂਦ ਦਾ ਨਾਮ ਸਭ ਤੋਂ ਅੱਗੇ ਹੈ।
ਪੱਤਰ ਪ੍ਰੇਰਕ 0 ਪੰਜਾਬੀ ਜਾਗਰਣ, ਮੋਗਾ : ਪੰਜਾਬ ਵਿਚ ਆਏ ਭਿਆਨਕ ਹੜ੍ਹਾਂ ਨੇ ਜਿੱਥੇ ਲੋਕਾਂ ਦੀ ਜ਼ਿੰਦਗੀ ਨੂੰ ਬੁਰੀ ਤਰ੍ਹਾਂ ਪ੍ਰਭਾਵਿਤ ਕੀਤਾ ਹੈ, ਉੱਥੇ ਹੀ ਕਈ ਸੇਵਾ ਭਾਵਨਾ ਵਾਲੇ ਚਿਹਰੇ ਅੱਗੇ ਆ ਕੇ ਪੀੜਤ ਪਰਿਵਾਰਾਂ ਦੀ ਹੌਸਲਾ ਅਫਜ਼ਾਈ ਕਰ ਰਹੇ ਹਨ। ਇਨ੍ਹਾਂ ਵਿਚ ਬਾਲੀਵੁੱਡ ਦੇ ਮਸ਼ਹੂਰ ਅਦਾਕਾਰ ਸੋਨੂ ਸੂਦ ਦਾ ਨਾਮ ਸਭ ਤੋਂ ਅੱਗੇ ਹੈ।
ਕੋਰੋਨਾ ਮਹਾਮਾਰੀ ਦੌਰਾਨ ਗਰੀਬ ਤੇ ਮਜ਼ਦੂਰ ਵਰਗ ਲਈ ‘ਮਸੀਹਾ’ ਬਣੇ ਸੋਨੂੰ ਸੂਦ ਹੁਣ ਪੰਜਾਬ ਵਿਚ ਆਏ ਭਿਆਨਕ ਹੜ੍ਹਾਂ ਵਿਚ ਫਸੇ ਲੋਕਾਂ ਦੀ ਮਦਦ ਲਈ ਆਪਣੀ ਭੈਣ ਮਾਲਵੀਕਾ ਸੂਦ ਦੇ ਨਾਲ ਖੁਦ ਮੈਦਾਨ ਵਿਚ ਉਤਰੇ ਹਨ। ਇਸ ਮੌਕੇ ਸੋਨੂੰ ਸੂਦ ਨੇ ਆਪਣੇ ਨਿਵਾਸ ਸਥਾਨ ਮੋਗਾ ਵਿਖੇ ਪ੍ਰੈਸ ਕਾਨਫਰੰਸ ਦੌਰਾਨ ਦੱਸਿਆ ਕਿ ਉਨ੍ਹਾਂ ਦੀਆਂ ਖਾਸ ਟੀਮਾਂ ਵੱਖ-ਵੱਖ ਪਿੰਡਾਂ ਦਾ ਦੌਰਾ ਕਰ ਰਹੀਆਂ ਹਨ ਅਤੇ ਉੱਥੇ ਪਹੁੰਚ ਕੇ ਲੋਕਾਂ ਦੀਆਂ ਜ਼ਰੂਰਤਾਂ ਦਾ ਪਤਾ ਲਗਾ ਰਹੀਆਂ ਹਨ। ਉਨ੍ਹਾਂ ਨੇ ਕਿਹਾ ਕਿ ਰਾਹਤ ਕੰਮਾਂ ਨੂੰ ਸਿਰਫ਼ ਸਮਾਨ ਵੰਡਣ ਤੱਕ ਹੀ ਸੀਮਿਤ ਨਹੀਂ ਰੱਖਿਆ ਜਾਵੇਗਾ, ਬਲਕਿ ਹਰ ਪਰਿਵਾਰ ਦੀ ਅਸਲੀ ਲੋੜ ਮੁਤਾਬਕ ਉਨ੍ਹਾਂ ਨੂੰ ਸਹਾਇਤਾ ਪ੍ਰਦਾਨ ਕੀਤੀ ਜਾਵੇਗੀ।
ਇਸ ਮੌਕੇ ਸੂਦ ਨੇ ਜਾਣਕਾਰੀ ਦਿੱਤੀ ਕਿ ਅੱਜ ਤੋਂ ਹੀ ਵੱਡੇ ਪੱਧਰ ‘ਤੇ ਕੰਬਲ, ਗੱਦੇ, ਖਾਣ-ਪੀਣ ਦਾ ਸਮਾਨ ਅਤੇ ਹੋਰ ਜ਼ਰੂਰੀ ਚੀਜ਼ਾਂ ਹੜ੍ਹ ਪੀੜਤ ਪਰਿਵਾਰਾਂ ਵਿਚ ਵੰਡਣ ਦੀ ਸ਼ੁਰੂਆਤ ਹੋ ਗਈ ਹੈ। ਉਨ੍ਹਾਂ ਨੇ ਦਿਲੋਂ ਕਿਹਾ ਕਿ ਪੰਜਾਬ ਦੇ ਲੋਕ ਇਸ ਵੇਲੇ ਸਭ ਤੋਂ ਵੱਡੀ ਮੁਸ਼ਕਲ ਘੜੀ ਦਾ ਸਾਹਮਣਾ ਕਰ ਰਹੇ ਹਨ ਅਤੇ ਇਹ ਸਿਰਫ ਸਰਕਾਰ ਨਹੀਂ, ਸਗੋਂ ਹਰੇਕ ਪੰਜਾਬੀ ਦੀ ਜ਼ਿੰਮੇਵਾਰੀ ਹੈ ਕਿ ਏਕਤਾ ਨਾਲ ਇਸ ਸੰਕਟ ਘੜੀ ‘ਚ ਪੀੜਤ ਲੋਕਾਂ ਦੇ ਨਾਲ ਖੜ੍ਹੇ ਹੋਵਣ।
ਇਸ ਮੌਕੇ ‘ਤੇ ਸੋਨੂੰ ਸੂਦ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪੰਜਾਬ ਦੌਰੇ ਦਾ ਖਾਸ ਸਵਾਗਤ ਕੀਤਾ। ਉਨ੍ਹਾਂ ਨੇ ਕਿਹਾ ਕਿ ਜੇਕਰ ਪੀਐੱਮ ਮੋਦੀ ਖੁਦ ਪੰਜਾਬ ਆ ਕੇ ਲੋਕਾਂ ਦੀਆਂ ਪਰੇਸ਼ਾਨੀਆਂ ਸੁਣ ਰਹੇ ਹਨ ਅਤੇ ਉਨ੍ਹਾਂ ਦੇ ਹੱਲ ਲਈ ਯਤਨ ਕਰ ਰਹੇ ਹਨ, ਤਾਂ ਸਾਨੂੰ ਵੀ ਖੁੱਲ੍ਹੇ ਦਿਲ ਨਾਲ ਉਨ੍ਹਾਂ ਦਾ ਸਵਾਗਤ ਕਰਨਾ ਚਾਹੀਦਾ ਹੈ।
ਸੂਦ ਨੇ ਆਪਣੇ ਸੰਦੇਸ਼ ਵਿਚ ਜ਼ੋਰ ਦੇ ਕੇ ਕਿਹਾ ਕਿ ਪੰਜਾਬ ਦੀ ਧਰਤੀ ਹਮੇਸ਼ਾ ਇਕ ਦੂਜੇ ਦਾ ਸਾਥ ਦੇਣ ਲਈ ਜਾਣੀ ਜਾਂਦੀ ਹੈ ਅਤੇ ਇਹ ਸਮਾਂ ਸਾਂਝੀ ਏਕਤਾ ਦਾ ਹੈ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਹਰੇਕ ਸਮਾਜਿਕ, ਰਾਜਨੀਤਿਕ ਅਤੇ ਧਾਰਮਿਕ ਸੰਗਠਨ ਇਕੱਠੇ ਹੋ ਕੇ ਹੜ੍ਹ ਪੀੜਤਾਂ ਦੀ ਸਹਾਇਤਾ ਵਿਚ ਹਿੱਸਾ ਪਾਵੇ, ਕਿਉਂਕਿ ਇਸ ਤਰ੍ਹਾਂ ਦੀਆਂ ਘੜੀਆਂ ਵਿਚ ਸਿਰਫ਼ ਮਿਲ ਕੇ ਹੀ ਤਬਾਹੀ ਦੇ ਘਾਵਾਂ ‘ਤੇ ਮਲਮ ਪਾਇਆ ਜਾ ਸਕਦਾ ਹੈ।