ਪੰਜਾਬ ਸਰਕਾਰ ਵੱਲੋਂ ਇੱਕ ਵਾਰ ਫ਼ਿਰ ਤਨਖਾਹਾਂ ਦੇਣ ਤੋਂ ਹੱਥ ਖੜ੍ਹੇ
ਪੰਜਾਬ ਸਰਕਾਰ ਵੱਲੋਂ ਇੱਕ ਵਾਰ ਫ਼ਿਰ ਤਨਖਾਹਾਂ ਦੇਣ ਤੋਂ ਹੱਥ ਖੜ੍ਹੇ
Publish Date: Sat, 06 Dec 2025 04:11 PM (IST)
Updated Date: Sat, 06 Dec 2025 04:12 PM (IST)

ਸੁਖਦੀਪ ਸਿੰਘ ਗਿੱਲ, ਪੰਜਾਬੀ ਜਾਗਰਣ ਸ੍ਰੀ ਮੁਕਤਸਰ ਸਾਹਿਬ : ਸਿੱਖਿਆ ਸਿਹਤ ਤੋਂ ਇਲਾਵਾ ਹਰ ਖੇਤਰ ’ਚ ਕ੍ਰਾਂਤੀ ਦੀਆਂ ਟਾਹਰਾਂ ਮਾਰਨ ਵਾਲੀ ਆਪ ਸਰਕਾਰ ਇੱਕ ਵਾਰ ਫਿਰ ਪੰਜਾਬ ਦੇ ਮੁਲਾਜ਼ਮਾਂ ਦੀਆਂ ਤਨਖ਼ਾਹਾਂ ਜਾਰੀ ਕਰਨ ਤੋਂ ਹੱਥ ਖੜ੍ਹੇ ਕਰ ਗਈ ਹੈ। ਪ੍ਰਤੀਨਿੱਧ ਅਧਿਆਪਕ ਜੱਥੇਬੰਦੀ ਡੈਮੋਕ੍ਰੈਟਿਕ ਟੀਚਰਜ਼ ਫਰੰਟ ਦੇ ਜ਼ਿਲ੍ਹਾ ਪ੍ਰਧਾਨ ਲਖਵੀਰ ਸਿੰਘ ਹਰੀਕੇ ਅਤੇ ਜ਼ਿਲ੍ਹਾ ਸਕੱਤਰ ਜੀਵਨ ਸਿੰਘ ਬਧਾਈ ਨੇ ਪੰਜਾਬ ਸਰਕਾਰ ਦੀਆਂ ਮੁਲਾਜ਼ਮ ਵਿਰੋਧੀ ਨੀਤੀਆਂ ਦੀ ਸਖ਼ਤ ਸ਼ਬਦਾਂ ’ਚ ਨਿਖੇਧੀ ਕਰਦਿਆਂ ਕਿਹਾ ਕਿ ਫੋਕੀ ਇਸ਼ਤਿਹਾਰਬਾਜ਼ੀ ਦੇ ਆਸਰੇ ਲੋਕਾਂ ਨੂੰ ਭਰਮਾਉਣ ਵਾਲੀ ਆਪ ਸਰਕਾਰ ਦਾ ਲੋਕ ਵਿਰੋਧੀ ਚਿਹਰਾ ਪੂਰੀ ਤਰ੍ਹਾਂ ਬੇਨਕਾਬ ਹੋ ਚੁੱਕਾ ਹੈ। ਜੱਥੇਬੰਦੀ ਦੇ ਸੀਨੀਅਰ ਮੀਤ ਪ੍ਰਧਾਨ ਸੁਰਿੰਦਰ ਸੇਤੀਆ ਮੀਤ ਪ੍ਰਧਾਨ ਪਰਮਿੰਦਰ ਖੋਖਰ ਅਤੇ ਜ਼ਿਲ੍ਹਾ ਵਿੱਤ ਸਕੱਤਰ ਨੀਰਜ਼ ਬਜਾਜ ਨੇ ਦੱਸਿਆ ਕਿ ਇਸ ਵਾਰ ਵੀ ਸਰਕਾਰ ਵੱਲੋਂ ਮੁਲਾਜ਼ਮਾਂ ਦੀਆਂ ਤਨਖ਼ਾਹਾਂ ਤੇ ਜਮਾਂ ਜ਼ੁਬਾਨੀ ਰੋਕ ਲਗਾ ਦਿੱਤੀ ਹੈ। ਜਿਸ ਕਾਰਨ ਅਧਿਆਪਕ ਵਰਗ ਲਈ ਪ੍ਰੇਸ਼ਾਨੀਆਂ ਖੜ੍ਹੀਆਂ ਹੋ ਗਈਆਂ ਹਨ। ਉਨ੍ਹਾਂ ਕਿਹਾ ਕਿ ਇਹ ਵਰਤਾਰਾ ਪਿਛਲੇ ਲੰਬੇ ਸਮੇਂ ਤੋਂ ਲਗਾਤਾਰ ਜਾਰੀ ਹੈ। ਜਦੋਂ ਵੀ ਅਧਿਆਪਕ ਆਗੂਆਂ ਵੱਲੋਂ ਖਜ਼ਾਨਾ ਦਫ਼ਤਰ ਤੋਂ ਤਨਖਾਹਾਂ ਸਬੰਧੀ ਪੁੱਛਿਆ ਜਾਂਦਾ ਹੈ ਤਾਂ ਜ਼ੁਬਾਨੀ ਹੁਕਮਾਂ ਅਨੁਸਾਰ ਰੋਕ ਲੱਗੀ ਹੋਣ ਦਾ ਜੁਆਬ ਮਿਲਦਾ ਹੈ। ਜ਼ਿਲ੍ਹਾ ਪ੍ਰਧਾਨ ਲਖਵੀਰ ਸਿੰਘ ਹਰੀਕੇ ਨੇ ਕਿਹਾ ਕਿ ਜ਼ੁਬਾਨੀ ਹੁਕਮਾਂ ਅਨੁਸਾਰ ਕਿਸੇ ਵੀ ਮੁਲਾਜ਼ਮ ਦੀ ਤਨਖਾਹ ਰੋਕੀ ਨਹੀਂ ਜਾ ਸਕਦੀ। ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁਲਾਜ਼ਮਾਂ ਦੇ 37 ਤਰ੍ਹਾਂ ਦੇ ਭੱਤਿਆਂ ਦੀ ਕਟੌਤੀ ਕਰਕੇ ਜੁਲਾਈ 2020 ਤੋਂ ਬਾਅਦ ਭਰਤੀ ਕੀਤੇ ਮੁਲਾਜ਼ਮਾਂ ਤੇ ਅਧੂਰਾ ਕੇਂਦਰੀ ਤਨਖਾਹ ਕਮਿਸ਼ਨ ਲਾਗੂ ਕਰਕੇ ਆਪਣੀਆਂ ਮੁਲਾਜ਼ਮ ਵਿਰੋਧੀ ਨੀਤੀਆਂ ਦਾ ਪ੍ਰਗਟਾਵਾ ਨੰਗੇ ਚਿੱਟੇ ਰੂਪ ਵਿੱਚ ਕਰ ਦਿੱਤਾ ਹੈ। ਅਧਿਆਪਕ ਆਗੂਆਂ ਨੇ ਰੁਕੀਆਂ ਤਨਖਾਹਾਂ ਤੁਰੰਤ ਜਾਰੀ ਕਰਨ ਦੀ ਮੰਗ ਕਰਦਿਆਂ ਚੇਤਾਵਨੀ ਦਿੱਤੀ ਕਿ ਸੋਮਵਾਰ ਤੱਕ ਤਨਖਾਹਾਂ ਜਾਰੀ ਨਾ ਹੋਣ ਤੇ ਖਜ਼ਾਨਾ ਦਫ਼ਤਰ ਅੱਗੇ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ। ਉਨ੍ਹਾਂ ਚਿਤਾਵਨੀ ਦਿੰਦਿਆਂ ਕਿਹਾ ਹਰ ਤਰ੍ਹਾਂ ਦੇ ਕੱਟੇ ਹੋਏ ਭੱਤੇ ਬਹਾਲ ਕਰਨ ਸਮੇਂਤ ਬਾਕੀ ਵਿੱਤੀ ਮੰਗਾਂ ਨੂੰ ਦੀ ਪ੍ਰਾਪਤੀ ਲਈ ਆਉਣ ਵਾਲੇ ਸਮੇਂ ਵਿੱਚ ਤਿੱਖਾ ਸੰਘਰਸ਼ ਕੀਤਾ ਜਾਵੇਗਾ। ਇਸ ਸਮੇਂ ਚਰਨਜੀਤ ਸਿੰਘ ਅਟਵਾਲ, ਸੁਖਜੀਤ ਥਾਂਦੇਵਾਲਾ, ਕੁਲਵਿੰਦਰ ਗੁਲਾਬੇ ਵਾਲਾ, ਰਵਿੰਦਰ ਰਵੀ, ਨਛੱਤਰ ਹਰੀਕੇ, ਰਵੀ ਸ਼ਰਮਾ ਸਮੇਤ ਵੱਡੀ ਗਿਣਤੀ ਵਿਚ ਅਧਿਆਪਕ ਆਗੂ ਹਾਜ਼ਰ ਸਨ।