-ਸਰਕਾਰਾਂ ਦੀਆਂ ਮਜ਼ਦੂਰ ਵਿਰੋਧੀ ਨੀਤੀਆਂ ਖ਼ਿਲਾਫ਼ ਪ੍ਰਗਟਾਇਆ ਰੋਸ
ਪੰਜਾਬ ਖੇਤ ਮਜ਼ਦੂਰ ਯੂਨੀਅਨ ਵੱਲੋਂ ਮਜ਼ਦੂਰ ਦਿਵਸ ਮੌਕੇ ਸਿਕਾਗੋ ਦੇ ਸ਼ਹੀਦਾਂ ਨੂੰ ਦਿੱਤੀ ਸ਼ਰਧਾਂਜਲੀ
Publish Date: Fri, 01 May 2026 06:48 PM (IST)
Updated Date: Fri, 01 May 2026 06:50 PM (IST)

ਸੁਖਦੀਪ ਸਿੰਘ ਗਿੱਲ, ਪੰਜਾਬੀ ਜਾਗਰਣ ਸ੍ਰੀ ਮੁਕਤਸਰ ਸਾਹਿਬ : ਪੰਜਾਬ ਖੇਤ ਮਜ਼ਦੂਰ ਯੂਨੀਅਨ ਵੱਲੋਂ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਭੁੱਟੀਵਾਲਾ, ਸਿੰਘੇਵਾਲਾ, ਕਿੱਲਿਆਂਵਾਲੀ, ਖੁੰਨਣ ਖੁਰਦ ਅਤੇ ਖੁੰਡੇ ਹਲਾਲ ਮਜ਼ਦੂਰ ਦਿਵਸ ਮਨਾਇਆ ਗਿਆ। ਇਸ ਮੌਕੇ ਯੂਨੀਅਨ ਆਗੂਆਂ ਅਤੇ ਵਰਕਰਾਂ ਨੇ ਸਿਕਾਗੋ ਦੇ ਸ਼ਹੀਦਾਂ ਨੂੰ ਲਾਲ ਸਲਾਮ ਪੇਸ਼ ਕਰਦਿਆਂ ਉਨ੍ਹਾਂ ਦੇ ਸੰਘਰਸ਼ੀ ਵਿਰਸੇ ਨੂੰ ਅੱਗੇ ਵਧਾਉਣ ਦਾ ਅਹਿਦ ਲਿਆ। ਇਸ ਮੌਕੇ ਸੰਬੋਧਨ ਕਰਦਿਆਂ ਯੂਨੀਅਨ ਦੇ ਜ਼ਿਲ੍ਹਾ ਖਜ਼ਾਨਚੀ ਬਾਜ ਸਿੰਘ ਭੁੱਟੀਵਾਲਾ ਸਮੇਤ ਹੋਰ ਆਗੂਆਂ ਕਾਲਾ ਸਿੰਘ ਖੂੰਨਣ ਖੁਰਦ, ਰਾਜਾ ਸਿੰਘ ਖੂੰਨਣ ਖੁਰਦ, ਕਾਕਾ ਸਿੰਘ ਖੁੰਡੇ ਹਲਾਲ, ਤਰਸੇਮ ਸਿੰਘ ਖੁੰਡੇ ਹਲਾਲਾ, ਗੁਰਜੰਟ ਸਿੰਘ ਸਾਉਂਕੇ, ਕਾਲਾ ਸਿੰਘ ਸਿੰਘੇਵਾਲਾ, ਤਾਰਾਵੰਤੀ ਕਿਲਿਆਂਵਾਲੀ, ਤਾਰਾ ਸਿੰਘ, ਮੱਖਣ ਸਿੰਘ ਅਤੇ ਗੁਰਮੇਲ ਸਿੰਘ ਸਿੰਘੇਵਾਲਾ ਨੇ ਕਿਹਾ ਕਿ 1886 ਵਿੱਚ ਸਿਕਾਗੋ ਦੇ ਮਜ਼ਦੂਰਾਂ ਨੇ ਅਰਧ-ਗੁਲਾਮੀ ਵਾਲੀ ਜ਼ਿੰਦਗੀ ਅਤੇ 18 ਤੋਂ 24 ਘੰਟੇ ਦੇ ਲੰਮੇ ਕੰਮਕਾਜੀ ਸਮੇਂ ਖਿਲਾਫ ਅਵਾਜ਼ ਬੁਲੰਦ ਕੀਤੀ ਸੀ। ਉਨ੍ਹਾਂ ਦੱਸਿਆ ਕਿ ਉਸ ਸੰਘਰਸ਼ ਦੌਰਾਨ ਸ਼ਹੀਦ ਹੋਏ ਮਜ਼ਦੂਰਾਂ ਦੇ ਖੂਨ ਨਾਲ ਹੀ ਮਜ਼ਦੂਰ ਜਮਾਤ ਨੂੰ 8 ਘੰਟੇ ਦੀ ਦਿਹਾੜੀ ਅਤੇ ਯੂਨੀਅਨ ਬਣਾਉਣ ਵਰਗੇ ਅਧਿਕਾਰ ਪ੍ਰਾਪਤ ਹੋਏ ਸਨ। ਮੌਜੂਦਾ ਹਾਲਾਤਾਂ ਤੇ ਤਿੱਖੀ ਪ੍ਰਤੀਕਿਰਿਆ ਜ਼ਾਹਿਰ ਕਰਦਿਆਂ ਆਗੂਆਂ ਨੇ ਕੇਂਦਰ ਦੀ ਮੋਦੀ ਸਰਕਾਰ ਅਤੇ ਪੰਜਾਬ ਦੀ ਭਗਵੰਤ ਮਾਨ ਸਰਕਾਰ ਦੀ ਸਖ਼ਤ ਆਲੋਚਨਾ ਕੀਤੀ। ਉਨ੍ਹਾਂ ਦੋਸ਼ ਲਾਇਆ ਕਿ ਸਰਕਾਰਾਂ ਵੱਲੋਂ ਮਜ਼ਦੂਰਾਂ ਤੋਂ 12-12 ਘੰਟੇ ਕੰਮ ਲੈਣ ਦੇ ਨੋਟੀਫਿਕੇਸ਼ਨ ਜਾਰੀ ਕਰਕੇ ਕਾਰਪੋਰੇਟ ਘਰਾਣਿਆਂ ਦੇ ਹਿੱਤ ਪੂਰੇ ਕੀਤੇ ਜਾ ਰਹੇ ਹਨ। ਆਗੂਆਂ ਨੇ ਚੇਤਾਵਨੀ ਦਿੱਤੀ ਕਿ ਮਨਰੇਗਾ ਸਕੀਮ ਨੂੰ ਕਮਜ਼ੋਰ ਕਰਨ ਅਤੇ ਮਜ਼ਦੂਰਾਂ ਨੂੰ ਕੰਮ ਤੋਂ ਵਾਂਝੇ ਕਰਨ ਦੀਆਂ ਕੋਸ਼ਿਸ਼ਾਂ ਸਹਿਣ ਨਹੀਂ ਕੀਤੀਆਂ ਜਾਣਗੀਆਂ। ਯੂਨੀਅਨ ਵੱਲੋਂ ਮੰਗ ਕੀਤੀ ਗਈ ਕਿ ਮਨਰੇਗਾ ਕਾਨੂੰਨ ਨੂੰ ਪਾਰਦਰਸ਼ੀ ਢੰਗ ਨਾਲ ਲਾਗੂ ਕੀਤਾ ਜਾਵੇ। ਅਖੀਰ ਵਿੱਚ ਸਮੂਹ ਮਜ਼ਦੂਰ ਵਰਗ ਨੂੰ ਅਪੀਲ ਕੀਤੀ ਗਈ ਕਿ ਉਹ ਆਪਣੇ ਹੱਕਾਂ ਦੀ ਰਾਖੀ ਲਈ ਲਾਮਬੰਦ ਹੋਣ ਅਤੇ ਮਜ਼ਦੂਰ ਵਿਰੋਧੀ ਨੀਤੀਆਂ ਖਿਲਾਫ ਇੱਕਜੁੱਟ ਹੋ ਕੇ ਸੰਘਰਸ਼ ਦਾ ਰਾਹ ਅਖਤਿਆਰ ਕਰਨ।