ਇਲਾਕੇ ’ਚ ਸਨਸਨੀ: ਖਾਲੀ ਪਲਾਟ ’ਚੋਂ ਬੇਹੋਸ਼ ਹਾਲਤ ’ਚ ਮਿਲੇ ਵਿਅਕਤੀ ਦੀ ਇਲਾਜ ਦੌਰਾਨ ਮੌਤ, ਜਾਂਚ 'ਚ ਜੁਟੀ ਪੁਲਿਸ
ਮੋਗਾ ਸ਼ਹਿਰ ਦੇ ਗਿੱਲ ਰੋਡ ਸਥਿਤ ਇੱਕ ਖਾਲੀ ਪਲਾਟ ’ਚੋਂ ਇੱਕ ਅਣਪਛਾਤਾ ਵਿਅਕਤੀ ਦੀ ਬੇਹੋਸ਼ੀ ਦੀ ਹਾਲਤ ’ਚ ਡਿੱਗੇ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਅਨੁਸਾਰ ਉਕਤ ਵਿਅਕਤੀ ਦੀ ਉਮਰ ਕਰੀਬ 35 ਤੋਂ 40 ਸਾਲ ਦੇ ਵਿਚਕਾਰ ਦੱਸੀ ਜਾ ਰਹੀ ਹੈ।
Publish Date: Sat, 30 May 2026 12:11 PM (IST)
Updated Date: Sat, 30 May 2026 12:13 PM (IST)
ਵਕੀਲ ਮਹਿਰੋਂ, ਪੰਜਾਬੀ ਜਾਗਰਣ, ਮੋਗਾ। ਮੋਗਾ ਸ਼ਹਿਰ ਦੇ ਗਿੱਲ ਰੋਡ ਸਥਿਤ ਇੱਕ ਖਾਲੀ ਪਲਾਟ ’ਚੋਂ ਇੱਕ ਅਣਪਛਾਤਾ ਵਿਅਕਤੀ ਦੀ ਬੇਹੋਸ਼ੀ ਦੀ ਹਾਲਤ ’ਚ ਡਿੱਗੇ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਅਨੁਸਾਰ ਉਕਤ ਵਿਅਕਤੀ ਦੀ ਉਮਰ ਕਰੀਬ 35 ਤੋਂ 40 ਸਾਲ ਦੇ ਵਿਚਕਾਰ ਦੱਸੀ ਜਾ ਰਹੀ ਹੈ।
ਘਟਨਾ ਦੀ ਸੂਚਨਾ ਮਿਲਦੇ ਹੀ ਸਮਾਜ ਸੇਵਾ ਸੁਸਾਇਟੀ ਦੇ ਮੈਂਬਰ ਮੌਕੇ ’ਤੇ ਪਹੁੰਚੇ ਅਤੇ ਮਨੁੱਖਤਾ ਦੀ ਮਿਸਾਲ ਪੇਸ਼ ਕਰਦਿਆਂ ਸੁਸਾਇਟੀ ਦੀ ਐਮਰਜੈਂਸੀ ਸੇਵਾ ਗੱਡੀ ਰਾਹੀਂ ਉਸ ਵਿਅਕਤੀ ਨੂੰ ਤੁਰੰਤ ਸਿਵਲ ਹਸਪਤਾਲ ਮੋਗਾ ਇਲਾਜ ਲਈ ਪਹੁੰਚਾਇਆ। ਹਸਪਤਾਲ ਵਿੱਚ ਡਾਕਟਰਾਂ ਦੀ ਟੀਮ ਵੱਲੋਂ ਉਸ ਦੀ ਜਾਂਚ ਕੀਤੀ ਗਈ ਪਰ ਜਾਂਚ ਉਪਰੰਤ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਕਰਾਰ ਦੇ ਦਿੱਤਾ।
ਸਮਾਜ ਸੇਵਾ ਸੁਸਾਇਟੀ ਦੇ ਮੈਂਬਰਾਂ ਵੱਲੋਂ ਮ੍ਰਿਤਕ ਦੀ ਲਾਸ਼ ਨੂੰ ਸਿਵਲ ਹਸਪਤਾਲ ਦੀ ਮੋਰਚਰੀ ’ਚ ਰਖਵਾ ਦਿੱਤਾ ਗਿਆ ਹੈ ਤਾਂ ਜੋ ਉਸ ਦੀ ਪਛਾਣ ਹੋਣ ਉਪਰੰਤ ਅਗਲੀ ਕਾਰਵਾਈ ਕੀਤੀ ਜਾ ਸਕੇ।
ਫਿਲਹਾਲ ਮ੍ਰਿਤਕ ਦੀ ਪਛਾਣ ਨਹੀਂ ਹੋ ਸਕੀ ਹੈ। ਪੁਲਿਸ ਪ੍ਰਸ਼ਾਸਨ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਮ੍ਰਿਤਕ ਦੀ ਪਛਾਣ ਕਰਨ ਦੇ ਯਤਨ ਜਾਰੀ ਹਨ। ਪੁਲਿਸ ਵੱਲੋਂ ਆਸ-ਪਾਸ ਦੇ ਇਲਾਕੇ ਦੇ ਲੋਕਾਂ ਨਾਲ ਵੀ ਸੰਪਰਕ ਕੀਤਾ ਜਾ ਰਿਹਾ ਹੈ ਤਾਂ ਜੋ ਮ੍ਰਿਤਕ ਦੀ ਸ਼ਨਾਖ਼ਤ ਹੋ ਸਕੇ ਅਤੇ ਮੌਤ ਦੇ ਕਾਰਨਾਂ ਬਾਰੇ ਪੂਰੀ ਜਾਣਕਾਰੀ ਸਾਹਮਣੇ ਆ ਸਕੇ।
ਸਥਾਨਕ ਲੋਕਾਂ ਨੇ ਸਮਾਜ ਸੇਵਾ ਸੁਸਾਇਟੀ ਦੇ ਮੈਂਬਰਾਂ ਵੱਲੋਂ ਦਿਖਾਈ ਗਈ ਤਤਪਰਤਾ ਅਤੇ ਮਨੁੱਖਤਾ ਭਰੀ ਸੇਵਾ ਦੀ ਸ਼ਲਾਘਾ ਕੀਤੀ ਹੈ। ਪੁਲਿਸ ਨੇ ਕਿਹਾ ਕਿ ਪੋਸਟਮਾਰਟਮ ਰਿਪੋਰਟ ਅਤੇ ਹੋਰ ਜਾਂਚ ਤੋਂ ਬਾਅਦ ਹੀ ਮੌਤ ਦੇ ਅਸਲ ਕਾਰਨਾਂ ਬਾਰੇ ਸਪੱਸ਼ਟ ਜਾਣਕਾਰੀ ਮਿਲ ਸਕੇਗੀ।