ਸੇਵਾ ਕੇਂਦਰ ਮੁਲਾਜ਼ਿਮ ਵੈੱਲਫੇਅਰ ਐਸੋਸੀਏਸ਼ਨ ਪੰਜਾਬ

- 13 ਸੇਵਾ ਕੇਂਦਰਾਂ ਦਾ ਕੰਮਕਾਜ ਪੂਰੀ ਤਰ੍ਹਾਂ ਠੱਪ, ਮੰਗਾਂ ਨਾ ਮੰਨਣ ’ਤੇ ਭੁੱਖ ਹੜਤਾਲ ਤੇ ਤਿੱਖੇ ਸੰਘਰਸ਼ ਦੀ ਚਿਤਾਵਨੀ
ਵਕੀਲ ਮਹਿਰੋਂ, ਪੰਜਾਬੀ ਜਾਗਰਣ
ਮੋਗਾ : ਸੇਵਾ ਕੇਂਦਰ ਮੁਲਾਜ਼ਮ ਵੈੱਲਫੇਅਰ ਐਸੋਸੀਏਸ਼ਨ ਪੰਜਾਬ ਵੱਲੋਂ ਦਿੱਤੀ ਗਈ ਸੂਬਾ ਪੱਧਰੀ ਸੰਘਰਸ਼ ਦੀ ਕਾਲ ਤਹਿਤ ਸ਼ਨਿਚਰਵਾਰ ਨੂੰ ਜ਼ਿਲ੍ਹੇ ਦੇ ਸਮੂਹ 13 ਸੇਵਾ ਕੇਂਦਰਾਂ ਦੇ ਮੁਲਾਜ਼ਮਾਂ ਨੇ ਆਪਣੇ ਦਫ਼ਤਰੀ ਕੰਮਕਾਜ ਨੂੰ ਪੂਰੀ ਤਰ੍ਹਾਂ ਬੰਦ ਰੱਖਦਿਆਂ ਵਿਸ਼ਾਲ ਰੋਸ ਪ੍ਰਦਰਸ਼ਨ ਅਤੇ ਰੋਸ ਮਾਰਚ ਕੀਤਾ ਗਿਆ। ਇਸ ਮੌਕੇ ਮੁਲਾਜ਼ਮਾਂ ਨੇ ਪ੍ਰਾਈਵੇਟ ਕੰਪਨੀਆਂ ਦੀਆਂ ਕਥਿਤ ਮੁਲਾਜ਼ਮ ਵਿਰੋਧੀ ਨੀਤੀਆਂ, ਨੌਕਰੀਆਂ ਵਿਚ ਅਸੁਰੱਖਿਆ ਅਤੇ ਲੰਬੇ ਸਮੇਂ ਤੋਂ ਚੱਲ ਰਹੇ ਸ਼ੋਸ਼ਣ ਖ਼ਿਲਾਫ਼ ਨਾਅਰੇਬਾਜ਼ੀ ਕਰ ਕੇ ਆਪਣਾ ਰੋਸ ਜ਼ਾਹਿਰ ਕੀਤਾ।
ਰੋਸ ਪ੍ਰਦਰਸ਼ਨ ਦੀ ਅਗਵਾਈ ਜ਼ਿਲ੍ਹਾ ਪ੍ਰਧਾਨ ਦਵਿੰਦਰ ਬਾਂਸਲ ਨੇ ਕੀਤੀ। ਸਵੇਰੇ ਵੱਡੀ ਗਿਣਤੀ ਵਿਚ ਸੇਵਾ ਕੇਂਦਰਾਂ ਦੇ ਮੁਲਾਜ਼ਮ ਮੋਗਾ ਦੇ ਡੀਸੀ ਦਫ਼ਤਰ ਅੱਗੇ ਇਕੱਠੇ ਹੋਏ, ਜਿੱਥੇ ਉਨ੍ਹਾਂ ਨੇ ਸਰਕਾਰ ਅਤੇ ਪ੍ਰਬੰਧਨ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਇਸ ਤੋਂ ਬਾਅਦ ਇਕ ਵਿਸ਼ਾਲ ਰੋਸ ਮਾਰਚ ਡੀਸੀ ਦਫ਼ਤਰ ਤੋਂ ਸ਼ੁਰੂ ਹੋ ਕੇ ਬੱਸ ਸਟੈਂਡ ਸਾਹਮਣੇ ਮੇਨ ਚੌਂਕ, ਮੇਨ ਬਾਜ਼ਾਰ ਅਤੇ ਸ਼ਹਿਰ ਦੇ ਵੱਖ-ਵੱਖ ਪ੍ਰਮੁੱਖ ਬਾਜ਼ਾਰਾਂ ਵਿਚੋਂ ਹੁੰਦਾ ਹੋਇਆ ਸਿਵਲ ਹਸਪਤਾਲ ਮੋਗਾ ਤੱਕ ਪਹੁੰਚਿਆ। ਇਸ ਮੌਕੇ ਸੰਬੋਧਨ ਕਰਦਿਆਂ ਜ਼ਿਲ੍ਹਾ ਪ੍ਰਧਾਨ ਦਵਿੰਦਰ ਬਾਂਸਲ ਨੇ ਕਿਹਾ ਕਿ ਸੇਵਾ ਕੇਂਦਰਾਂ ਵਿਚ ਕੰਮ ਕਰ ਰਹੇ ਮੁਲਾਜ਼ਮ ਪਿਛਲੇ ਕਈ ਸਾਲਾਂ ਤੋਂ ਘੱਟ ਤਨਖ਼ਾਹਾਂ, ਅਸਥਾਈ ਨੌਕਰੀਆਂ ਅਤੇ ਪ੍ਰਾਈਵੇਟ ਕੰਪਨੀਆਂ ਦੀ ਮਨਮਾਨੀ ਦਾ ਸ਼ਿਕਾਰ ਹੋ ਰਹੇ ਹਨ। ਆਗੂਆਂ ਨੇ ਕਿਹਾ ਕਿ ਸੇਵਾ ਕੇਂਦਰਾਂ ਦੇ ਕਰਮਚਾਰੀ ਸਵੇਰ ਤੋਂ ਸ਼ਾਮ ਤੱਕ ਲੋਕਾਂ ਨੂੰ ਜਨਮ ਸਰਟੀਫਿਕੇਟ, ਮੌਤ ਸਰਟੀਫਿਕੇਟ, ਆਮਦਨ ਸਰਟੀਫਿਕੇਟ, ਜਾਤੀ ਸਰਟੀਫਿਕੇਟ, ਪੈਨਸ਼ਨ ਅਤੇ ਹੋਰ ਸਰਕਾਰੀ ਸੇਵਾਵਾਂ ਮੁਹੱਈਆ ਕਰਵਾਉਂਦੇ ਹਨ, ਪਰ ਉਨ੍ਹਾਂ ਨੂੰ ਨਾ ਤਾਂ ਬਣਦੀ ਤਨਖ਼ਾਹ ਦਿੱਤੀ ਜਾਂਦੀ ਹੈ ਅਤੇ ਨਾ ਹੀ ਭਵਿੱਖ ਲਈ ਕੋਈ ਸੁਰੱਖਿਆ ਪ੍ਰਦਾਨ ਕੀਤੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਲੰਬੇ ਸਮੇਂ ਤੋਂ ਸੇਵਾ ਨਿਭਾ ਰਹੇ ਮੁਲਾਜ਼ਮਾਂ ਨੂੰ ਪੱਕਾ ਕਰਨ ਦੀ ਬਜਾਏ ਉਨ੍ਹਾਂ ‘ਤੇ ਨੌਕਰੀ ਗੁਆਉਣ ਦਾ ਖ਼ਤਰਾ ਲਗਾਤਾਰ ਮੰਡਰਾਉਂਦਾ ਰਹਿੰਦਾ ਹੈ। ਮੁਲਾਜ਼ਮ ਆਗੂਆਂ ਨੇ ਚੇਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਸਰਕਾਰ ਨੇ ਸਮੇਂ ਸਿਰ ਦਖ਼ਲਅੰਦਾਜ਼ੀ ਕਰਕੇ ਉਨ੍ਹਾਂ ਦੀਆਂ ਮੰਗਾਂ ਦਾ ਹੱਲ ਨਾ ਕੀਤਾ ਤਾਂ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿਚ ਭੁੱਖ ਹੜਤਾਲ, ਜ਼ਿਲ੍ਹਾ ਪੱਧਰੀ ਧਰਨੇ, ਰਾਜ ਪੱਧਰੀ ਰੈਲੀਆਂ ਅਤੇ ਹੋਰ ਸੰਘਰਸ਼ੀ ਪ੍ਰੋਗਰਾਮ ਉਲੀਕੇ ਜਾਣਗੇ, ਜਿਸ ਦੀ ਪੂਰੀ ਜ਼ਿੰਮੇਵਾਰੀ ਸਰਕਾਰ ਅਤੇ ਸੰਬੰਧਿਤ ਕੰਪਨੀਆਂ ਦੀ ਹੋਵੇਗੀ। ਇਸ ਮੌਕੇ ਵੱਡੀ ਗਿਣਤੀ ਵਿਚ ਸੇਵਾ ਕੇਂਦਰ ਮੁਲਾਜ਼ਮ, ਯੂਨੀਅਨ ਆਗੂ, ਮਹਿਲਾ ਕਰਮਚਾਰੀ ਅਤੇ ਹੋਰ ਸਮਰਥਕ ਹਾਜ਼ਰ ਸਨ। ਸਾਰੇ ਮੁਲਾਜ਼ਮਾਂ ਨੇ ਇੱਕਜੁੱਟਤਾ ਦਾ ਪ੍ਰਗਟਾਵਾ ਕਰਦਿਆਂ ਸੰਘਰਸ਼ ਨੂੰ ਅੰਤਿਮ ਨਤੀਜੇ ਤੱਕ ਲੈ ਕੇ ਜਾਣ ਦਾ ਅਹਿਦ ਕੀਤਾ ਅਤੇ ਕਿਹਾ ਕਿ ਆਪਣੇ ਹੱਕਾਂ ਦੀ ਪ੍ਰਾਪਤੀ ਲਈ ਉਹ ਹਰ ਤਰ੍ਹਾਂ ਦੀ ਕੁਰਬਾਨੀ ਦੇਣ ਲਈ ਤਿਆਰ ਹਨ।