ਸ਼੍ਰੋਮਣੀ ਅਕਾਲੀ ਦਲ (ਅ) ਵੱਲੋਂ ਵਧਦੀ ਮਹਿੰਗਾਈ ਨੂੰ ਲੈ ਕੇ ਰੋਸ ਮਾਰਚ
ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ
Publish Date: Thu, 14 May 2026 06:38 PM (IST)
Updated Date: Fri, 15 May 2026 04:10 AM (IST)

ਪੰਜਾਬ ਦੇ ਅਮਨ-ਕਾਨੂੰਨ ਦੇ ਮਸਲੇ ’ਤੇ ਰਾਸ਼ਟਰਪਤੀ ਨੂੰ ਭੇਜਿਆ ਏਡੀਸੀ ਰਾਹੀਂ ਮੰਗ ਪੱਤਰ ਵਕੀਲ ਮਹਿਰੋਂ, ਪੰਜਾਬੀ ਜਾਗਰਣ, ਮੋਗਾ : ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਵੱਲੋਂ ਵਧ ਰਹੀ ਮਹਿੰਗਾਈ, ਤੇਲ-ਡੀਜ਼ਲ, ਗੈਸ ਸਿਲੰਡਰਾਂ ਅਤੇ ਖਾਣ-ਪੀਣ ਦੀਆਂ ਵਸਤੂਆਂ ਦੀਆਂ ਕੀਮਤਾਂ ਵਿਚ ਲਗਾਤਾਰ ਹੋ ਰਹੇ ਵਾਧੇ ਖ਼ਿਲਾਫ਼ ਵੀਰਵਾਰ ਨੂੰ ਜ਼ਿਲ੍ਹਾ ਪ੍ਰਧਾਨ ਬਲਰਾਜ ਸਿੰਘ ਖ਼ਾਲਸਾ ਦੀ ਅਗਵਾਈ ਹੇਠ ਮੋਗਾ ਵਿਖੇ ਰੋਸ ਮਾਰਚ ਕੱਢਿਆ ਗਿਆ। ਇਸ ਮੌਕੇ ਪਾਰਟੀ ਵੱਲੋਂ ਦੇਸ਼ ਦੀ ਰਾਸ਼ਟਰਪਤੀ ਬੀਬੀ ਦ੍ਰੌਪਦੀ ਮੁਰਮੂ ਨੂੰ ਇਕ ਵਿਸਥਾਰਪੂਰਵਕ ਯਾਦ ਪੱਤਰ ਭੇਜ ਕੇ ਆਮ ਲੋਕਾਂ ’ਤੇ ਪੈ ਰਹੇ ਆਰਥਿਕ ਬੋਝ ਅਤੇ ਪੰਜਾਬ ਦੇ ਮੌਜੂਦਾ ਹਾਲਾਤਾਂ ਵੱਲ ਧਿਆਨ ਦਿਵਾਇਆ ਗਿਆ। ਇਸ ਮੌਕੇ ਪਾਰਟੀ ਆਗੂਆਂ ਨੇ ਕਿਹਾ ਕਿ ਵਿਸ਼ਵ ਪੱਧਰ ’ਤੇ ਚੱਲ ਰਹੇ ਟਕਰਾਵਾਂ ਅਤੇ ਜੰਗੀ ਹਾਲਾਤਾਂ ਕਾਰਨ ਤੇਲ, ਡੀਜ਼ਲ, ਗੈਸ ਅਤੇ ਰੋਜ਼ਾਨਾ ਵਰਤੋਂ ਦੀਆਂ ਚੀਜ਼ਾਂ ਦੀਆਂ ਕੀਮਤਾਂ ਵਿਚ ਬੇਹੱਦ ਵਾਧਾ ਹੋਇਆ ਹੈ। ਇਸ ਦਾ ਸਭ ਤੋਂ ਵੱਡਾ ਅਸਰ ਮਜ਼ਦੂਰ ਵਰਗ, ਗਰੀਬ ਪਰਿਵਾਰਾਂ, ਟਰਾਂਸਪੋਰਟਰਾਂ, ਕਿਸਾਨਾਂ ਅਤੇ ਛੋਟੇ ਵਪਾਰੀਆਂ ’ਤੇ ਪਿਆ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਮਹਿੰਗਾਈ ਦੇ ਨਾਲ-ਨਾਲ ਕਾਲਾਬਾਜ਼ਾਰੀ ਅਤੇ ਚੋਰ ਬਾਜ਼ਾਰੀ ਵੀ ਵਧ ਰਹੀ ਹੈ, ਜਿਸ ਕਾਰਨ ਆਮ ਲੋਕਾਂ ਦੀ ਜ਼ਿੰਦਗੀ ਹੋਰ ਮੁਸ਼ਕਲ ਹੋ ਗਈ ਹੈ। ਯਾਦ ਪੱਤਰ ਵਿਚ ਗੈਸ ਸਿਲੰਡਰਾਂ ਦੀਆਂ ਕੀਮਤਾਂ ’ਚ ਹੋਏ ਵਾਧੇ ਦਾ ਖ਼ਾਸ ਤੌਰ ’ਤੇ ਜ਼ਿਕਰ ਕਰਦਿਆਂ ਕਿਹਾ ਗਿਆ ਕਿ ਘਰੇਲੂ ਅਤੇ ਕਮਰਸ਼ੀਅਲ ਗੈਸ ਸਿਲੰਡਰਾਂ ਦੇ ਮਹਿੰਗੇ ਹੋਣ ਨਾਲ ਮੱਧਵਰਗੀ ਅਤੇ ਗਰੀਬ ਪਰਿਵਾਰ ਬਹੁਤ ਪ੍ਰਭਾਵਿਤ ਹੋ ਰਹੇ ਹਨ। ਪਾਰਟੀ ਨੇ ਮੰਗ ਕੀਤੀ ਕਿ ਸਰਕਾਰ ਤੁਰੰਤ ਮਹਿੰਗਾਈ ’ਤੇ ਕਾਬੂ ਪਾਏ ਅਤੇ ਆਮ ਲੋਕਾਂ ਨੂੰ ਰਾਹਤ ਦਿੱਤੀ ਜਾਵੇ। ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਨੇ ਪੰਜਾਬ ਵਿਚ ਅਮਨ-ਕਾਨੂੰਨ ਦੀ ਸਥਿਤੀ ’ਤੇ ਵੀ ਚਿੰਤਾ ਜਤਾਈ। ਪਾਰਟੀ ਨੇ ਦੋਸ਼ ਲਗਾਇਆ ਕਿ ਪੰਜਾਬ ਵਿਚ ਨੌਜਵਾਨਾਂ ਖ਼ਿਲਾਫ਼ ਝੂਠੇ ਪੁਲਿਸ ਮੁਕਾਬਲੇ ਅਤੇ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਵਾਲੀਆਂ ਘਟਨਾਵਾਂ ਵਧ ਰਹੀਆਂ ਹਨ। ਹਾਲ ਹੀ ਵਿਚ ਜਲੰਧਰ ਅਤੇ ਅੰਮ੍ਰਿਤਸਰ ਵਿਚ ਹੋਏ ਧਮਾਕਿਆਂ ਦਾ ਹਵਾਲਾ ਦਿੰਦਿਆਂ ਉਨ੍ਹਾਂ ਕਿਹਾ ਕਿ ਇਨ੍ਹਾਂ ਮਾਮਲਿਆਂ ਦੀ ਨਿਰਪੱਖ ਜਾਂਚ ਹੋਣੀ ਚਾਹੀਦੀ ਹੈ ਅਤੇ ਪੰਜਾਬ ਦੇ ਅਮਨ ਨੂੰ ਖ਼ਰਾਬ ਕਰਨ ਵਾਲੀਆਂ ਤਾਕਤਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ। ਇਸ ਮੌਕੇ ਪਾਰਟੀ ਆਗੂਆਂ ਨੇ ਕਿਹਾ ਕਿ ਉਹ ਗੁਰੂ ਸਾਹਿਬਾਨ ਦੀ ਕਿਰਤ ਕਰੋ, ਨਾਮ ਜਪੋ, ਵੰਡ ਛਕੋ” ਦੀ ਵਿਚਾਰਧਾਰਾ ਅਨੁਸਾਰ ਬਰਾਬਰੀ ਵਾਲੇ ਸਮਾਜ ਅਤੇ ਭ੍ਰਿਸ਼ਟਾਚਾਰ ਰਹਿਤ ਪ੍ਰਬੰਧ ਦੀ ਵਕਾਲਤ ਕਰਦੇ ਹਨ। ਉਨ੍ਹਾਂ ਕਿਹਾ ਕਿ ਸਮਾਜ ਦੇ ਗਰੀਬ ਅਤੇ ਪਿੱਛੜੇ ਵਰਗਾਂ ਦੀ ਸਹਾਇਤਾ ਲਈ ਸਰਕਾਰ ਨੂੰ ਵਿਸ਼ੇਸ਼ ਕਦਮ ਚੁੱਕਣੇ ਚਾਹੀਦੇ ਹਨ। ਰੋਸ ਮਾਰਚ ਦੌਰਾਨ ਕਿਸਾਨਾਂ, ਮਜ਼ਦੂਰਾਂ, ਟਰਾਂਸਪੋਰਟਰਾਂ, ਆੜਤੀਆਂ ਅਤੇ ਨੌਜਵਾਨਾਂ ਨੇ ਵੱਡੀ ਗਿਣਤੀ ਵਿਚ ਸ਼ਮੂਲੀਅਤ ਕੀਤੀ। ਪਾਰਟੀ ਨੇ ਕੇਂਦਰ ਅਤੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਮਹਿੰਗਾਈ, ਕਾਲਾਬਾਜ਼ਾਰੀ ਅਤੇ ਪੰਜਾਬ ਦੇ ਵਿਗੜਦੇ ਹਾਲਾਤਾਂ ਨੂੰ ਕਾਬੂ ਕਰਨ ਲਈ ਤੁਰੰਤ ਪ੍ਰਭਾਵਸ਼ਾਲੀ ਕਦਮ ਚੁੱਕੇ ਜਾਣ।