ਸ਼੍ਰੋਮਣੀ ਅਕਾਲੀ ਦਲ ਵੱਲੋਂ ਕਿਸਾਨਾਂ ਦੀ ਮਦਦ ਦਾ ਐਲਾਨ
ਇਲਾਕੇ ਵਿਚ ਪਈ ਬੇਮੌਸਮੀ ਬਾਰਿਸ਼
Publish Date: Sat, 25 Apr 2026 03:39 PM (IST)
Updated Date: Sun, 26 Apr 2026 04:01 AM (IST)

ਪਵਨ ਗਰਗ ਪੰਜਾਬੀ ਜਾਗਰਣ ਬਾਘਾਪੁਰਾਣਾ: ਇਲਾਕੇ ਵਿਚ ਪਈ ਬੇਮੌਸਮੀ ਬਾਰਿਸ਼ ਅਤੇ ਤਬਾਹਕੁਨ ਗੜੇਮਾਰੀ ਨੇ ਕਿਸਾਨਾਂ ਦੀਆਂ ਉਮੀਦਾਂ ਨੂੰ ਵੱਡਾ ਝਟਕਾ ਦਿੱਤਾ ਹੈ। ਖੇਤਾਂ ਵਿਚ ਤਿਆਰ ਖੜ੍ਹੀਆਂ ਫ਼ਸਲਾਂ ਪਲਾਂ ਵਿਚ ਨਸ਼ਟ ਹੋ ਗਈਆਂ, ਜਿਸ ਨਾਲ ਕਿਸਾਨਾਂ ਨੂੰ ਭਾਰੀ ਆਰਥਿਕ ਨੁਕਸਾਨ ਝੱਲਣਾ ਪਿਆ ਹੈ। ਇਸ ਗੰਭੀਰ ਸਥਿਤੀ ਨੂੰ ਦੇਖਦੇ ਹੋਏ ਸ਼੍ਰੋਮਣੀ ਅਕਾਲੀ ਦਲ ਵੱਲੋਂ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਦਿਸ਼ਾ-ਨਿਰਦੇਸ਼ਾਂ ਹੇਠ ਮਾਹਲਾ ਕਲਾਂ ਵਿਚ ਇਕ ਅਹਿਮ ਮੀਟਿੰਗ ਬੁਲਾਈ ਗਈ। ਇਹ ਮੀਟਿੰਗ ਕੋਰ ਕਮੇਟੀ ਮੈਂਬਰ ਤੀਰਥ ਸਿੰਘ ਮਾਹਲਾ ਦੀ ਅਗਵਾਈ ਹੇਠ ਹੋਈ, ਜਿਸ ਵਿਚ ਹਲਕਾ ਬਾਘਾਪੁਰਾਣਾ ਦੀ ਪਾਰਟੀ ਜੱਥੇਬੰਦੀ ਵੱਡੀ ਗਿਣਤੀ ਵਿਚ ਸ਼ਾਮਲ ਹੋਈ। ਜ਼ਿਲ੍ਹਾ ਪ੍ਰਧਾਨ ਨਿਹਾਲ ਸਿੰਘ ਭੁੱਲਰ ਅਤੇ ਤੀਰਥ ਸਿੰਘ ਮਾਹਲਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਕਿਸਾਨਾਂ ਦੀ ਮਦਦ ਲਈ ਅੱਗੇ ਆਉਂਦਿਆਂ ਕਣਕ ਇਕੱਠੀ ਕਰੇਗਾ ਅਤੇ ਪ੍ਰਭਾਵਿਤ ਪਰਿਵਾਰਾਂ ਤੱਕ ਪਹੁੰਚਾਵੇਗਾ ਤਾਂ ਜੋ ਉਨ੍ਹਾਂ ਨੂੰ ਕੁੱਝ ਰਾਹਤ ਮਿਲ ਸਕੇ। ਉਨ੍ਹਾਂ ਕਿਹਾ ਕਿ ਪਾਰਟੀ ਹਮੇਸ਼ਾ ਕਿਸਾਨਾਂ ਦੇ ਨਾਲ ਖੜ੍ਹੀ ਰਹੀ ਹੈ ਅਤੇ ਅੱਗੇ ਵੀ ਹਰ ਸੰਕਟ ਵੇਲੇ ਉਨ੍ਹਾਂ ਦਾ ਸਾਥ ਦੇਵੇਗੀ। ਮੀਟਿੰਗ ਵਿਚ ਸ਼ਾਮਲ ਹੋਏ ਆਗੂਆਂ ਅਤੇ ਵਰਕਰਾਂ ਨੇ ਇਕਸੁਰ ਹੋ ਕੇ ਸਰਕਾਰ ਤੋਂ ਤੁਰੰਤ ਨੁਕਸਾਨ ਦੀ ਪੜਤਾਲ ਕਰਕੇ ਯੋਗ ਮੁਆਵਜ਼ਾ ਜਾਰੀ ਕਰਨ ਦੀ ਮੰਗ ਕੀਤੀ ਅਤੇ ਕਿਹਾ ਕਿ ਜੇ ਇਹ ਮੰਗਾਂ ਨਾ ਮੰਨੀਆਂ ਗਈਆਂ ਤਾਂ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ।