ਪੈਟਰੋਲ-ਡੀਜ਼ਲ ਦੀਆਂ ਕੀਮਤਾਂ ’ਚ ਵਾਧੇ ਦਾ ਵਿਰੋਧ
ਮੋਗਾ:ਜ਼ਿਲ੍ਹਾ ਮੋਗਾ ਕਾਂਗਰਸ ਕਮੇਟੀ
Publish Date: Sun, 31 May 2026 03:38 PM (IST)
Updated Date: Mon, 01 Jun 2026 04:02 AM (IST)

ਵਕੀਲ ਮਹਿਰੋਂ, ਪੰਜਾਬੀ ਜਾਗਰਣ ਮੋਗਾ: ਜ਼ਿਲ੍ਹਾ ਮੋਗਾ ਕਾਂਗਰਸ ਕਮੇਟੀ ਦੇ ਪ੍ਰਧਾਨ ਹਰੀ ਸਿੰਘ ਖਾਈ ਨੇ ਪੈਟਰੋਲ ਅਤੇ ਡੀਜ਼ਲ ਦੀਆਂ ਲਗਾਤਾਰ ਵੱਧ ਰਹੀਆਂ ਕੀਮਤਾਂ ’ਤੇ ਤਿੱਖੀ ਪ੍ਰਤੀਕਿਰਿਆ ਦਿੰਦਿਆਂ ਕਿਹਾ ਹੈ ਕਿ ਇਹ ਵਾਧਾ ਆਮ ਲੋਕਾਂ, ਕਿਸਾਨਾਂ, ਵਪਾਰੀਆਂ ਅਤੇ ਟਰਾਂਸਪੋਰਟਰਾਂ ਦੀਆਂ ਜੇਬਾਂ ’ਤੇ ਸਿੱਧਾ ਡਾਕਾ ਹੈ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਕੇਂਦਰ ਅਤੇ ਪੰਜਾਬ ਸਰਕਾਰ ਦੀਆਂ ਗਲਤ ਆਰਥਿਕ ਨੀਤੀਆਂ ਕਾਰਨ ਮਹਿੰਗਾਈ ਲਗਾਤਾਰ ਵੱਧ ਰਹੀ ਹੈ, ਜਿਸ ਦਾ ਸਭ ਤੋਂ ਵੱਧ ਬੋਝ ਆਮ ਜਨਤਾ ਨੂੰ ਝੱਲਣਾ ਪੈ ਰਿਹਾ ਹੈ। ਹਰੀ ਸਿੰਘ ਖਾਈ ਨੇ ਕਿਹਾ ਕਿ ਪਿਛਲੇ ਤਿੰਨ ਮਹੀਨਿਆਂ ਦੌਰਾਨ ਡੀਜ਼ਲ ਦੀ ਕੀਮਤ ’ਚ ਕਰੀਬ 12 ਰੁਪਏ ਪ੍ਰਤੀ ਲੀਟਰ ਦਾ ਵਾਧਾ ਹੋ ਚੁੱਕਾ ਹੈ ਅਤੇ ਅੱਜ ਡੀਜ਼ਲ ਦੀ ਕੀਮਤ 98 ਰੁਪਏ ਪ੍ਰਤੀ ਲੀਟਰ ਤੋਂ ਵੀ ਉੱਪਰ ਪਹੁੰਚ ਗਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਇਕ ਖੇਤੀ ਪ੍ਰਧਾਨ ਸੂਬਾ ਹੈ ਅਤੇ ਡੀਜ਼ਲ ਖੇਤੀਬਾੜੀ ਦੀ ਰੀੜ੍ਹ ਦੀ ਹੱਡੀ ਹੈ। ਟਰੈਕਟਰਾਂ, ਟਿਊਬਵੈੱਲਾਂ, ਕੰਬਾਈਨਾਂ ਅਤੇ ਹੋਰ ਖੇਤੀਬਾੜੀ ਮਸ਼ੀਨਰੀ ਦਾ ਵੱਡਾ ਹਿੱਸਾ ਡੀਜ਼ਲ ’ਤੇ ਨਿਰਭਰ ਕਰਦਾ ਹੈ। ਅਜਿਹੇ ਸਮੇਂ ਜਦੋਂ ਸਾਉਣੀ ਦੀ ਬਿਜਾਈ ਦਾ ਸੀਜ਼ਨ ਸਿਰ ’ਤੇ ਹੈ, ਡੀਜ਼ਲ ਦੀਆਂ ਵਧਦੀਆਂ ਕੀਮਤਾਂ ਨੇ ਕਿਸਾਨਾਂ ਦੀਆਂ ਚਿੰਤਾਵਾਂ ਹੋਰ ਵਧਾ ਦਿੱਤੀਆਂ ਹਨ। ਹਰੀ ਸਿੰਘ ਖਾਈ ਨੇ ਕਿਹਾ ਕਿ ਕਿਸਾਨਾਂ ਨੂੰ ਡੀਜ਼ਲ ’ਤੇ ਕਿਸੇ ਵੀ ਤਰ੍ਹਾਂ ਦੀ ਸਬਸਿਡੀ ਨਹੀਂ ਦਿੱਤੀ ਜਾ ਰਹੀ, ਜਦਕਿ ਵੱਡੇ ਕਾਰਪੋਰੇਟ ਘਰਾਣਿਆਂ ਨੂੰ ਹਜ਼ਾਰਾਂ ਕਰੋੜ ਰੁਪਏ ਦੀਆਂ ਰਿਆਇਤਾਂ ਦਿੱਤੀਆਂ ਜਾਂਦੀਆਂ ਹਨ। ਉਨ੍ਹਾਂ ਮੰਗ ਕੀਤੀ ਕਿ ਖੇਤੀਬਾੜੀ ਲਈ ਵਰਤੇ ਜਾਣ ਵਾਲੇ ਡੀਜ਼ਲ ’ਤੇ ਐਕਸਾਈਜ਼ ਡਿਊਟੀ ਅਤੇ ਵੈਟ ਨੂੰ ਪੂਰੀ ਤਰ੍ਹਾਂ ਮੁਆਫ਼ ਕੀਤਾ ਜਾਵੇ ਅਤੇ ਡੀਜ਼ਲ ਦੀ ਕੀਮਤ 50 ਰੁਪਏ ਪ੍ਰਤੀ ਲੀਟਰ ਨਿਰਧਾਰਿਤ ਕੀਤੀ ਜਾਵੇ। ਇਸ ਤੋਂ ਇਲਾਵਾ ਹਰ ਕਿਸਾਨ ਨੂੰ ਸਾਲਾਨਾ 1000 ਲੀਟਰ ਡੀਜ਼ਲ ’ਤੇ 30 ਰੁਪਏ ਪ੍ਰਤੀ ਲੀਟਰ ਦੀ ਸਿੱਧੀ ਸਬਸਿਡੀ ਦਿੱਤੀ ਜਾਵੇ। ਉਨ੍ਹਾਂ ਇਹ ਵੀ ਮੰਗ ਕੀਤੀ ਕਿ ਪੈਟਰੋਲ ਅਤੇ ਡੀਜ਼ਲ ਨੂੰ ਜੀਐੱਸਟੀ ਦੇ ਦਾਇਰੇ ਵਿਚ ਲਿਆਂਦਾ ਜਾਵੇ ਤਾਂ ਜੋ ਪੂਰੇ ਦੇਸ਼ ਵਿਚ ਇਕੋ ਜਿਹੀ ਕੀਮਤ ਲਾਗੂ ਹੋ ਸਕੇ ਅਤੇ ਲੋਕਾਂ ਨੂੰ ਮਹਿੰਗਾਈ ਤੋਂ ਰਾਹਤ ਮਿਲ ਸਕੇ। ਅੰਤ ਵਿਚ ਹਰੀ ਸਿੰਘ ਖਾਈ ਨੇ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਅਤੇ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਮਹਿੰਗਾਈ ਨੂੰ ਕਾਬੂ ਕਰਨ ਅਤੇ ਕਿਸਾਨਾਂ, ਵਪਾਰੀਆਂ, ਟਰਾਂਸਪੋਰਟਰਾਂ ਅਤੇ ਆਮ ਲੋਕਾਂ ਨੂੰ ਰਾਹਤ ਦੇਣ ਲਈ ਕੋਈ ਠੋਸ ਨੀਤੀ ਬਣਾਉਣ ਵਿਚ ਨਾਕਾਮ ਰਹੀਆਂ ਹਨ। ਉਨ੍ਹਾਂ ਕਿਹਾ ਕਿ ਦੋਵੇਂ ਸਰਕਾਰਾਂ ਲੋਕਾਂ ਦੀਆਂ ਮੁਸ਼ਕਲਾਂ ਤੋਂ ਬੇਪਰਵਾਹ ਹਨ, ਜਿਸ ਕਾਰਨ ਹਰ ਵਰਗ ਮਹਿੰਗਾਈ ਦੀ ਮਾਰ ਹੇਠ ਪਿਸ ਰਿਹਾ ਹੈ।