ਲਿਫਟਿੰਗ ਢਿੱਲੀ ਹੋਣ ਕਾਰਨ ਮਜ਼ਦੂਰਾਂ ਨੇ ਕੀਤਾ ਰੋਸ ਪ੍ਰਦਰਸ਼ਨ
ਦਾਣਾ ਮੰਡੀ ’ਚ ਲਿਫਟਿੰਗ ਦੀ ਸੁਸਤ ਚਾਲ
Publish Date: Thu, 30 Apr 2026 05:49 PM (IST)
Updated Date: Thu, 30 Apr 2026 05:52 PM (IST)
ਜਤਿੰਦਰ ਸਿੰਘ ਭੰਵਰਾ. ਪੰਜਾਬੀ ਜਾਗਰਣ
ਸ੍ਰੀ ਮੁਕਤਸਰ ਸਾਹਿਬ : ਨਵੀਂ ਦਾਣਾ ਮੰਡੀ ’ਚ ਕਣਕ ਦੀ ਲਿਫਟਿੰਗ ਦੀ ਹੌਲੀ ਚਾਲ ਦੇ ਵਿਰੋਧ ’ਚ ਮੰਡੀ ਮਜ਼ਦੂਰਾਂ ਵੱਲੋਂ ਰੋਸ ਪ੍ਰਗਟ ਕੀਤਾ ਗਿਆ। ਮੰਡੀ ਮਜ਼ਦੂਰ ਯੂਨੀਅਨ ਦੇ ਪ੍ਰਧਾਨ ਸੋਨੂੰ ਕਾਮਲੀ ਦੀ ਅਗਵਾਈ ਹੇਠ ਮਜ਼ਦੂਰਾਂ ਨੇ ਆਪਣਾ ਕੰਮ ਪੂਰੀ ਤਰ੍ਹਾਂ ਬੰਦ ਕਰ ਦਿੱਤਾ ਤੇ ਪੰਜਾਬ ਸਰਕਾਰ ਤੇ ਸਬੰਧਿਤ ਵਿਭਾਗਾਂ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਇਸ ਮੌਕੇ ਮਜ਼ਦੂਰਾਂ ਨੇ ਠੇਕੇਦਾਰ ਖ਼ਿਲਾਫ਼ ਵੀ ਗੁੱਸਾ ਜ਼ਾਹਿਰ ਕਰਦਿਆਂ ਕਿਹਾ ਕਿ ਲਿਫਟਿੰਗ ’ਚ ਆ ਰਹੀ ਦੇਰੀ ਲਈ ਉਹ ਹੀ ਮੁੱਖ ਤੌਰ ’ਤੇ ਜ਼ਿੰਮੇਵਾਰ ਹੈ। ਉਨ੍ਹਾਂ ਦੱਸਿਆ ਕਿ ਮੰਡੀ ’ਚ ਕਣਕ ਦੀਆਂ ਬੋਰੀਆਂ ਦੇ ਅੰਬਾਰ ਲੱਗੇ ਹੋਏ ਹਨ ਪਰ ਉਨ੍ਹਾਂ ਨੂੰ ਚੁੱਕਣ ਲਈ ਲੁੜੀਂਦੀਆਂ ਗੱਡੀਆਂ ਨਹੀਂ ਹਨ, ਜਿਸ ਕਾਰਨ ਮਜ਼ਦੂਰਾਂ ਨੂੰ ਕਾਫ਼ੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਪ੍ਰਧਾਨ ਸੋਨੂ ਕਾਮਲੀ ਨੇ ਕਿਹਾ ਕਿ ਜੇਕਰ ਸਮੇਂ ਸਿਰ ਲਿਫਟਿੰਗ ਨਹੀਂ ਹੁੰਦੀ ਤਾਂ ਕਣਕ ਦੇ ਨੁਕਸਾਨ ਦਾ ਖਤਰਾ ਵੀ ਬਣ ਜਾਂਦਾ ਹੈ। ਉਨ੍ਹਾਂ ਕਿਹਾ ਕਿ ਮਜ਼ਦੂਰ ਦਿਨ-ਰਾਤ ਮਿਹਨਤ ਕਰ ਰਹੇ ਹਨ ਪਰ ਸਰਕਾਰ ਤੇ ਸਬੰਧਿਤ ਏਜੰਸੀਆਂ ਵੱਲੋਂ ਕੋਈ ਧਿਆਨ ਨਹੀਂ ਦਿੱਤਾ ਜਾ ਰਿਹਾ। ਉਨ੍ਹਾਂ ਨੇ ਮੰਗ ਕੀਤੀ ਕਿ ਤੁਰੰਤ ਵੱਧ ਗੱਡੀਆਂ ਲਗਾ ਕੇ ਲਿਫਟਿੰਗ ਦੀ ਪ੍ਰਕਿਰਿਆ ਨੂੰ ਤੇਜ਼ ਕੀਤਾ ਜਾਵੇ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜਦੋਂ ਤੱਕ ਮੰਡੀ ’ਚ ਲਿਫਟਿੰਗ ਦਾ ਕੰਮ ਸੁਚਾਰੂ ਢੰਗ ਨਾਲ ਸ਼ੁਰੂ ਨਹੀਂ ਹੁੰਦਾ, ਉਦੋਂ ਤੱਕ ਮਜ਼ਦੂਰ ਆਪਣਾ ਸੰਘਰਸ਼ ਜਾਰੀ ਰੱਖਣਗੇ ਤੇ ਮੰਡੀ ਬੰਦ ਰੱਖੀ ਜਾਵੇਗੀ। ਇਸ ਮੌਕੇ ਮਜ਼ਦੂਰ ਆਗੂ ਤੇ ਵੱਡੀ ਗਿਣਤੀ ’ਚ ਮਜ਼ਦੂਰ ਹਾਜ਼ਰ ਸਨ।