ਪੀਐੱਮ ਸ਼੍ਰੀ ਭੀਮ ਨਗਰ ਸੀਨੀਅਰ

ਵਕੀਲ ਮਹਿਰੋਂ, ਪੰਜਾਬੀ ਜਾਗਰਣ ਮੋਗਾ: ਪੀਐੱਮ ਸ਼੍ਰੀ ਭੀਮ ਨਗਰ ਸੀਨੀਅਰ ਸੈਕੰਡਰੀ ਸਕੂਲ ਵਿਚ ਸੋਸ਼ਲ ਵੈੱਲਫੇਅਰ ਕਲੱਬ ਵੱਲੋਂ ਇਕ ਸ਼ਾਨਦਾਰ ਅਤੇ ਗਰਿਮਾਮਈ ਸਨਮਾਨ ਸਮਾਰੋਹ ਕਰਵਾਇਆ ਗਿਆ, ਜਿਸ ਦੌਰਾਨ ਬੋਰਡ ਪ੍ਰੀਖਿਆਵਾਂ ਅਤੇ ਅਕਾਦਮਿਕ ਖ਼ੇਤਰ ਵਿਚ ਵਧੀਆ ਪ੍ਰਦਰਸ਼ਨ ਕਰਨ ਵਾਲੇ ਹੋਣਹਾਰ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ। ਸਮਾਰੋਹ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਸਿੱਖਿਆ ਪ੍ਰਤੀ ਹੋਰ ਉਤਸ਼ਾਹਿਤ ਕਰਨਾ ਅਤੇ ਹੋਰਨਾਂ ਲਈ ਪ੍ਰੇਰਣਾ ਦਾ ਸਰੋਤ ਬਣਾਉਣਾ ਸੀ। ਇਸ ਮੌਕੇ ਕਲਾਸ ਵਿਚ ਪਹਿਲਾ, ਦੂਜਾ ਅਤੇ ਤੀਜਾ ਸਥਾਨ ਪ੍ਰਾਪਤ ਕਰਨ ਵਾਲੇ ਪੰਦਰਾਂ ਵਿਦਿਆਰਥੀਆਂ ਨੂੰ ਪ੍ਰਸ਼ੰਸਾ ਪੱਤਰਾਂ ਅਤੇ ਯਾਦਗਾਰੀ ਤੋਹਫ਼ਿਆਂ ਨਾਲ ਸਨਮਾਨਿਤ ਕੀਤਾ ਗਿਆ। ਕਲੱਬ ਵੱਲੋਂ ਕੀਤੇ ਗਏ ਇਸ ਉਪਰਾਲੇ ਦੀ ਸਕੂਲ ਪ੍ਰਬੰਧਕਾਂ, ਅਧਿਆਪਕਾਂ ਅਤੇ ਮਾਪਿਆਂ ਵੱਲੋਂ ਭਰਪੂਰ ਸਰਾਹਨਾ ਕੀਤੀ ਗਈ।ਸਮਾਰੋਹ ਦੀ ਸ਼ੁਰੂਆਤ ਰਵਾਇਤੀ ਤੌਰ ’ਤੇ ਦੀਪ ਪ੍ਰਜਵਲਿਤ ਕਰਕੇ ਕੀਤੀ ਗਈ। ਇਸ ਮੌਕੇ ਸ਼ਹਿਰ ਦੇ ਸੀਨੀਅਰ ਵਕੀਲ ਬੋਧ ਰਾਜ ਮਜੀਠੀਆ ਅਤੇ ਸਕੂਲ ਦੀ ਪ੍ਰਿੰਸੀਪਲ ਮਨਜੀਤ ਕੌਰ ਨੇ ਦੀਪ ਜਗਾ ਕੇ ਪ੍ਰੋਗਰਾਮ ਦਾ ਆਗਾਜ਼ ਕੀਤਾ। ਆਪਣੇ ਸੰਬੋਧਨ ਦੌਰਾਨ ਬੋਧ ਰਾਜ ਮਜੀਠੀਆ ਨੇ ਸੋਸ਼ਲ ਵੈਲਫੇਅਰ ਕਲੱਬ ਵੱਲੋਂ ਸਿੱਖਿਆ ਦੇ ਖੇਤਰ ਵਿਚ ਕੀਤੇ ਜਾ ਰਹੇ ਉਪਰਾਲਿਆਂ ਦੀ ਖੁੱਲ੍ਹ ਕੇ ਪ੍ਰਸ਼ੰਸਾ ਕੀਤੀ। ਉਨ੍ਹਾਂ ਕਿਹਾ ਕਿ ਹੋਣਹਾਰ ਵਿਦਿਆਰਥੀਆਂ ਨੂੰ ਸਨਮਾਨਿਤ ਕਰਨ ਨਾਲ ਹੋਰ ਬੱਚਿਆਂ ਵਿੱਚ ਵੀ ਪੜ੍ਹਾਈ ਪ੍ਰਤੀ ਰੁਚੀ ਅਤੇ ਮੁਕਾਬਲੇ ਦੀ ਭਾਵਨਾ ਪੈਦਾ ਹੁੰਦੀ ਹੈ, ਜਿਸ ਨਾਲ ਉਨ੍ਹਾਂ ਦੇ ਨਤੀਜਿਆਂ ’ਚ ਸੁਧਾਰ ਆਉਂਦਾ ਹੈ। ਉਨ੍ਹਾਂ ਨੇ ਇਸ ਉਪਰਾਲੇ ਲਈ ਸਕੂਲ ਦੀ ਪ੍ਰਿੰਸੀਪਲ ਅਤੇ ਸਮੂਹ ਸਟਾਫ਼ ਦਾ ਵੀ ਧੰਨਵਾਦ ਕੀਤਾ। ਪ੍ਰਿੰਸੀਪਲ ਮਨਜੀਤ ਕੌਰ ਨੇ ਕਲੱਬ ਦਾ ਧੰਨਵਾਦ ਕਰਦਿਆਂ ਕਿਹਾ ਕਿ ਸੰਸਥਾ ਵੱਲੋਂ ਸਮੇਂ-ਸਮੇਂ ’ਤੇ ਸਕੂਲ ’ਚ ਵੱਖ-ਵੱਖ ਜਾਗਰੂਕਤਾ ਅਤੇ ਪ੍ਰੇਰਣਾਦਾਇਕ ਪ੍ਰੋਗਰਾਮ ਕਰਵਾਏ ਜਾਂਦੇ ਹਨ। ਉਨ੍ਹਾਂ ਦੱਸਿਆ ਕਿ ਕਲੱਬ ਵੱਲੋਂ ਭਾਰਤ ਨੂੰ ਜਾਣੋ” ਕੁਇਜ਼ ਮੁਕਾਬਲੇ, ਨੈਤਿਕ ਸਿੱਖਿਆ, ਕਰੀਅਰ ਮਾਰਗਦਰਸ਼ਨ ਅਤੇ ਨਸ਼ਿਆਂ ਵਿਰੁੱਧ ਜਾਗਰੂਕਤਾ ਕੈਂਪਾਂ ਰਾਹੀਂ ਵਿਦਿਆਰਥੀਆਂ ਨੂੰ ਲਗਾਤਾਰ ਸਹੀ ਦਿਸ਼ਾ ਵੱਲ ਪ੍ਰੇਰਿਤ ਕੀਤਾ ਜਾਂਦਾ ਰਿਹਾ ਹੈ। ਕਲੱਬ ਦੇ ਪ੍ਰਧਾਨ ਓਪੀ ਕੁਮਾਰ ਨੇ ਕਿਹਾ ਕਿ ਸੰਸਥਾ ਭਵਿੱਖ ਵਿਚ ਵੀ ਵਿਦਿਆਰਥੀਆਂ ਦੀ ਹੌਂਸਲਾ ਅਫ਼ਜ਼ਾਈ ਅਤੇ ਸਮਾਜ ਭਲਾਈ ਲਈ ਅਜਿਹੇ ਲੋਕ-ਹਿਤੈਸ਼ੀ ਕਾਰਜ ਜਾਰੀ ਰੱਖੇਗੀ। ਉਨ੍ਹਾਂ ਕਿਹਾ ਕਿ ਨੌਜਵਾਨ ਪੀੜ੍ਹੀ ਨੂੰ ਸਿੱਖਿਆ ਅਤੇ ਚੰਗੇ ਸੰਸਕਾਰਾਂ ਨਾਲ ਜੋੜਨਾ ਹੀ ਸੰਸਥਾ ਦਾ ਮੁੱਖ ਉਦੇਸ਼ ਹੈ। ਇਸ ਮੌਕੇ ਸਕੂਲ ਦੇ ਵਿਦਿਆਰਥੀਆਂ ਵੱਲੋਂ ਰੰਗਾਰੰਗ ਸੱਭਿਆਚਾਰਕ ਪ੍ਰੋਗਰਾਮ ਵੀ ਪੇਸ਼ ਕੀਤੇ ਗਏ, ਜਿਨ੍ਹਾਂ ਨੇ ਹਾਜ਼ਰੀਨ ਦਾ ਮਨ ਮੋਹ ਲਿਆ। ਸਮਾਰੋਹ ਦਾ ਮੰਚ ਸੰਚਾਲਨ ਪਰਮਿੰਦਰਜੀਤ ਸਿੰਘ ਨੇ ਬਹੁਤ ਹੀ ਸੁਚੱਜੇ ਅਤੇ ਪ੍ਰਭਾਵਸ਼ਾਲੀ ਢੰਗ ਨਾਲ ਕੀਤਾ। ਸਮਾਗਮ ਦੌਰਾਨ ਸਕੂਲ ਸਟਾਫ਼ ’ਚੋਂ ਅੰਜਨਾ, ਸੰਦੀਪ ਸਿੰਘ, ਜਗਰੂਪ ਸਿੰਘ ਅਤੇ ਸੁਸ਼ੀਲ ਕੁਮਾਰ ਤੋਂ ਇਲਾਵਾ ਸੋਸ਼ਲ ਵੈੱਲਫੇਅਰ ਕਲੱਬ ਦੇ ਮੈਂਬਰ ਪੀਐੱਸ ਚਹਿਲ, ਝਲਮਨ ਦਾਸ, ਸੁਰਜੀਤ ਸਿੰਘ, ਰਜਿੰਦਰ ਕੁਮਾਰ ਵਿਕੀ, ਸੰਜੀਵ ਅਰੋੜਾ, ਅਜੈ ਸਿੰਗਲਾ, ਸੁਰੇਸ਼ ਮਹਿੰਦੀਰੱਤਾ, ਵਿਸ਼ਵ ਗਰੋਵਰ, ਰਾਜਵਿੰਦਰ ਸਿੰਘ ਅਤੇ ਅਸ਼ੋਕ ਅਗਰਵਾਲ ਸਮੇਤ ਹੋਰ ਪਤਵੰਤੇ ਵਿਅਕਤੀ ਹਾਜ਼ਰ ਸਨ।