ਹਲਕੇ ਦੇ ਵਿਕਾਸ ਕਾਰਜਾਂ ਦੀ ਪ੍ਰਗਤੀ ਦਾ ਲਿਆ ਜਾਇਜ਼ਾ
ਸਪੀਕਰ ਵੱਲੋਂ ਡਿਪਟੀ ਕਮਿਸ਼ਨਰ ਸਮੇਤ ਜ਼ਿਲ੍ਹਾ ਅਧਿਕਾਰੀਆਂ ਨਾਲ ਮੀਟਿੰਗ
Publish Date: Mon, 19 Jan 2026 04:55 PM (IST)
Updated Date: Tue, 20 Jan 2026 04:06 AM (IST)

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਫਰੀਦਕੋਟ : ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਹਲਕੇ ਨਾਲ ਸਬੰਧਤ ਵੱਖ ਵੱਖ ਵਿਕਾਸ ਕਾਰਜਾਂ, ਸਿੱਖਿਆ ਆਦਿ ਦੇ ਕੰਮਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਅਤੇ ਇਨ੍ਹਾਂ ਵਿਕਾਸ ਕਾਰਜਾਂ ਨੂੰ ਹੋਰ ਤੇਜ਼ ਕਰਨ ਦੇ ਮਨੋਰਥ ਨਾਲ ਡਿਪਟੀ ਕਮਿਸ਼ਨਰ ਮੈਡਮ ਪੂਨਮਦੀਪ ਕੌਰ ਤੋਂ ਇਲਾਵਾ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਇਸ ਮੌਕੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਪੰਜਾਬ ਸਰਕਾਰ ਰਾਜ ਦੇ ਵਸਨੀਕਾਂ ਲਈ ਸਿੱਖਿਆ ਤੇ ਸਿਹਤ ਦੇ ਖੇਤਰਾਂ ਨੂੰ ਤਰਜੀਹੀ ਤੌਰ ਤੇ ਲੈ ਰਹੀ ਹੈ। ਉਨ੍ਹਾਂ ਦੱਸਿਆ ਕਿ ਸਰਕਾਰੀ ਮਿਡਲ ਸਕੂਲ ਕਿਲ੍ਹਾ ਕੋਟਕਪੂਰਾ ਦਾ ਨਾਮ ਮਾਤਾ ਸੁੰਦਰੀ ਦੇ ਨਾਮ ਤੇ ਰੱਖਣ ਲਈ ਕੰਮ ਪ੍ਰਗਤੀ ਅਧੀਨ ਹੈ। ਇਸ ਤੋਂ ਇਲਾਵਾ ਪਿੰਡ ਖਾਰਾ ਦੀ ਪੁਰਾਣੇ ਸਕੂਲ ਦੀ ਇਮਾਰਤ ਜੋ ਕੀ ਸਕੂਲ ਨੂੰ ਹੋਰ ਥਾਂ ਤੇ ਸ਼ਿਫਟ ਕਰਨ ਉਪੰਰਤ ਖਾਲੀ ਪਈ ਹੈ ਨੂੰ ਪੰਚਾਇਤ ਦੇ ਸਪੁਰਦ ਕਰਨ ਲਈ ਕਾਰਵਾਈ ਚੱਲ ਰਹੀ ਹੈ। ਇਸੇ ਤਰ੍ਹਾਂ ਸਰਕਾਰੀ ਪ੍ਰਾਇਮਰੀ ਸਕੂਲ ਰੱਤੀ ਰੋੜੀ ਵਿੱਚ ਵਿਕਾਸ ਕਾਰਜ ਕਰਵਾਉਣ ਲਈ ਸਕੂਲ ਦੀ ਨਿਸ਼ਾਨਦੇਹੀ ਕਰਵਾਉਣ ਲਈ ਨਿਰਦੇਸ਼ ਦਿੱਤੇ ਗਏ ਹਨ। ਇਸ ਤੋਂ ਇਲਾਵਾ ਕੋਟਕਪੂਰਾ ਵਿਖੇ ਬਣਨ ਵਾਲੇ ਸਵੀਮਿੰਗ ਪੂਲ ਦੀ ਥਾਂ ਦੀ ਚੋਣ ਬਾਰੇ ਵੀ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਗਏ ਹਨ। ਇਸ ਉਪਰੰਤ ਉਨ੍ਹਾਂ ਕੋਟਕਪੂਰਾ ਵਿਖੇ ਤਹਿਸੀਲ ਕੰਪਲੈਕਸ ਅਤੇ ਬੱਸ ਸਟੈਂਡ ਲਈ ਥਾਂ ਦੀ ਚੋਣ ਜਲਦੀ ਕਰਨ ਦੇ ਨਿਰਦੇਸ਼ ਦਿੱਤੇ ਤਾਂ ਜੋ ਇਨ੍ਹਾਂ ਪ੍ਰੋਜੈਕਟਾਂ ਤੇ ਕੰਮ ਸ਼ੁਰੂ ਕਰਵਾਇਆ ਜਾ ਸਕੇ। ਉਨ੍ਹਾਂ ਕੋਟਕਪੂਰਾ ਵਿਖੇ ਬਾਸਕਿਟ ਬਾਲ ਗਰਾਊਂਡ ਅਤੇ ਸ਼ਹੀਦ ਭਗਤ ਸਿੰਘ ਕਾਲਜ ਵਿਖੇ ਆਡੀਟੋਰੀਅਮ ਦੀ ਉਸਾਰੀ ਸਬੰਧੀ ਜਾਣਕਾਰੀ ਹਾਸਲ ਕੀਤੀ। ਇਸ ਮੌਕੇ ਡਿਪਟੀ ਕਮਿਸ਼ਨਰ ਮੈਡਮ ਪੂਨਮਦੀਪ ਕੌਰ ਨੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੂੰ ਦੱਸਿਆ ਕਿ ਉਪਰੋਕਤ ਸਾਰੇ ਕੰਮਾਂ ਲਈ ਪੰਜਾਬ ਸਰਕਾਰ ਨਾਲ ਰਾਬਤਾ ਰੱਖਿਆ ਹੋਇਆ ਹੈ ਅਤੇ ਜਲਦੀ ਹੀ ਇਹ ਵਿਕਾਸ ਕਾਰਜ ਸ਼ੁਰੂ ਕਰਵਾ ਦਿੱਤੇ ਜਾਣਗੇ। ਉਨ੍ਹਾਂ ਕਿਹਾ ਕਿ ਅਧਿਕਾਰੀਆਂ ਨੂੰ ਇਹ ਵੀ ਨਿਰਦੇਸ਼ ਦਿੱਤੇ ਗਏ ਹਨ ਕਿ ਕੋਟਕਪੂਰਾ ਹਲਕੇ ਸਮੇਤ ਜਿਲ੍ਹੇ ਵਿੱਚ ਸਮੁੱਚੇ ਵਿਕਾਸ ਕਾਰਜਾਂ ਵਿੱਚ ਹੋਰ ਤੇਜੀ ਲਿਆਂਦੀ ਜਾਵੇ ਅਤੇ ਉਨ੍ਹਾਂ ਨੂੰ ਸਮੇਂ ਸਿਰ ਮੁਕੰਮਲ ਕੀਤਾ ਜਾਵੇ। ਇਸ ਮੀਟਿੰਗ ਵਿੱਚ ਵਧੀਕ ਡਿਪਟੀ ਕਮਿਸ਼ਨਰ (ਜ) ਮੈਡਮ ਹਰਜੋਤ ਕੌਰ, ਐਸ.ਡੀ.ਐਮ. ਕੋਟਕਪੂਰਾ ਸੂਰਜ, ਸਾਧੂ ਰਾਮ ਕੁਸਲਾ ਓ.ਐਸ.ਡੀ., ਮਨਪ੍ਰੀਤ ਸਿੰਘ ਧਾਲੀਵਾਲ ਪੀ.ਆਰ.ਓ, ਜ਼ਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਮੈਡਮ ਨੀਲਮ ਰਾਣੀ, ਜ਼ਿਲ੍ਹਾ ਸਿੱਖਿਆ ਅਫਸਰ ਐਲੀਮੈਂਟਰੀ ਮੈਡਮ ਅੰਜਨਾ ਕੌਂਸਲ ਤੋਂ ਇਲਾਵਾ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।