ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਬੱਸਾਂ ਰਵਾਨਾ
ਸਪੀਕਰ ਸੰਧਵਾਂ ਵੱਲੋਂ ਪਿੰਡ ਦੁਆਰੇਆਣਾ ਅਤੇ ਪਿੰਡ ਕੋਠੇ ਇੰਦਰ ਸਿੰਘ ਤੋਂ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਬੱਸਾਂ ਰਵਾਨਾ
Publish Date: Sun, 10 May 2026 04:02 PM (IST)
Updated Date: Mon, 11 May 2026 04:00 AM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਕੋਟਕਪੂਰਾ : ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਦੁਆਰੇਆਣਾ ਅਤੇ ਪਿੰਡ ਕੋਠੇ ਇੰਦਰ ਸਿੰਘ ਤੋਂ ਪੰਜਾਬ ਸਰਕਾਰ ਦੀ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਤੀਰਥ ਯਾਤਰਾ ਲਈ ਬੱਸਾਂ ਨੂੰ ਰਵਾਨਾ ਕੀਤਾ। ਇਸ ਮੌਕੇ ਸੰਬੋਧਨ ਕਰਦਿਆਂ ਸਪੀਕਰ ਸੰਧਵਾਂ ਨੇ ਕਿਹਾ ਕਿ ਪੰਜਾਬ ਸਰਕਾਰ ਨੂੰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਲੋਕ ਸੇਵਾ ਦਾ ਇਹ ਵੱਡਾ ਮੌਕਾ ਮਿਲਿਆ ਹੈ। ਉਨ੍ਹਾਂ ਕਿਹਾ ਕਿ “ਸੇਵਕ ਕੋ ਸੇਵਾ ਵਡਿਆਈ” ਦੇ ਸਿਧਾਂਤ ਅਨੁਸਾਰ ਸੰਗਤ ਦੀ ਸੇਵਾ ਕਰਨਾ ਸਭ ਤੋਂ ਵੱਡਾ ਸੁਭਾਗ ਹੈ ਅਤੇ ਇਸ ਸੇਵਾ ਰਾਹੀਂ ਲੋਕਾਂ ਦੀਆਂ ਅਸੀਸਾਂ ਪ੍ਰਾਪਤ ਹੁੰਦੀਆਂ ਹਨ। ਸਪੀਕਰ ਸੰਧਵਾਂ ਨੇ ਕਿਹਾ ਕਿ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਰਾਹੀਂ ਉਹਨਾਂ ਮਾਤਾਵਾਂ, ਭੈਣਾਂ ਅਤੇ ਬਜ਼ੁਰਗਾਂ ਦੇ ਸੁਪਨੇ ਸਾਕਾਰ ਹੋ ਰਹੇ ਹਨ, ਜਿਨ੍ਹਾਂ ਲਈ ਸ਼੍ਰੀ ਹਰਿਮੰਦਰ ਸਾਹਿਬ ਅਤੇ ਹੋਰ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਨਾ ਸਿਰਫ਼ ਇੱਕ ਖ਼ਾਹਿਸ਼ ਹੀ ਬਣ ਕੇ ਰਹਿ ਜਾਂਦਾ ਸੀ। ਪੰਜਾਬ ਸਰਕਾਰ ਵੱਲੋਂ ਇਹ ਬਹੁਤ ਵੱਡੀ ਸੇਵਾ ਕੀਤੀ ਜਾ ਰਹੀ ਹੈ, ਜਿਸ ਨਾਲ ਆਮ ਲੋਕਾਂ ਨੂੰ ਧਾਰਮਿਕ ਯਾਤਰਾ ਦੀ ਸਹੂਲਤ ਮਿਲ ਰਹੀ ਹੈ। ਉਨ੍ਹਾਂ ਕਿਹਾ ਕਿ ਇਹ ਯਾਤਰਾਵਾਂ ਸਿਰਫ਼ ਧਾਰਮਿਕ ਨਹੀਂ, ਸਗੋਂ ਆਤਮਿਕ ਸ਼ਾਂਤੀ ਅਤੇ ਸਮਾਜਕ ਏਕਤਾ ਦਾ ਵੀ ਵੱਡਾ ਸਾਧਨ ਹਨ। ਇਸ ਮੌਕੇ ਵੱਡੀ ਗਿਣਤੀ ਵਿੱਚ ਸ਼ਰਧਾਲੂ ਹਾਜ਼ਰ ਸਨ।