ਸਪੀਕਰ ਸੰਧਵਾਂ ਨੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ
ਪੰਜਾਬ ਵਿਧਾਨ ਸਭਾ ਦੇ ਸਪੀਕਰ
Publish Date: Tue, 12 May 2026 04:15 PM (IST)
Updated Date: Wed, 13 May 2026 04:00 AM (IST)
ਹਰਪ੍ਰੀਤ ਸਿੰਘ ਚਾਨਾ , ਪੰਜਾਬੀ ਜਾਗਰਣ
ਕੋਟਕਪੂਰਾ:ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਅੱਜ ਪਿੰਡ ਟਹਿਣਾ ਅਤੇ ਪਾਰਟੀ ਦਫ਼ਤਰ ਕੋਟਕਪੂਰਾ ਵਿਖੇ ਲੋਕ ਮਿਲਣੀ ਕੀਤੀ ਗਈ, ਜਿਸ ਦੌਰਾਨ ਉਨ੍ਹਾਂ ਵੱਡੀ ਗਿਣਤੀ ਵਿਚ ਪਹੁੰਚੇ ਲੋਕਾਂ ਦੀਆਂ ਮੁਸ਼ਕਲਾਂ ਅਤੇ ਮੰਗਾਂ ਨੂੰ ਧਿਆਨ ਨਾਲ ਸੁਣਿਆ।
ਇਸ ਮੌਕੇ ਸਪੀਕਰ ਸੰਧਵਾਂ ਨੇ ਕਿਹਾ ਕਿ ਪੰਜਾਬ ਸਰਕਾਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਲੋਕਾਂ ਨੂੰ ਪਾਰਦਰਸ਼ੀ, ਜਵਾਬਦੇਹ ਅਤੇ ਸਮੇਂ ਸਿਰ ਸੇਵਾਵਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਆਮ ਲੋਕਾਂ ਦੀਆਂ ਮੁਸ਼ਕਲਾਂ ਦਾ ਹੱਲ ਪਹਿਲ ਦੇ ਆਧਾਰ ’ਤੇ ਕਰਨਾ ਸਰਕਾਰ ਦੀ ਮੁੱਖ ਤਰਜ਼ੀਹ ਹੈ। ਲੋਕ ਮਿਲਣੀ ਦੌਰਾਨ ਲੋਕਾਂ ਵੱਲੋਂ ਪੇਸ਼ ਕੀਤੀਆਂ ਸਮੱਸਿਆਵਾਂ ਨੂੰ ਸੁਣਦੇ ਹੋਏ ਸਪੀਕਰ ਸੰਧਵਾਂ ਨੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਮੌਕੇ ’ਤੇ ਹੀ ਨਿਰਦੇਸ਼ ਜਾਰੀ ਕਰਦਿਆਂ ਕਿਹਾ ਕਿ ਲੋਕਾਂ ਦੇ ਕੰਮ ਨਿਰਧਾਰਿਤ ਸਮੇਂ ਅੰਦਰ ਤਰਜੀਹ ਦੇ ਆਧਾਰ ’ਤੇ ਕੀਤੇ ਜਾਣ ਅਤੇ ਕਿਸੇ ਵੀ ਵਿਅਕਤੀ ਨੂੰ ਬੇਲੋੜੀ ਖੱਜਲ-ਖੁਆਰੀ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਅਧਿਕਾਰੀਆਂ ਨੂੰ ਇਹ ਵੀ ਹਦਾਇਤ ਕੀਤੀ ਕਿ ਲੋਕ ਭਲਾਈ ਸਕੀਮਾਂ ਦਾ ਲਾਭ ਯੋਗ ਲਾਭਪਾਤਰੀਆਂ ਤੱਕ ਪਹੁੰਚਾਉਣਾ ਯਕੀਨੀ ਬਣਾਇਆ ਜਾਵੇ ਅਤੇ ਸਰਕਾਰੀ ਕੰਮਾਂ ’ਚ ਪੂਰੀ ਪਾਰਦਰਸ਼ਤਾ ਬਰਕਰਾਰ ਰੱਖੀ ਜਾਵੇ। ਇਸ ਮੌਕੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ, ਪਾਰਟੀ ਆਗੂ ਅਤੇ ਵੱਡੀ ਗਿਣਤੀ ਵਿਚ ਇਲਾਕਾ ਨਿਵਾਸੀ ਹਾਜ਼ਰ ਸਨ।