ਕੁਦਰਤ ਪੱਖੀ ਖੇਤੀ ਕਰਨ ਵਾਲੇ ਕਿਸਾਨਾਂ ਦਾ ਸਨਮਾਨ
ਖੇਤੀ ਵਿਰਾਸਤ ਮਿਸ਼ਨ ਅਤੇ ਕੁਦਰਤ ਪੱਖੀ ਕਿਸਾਨਾਂ ਦਾ ਵਿਸ਼ੇਸ਼ ਸਨਮਾਨ
Publish Date: Mon, 11 May 2026 03:53 PM (IST)
Updated Date: Tue, 12 May 2026 04:01 AM (IST)

ਭੋਲਾ ਸ਼ਰਮਾ ਪੰਜਾਬੀ ਜਾਗਰਣ, ਜੈਤੋ : ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਵਿਖੇ ਆਯੋਜਿਤ ‘ਸਥਾਈ ਖੇਤੀਬਾੜੀ ਅਤੇ ਫ਼ਸਲੀ ਰਹਿੰਦ-ਖੂੰਹਦ ਪ੍ਰਬੰਧਨ ਸੰਮੇਲਨ ਅਤੇ ਹਰਿਆ-ਭਰਿਆ ਪੰਜਾਬ ਬਣਾਉਣ ਵਾਲੇ ਸੂਰਮਿਆਂ ਦਾ ਸਨਮਾਨ ਸਮਾਗਮ ਦੌਰਾਨ ਖੇਤੀ ਵਿਰਾਸਤ ਮਿਸ਼ਨ ਨੂੰ ਪਿਛਲੇ ਦੋ ਦਹਾਕਿਆਂ ਤੋਂ ਟਿਕਾਊ ਖੇਤੀਬਾੜੀ, ਕੁਦਰਤੀ ਖੇਤੀ ਅਤੇ ਵਾਤਾਵਰਣ ਸੰਭਾਲ ਦੇ ਖੇਤਰ ਵਿਚ ਨਿਭਾਈਆਂ ਜਾ ਰਹੀਆਂ ਵਿਲੱਖਣ ਸੇਵਾਵਾਂ ਲਈ ਵਿਸ਼ੇਸ਼ ਸਨਮਾਨ ਨਾਲ ਨਵਾਜਿਆ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਖੇਤੀ ਵਿਰਾਸਤ ਮਿਸ਼ਨ ਦੇ ਕਾਰਜਕਾਰੀ ਨਿਰਦੇਸ਼ਕ ਉਮੇਂਦਰ ਦੱਤ ਨੇ ਦੱਸਿਆ ਕਿ ਇਹ ਮਹੱਤਵਪੂਰਨ ਸਮਾਗਮ ਕਲੀਨ ਏਅਰ ਪੰਜਾਬ, ਆਸਰ, ਸਾਂਝ ਪੰਜਾਬ ਅਤੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਸਾਂਝੇ ਉਪਰਾਲੇ ਤਹਿਤ ਯੂਨੀਵਰਸਿਟੀ ਦੇ ਪਾਲ ਆਡੀਟੋਰੀਅਮ ਵਿਚ ਕਰਵਾਇਆ ਗਿਆ। ਸਮਾਗਮ ਦਾ ਮੁੱਖ ਮਕਸਦ ਪੰਜਾਬ ਵਿਚ ਸਥਾਈ ਖੇਤੀ ਪ੍ਰਣਾਲੀਆਂ ਅਤੇ ਪਰਿਆਵਰਣ ਪੱਖੀ ਫ਼ਸਲੀ ਰਹਿੰਦ-ਖੂੰਹਦ ਪ੍ਰਬੰਧਨ ਤਰੀਕਿਆਂ ਨੂੰ ਉਤਸ਼ਾਹਿਤ ਕਰਕੇ ਸੂਬੇ ਨੂੰ ਪ੍ਰਦੂਸ਼ਣ ਮੁਕਤ, ਸਾਫ਼-ਸੁਥਰਾ ਅਤੇ ਹਰਿਆ-ਭਰਿਆ ਬਣਾਉਣਾ ਸੀ। ਸਮਾਗਮ ਵਿਚ ਡਾ. ਐਮ.ਐਸ. ਭੁੱਲਰ, ਡਾ. ਏ.ਐਸ. ਢੱਟ, ਡਾ. ਐਸ.ਐਸ. ਗੋਸਲ ਅਤੇ ਸਨਮ ਸੁਤਿਰਥ ਵਜ਼ੀਰ ਸਮੇਤ ਕਈ ਪ੍ਰਸਿੱਧ ਵਿਦਵਾਨਾਂ ਅਤੇ ਖੇਤੀ ਮਾਹਿਰਾਂ ਨੇ ਸ਼ਿਰਕਤ ਕੀਤੀ। ਇਸ ਮੌਕੇ ਖੇਤੀ ਵਿਰਾਸਤ ਮਿਸ਼ਨ ਦੀ ਟੀਮ ਨਾਲ 25 ਪ੍ਰਗਤੀਸ਼ੀਲ ਕਿਸਾਨਾਂ ਦੇ ਵਫ਼ਦ ਨੇ ਵੀ ਹਾਜ਼ਰੀ ਭਰੀ। ਇਨ੍ਹਾਂ ਕਿਸਾਨਾਂ ਨੂੰ ਕੁਦਰਤੀ ਖੇਤੀ, ਸਥਾਈ ਖੇਤੀਬਾੜੀ ਅਤੇ ਵਾਤਾਵਰਣ ਅਨੁਕੂਲ ਫ਼ਸਲੀ ਰਹਿੰਦ-ਖੂੰਹਦ ਪ੍ਰਬੰਧਨ ਵਿਚ ਯੋਗਦਾਨ ਲਈ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ। ਸਮਾਗਮ ਦੌਰਾਨ ਕਿਸਾਨਾਂ, ਖੋਜ਼ਕਾਰਾਂ ਅਤੇ ਵੱਖ-ਵੱਖ ਸਮਾਜਿਕ ਸੰਸਥਾਵਾਂ ਦੇ ਨੁਮਾਇੰਦਿਆਂ ਵਿਚਾਲੇ ਵਿਚਾਰਾਂ ਅਤੇ ਤਜ਼ਰਬਿਆਂ ਦਾ ਅਦਾਨ-ਪ੍ਰਦਾਨ ਵੀ ਕੀਤਾ ਗਿਆ। ਵਿਸ਼ੇਸ਼ਗਿਆਨਾਂ ਨੇ ਕਿਹਾ ਕਿ ਅਜਿਹੇ ਉਪਰਾਲੇ ਨਾ ਸਿਰਫ਼ ਵਾਤਾਵਰਣ ਸੰਭਾਲ ਨੂੰ ਮਜ਼ਬੂਤ ਕਰਦੇ ਹਨ, ਸਗੋਂ ਸਾਫ਼ ਹਵਾ, ਸਿਹਤਮੰਦ ਜੀਵਨ ਅਤੇ ਟਿਕਾਊ ਖੇਤੀਬਾੜੀ ਵੱਲ ਸਮਾਜ ਨੂੰ ਪ੍ਰੇਰਿਤ ਕਰਨ ਵਿਚ ਵੀ ਅਹਿਮ ਭੂਮਿਕਾ ਨਿਭਾਉਂਦੇ ਹਨ।