ਪਾਰਦਰਸ਼ੀ ਤਰੀਕੇ ਨਾਲ ਕਰਵਾਈ ਜਾਵੇਗੀ ਜਿਲ੍ਹੇ ’ਚ ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ : ਡੀਸੀ

ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਸ੍ਰੀ ਮੁਕਤਸਰ ਸਾਹਿਬ : ਭਾਰਤ ਚੋਣ ਕਮਿਸ਼ਨ ਅਤੇ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹੇ ਵਿੱਚ ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸਆਈਆਰ) ਨੂੰ ਪੂਰੀ ਪਾਰਦਰਸ਼ੀ ਤਰੀਕੇ ਨਾਲ ਨੇਪਰੇ ਚਾੜ੍ਹਿਆ ਜਾਵੇਗਾ। ਇਹ ਪ੍ਰਗਟਾਵਾ ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਅਮਿਤ ਕੁਮਾਰ ਪੰਚਾਲ ਵੱਲੋਂ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਵੱਲੋਂ ਨੋਟੀਫਿਕੇਸ਼ਨ ਜਾਰੀ ਕਰਕੇ ਪੰਜਾਬ ਰਾਜ ’ਚ ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਕਰਵਾਉਣ ਦੇ ਹੁਕਮ ਜਾਰੀ ਕੀਤੇ ਗਏ ਹਨ। ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸ.ਆਈ.ਆਰ.) ਅਧੀਨ ਜਿਲ੍ਹੇ ਵਿੱਚ 25 ਜੂਨ,2026 ਤੋਂ 24 ਜੁਲਾਈ, 2026 ਤੱਕ ਬੀਐਲਓਜ਼ ਘਰੋਂ-ਘਰੀਂ ਜਾ ਕੇ ਵੋਟਰਜ਼ ਦੇ ਫਾਰਮ ਭਰਵਾਉਣਗੇ। ਇਸ ਕਾਰਜ ਲਈ 753 ਬੀਐਲਓਜ, 81 ਸੁਪਰਵਾਈਜ਼ਰ, 4 ਈਆਰਓਜ਼ ਅਤੇ 8 ਏਈਆਰਓਜ਼ ਸਮੇਤ ਪੂਰਾ ਚੋਣ ਅਮਲਾ ਲਗਾਇਆ ਗਿਆ ਹੈ। ਉਨ੍ਹਾਂ ਦੱਸਿਆ ਕਿ ਹਰੇਕ ਬੀਐਲਓ ਨੂੰ ਔਸਤ 300 ਘਰ ਅਤੇ 1200 ਵੋਟਰ ਹੀ ਐਸਆਈਆਰ ਲਈ ਦਿੱਤੇ ਗਏ ਹਨ। ਉਨ੍ਹਾਂ ਦੱਸਿਆ ਕਿ ਮੁੱਖ ਚੋਣ ਕਮਿਸ਼ਨ ਵੱਲੋਂ ਜਾਰੀ ਹਦਾਇਤਾਂ ਅਨੁਸਾਰ ਜ਼ਿਲ੍ਹੇ ’ਚ ਐਸਆਈਆਰ ਕਰਵਾਉਣ ਸਬੰਧੀ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਐਸਆਈਆਰ ਸਬੰਧੀ ਬੀਐਲਓਜ਼ ਨੂੰ ਟਰੇਨਿੰਗ ਦੇਣ ਅਤੇ ਹੋਰ ਤਿਆਰੀਆਂ ਸਬੰਧੀ ਕੰਮ 15 ਜੂਨ, 2026 ਤੋਂ 24 ਜੂਨ, 2026 ਤੱਕ ਕੀਤਾ ਜਾਵੇਗਾ। ਜ਼ਿਲ੍ਹਾ ਚੋਣ ਅਫ਼ਸਰ ਨੇ ਕਿਹਾ ਕਿ ਦੋਹਰੀ ਵੋਟ ਰੱਖਣਾ ਭਾਰਤੀ ਸੰਵਿਧਾਨ ਅਨੁਸਾਰ ਅਪਰਾਧ ਹੈ ਜਿਸ ਲਈ ਇੱਕ ਸਾਲ ਤੱਕ ਦੀ ਕੈਦ ਦੀ ਸਜ਼ਾ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੇ ਸਾਰੇ ਵੋਟਰਾਂ ਨੂੰ ਐਸਆਈਆਰ ਅਧੀਨ ਫਾਰਮ ਭਰਨਾ ਪਵੇਗਾ। ਉਨ੍ਹਾਂ ਦੱਸਿਆ ਕਿ ਦਫ਼ਤਰ ਜਿਲ੍ਹਾ ਚੋਣ ਦਫ਼ਤਰ ਸ੍ਰੀ ਮੁਕਤਸਰ ਸਾਹਿਬ ਵੱਲੋਂ ਕੀਤੀ ਗਈ ਪ੍ਰੀ ਐਸਆਈਆਰ ਮੈਪਿੰਗ ਦੇ ਤਹਿਤ ਜ਼ਿਲ੍ਹੇ ਦੇ 691402 ਵੋਟਰਾਂ ਵਿੱਚੋਂ 638878 ਵੋਟਰਾਂ ਦੀ ਮੈਪਿੰਗ ਕੀਤੀ ਜਾ ਚੁੱਕੀ ਹੈ ਜੋ ਕਿ ਕੁੱਲ ਵੋਟਰਾਂ ਦਾ 92.40 ਫੀਸਦ ਬਣਦੀ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੇ ਦਿਹਾਤੀ ਇਲਾਕਿਆਂ ਅਤੇ ਸ਼ਹਿਰੀ ਖੇਤਰਾਂ ’ਚ 92.40 ਫੀਸਦੀ ਮੈਪਿੰਗ ਦਾ ਕੰਮ ਮੁਕੰਮਲ ਹੋ ਚੁੱਕਾ ਹੈ। ਉਨ੍ਹਾਂ ਦੱਸਿਆ ਕਿ ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਲਈ 1 ਜਨਵਰੀ, 2003 ਨੂੰ ਯੋਗਤਾ ਮਿਤੀ ਨਿਰਧਾਰਤ ਕੀਤਾ ਗਿਆ ਹੈ। ਇਸਦੇ ਨਾਲ ਹੀ ਐਸਆਈਆਰ ਬਾਰੇ ਹੋਰ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਪੋਲਿੰਗ ਸਟੇਸ਼ਨਾਂ ਨੂੰ ਤਰਕਸੰਗਤ ਕਰਨ ਦਾ ਕਾਰਜ 24-07-2026 ਤੱਕ ਕੀਤਾ ਜਾਵੇਗਾ ਅਤੇ ਵੋਟਰ ਸੂਚੀ ਦਾ ਖਰੜਾ 31-07-2026 ਨੂੰ ਪ੍ਰਕਾਸ਼ਿਤ ਕੀਤਾ ਜਾਵੇਗਾ। ਵੋਟਰ ਸੂਚੀਆਂ ਸਬੰਧੀ ਇਤਰਾਜ਼ ਅਤੇ ਦਾਅਵੇ 31-07-2026 ਤੋਂ 30-08-2026 ਤੱਕ ਪੇਸ਼ ਕੀਤੇ ਜਾ ਸਕਦੇ ਹਨ। ਇਤਰਾਜ਼ ਅਤੇ ਦਾਅਵਿਆਂ ਦਾ ਨਿਪਟਾਰਾ 31-07-2026 ਤੋਂ 28-09-2026 ਤੱਕ ਜਾਵੇਗਾ। ਉਨ੍ਹਾਂ ਇਹ ਵੀ ਦੱਸਿਆ ਕਿ ਅੰਤਿਮ ਵੋਟਰ ਸੂਚੀ ਦੀ ਪ੍ਰਕਾਸ਼ਨਾ 01-10-2026 ਨੂੰ ਕੀਤੀ ਜਾਵੇਗੀ। ਜ਼ਿਲ੍ਹੇ ਦੇ ਸਮੂਹ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ ਭਾਰਤੀ ਚੋਣ ਕਮਿਸ਼ਨ ਵੱਲੋਂ ਵੋਟਰ ਸੂਚੀਆਂ ਦੀ ਕਰਵਾਈ ਜਾ ਰਹੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ ’ਚ ਬੀਐਲਓਜ਼ ਨੂੰ ਪੂਰਾ ਸਹਿਯੋਗ ਕਰਨ। ਉਨ੍ਹਾਂ ਇਹ ਵੀ ਦੱਸਿਆ ਕਿ ਸੂਬੇ ਦੇ ਵੋਟਰਾਂ ਦੀ ਸਹੂਲਤ ਲਈ ਯੋਗਤਾ ਮਿਤੀ 1 ਜਨਵਰੀ, 2003 ਦੀਆਂ ਵੋਟਰ ਸੂਚੀਆਂ ਨਾਲ ਮੌਜੂਦਾ ਵੋਟਰ ਸੂਚੀਆਂ ਨੂੰ ਜੋੜ ਦਿੱਤਾ ਗਿਆ ਹੈ ਜਿਸ ਨਾਲ ਵੋਟਰਾਂ ਨੂੰ ਪੁਰਾਣੀਆਂ ਵੋਟਰ ਸੂਚੀਆਂ ਨੂੰ ਲੱਭਣ ’ਚ ਕਿਸੇ ਤਰ੍ਹਾਂ ਦੀ ਦਿੱਕਤ ਨਹੀਂ ਆਵੇਗੀ। ਅਮਿਤ ਕੁਮਾਰ ਪੰਚਾਲ ਨੇ ਦੱਸਿਆ ਕਿ ਬੀਐਲਓਜ਼ ਘਰੋਂ-ਘਰੀਂ ਜਾ ਕੇ ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਸਬੰਧੀ ਫਾਰਮ ਭਰਵਾਉਣਗੇ। ਉਨ੍ਹਾਂ ਦੱਸਿਆ ਕਿ ਐਸਆਈਆਰ ਦੌਰਾਨ ਆਧਾਰ ਕਾਰਡ ਨੂੰ ਸਿਰਫ ਪਹਿਚਾਣ ਦੇ ਸਰੋਤ ਵਜੋਂ ਹੀ ਮਾਨਤਾ ਦਿੱਤੀ ਗਈ ਹੈ ਨਾ ਕਿ ਪਹਿਚਾਣ ਦੇ ਸਬੂਤ ਵਜੋਂ। ਉਨ੍ਹਾਂ ਜ਼ਿਲ੍ਹੇ ਦੀਆਂ ਸਮੂਹ ਰਾਜਨੀਤਿਕ ਪਾਰਟੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਬਲਾਕ ਲੈਵਲ ਏਜੰਟ ਜ਼ਰੂਰ ਨਿਯੁਕਤ ਕਰਨ ਤਾਂ ਜੋ ਇਹ ਕਾਰਜ ਨਿਰਵਿਘਨ ਢੰਗ ਨਾਲ ਨੇਪਰੇ ਚੜ੍ਹ ਸਕੇ। ਉਨ੍ਹਾਂ ਦੱਸਿਆ ਕਿ ਚੋਣ ਦਫ਼ਤਰ ਵੱਲੋਂ ਸਪੈਸ਼ਲ ਇੰਨਟੈਸਿਵ ਰਿਵੀਜ਼ਨ ਦੇ ਹਰੇਕ ਪੜਾਅ ‘ਤੇ ਰਾਜਨੀਤਿਕ ਪਾਰਟੀਆਂ ਨੂੰ ਸ਼ਾਮਲ ਕੀਤਾ ਜਾਵੇਗਾ।